ਮੁਤਵਾਜ਼ੀ ਜਥੇਦਾਰਾਂ ਨੇ ਬਰਾੜ ਅਤੇ ਗਿੱਲ ਨੂੰ ਸਿੱਖ ਪੰਥ ਵਿਚੋਂ ਛੇਕਿਆ

ਅੰਮ੍ਰਿਤਸਰ: ਮੁਤਵਾਜ਼ੀ ਜਥੇਦਾਰਾਂ ਨੇ ਇਕ ਹੁਕਮਨਾਮੇ ਰਾਹੀਂ 1984 ਦੇ ਸਾਕਾ ਨੀਲਾ ਤਾਰਾ ਮੌਕੇ ਫੌਜ ਦੀ ਕਮਾਂਡ ਸਾਂਭਣ ਵਾਲੇ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਕੁਲਦੀਪ ਸਿੰਘ ਬਰਾੜ ਅਤੇ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਕੇæਪੀæਐਸ਼ ਗਿੱਲ ਨੂੰ ਸਿੱਖ ਪੰਥ ਵਿਚੋਂ ਛੇਕ ਦਿੱਤਾ।

ਇਹ ਫੈਸਲੇ ਸਰਬੱਤ ਖਾਲਸਾ ਵੱਲੋਂ ਅਕਾਲ ਤਖਤ ਦੇ ਥਾਪੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਮਰੀਕ ਸਿੰਘ ਅਜਨਾਲਾ ਅਤੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਤੋਂ ਇਲਾਵਾ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਪੰਜ ਪਿਆਰਿਆਂ ਵਿਚੋਂ ਭਾਈ ਮੇਜਰ ਸਿੰਘ ਅਤੇ ਭਾਈ ਜਗਮੀਤ ਸਿੰਘ ਦੀ ਵਿਸ਼ੇਸ਼ ਇਕੱਤਰਤਾ ਵਿਚ ਲਏ ਗਏ। ਜਾਰੀ ਕੀਤੇ ਗਏ ਹੁਕਮਨਾਮੇ ਵਿਚ ਭਾਈ ਦਾਦੂਵਾਲ ਨੇ ਕਿਹਾ ਕਿ 1984 ਵਿਚ ਸ੍ਰੀ ਅਕਾਲ ਤਖਤ ਅਤੇ ਸ੍ਰੀ ਹਰਿਮੰਦਰ ਸਾਹਿਬ ‘ਤੇ ਤੋਪਾਂ ਟੈਂਕਾਂ ਨਾਲ ਹਮਲਾ ਕਰਨ ਵਾਲੀ ਭਾਰਤੀ ਫੌਜ ਦੀ ਕਮਾਂਡ ਸਾਂਭਣ ਵਾਲੇ ਲੈਫਟੀæ ਜਨਰਲ (ਸੇਵਾ ਮੁਕਤ) ਕੁਲਦੀਪ ਸਿੰਘ ਬਰਾੜ ਅਤੇ ਸਿੱਖ ਨਸਲਕੁਸ਼ੀ ਲਈ ਜ਼ਿੰਮੇਵਾਰ ਸਾਬਕਾ ਪੁਲਿਸ ਮੁਖੀ ਕੇæਪੀæ ਐਸ ਗਿੱਲ ਨੂੰ 10 ਨਵੰਬਰ 2015 ਵਿਚ ਚੱਬਾ ਦੀ ਧਰਤੀ ‘ਤੇ ਹੋਏ ਸਰਬੱਤ ਖਾਲਸਾ ਵਿਚ ਤਨਖਾਹੀਏ ਐਲਾਨਿਆ ਗਿਆ ਸੀ ਅਤੇ 30 ਨਵੰਬਰ 2015 ਤੱਕ ਅਕਾਲ ਤਖਤ ‘ਤੇ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਦੋਵੇਂ ਹੀ ਅੱਜ ਤੱਕ ਪੇਸ਼ ਨਹੀਂ ਹੋਏ। ਇਸ ਲਈ ਅੱਜ ਸਿੰਘ ਸਾਹਿਬਾਨ ਨੇ ਦੋਵਾਂ ਨੂੰ ਸਿੱਖ ਪੰਥ ਵਿਚੋਂ ਛੇਕ ਦਿੱਤਾ ਹੈ। ਉਨ੍ਹਾਂ ਦੇਸ਼ ਵਿਦੇਸ਼ ਵਿਚ ਵਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਇਨ੍ਹਾਂ ਨਾਲ ਰੋਟੀ-ਬੇਟੀ ਦੀ ਸਾਂਝ ਨਾ ਰੱਖਣ ਅਤੇ ਇਨ੍ਹਾਂ ਦੇ ਧਾਰਮਿਕ, ਸਮਾਜਿਕ, ਭਾਈਚਾਰਕ ਅਤੇ ਰਾਜਨੀਤਕ ਬਾਈਕਾਟ ਕੀਤੇ ਜਾਣ ਦਾ ਆਦੇਸ਼ ਦਿੱਤਾ ਹੈ। ਇਹ ਵੀ ਕਿਹਾ ਗਿਆ ਕਿ ਹੁਕਮਨਾਮੇ ਦੀ ਪਾਲਣਾ ਨਾ ਕਰਨ ਵਾਲਾ ਵੀ ਗੁਰੂ ਦਾ ਦੇਣਦਾਰ ਅਤੇ ਤਨਖਾਹੀਆ ਸਮਝਿਆ ਜਾਵੇਗਾ।
______________________________________________
ਸੁਖਬੀਰ ਵਿਰੁਧ ਕਾਰਵਾਈ ਦੀ ਤਿਆਰੀ
ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਬਰਗਾੜੀ ਕਾਂਡ ਤੇ ਹੋਰ ਥਾਵਾਂ ਉਤੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਬਾਰੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਨਾ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਰਿਪੋਰਟ ਪੇਸ਼ ਕਰਨ ਲਈ 20 ਅਗਸਤ ਤੱਕ ਦਾ ਹੋਰ ਸਮਾਂ ਦਿੱਤਾ ਜਾਵੇ। ਜੇਕਰ ਉਨ੍ਹਾਂ ਫਿਰ ਵੀ ਰਿਪੋਰਟ ਪੇਸ਼ ਨਾ ਕੀਤੀ ਤਾਂ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ।