ਅੰਮ੍ਰਿਤਸਰ: ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਹਟਾਉਣ ਦੇ ਮੁੱਦੇ ਉਤੇ ਮੁੜ ਟਕਰਾਅ ਦੇ ਹਾਲਾਤ ਬਣ ਗਏ ਹਨ। ਪੰਜ ਪਿਆਰਿਆਂ ਵੱਲੋਂ ਮੌਜੂਦਾ ਪੰਥਕ ਸੰਕਟ ਲਈ ਤਖਤਾਂ ਦੇ ਜਥੇਦਾਰਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਨ੍ਹਾਂ ਨੂੰ ਹਟਾਉਣ ਦੇ ਮੁੜ ਹੁਕਮ ਦੇਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਆਦੇਸ਼ ਨੂੰ ਅਣਡਿੱਠਾ ਕਰਦਿਆਂ ਪੰਜ ਪਿਆਰਿਆਂ ਨੂੰ ਬਰਤਰਫ ਕਰ ਦੇਣ ਨਾਲ ਖਿਚੋਤਾਣ ਵਧ ਗਈ ਹੈ।
ਇਸ ਘਟਨਾਕ੍ਰਮ ਪਿੱਛੋਂ ਪੰਜ ਪਿਆਰਿਆਂ ਵੱਲੋਂ ਤਖਤਾਂ ਦੇ ਜਥੇਦਾਰਾਂ ਦੇ ਸਮਾਜਕ ਬਾਈਕਾਟ ਦਾ ਸੱਦਾ ਦੇਣ ਨਾਲ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਪੰਥਕ ਜਥੇਬੰਦੀਆਂ ਵੱਲੋਂ 10 ਜਨਵਰੀ ਨੂੰ ਸ੍ਰੀ ਅਕਾਲ ਤਖਤ ਉਤੇ ਇਕੱਠੇ ਹੋ ਕੇ ਪੰਥਕ ਸੰਕਟ ਦੇ ਹੱਲ ਲਈ ਸਿਰ ਜੋੜ ਯਤਨ ਕਰਨ ਦਾ ਸੱਦਾ ਦੇ ਦਿੱਤਾ ਹੈ।
ਉਧਰ, ਪੰਜ ਪਿਆਰਿਆਂ ਦੀ ਬਰਖ਼ਾਸਤਗੀ ਤੋਂ ਬਾਅਦ ਬਗ਼ਾਵਤ ਦੇ ਸੁਰ ਹੋਰ ਤਿੱਖੇ ਹੋ ਗਏ ਹਨ। ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੀ ਪੰਜ ਪਿਆਰਿਆਂ ਦੇ ਹੱਕ ਵਿਚ ਖੜ੍ਹ ਗਏ ਹਨ।
ਗਿਆਨੀ ਜਗਤਾਰ ਸਿੰਘ ਨੇ ਤਾਂ ਇਥੋਂ ਤੱਕ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਅਤੇ ਪੰਜ ਪਿਆਰੇ ਆਜ਼ਾਦ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਰਨੈਲ ਅਕਾਲੀ ਫੂਲ ਸਿੰਘ ਜਦੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਨ ਤਾਂ ਉਹ ਪੂਰੀ ਤਰ੍ਹਾਂ ਆਜ਼ਾਦ ਸਨ ਕਿਉਂਕਿ ਉਦੋਂ ਕਿਸੇ ਕਮੇਟੀ ਦਾ ਕੋਈ ਗਲਬਾ ਨਹੀਂ ਸੀ। ਜ਼ਿਕਰਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਰੁਤਬਾ ਸਿੰਘ ਸਾਹਿਬਾਨਾਂ ਦੇ ਬਰਾਬਰ ਹੀ ਸਮਝਿਆ ਜਾਂਦਾ ਹੈ ਤੇ ਕਿਸੇ ਤਖ਼ਤ ਦੇ ਜਥੇਦਾਰ ਦੀ ਗ਼ੈਰ ਹਾਜ਼ਰੀ ਸਮੇਂ ਉਨ੍ਹਾਂ ਨੂੰ ਵੀ ਬਿਠਾਇਆ ਜਾਂਦਾ ਹੈ।
ਸਿੱਖ ਜਥੇਬੰਦੀਆਂ ਨੇ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਸਮੂਹ ਕਮੇਟੀ ਮੈਂਬਰਾਂ ਦੇ ਬਾਈਕਾਟ ਦੇ ਸੱਦੇ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀਆਂ ਸ਼ਹੀਦੀ ਜੋੜ ਮੇਲਿਆਂ ਮੌਕੇ ਲਾਈਆਂ ਜਾਂਦੀਆਂ ਸਿਆਸੀ ਸਟੇਜਾਂ ਨਾ ਲੱਗਣ ਦੇਣ ਦਾ ਐਲਾਨ ਕੀਤਾ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਰਖਾਤਸਗੀ ਤੋਂ ਬਾਅਦ ਪੰਜ ਪਿਆਰਿਆਂ ਵੱਲੋਂ ਗੁਰਮਤਾ ਜਾਰੀ ਕਰ ਕੇ ਸਿੱਖ ਸੰਗਤ ਨੂੰ ਆਖ ਦਿੱਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਅਤੇ ਬਾਕੀ ਤਖ਼ਤਾਂ ਦੇ ਜਥੇਦਾਰ ਜਿਨ੍ਹਾਂ ਨੂੰ ਹੁਣ ਪੰਥ ਵੱਲੋਂ ਕੋਈ ਮਾਨਤਾ ਨਹੀਂ ਹੈ, ਸੰਗਤਾਂ ਉਨ੍ਹਾਂ ਦਾ ਸਮਾਜਕ ਬਾਈਕਾਟ ਕਰਨ। ਇਸ ਤੋਂ ਇਲਾਵਾ ਉਨ੍ਹਾਂ ਜਥੇਦਾਰਾਂ ਦੀਆਂ ਸੇਵਾਵਾਂ ਖਤਮ ਕਰਨ ਵਿਚ ਅਸਫਲ ਰਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਅਤੇ ਮੁੱਖ ਸਕੱਤਰ ਹਰਚਰਨ ਸਿੰਘ ਨੂੰ ਦੋਸ਼ੀ ਠਹਿਰਾਇਆ ਅਤੇ ਆਖਿਆ ਕਿ ਪੰਥ ਇਨ੍ਹਾਂ ਖਿਲਾਫ਼ ਖੁਦ ਫੈਸਲਾ ਕਰੇ। ਦੂਜੇ ਪਾਸੇ, ਅਵਤਾਰ ਸਿੰਘ ਨੇ ਆਖਿਆ ਹੈ ਕਿ ਬਰਤਰਫ ਕੀਤੇ ਕਰਮਚਾਰੀਆਂ ਨੂੰ ਅਜਿਹਾ ਕੋਈ ਫੈਸਲਾ ਲੈਣ ਦਾ ਹੱਕ ਨਹੀਂ ਹੈ।
ਯਾਦ ਰਹੇ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਪੰਜ ਪਿਆਰਿਆਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿਚ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਨ੍ਹਾਂ ਪੰਜ ਪਿਆਰਿਆਂ ਵਿਚੋਂ ਇਕ ਸੇਵਾਮੁਕਤ ਹੋ ਚੁੱਕਾ ਹੈ। ਅੰਤ੍ਰਿੰਗ ਕਮੇਟੀ ਦੇ ਦੋ ਮੈਂਬਰਾਂ ਹਰਭਜਨ ਸਿੰਘ ਅਤੇ ਮੰਗਲ ਸਿੰਘ ਨੇ ਪੰਜ ਪਿਆਰਿਆਂ ਦੀਆਂ ਸੇਵਾਵਾਂ ਖਤਮ ਕਰਨ ਦੇ ਫੈਸਲੇ ਦਾ ਵਿਰੋਧ ਵੀ ਕੀਤਾ ਸੀ ਤੇ ਉਹ ਮੀਟਿੰਗ ਵਿਚਾਲੇ ਛੱਡ ਕੇ ਬਾਹਰ ਆ ਗਏ ਸਨ। ਪੰਜ ਪਿਆਰਿਆਂ ਨੇ 28 ਦਸੰਬਰ ਨੂੰ ਹੁਕਮ ਜਾਰੀ ਕਰ ਕੇ ਸ਼੍ਰੋਮਣੀ ਕਮੇਟੀ ਨੂੰ ਅਲਟੀਮੇਟਮ ਦਿੱਤਾ ਸੀ ਕਿ ਪਹਿਲੀ ਜਨਵਰੀ ਤੱਕ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਸਬੰਧੀ ਜੇ ਕੋਈ ਫੈਸਲਾ ਨਾ ਹੋਇਆ ਤਾਂ ਉਹ ਦੋ ਜਨਵਰੀ ਨੂੰ ਮੀਟਿੰਗ ਕਰ ਕੇ ਇਸ ਬਾਰੇ ਅਗਲਾ ਫੈਸਲਾ ਜਾਰੀ ਕਰਨਗੇ। ਸ਼੍ਰੋਮਣੀ ਕਮੇਟੀ ਨੇ ਇਸ ਤੋਂ ਪਹਿਲਾਂ ਹੀ ਸੇਵਾ ਨਿਯਮਾਂ ਦੀ ਉਲੰਘਣਾ ਕਰਨ, ਸਿੱਖ ਸੰਸਥਾਵਾਂ ਨੂੰ ਢਾਹ ਲਾਉਣ ਅਤੇ ਪੰਥ ਵਿਰੋਧੀ ਕਾਰਵਾਈਆਂ ਕਰਨ ਦੇ ਦੋਸ਼ ਹੇਠ ਪੰਜ ਪਿਆਰਿਆਂ ਵਿਚੋਂ ਚਾਰ ਭਾਈ ਸਤਨਾਮ ਸਿੰਘ ਖੰਡਾ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਅਤੇ ਭਾਈ ਸਤਨਾਮ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੀ ਨੌਕਰੀ ਤੋਂ ਫਾਰਗ ਕਰ ਦਿੱਤਾ।
ਪੰਜ ਪਿਆਰਿਆਂ ਵਿਚ ਸ਼ਾਮਲ ਭਾਈ ਮੇਜਰ ਸਿੰਘ 31 ਦਸੰਬਰ ਨੂੰ ਸੇਵਾਮੁਕਤ ਹੋ ਚੁੱਕਾ ਹੈ। ਮੀਟਿੰਗ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਦੇ ਕੁਝ ਮੈਂਬਰ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਕ ਹੋਟਲ, ਜਿਥੇ ਉਹ ਠਹਿਰੇ ਹੋਏ ਸਨ, ਵਿਚ ਮਿਲੇ ਸਨ। ਜਿਥੇ ਵਿਚਾਰ ਮਗਰੋਂ ਪੰਜ ਪਿਆਰਿਆਂ ਨੂੰ ਫਾਰਗ ਕਰਨ ਦਾ ਫੈਸਲਾ ਕੀਤਾ ਗਿਆ। ਵਿਵਾਦ ਖਤਮ ਕਰਨ ਲਈ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਵੀ ਪੰਜ ਪਿਆਰਿਆਂ ਨਾਲ ਮੁਲਾਕਾਤ ਕੀਤੀ ਸੀ ਪਰ ਫੈਡਰੇਸ਼ਨ ਦੀ ਵਿਚੋਲਗੀ ਫੇਲ੍ਹ ਹੋ ਗਈ।