ਜੇਤਲੀ ਤੇ ਅਮਿਤ ਸ਼ਾਹ ਨੇ ਬਾਦਲ ਦੀ ਇਕ ਨਾ ਸੁਣੀ

ਅੰਮ੍ਰਿਤਸਰ: ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਪੰਜਾਬ ਦੇ ਪਾਣੀਆਂ ਬਾਰੇ ਅਦਾਲਤ ਦਾ ਫੈਸਲਾ ਭਾਵੇਂ ਕੁਝ ਵੀ ਹੋਵੇ, ਉਹ ਪਾਣੀ ਦੀ ਇਕ ਵੀ ਬੂੰਦ ਬਾਹਰ ਨਹੀਂ ਜਾਣ ਦੇਣਗੇ, ਇਸ ਵਾਸਤੇ ਉਨ੍ਹਾਂ ਨੂੰ ਭਾਵੇਂ ਕੋਈ ਵੀ ਕੁਰਬਾਨੀ ਦੇਣੀ ਪਵੇ। ਉਨ੍ਹਾਂ ਕੇਂਦਰ ਨੂੰ ਪੰਜਾਬ ਨਾਲ ਨਿਆਂ ਕਰਨ ਦੀ ਅਪੀਲ ਕਰਦਿਆਂ ਆਖਿਆ ਕਿ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਵੀ ਪੰਜਾਬ ਨੂੰ ਦਿੱਤੇ ਜਾਣ।

ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸੂਬੇ ਦੇ ਵਿਕਾਸ ਲਈ ਕੋਈ ਵਿਸ਼ੇਸ਼ ਐਲਾਨ ਜਾਂ ਸੂਬੇ ਦੀਆਂ ਮੰਗਾਂ ਨੂੰ ਪੂਰਾ ਕਰਨ ਬਾਰੇ ਕੋਈ ਭਰੋਸਾ ਦਿੱਤੇ ਬਗੈਰ ਪਰਤ ਗਏ।
ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਸਬੰਧੀ ਇਥੇ ਵਿਸ਼ੇਸ਼ ਸਮਾਗਮ ਕਰਵਾਏ ਗਏ ਜਿਸ ਤਹਿਤ ਜਨਤਕ ਰੈਲੀ ਰਣਜੀਤ ਐਵੇਨਿਊ ਵਿਚ ਕੀਤੀ ਗਈ। ਸਮਾਗਮ ਵਿਚ ਪੰਜਾਬੀ ਸੂਬਾ ਸੰਘਰਸ਼ ਅਤੇ ਰਾਜ ਦੀ ਤਰੱਕੀ ਵਿਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਨੂੰ ਸਨਮਾਨਿਤ ਕੀਤਾ ਗਿਆ। ਰੈਲੀ ਦੌਰਾਨ ਸ਼ ਬਾਦਲ ਨੇ ਆਖਿਆ ਕਿ ਕੇਂਦਰ ਵਿਚ ਅਕਾਲੀਆਂ ਦੀ ਭਾਈਵਾਲ ਐਨæਡੀæਏæ ਸਰਕਾਰ ਹੈ ਅਤੇ ਲੋਕ ਮਿਹਣੇ ਮਾਰ ਰਹੇ ਹਨ ਕਿ ਕੇਂਦਰ ਵਿਚ ਆਪਣੀ ਸਰਕਾਰ ਹੋਣ ਦੇ ਬਾਵਜੂਦ ਸੂਬੇ ਨਾਲ ਬੇਇਨਸਾਫ਼ੀ ਹੋ ਰਹੀ ਹੈ।
ਸ੍ਰੀ ਜੇਤਲੀ ਨੇ ਪੰਜਾਬੀ ਸੂਬੇ ਨਾਲ ਜੁੜੀਆਂ ਮੰਗਾਂ ਬਾਰੇ ਕੋਈ ਜ਼ਿਕਰ ਨਹੀਂ ਕੀਤਾ। ਉਨ੍ਹਾਂ ਤੋਂ ਪਹਿਲਾਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੂਬੇ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ ਅਤੇ ਸੂਬੇ ਦੇ ਪਾਣੀ ਦੇ ਹੱਕ ਪ੍ਰਾਪਤ ਕਰਨ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਆਖਿਆ ਕਿ ਕੇਂਦਰ ਸਰਕਾਰ ਨੇ 2016 ਦਾ ਵਰ੍ਹਾ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਹੈ ਅਤੇ ਹਰ ਸੂਬੇ ਵਿਚ ਇਸ ਸਬੰਧੀ ਸਮਾਗਮ ਕੀਤੇ ਜਾਣਗੇ। ਸਮਾਗਮ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ, ਅਕਾਲੀ ਦਲ ਦੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ, ਐਮæਪੀæ ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ ਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਸੰਬੋਧਨ ਕੀਤਾ।
__________________________
ਸਿੱਖ ਕਤਲੇਆਮ ਭੁਲਾ ਕੇ ਜਸ਼ਨ ਮਨਾ ਰਹੀ ਹੈ ਸਰਕਾਰ: ਕੇਜਰੀਵਾਲ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੈ ਸਿੰਘ ਤੇ ਅਸ਼ੀਸ਼ ਖੇਤਾਨ ਨੇ ਇਥੇ ਅਦਾਲਤ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਕੇਸ ਵਿਚ ਪੇਸ਼ੀ ਭੁਗਤੀ। ਅਦਾਲਤ ਵਿਚ ਦੋਵਾਂ ਧਿਰਾਂ ਦੇ ਵਕੀਲਾਂ ਵਿਚਾਲੇ ਭਖਵੀਂ ਬਹਿਸ ਹੋਈ। ਬਹਿਸ ਦੌਰਾਨ ਮੀਡੀਆ ਜਾਂ ਹੋਰਾਂ ਨੂੰ ਅਦਾਲਤ ਅੰਦਰ ਜਾਣ ਦੀ ਆਗਿਆ ਨਹੀਂ ਦਿੱਤੀ ਗਈ। ਵਧੀਕ ਚੀਫ ਜੁਡੀਸ਼ਲ ਮੈਜਿਸਟਰੇਟ ਰਵੀਇੰਦਰ ਕੌਰ ਦੀ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 18 ਨਵੰਬਰ ਤੈਅ ਕੀਤੀ ਹੈ।
ਅਦਾਲਤੀ ਕਾਰਵਾਈ ਬਾਅਦ ਸ੍ਰੀ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਸਿੱਖਾਂ ਦਾ ਕਤਲੇਆਮ ਭੁਲਾ ਕੇ ਜਸ਼ਨ ਮਨਾਉਣ ਵਿਚ ਰੁੱਝੀ ਹੋਈ ਹੈ। ਸੂਬੇ ਦਾ ਬੱਚਾ ਬੱਚਾ ਜਾਣਦਾ ਹੈ ਕਿ ਪੰਜਾਬ ਵਿਚ ਨਸ਼ਿਆਂ ਦਾ ਕਾਰੋਬਾਰ ਕੌਣ ਕਰ ਰਿਹਾ ਹੈ। ਉਨ੍ਹਾਂ ਕਾਂਗਰਸ ਨੂੰ ਵੀ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਨੇ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਕਾਂਗਰਸੀ ਆਗੂਆਂ ਨੂੰ ਬਚਾਉਣ ਦਾ ਯਤਨ ਕੀਤਾ ਹੈ।