ਬਰਗਾੜੀ ਰਿਪੋਰਟ ਜਨਤਕ ਕਰਨ ਤੋਂ ਕਿਉਂ ਟਲ ਰਹੀ ਹੈ ਸਰਕਾਰ?

ਬਠਿੰਡਾ: ਬਰਗਾੜੀ ਕਾਂਡ ਦੀ Ḕਗੁਪਤ ਰਿਪੋਰਟ’ ਵਿਚ ਕਈ ਗੁੱਝੇ ਭੇਤ ਬੰਦ ਹਨ, ਜਿਨ੍ਹਾਂ ਦੇ ਡਰੋਂ ਕੈਪਟਨ ਹਕੂਮਤ ਕੋਈ ਭਾਫ ਬਾਹਰ ਨਹੀਂ ਕੱਢ ਰਹੀ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਇਹ Ḕਗੁਪਤ ਰਿਪੋਰਟ’ ਪੁਲਿਸ ਮੁਖੀ ਨੂੰ ਸੌਂਪ ਦਿੱਤੀ ਸੀ। ਬਰਗਾੜੀ ਇਨਸਾਫ ਮੋਰਚੇ ਦੀ ਮੰਗ ਹੈ ਕਿ ਰਿਪੋਰਟ ਜਨਤਕ ਕੀਤੀ ਜਾਵੇ। ਜਦੋਂ ਹੁਣ ਸਰਕਾਰ Ḕਬਰਗਾੜੀ ਰਿਪੋਰਟ’ ਨੂੰ ਜਨਤਕ ਕਰਨ ਤੋਂ ਪਿੱਛੇ ਹਟ ਰਹੀ ਹੈ, ਤਾਂ ਪੰਥਕ ਧਿਰਾਂ ਦੇ ਸ਼ੱਕ ਹੋਰ ਵੱਧ ਗਏ ਹਨ। ਇਸ Ḕਗੁਪਤ ਰਿਪੋਰਟ’ ਦੇ ਤੱਥ ਪ੍ਰਾਪਤ ਹੋਏ ਹਨ, ਉਨ੍ਹਾਂ ਵਿਚ ਬਰਗਾੜੀ ਕਾਂਡ ਦੀ ਤਾਰ ਸਿੱਧੀ ਡੇਰਾ ਸਿਰਸਾ ਨਾਲ ਜੁੜੀ ਹੈ।

ਡੇਰਾ ਮੁਖੀ ਦੇ ਪੀਏ ਰਾਕੇਸ਼ ਦਿੜ੍ਹਬਾ ਨੇ ਬਰਗਾੜੀ ਕਾਂਡ ਵਿਚ ਮੁੱਖ ਭੂਮਿਕਾ ਨਿਭਾਈ।
ਵੇਰਵਿਆਂ ਅਨੁਸਾਰ ਡੇਰਾ ਮੁਖੀ ਦੇ ਪੀਏ ਦੇ ਇਸ਼ਾਰੇ ਉਤੇ ਡੇਰੇ ਦੇ ਮੋਹਰੀ ਮੈਂਬਰਾਂ ਨੇ ਸਿੱਖ ਪ੍ਰਚਾਰਕਾਂ ਤੋਂ ਬਦਲਾ ਲੈਣ ਲਈ ਦੋ ਪੜਾਵੀ ਸਾਜ਼ਿਸ਼ ਘੜੀ। ਪਹਿਲੀ ਸਾਜ਼ਿਸ਼ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਾਰਨ ਦੀ ਅਤੇ ਦੂਸਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ। ਰਿਪੋਰਟ ਅਨੁਸਾਰ ਡੇਰਾ ਮੁਖੀ ਦੇ ਪੀਏ ਰਾਕੇਸ਼ ਦਿੜ੍ਹਬਾ ਦੀ ਹਦਾਇਤ ਉਤੇ ਹਰਸ਼ ਧੂਰੀ, ਪ੍ਰਦੀਪ ਕਲੇਰ ਤੇ ਸੰਦੀਪ ਬਰੇਟਾ ਨੇ ਕੋਟਕਪੂਰਾ ਦੇ ਮਹਿੰਦਰਪਾਲ ਬਿੱਟੂ ਨਾਲ ਸਿੱਖ ਪ੍ਰਚਾਰਕ ਦਾਦੂਵਾਲ ਨੂੰ ਭੀਖੀ ਵਿਚ ਮਾਰਨ ਦੀ ਯੋਜਨਾ ਬਣਾਈ ਸੀ। ਦਾਦੂਵਾਲ ਦੇ ਪ੍ਰੋਗਰਾਮਾਂ ਵਿਚ ਵੱਡੀ ਗਿਣਤੀ ਵਿਚ ਪ੍ਰੇਮੀ ਭੇਜੇ ਜਾਣ ਦੀ ਯੋਜਨਾ ਸੀ, ਤਾਂ ਜੋ ਹਮਲਾਵਰ ਬਚ ਕੇ ਨਿਕਲ ਸਕਣ। ਜਦੋਂ ਮਾਨਸਾ ਦੇ ਡੇਰਾ ਆਗੂਆਂ ਨੇ ਹਾਮੀ ਨਾ ਭਰੀ ਤਾਂ ਯੋਜਨਾ ਫਲਾਪ ਹੋ ਗਈ। ਰਿਪੋਰਟ ਅਨੁਸਾਰ ਉਦੋਂ ਡੇਰਾ ਆਗੂ ਤੈਸ਼ ਵਿਚ ਆ ਗਏ ਸਨ, ਜਦੋਂ ਸਿੱਖ ਪ੍ਰਚਾਰਕ ਹਰਜਿੰਦਰ ਮਾਝੀ ਦੇ 21 ਤੋਂ 23 ਮਈ 2015 ਤੱਕ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚ ਲੱਗੇ ਦੀਵਾਨ ਤੋਂ ਪ੍ਰਭਾਵਿਤ ਹੋਏ ਕੁਝ ਪ੍ਰੇਮੀਆਂ ਨੇ ਡੇਰੇ ਦੇ Ḕਲਾਕਟ’ ਗਲਾਂ ‘ਚੋਂ ਲਾਹ ਦਿੱਤੇ ਸਨ।
ਮਹਿੰਦਰਪਾਲ ਬਿੱਟੂ ਨੇ ਇਸ ਬਾਰੇ ਫੌਰੀ ਸੂਚਨਾ ਡੇਰਾ ਸਿਰਸਾ ਭੇਜੀ, ਜਿਥੋਂ ਸਿੱਖ ਪੈਰੋਕਾਰਾਂ ਨੂੰ ਸਬਕ ਸਿਖਾਉਣ ਦੇ ਆਦੇਸ਼ ਦਿੱਤੇ ਗਏ। ਬਿੱਟੂ ਨੇ ਡੇਰੇ ਦੇ ਹੁਕਮਾਂ ਨੂੰ ਅਮਲੀ ਰੂਪ ਦੇਣ ਲਈ ਆਪਣੇ ਸਾਥੀ ਨਿਸ਼ਾਨ ਸਿੰਘ ਕੋਟਕਪੂਰਾ, ਸ਼ਕਤੀ ਸਿੰਘ ਵਾਸੀ ਡੱਗੋ ਰੋਮਾਣਾ, ਰਣਦੀਪ ਸਿੰਘ ਨੀਲਾ ਫਰੀਦਕੋਟ, ਸੁਖਜਿੰਦਰ ਸਿੰਘ ਸੰਨੀ ਕੋਟਕਪੂਰਾ ਨਾਲ ਨਵੀਂ ਵਿਉਂਤ ਬਣਾਈ, ਜਿਸ ਤਹਿਤ ਸੰਨੀ ਤੇ ਨੀਲੇ ਨੇ ਮੱਲਕੇ, ਬਰਗਾੜੀ, ਸਾਹੋਕੇ ਤੇ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂ ਘਰਾਂ ਦੇ ਆਸੇ ਪਾਸੇ ਰੇਕੀ ਕੀਤੀ। ਰਿਪੋਰਟ ਅਨੁਸਾਰ ਨੀਲਾ ਤੇ ਸੰਨੀ ਮੋਟਰਸਾਈਕਲ (ਪੀਬੀ 04 ਟੀ-0930) ਉਤੇ ਬੁਰਜ ਜਵਾਹਰ ਸਿੰਘ ਵਾਲਾ ਗਏ। ਇਸ ਟੀਮ ਦੇ ਮੈਂਬਰ ਪਹਿਲਾਂ ਬੁਰਜ ਜਵਾਹਰ ਸਿੰਘ ਵਾਲਾ ਵਿਚ ਗੁਰਦੇਵ ਸਿੰਘ ਪ੍ਰੇਮੀ ਦੀ ਦੁਕਾਨ ਉਤੇ ਗਏ, ਜਿਥੋਂ ਕੋਲਡ ਡਰਿੰਕ ਪੀਣ ਮਗਰੋਂ ਉਹ ਗੁਰੂ ਘਰ ਵਿਚ ਗਏ। ਗੁਰੂ ਘਰ ਵਿਚੋਂ ਸਰੂਪ ਚੁੱਕਣ ਮਗਰੋਂ ਮੋਟਰਸਾਈਕਲ ਉਤੇ ਫਰਾਰ ਹੋ ਗਏ।
ਕੋਟਕਪੂਰਾ ਸਾਈਡ ਉਡੀਕ ‘ਚ ਖੜ੍ਹੇ ਬਲਜੀਤ ਸਿੰਘ ਤੇ ਸ਼ਕਤੀ ਨੂੰ ਇਹ ਸਰੂਪ ਦੇ ਦਿੱਤੇ ਗਏ, ਜਿਨ੍ਹਾਂ ਨੇ ਸਰੂਪ ਸਮੇਤ ਅਲਟੋ ਕਾਰ ਕੋਟਕਪੂਰਾ ਦੇ ਨਾਮ ਚਰਚਾ ਘਰ ਵਿਚ ਖੜ੍ਹੀ ਕਰ ਦਿੱਤੀ। ਸ਼ਾਮ ਵਕਤ ਇਹ ਸਰੂਪ ਬਲਜੀਤ ਸਿੰਘ ਦੇ ਘਰ ਪਹੁੰਚਾਏ ਗਏ, ਜਿਥੇ ਸੰਦੂਕ ‘ਚ ਕਰੀਬ ਤਿੰਨ ਸਾਢੇ ਤਿੰਨ ਮਹੀਨੇ ਇਹ ਸਰੂਪ ਪਏ ਰਹੇ। ਜਦੋਂ ਸਤੰਬਰ 2015 ‘ਚ ਫਰੀਦਕੋਟ ਦੇ ਸਿਨੇਮਾ ਮਾਲਕਾਂ ਨੇ ਵਿਵਾਦਾਂ ਦੇ ਡਰੋਂ ਡੇਰਾ ਮੁਖੀ ਦੀ ਫਿਲਮ ਲਾਉਣ ਤੋਂ ਇਨਕਾਰ ਕਰ ਦਿੱਤਾ ਤਾਂ ਡੇਰਾ ਆਗੂਆਂ ਨੇ ਸਾਜ਼ਿਸ਼ ਨੂੰ ਅਗਲੇ ਪੜਾਅ ਵਿਚ ਦਾਖਲ ਕਰ ਦਿੱਤਾ। ਸਾਜ਼ਿਸ਼ ਤਹਿਤ ਸ਼ਕਤੀ ਸਿੰਘ ਨੇ ਬਰਗਾੜੀ ਤੋਂ ਸਾਫ ਕਾਗਜ਼ ਤੇ ਮਾਰਕਰ ਲਿਆ ਕੇ ਬਿੱਟੂ ਕੋਟਕਪੂਰਾ ਨੂੰ ਦੇ ਦਿੱਤੇ, ਜਿਥੇ ਸੰਨੀ ਨੇ ਸਿੱਖ ਧਰਮ ਪ੍ਰਤੀ ਇਤਰਾਜ਼ਯੋਗ ਭਾਸ਼ਾ ‘ਚ ਪੋਸਟਰ ਲਿਖੇ। ਸ਼ਕਤੀ, ਸੰਨੀ, ਭੋਲੇ ਤੇ ਬਲਜੀਤ ਸਿੰਘ ਨੇ 24 ਅਤੇ 25 ਸਤੰਬਰ 2015 ਦੀ ਸ਼ਾਮ ਨੂੰ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ‘ਚ ਇਹ ਪੋਸਟਰ ਲਾ ਦਿੱਤੇ। ਇਵੇਂ 12 ਅਕਤੂਬਰ 2015 ਦੀ ਸਵੇਰ ਨੂੰ ਤਿੰਨ ਵਜੇ ਨਿਸ਼ਾਨ ਸਿੰਘ ਦੀ ਕਾਰ ਵਿਚ ਬਲਜੀਤ ਸਿੰਘ ਦੇ ਘਰੋਂ ਸਰੂਪ ਲਿਆਂਦੇ ਗਏ। ਰਿਪੋਰਟ ਦੇ ਤੱਥਾਂ ਅਨੁਸਾਰ ਕਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜੇ ਗਏ। ਸੰਨੀ, ਨਿਸ਼ਾਨ ਤੇ ਭੋਲੇ ਨੇ ਪਵਿੱਤਰ ਅੰਗ ਖਿਲਾਰ ਦਿੱਤੇ। ਕੁਝ ਅੰਗ ਪ੍ਰਦੀਪ ਕੁਮਾਰ ਨੂੰ ਖਿਲਾਰਨ ਲਈ ਦਿੱਤੇ ਪਰ ਉਸ ਨੇ ਇਹ ਅੰਗ ਰਜਵਾਹੇ ਵਿਚ ਜਲ ਪ੍ਰਵਾਹ ਕਰ ਦਿੱਤੇ।
ਇਸੇ ਦੌਰਾਨ ਜਦੋਂ ਪੂਰੇ ਪੰਜਾਬ ਵਿਚ ਰੋਸ ਵਜੋਂ ਧਰਨੇ ਮੁਜ਼ਾਹਰੇ ਹੋਣ ਲੱਗੇ ਤਾਂ 26-27 ਅਕਤੂਬਰ 2015 ਨੂੰ ਹਰਸ਼ ਧੂਰੀ ਦੇ ਆਦੇਸ਼ਾਂ ਉਤੇ ਬਿੱਟੂ ਨੇ ਦੋ ਡੇਰਾ ਪੈਰੋਕਾਰਾਂ ਨੂੰ ਬਾਕੀ ਬਚਦੇ ਅੰਗ ਉਸ ਤੱਕ ਪਹੁੰਚਾਉਣ ਲਈ ਆਖਿਆ। ਬਿੱਟੂ ਨੇ ਆਪਣੇ ਬਚਾਅ ਲਈ ਗੁਰੂ ਗ੍ਰੰਥ ਸਾਹਿਬ ਦੀ ਜਿਲਦ ਆਪਣੀ ਬੇਕਰੀ ਦੀ ਭੱਠੀ ਵਿਚ ਸਾੜ ਦਿੱਤੀ ਅਤੇ ਬਾਕੀ ਬਚਦਾ ਸਰੂਪ ਡਰੇਨ ਵਿਚ ਸੁੱਟ ਦਿੱਤਾ। ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਰਣਬੀਰ ਸਿੰਘ ਖਟੜਾ ਦੀ ਅਗਵਾਈ ਜਾਂਚ ਟੀਮ ਕਰੀਬ ਪੌਣੇ ਤਿੰਨ ਵਰ੍ਹਿਆਂ ਤੋਂ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਸੀ। ਮਾਮਲੇ ਦੀ ਜਾਂਚ ਹੁਣ ਸੀæਬੀæਆਈæ ਕਰ ਰਹੀ ਹੈ। ਕੈਪਟਨ ਸਰਕਾਰ ਤੋਂ ਇਸ਼ਾਰਾ ਮਿਲਣ ਮਗਰੋਂ ਜਾਂਚ ਟੀਮ ਨੇ ਬਰਗਾੜੀ ਕਾਂਡ ਦਾ ਪੂਰਾ ਮਾਮਲਾ ਦਿਨਾਂ ਵਿਚ ਹੀ ਸੁਲਝਾ ਦਿੱਤਾ। ਪੰਥਕ ਆਗੂ ਆਖਦੇ ਹਨ ਕਿ ਪਤਾ ਨਹੀਂ ਕਿ ਕੈਪਟਨ ਸਰਕਾਰ ਕਿਸ ਗੱਲ ਦੇ ਡਰੋਂ ਰਿਪੋਰਟ ਨੂੰ ਹੁਣ ਜਨਤਕ ਨਹੀਂ ਕਰ ਰਹੀ। ਜਾਂਚ ਟੀਮ ਦੇ ਮੁਖੀ ਡੀæਆਈæਜੀæ ਰਣਬੀਰ ਸਿੰਘ ਖੱਟੜਾ ਨੇ ਤੱਥਾਂ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਮੁਕੰਮਲ ਰਿਪੋਰਟ ਪੁਲਿਸ ਮੁਖੀ ਰਾਹੀਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਅਤੇ ਸੀæਬੀæਆਈæ ਨੂੰ ਸੌਂਪ ਦਿੱਤੀ ਹੈ।
________________________
ਕਾਂਗਰਸੀਆਂ ਵੱਲੋਂ ਸਰਕਾਰ ‘ਤੇ ਕਾਰਵਾਈ ਲਈ ਦਬਾਅ
ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਦੇ ਕੁਝ ਵਿਧਾਇਕ ਤੇ ਮੰਤਰੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਜਲਦੀ ਲਾਗੂ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਜ਼ੋਰ ਪਾਉਣਗੇ। ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਸਮੇਤ ਜਿਹੜੇ ਹੋਰ ਪੁਲਿਸ ਅਧਿਕਾਰੀਆਂ ਦੇ ਨਾਂ ਕਮਿਸ਼ਨ ਦੀ ਰਿਪੋਰਟ ਵਿਚ ਆਏ ਹਨ, ਉਨ੍ਹਾਂ ਵਿਰੁਧ ਫੌਰੀ ਕਾਰਵਾਈ ਕਰਨ ਲਈ ਦਬਾਅ ਬਣਾਉਣਗੇ।
ਸਰਕਾਰ ਦੇ ਇਕ ਹਿੱਸੇ ਵਿਚ ਚਰਚਾ ਹੈ ਕਿ ਬਹਿਬਲ ਕਲਾਂ ਵਿਚ ਪੁਲਿਸ ਗੋਲੀ ਵਿਚ ਦੋ ਵਿਅਕਤੀਆਂ ਦੀ ਮੌਤ ਤੇ ਕੁਝ ਹੋਰ ਜ਼ਖ਼ਮੀ ਹੋਏ ਸਨ ਤੇ ਇਸ ਕੇਸ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਇਰਾਦਾ ਕਤਲ ਦੀ ਧਾਰਾ 307 ਲਾਉਣ ਦੀ ਸਿਫਾਰਸ਼ ਕੀਤੀ ਹੈ। ਇਸ ਹਿੱਸੇ ਦਾ ਕਹਿਣਾ ਹੈ ਕਿ ਕਤਲ ਦੇ ਮਾਮਲੇ ਵਿਚ ਧਾਰਾ 302 ਲਾਗੂ ਕੀਤੀ ਜਾਣੀ ਚਾਹੀਦੀ ਹੈ।

This entry was posted in ਮੁੱਖ ਪੰਨਾ. Bookmark the permalink.