ਚੰਡੀਗੜ੍ਹ: ਕਈ ਦਿਨਾਂ ਦੀ ਜਕੋਤਕੀ ਤੋਂ ਬਾਅਦ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਵਿਧਾਇਕ ਪਰਗਟ ਸਿੰਘ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਡਾæ ਨਵਜੋਤ ਕੌਰ ਸਿੱਧੂ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਸ੍ਰੀ ਸਿੱਧੂ ਵੱਲੋਂ ਬਣਾਏ ਆਵਾਜ਼-ਏ-ਪੰਜਾਬ ਫਰੰਟ ਦਾ ਵੀ ਭੋਗ ਪੈ ਗਿਆ। ਡਾæ ਸਿੱਧੂ ਦੇ ਪਤੀ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਬਾਅਦ ਵਿਚ ਕਾਂਗਰਸ ਵਿਚ ਸ਼ਾਮਲ ਹੋਣਗੇ।
ਸੂਤਰਾਂ ਅਨੁਸਾਰ ਦੋਵਾਂ ਆਗੂਆਂ ਦੀ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਹੋਈ ਸੀ। ਇਨ੍ਹਾਂ ਦੋਵਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਵਾਉਣ ਲਈ ਕਾਂਗਰਸ ਦੇ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਇਨ੍ਹਾਂ ਆਗੂਆਂ ਨਾਲ ਕਈ ਦੌਰ ਦੀ ਗੱਲਬਾਤ ਕੀਤੀ। ਬੈਂਸ ਭਰਾਵਾਂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਪਿੱਛੋਂ ਇਨ੍ਹਾਂ ਆਗੂਆਂ ਨੂੰ ਆਪਣੀਆਂ ਸ਼ਰਤਾਂ ਤੋਂ ਪਿੱਛੇ ਹਟਣਾ ਪਿਆ। ਪਤਾ ਲੱਗਿਆ ਹੈ ਕਿ ਦੋਵੇਂ ਆਗੂ ਬਿਨਾਂ ਸ਼ਰਤ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਨ। ਦੋਵੇਂ ਵਿਧਾਨ ਸਭਾ ਦੀ ਚੋਣ ਲੜਨਗੇ ਪਰ ਅਜੇ ਤੱਕ ਸੀਟਾਂ ਦਾ ਫੈਸਲਾ ਨਹੀਂ ਹੋ ਸਕਿਆ। ਪਰਗਟ ਸਿੰਘ ਜਲੰਧਰ ਕੈਂਟ ਤੋਂ ਚੋਣ ਲੜਨਾ ਚਾਹੁੰਦੇ ਹਨ, ਪਰ ਕਾਂਗਰਸ ਉਨ੍ਹਾਂ ਨੂੰ ਸ਼ਾਹਕੋਟ ਜਾਂ ਨਵਾਂ ਸ਼ਹਿਰ ਤੋਂ ਚੋਣ ਲੜਾਉਣਾ ਚਾਹੁੰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਵਜੋਤ ਸਿੱਧੂ ਸ਼ੂਟਿੰਗ ਦੇ ਰੁਝੇਵਿਆਂ ਕਾਰਨ ਦਿੱਲੀ ਨਹੀਂ ਆ ਸਕੇ। ਇਸ ਲਈ ਉਹ ਬਾਅਦ ਵਿਚ ਸ਼ਾਮਲ ਹੋਣਗੇ। ਕਾਂਗਰਸ ਦੇ ਰਣਨੀਤੀਕਾਰ ਕਿਸ਼ੋਰ ਨੇ ਉਸੇ ਦਿਨ ਤੋਂ ਸਾਬਕਾ ਕ੍ਰਿਕਟਰ ਸਿੱਧੂ ਨਾਲ ਸੰਪਰਕ ਕਰ ਲਿਆ ਸੀ, ਜਦੋਂ ਉਨ੍ਹਾਂ ਭਾਜਪਾ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਸੀ।
_________________________________
ਪਰਗਟ ਤੇ ਸਿੱਧੂ ਨੂੰ ਸੁਖਬੀਰ ਬਾਦਲ ਦੀ ਵਧਾਈ
