ਸਰਬੱਤ ਖਾਲਸਾ ਵਾਲੀਆਂ ਪੰਥਕ ਧਿਰਾਂ ਨੇ ਮੁੜ ਫੜੀ ਸਰਗਰਮੀ

ਚੰਡੀਗੜ੍ਹ: ਸਰਬੱਤ ਖਾਲਸਾ ਮੌਕੇ ਥਾਪੇ ਗਏ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਚ ‘ਪੰਥਕ ਕਾਨਫਰੰਸ’ ਕਰ ਕੇ ਤਖ਼ਤਾਂ, ਗੁਰਦੁਆਰਿਆਂ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ ਆਜ਼ਾਦ ਕਰਵਾਉਣ ਲਈ ਸੰਘਰਸ਼ ਵਿੱਢਣ ਦੇ ਨਾਲ-ਨਾਲ ਅਗਲੇ ਸਰਬੱਤ ਖ਼ਾਲਸਾ ਦੀ ਮਿਤੀ ਅਤੇ ਸਥਾਨ ਦਾ ਵੀ ਐਲਾਨ ਕੀਤਾ ਜਾਵੇਗਾ।

ਸਰਬੱਤ ਖ਼ਾਲਸਾ ਦੀਆਂ ਧਿਰਾਂ ਦੇ ਐਲਾਨ ਨਾਲ ਪੰਜਾਬ ਦੇ ਸਿਆਸੀ ਮੰਚ ਦੇ ਸਮੀਕਰਨ ਬਦਲਣ ਦੇ ਆਸਾਰ ਵੀ ਬਣਦੇ ਜਾਪਦੇ ਹਨ। ਦੇਸ਼ ਧ੍ਰੋਹ ਦੇ ਦੋਸ਼ਾਂ ਤਹਿਤ ਲੰਬਾਂ ਸਮਾਂ ਜੇਲ੍ਹ ‘ਚ ਰਹਿਣ ਤੋਂ ਬਾਅਦ ਰਿਹਾਅ ਹੋਏ ਸਰਬੱਤ ਖ਼ਾਲਸਾ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਬਲਜੀਤ ਸਿੰਘ ਦਾਦੂਵਾਲ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਅਮਰੀਕ ਸਿੰਘ ਅਜਨਾਲਾ ਨੇ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਕਿ 13 ਅਪਰੈਲ ਨੂੰ ਵਿਸਾਖੀ ਮੌਕੇ ਸਰਬੱਤ ਖਾਲਸਾ ਦੀ ਥਾਂ ਪੰਥਕ ਕਾਨਫਰੰਸ ਕੀਤੀ ਜਾਵੇਗੀ ਕਿਉਂਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕੀਤੇ ਜਾਣ ਕਾਰਨ ਸਰਬੱਤ ਖਾਲਸਾ ਦੀ ਤਿਆਰੀ ਲਈ ਸਮਾਂ ਥੋੜ੍ਹਾ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਵਿਚ ਬੰਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਕਾਨਫਰੰਸ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕਾਨਫਰੰਸ ਦੌਰਾਨ ਜਿਥੇ ਅਗਲੇ ਸਰਬੱਤ ਖਾਲਸਾ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ ਉਥੇ ਤਖ਼ਤਾਂ, ਗੁਰਦੁਆਰਿਆਂ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਸਮੇਤ ਸਮੁੱਚੀਆਂ ਧਾਰਮਿਕ ਸੰਸਥਾਵਾਂ ਨੂੰ ‘ਬਾਦਲਾਂ’ ਤੋਂ ਆਜ਼ਾਦ ਕਰਵਾਉਣ ਲਈ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਇਸ ਵੇਲੇ ਅਣਐਲਾਨੀ ਐਮਰਜੈਂਸੀ ਲਾਈ ਹੋਈ ਹੈ। ਸ਼ਾਂਤਮਈ ਢੰਗ ਨਾਲ ਸਰਬੱਤ ਖਾਲਸਾ ਸੱਦਣ ਵਾਲਿਆਂ ‘ਤੇ ਦੇਸ਼ ਧ੍ਰੋਹ ਦੇ ਕੇਸ ਦਰਜ ਕਰ ਕੇ ਪਿਛਲੇ ਸਾਰੇ ਜ਼ੁਲਮਾਂ ਨੂੰ ਮਾਤ ਪਾ ਦਿੱਤੀ ਗਈ ਹੈ। ਸਰਕਾਰ ਵਾਰ-ਵਾਰ ਰਿਹਾਈਆਂ ਤੋਂ ਬਾਅਦ ਨਵੇਂ ਕੇਸ ਦਰਜ ਕਰ ਰਹੀ ਹੈ ਅਤੇ ਇਸੇ ਕੜੀ ਤਹਿਤ ਹੀ ਜੇਲ੍ਹ ਵਿਚੋਂ ਰਿਹਾਅ ਹੋਏ ਜਥੇਦਾਰ ਮੰਡ ਉਪਰ ਇਕ ਹੋਰ ਕੇਸ ਪਾ ਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਹੈ।
ਦੋਵੇਂ ਜਥੇਦਾਰਾਂ ਨੇ ਬਾਦਲ ਅਤੇ ਮਜੀਠੀਆ ਪਰਿਵਾਰਾਂ ਨੂੰ ਛੱਡ ਕੇ ਅਕਾਲੀ ਦਲ, ਕਾਂਗਰਸ, ਭਾਜਪਾ, ਬਸਪਾ, ਆਮ ਆਦਮੀ ਪਾਰਟੀ ਆਦਿ ਸਿਆਸੀ ਪਾਰਟੀਆਂ ਵਿਚਲੇ ਪੰਜਾਬ ਹਿਤੈਸ਼ੀਆਂ ਨੂੰ ਕਾਨਫਰੰਸ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਸਿੱਖੀ ਦਾ ਘਾਣ ਕਰਨ ਅਤੇ ਬਿਕਰਮ ਸਿੰਘ ਮਜੀਠੀਆ ਦੇ ਨਸ਼ਿਆਂ ਨਾਲ ਸਬੰਧਤ ਹੋਣ ਕਾਰਨ ਇਨ੍ਹਾਂ ਦੋਵਾਂ ਪਰਿਵਾਰਾਂ ਨੂੰ ਕਾਨਫਰੰਸ ਲਈ ਸੱਦਾ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਕਾਨਫਰੰਸ ਦੌਰਾਨ ਕਿਸਾਨੀ ਨੂੰ ਖ਼ੁਦਕੁਸ਼ੀਆਂ ਅਤੇ ਜਵਾਨੀ ਨੂੰ ਪਤਿਤਪੁਣੇ ਤੋਂ ਬਚਾਉਣ, ਬੰਦੀ ਸਿੱਖਾਂ ਦੀ ਰਿਹਾਈ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਅਤੇ ਬਹਿਬਲ ਕਲਾਂ ਵਿਚ ਸਿੱਖਾਂ ਉਪਰ ਗੋਲੀਆਂ ਚਲਾਉਣ ਵਾਲਿਆਂ ਨੂੰ ਸਜ਼ਾਵਾਂ ਦਿਵਾਉਣ ਸਮੇਤ ਪੰਜਾਬ ‘ਚ ਹਿੰਦੂ, ਸਿੱਖ, ਮੁਸਲਮਾਨ, ਇਸਾਈ, ਬੋਧੀ, ਜੈਨੀ ਆਦਿ ਧਰਮਾਂ ਦੀ ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਮਜ਼ਬੂਤ ਕਰਨ ਲਈ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਜਾਵੇਗਾ।
__________________________________
ਨਵਾਂ ਪ੍ਰੋਗਰਾਮ ਵਿਸਾਖੀ ਦਿਹਾੜੇ ‘ਤੇ: ਦਾਦੂਵਾਲ
ਮਾਨਸਾ: ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤਾਂ ਦੇ ਜਥੇਦਾਰ ਸਿੱਖ ਕੌਮ ਨੂੰ ਨਵਾਂ ਪ੍ਰੋਗਰਾਮ ਵਿਸਾਖੀ ਦੇ ਦਿਹਾੜੇ ‘ਤੇ ਦੇਣਗੇ। ਉਘੇ ਸਿੱਖ ਪ੍ਰਚਾਰਕ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਥਾਪੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਨੇ ਦੱਸਿਆ ਕਿ ਸਾਰੇ ਤਖ਼ਤਾਂ ਦੇ ਜਥੇਦਾਰਾਂ ਦੀ ਇਕੱਤਰਤਾ ਛੇਤੀ ਹੋ ਰਹੀ ਹੈ, ਜਿਸ ਵਿਚ ਕਈ ਗੁਰਮਤੇ ਪਾਸ ਕੀਤੇ ਜਾਣਗੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਆਰæਐਸ਼ਐਸ਼ ਦੇ ਇਸ਼ਾਰੇ ‘ਤੇ ਸਿੱਖ ਵਿਰੋਧੀ ਕਾਰਵਾਈਆਂ ਕਰ ਰਹੀ ਹੈ। ਉਨ੍ਹਾਂ ਜੇਲ੍ਹਾਂ ਵਿਚ ਬੰਦ ਸਾਰੇ ਬੇਗੁਨਾਹ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਤਖ਼ਤਾਂ ਦੇ ਜਥੇਦਾਰ ਇਸ ਮੁੱਦੇ ਪ੍ਰਤੀ ਵੀ ਗੰਭੀਰ ਹਨ।