ਸਰਕਾਰ ਦੇ ਦਾਅਵੇ ਰੋਕ ਨਾ ਸਕੇ ਬੇਅਦਬੀ ਦੀਆਂ ਘਟਨਾਵਾਂ

ਜਲੰਧਰ: ਪੰਜਾਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਜਲੰਧਰ ਵਿਚੋਂ ਲੰਘਦੀ ਨਹਿਰ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਮਿਲਣ ਬਾਅਦ ਸਿੱਖ ਸੰਗਤ ਵਿਚ ਭਾਰੀ ਰੋਸ ਹੈ। ਸਿੱਖ ਜਥੇਬੰਦੀਆਂ ਨੇ ਕਪੂਰਥਲਾ ਚੌਕ ਵਿਚ ਧਰਨਾ ਲਗਾ ਕੇ ਬਾਣੀ ਦਾ ਪਾਠ ਸ਼ੁਰੂ ਕਰ ਦਿੱਤਾ। ਨਹਿਰ ਵਿਚੋਂ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ਨਾਲ ਹੀ ਭਗਵਦ ਗੀਤਾ ਦੇ ਪੰਨੇ ਵੀ ਮਿਲੇ ਹਨ। ਸਿੱਖ ਜਥੇਬੰਦੀਆਂ ਦਾ ਸਾਥ ਦੇਣ ਲਈ ਸ਼ਿਵ ਸੈਨਾ (ਬਾਲ ਠਾਕਰੇ) ਦੇ ਕਾਰਕੁਨ ਵੀ ਧਰਨੇ ਵਿਚ ਆ ਕੇ ਬੈਠੇ।

ਇਸ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਪ੍ਰਿੰਸਪਾਲ ਸਿੰਘ ਨਾਂ ਦਾ ਨੌਜਵਾਨ ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਗੁਰਦੁਆਰੇ ਤੋਂ ਪਾਠ ਕਰ ਕੇ ਵਾਪਸ ਆ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਸ਼ੇਰ ਸਿੰਘ ਕਾਲੋਨੀ ਕੋਲੋਂ ਲੰਘਦੀ ਨਹਿਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਤਰ ਰਹੇ ਸਨ। ਉਸ ਨੇ ਆਪਣੇ ਸਾਥੀਆਂ ਨੂੰ ਦੱਸਿਆ ਤਾਂ 15-20 ਜਣੇ ਸਿੱਖ ਨੌਜਵਾਨ ਉਥੇ ਪਹੁੰਚ ਗਏ। ਉਨ੍ਹਾਂ ਨੂੰ ਨਹਿਰ ‘ਚੋਂ ਤਕਰੀਬਨ 200-250 ਅੰਗ ਮਿਲੇ। ਸਿੱਖ ਨੌਜਵਾਨਾਂ ਨੇ ਨਹਿਰ ‘ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਸ਼ਰਧਾ ਤੇ ਸਤਿਕਾਰ ਨਾਲ ਚੁੱਕ ਕੇ ਪਾਲਕੀ ਵਿਚ ਰੱਖੇ ਅਤੇ ਨਾਲ ਹੀ ਭਗਵਦ ਗੀਤਾ ਦੇ ਅੰਗ ਵੀ ਰੱਖੇ ਹੋਏ ਹਨ।
ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਚੱਢਾ ਨੇ ਕਿਹਾ ਕਿ ਇਕ ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਹਾਲੇ ਤੱਕ ਗ੍ਰਿਫਤਾਰ ਨਹੀਂ ਕਰ ਸਕੀ। ਸਿੱਖ ਜਥੇਬੰਦੀ ਦੇ ਆਗੂਆਂ ਦਾ ਕਹਿਣਾ ਸੀ ਕਿ ਜਗਦੀਸ਼ ਗਗਨੇਜਾ ਦੀ ਮੌਤ ਤੋਂ ਬਾਅਦ ਇਸ ਘਟਨਾ ਦਾ ਵਾਪਰਨਾ ਇਕ ਡੂੰਘੀ ਸਾਜ਼ਿਸ਼ ਲੱਗ ਰਿਹਾ ਹੈ ਤਾਂ ਜੋ ਸਿੱਖਾਂ ਦਾ ਸ਼ੱਕ ਹਿੰਦੂ ਜਥੇਬੰਦੀਆਂ ‘ਤੇ ਜਾਵੇ ਤੇ ਪੰਜਾਬ ਵਿਚ ਵੱਡਾ ਦੁਫੇੜ ਪਾਇਆ ਜਾ ਸਕੇ।
ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਇਸ ਘਟਨਾ ਦੀ ਸਖਤ ਨਿੰਦਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਬਰਗਾੜੀ ਤੇ ਬਹਿਬਲ ਕਲਾਂ ਦੀਆਂ ਘਟਨਾਵਾਂ ਵਿਚ ਦੋਸ਼ੀਆਂ ਨੂੰ ਫੜਿਆ ਹੁੰਦਾ ਤਾਂ ਇਹ ਘਟਨਾ ਨਹੀਂ ਸੀ ਵਾਪਰਨੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਧਰਮ ਬਾਰੇ ਕੋਈ ਸੋਝੀ ਨਹੀਂ ਅਤੇ ਉਹ ਸਿਰਫ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨਾ ਚਾਹੁੰਦੇ ਹਨ। ਅਜਿਹੀਆਂ ਘਟਨਾਵਾਂ ਨਾਲ ਸਿੱਖ ਭਾਈਚਾਰੇ ਵਿਚ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸØਖਤ ਸਜ਼ਾ ਦਿੱਤੀ ਜਾਵੇ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਨਿਰੰਤਰ ਵਾਪਰ ਰਹੀਆਂ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਥਾਨਕ ਪ੍ਰਸ਼ਾਸਨ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਸਖਤ ਸਜ਼ਾ ਦੇਵੇ। ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਕੀਤੇ ਪੰਜ ਪਿਆਰਿਆਂ ਨੇ ਵੀ ਬੇਅਦਬੀ ਘਟਨਾਵਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਨਾ ਹੋਣ ਕਾਰਨ ਇਹ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ।
__________________________________
ਬੇਅਦਬੀ ਦੀਆਂ ਘਟਨਾਵਾਂ ‘ਤੇ ਬਾਦਲ ਦਾ ਤਰਕæææ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਮਾਹੌਲ ਵਿਚ ਅਸ਼ਾਂਤੀ ਫੈਲਾਉਣ ਦੇ ਮਕਸਦ ਨਾਲ ਸ਼ਰਾਰਤੀ ਤੱਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਪਿਛਲੇ ਇਕ ਸਾਲ ਤੋਂ ਲਗਾਤਾਰ ਇਹ ਬਿਆਨ ਦੇ ਰਹੇ ਹਨ, ਪਰ ਸਰਕਾਰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਫੜ ਨਹੀਂ ਸਕੀ। ਮੁੱਖ ਮੰਤਰੀ ਬਾਦਲ ਤੇ ਸੱਤਾ ਧਿਰ ਦੇ ਹੋਰ ਲੀਡਰ ਹਮੇਸ਼ਾ ਸ਼ਰਾਰਤੀ ਅਨਸਰਾਂ ਦਾ ਨਾਂ ਲੈ ਕੇ ਪੱਲਾ ਝਾੜ ਜਾਂਦੇ ਹਨ।