ਜਲੰਧਰ: ਸਾਬਕਾ ਅਕਾਲੀ ਵਿਧਾਇਕ ਪਰਗਟ ਸਿੰਘ ਤੇ ਭਾਜਪਾ ਵਿਧਾਇਕ ਨਵਜੋਤ ਕੌਰ ਸਿੱਧੂ ਦੇ ਕਾਂਗਰਸ ਵਿਚ ਸ਼ਾਮਲ ਹੋਣ ਉਤੇ ਅਕਾਲੀ ਦਲ ਦੇ ਪ੍ਰਧਾਨ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵਧਾਈ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ”ਉਨ੍ਹਾਂ ਨੂੰ ਬਹੁਤ-ਬਹੁਤ ਵਧਾਈ, ਸ਼ੁਕਰ ਹੈ ਕਿਸੇ ਨੇ ਉਨ੍ਹਾਂ ਨੂੰ ਲੈ ਲਿਆ। ਅਕਾਲੀ ਦਲ ਛੱਡਣ ਵਾਲਿਆਂ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਨੂੰ ਲੋਕਾਂ ਨੇ ਪਸੰਦ ਨਹੀਂ ਕੀਤਾ ਤੇ ਜਿਨ੍ਹਾਂ ਦੀ ਕਾਰਗੁਜ਼ਾਰੀ ਠੀਕ ਨਹੀਂ ਸੀ, ਉਨ੍ਹਾਂ ਨੂੰ ਪਾਰਟੀ ਵਿਚ ਕੱਢ ਦਿੱਤਾ ਹੈ। ਕਾਬਲੇਗੌਰ ਹੈ ਕਿ ਜਲੰਧਰ ਦੇ ਸਾਬਕਾ ਅਕਾਲੀ ਵਿਧਾਇਕ ਪ੍ਰਗਟ ਸਿੰਘ ਤੇ ਭਾਜਪਾ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ।
________________________________________
ਸਿੱਧੂ ਜੋੜੇ ਦੀ ਨਵੀਂ ਸਿਆਸੀ ਉਡਾਰੀ
ਅੰਮ੍ਰਿਤਸਰ: ਨਵਜੋਤ ਸਿੰਘ ਸਿੱਧੂ ਨੇ ਉਸ ਵੇਲੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਚੋਣ ਲੜੀ ਸੀ, ਜਿਸ ਵੇਲੇ ਉਹ 2004 ਵਿਚ ਪਾਕਿਸਤਾਨ ਵਿਚ ਹੋ ਰਹੇ ਟੈਸਟ ਮੈਚ ਦੀ ਕੁਮੈਂਟਰੀ ਕਰ ਰਹੇ ਸਨ। ਉਨ੍ਹਾਂ ਦੇ ਨਾਮ ਦਾ ਜਿਵੇਂ ਹੀ ਐਲਾਨ ਹੋਇਆ ਤਾਂ ਉਹ ਅਟਾਰੀ ਸਰਹੱਦ ਰਾਹੀਂ ਭਾਰਤ ਪੁੱਜੇ ਤੇ ਅੰਮ੍ਰਿਤਸਰ ਵਿਚ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਲਗਾਤਾਰ 5 ਵਾਰ ਅੰਮ੍ਰਿਤਸਰ ਦੇ ਸੰਸਦ ਮੈਂਬਰ ਰਹਿ ਚੁੱਕੇ ਕਾਂਗਰਸੀ ਉਮੀਦਵਾਰ ਰਘੂਨੰਦਨ ਲਾਲ ਭਾਟੀਆ ਨੂੰ 1 ਲੱਖ 7000 ਵੋਟਾਂ ਨਾਲ ਹਰਾਇਆ। 2004 ਵਿਚ ਅੰਮ੍ਰਿਤਸਰ ਦੇ ਸੰਸਦ ਮੈਂਬਰ ਬਣਨ ਮਗਰੋਂ ਸਿੱਧੂ ਨੇ ਪਟਿਆਲਾ ਦੇ ਬਜਾਏ ਗੁਰੂ ਨਗਰੀ ਅੰਮ੍ਰਿਤਸਰ ਵਿਚ ਹੀ ਰਹਿਣ ਦਾ ਫੈਸਲਾ ਕੀਤਾ।
2007 ਵਿਚ ਸਿੱਧੂ ਉਤੇ ਚੱਲ ਰਹੇ ਰੋਡ ਰੇਜ ਦੇ ਕੇਸ ਵਿਚ ਅਦਾਲਤ ਵੱਲੋਂ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ। ਇਸ ਤੋਂ ਬਾਅਦ ਸਿੱਧੂ ਨੇ ਪਹਿਲਾਂ ਅਸਤੀਫਾ ਦਿੱਤਾ ਤੇ ਬਾਅਦ ਵਿਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਉਹ ਇਕ ਦਿਨ ਪਟਿਆਲਾ ਜੇਲ੍ਹ ਵਿਚ ਵੀ ਰਹੇ। ਫਿਰ ਉਨ੍ਹਾਂ ਨੇ ਅਦਾਲਤ ਵਿਚ ਅਰਜ਼ੀ ਲਾਈ ਕਿ ਉਨ੍ਹਾਂ ਨੂੰ ਮੁੜ ਚੋਣ ਲੜਨ ਦੀ ਇਜਾਜ਼ਤ ਦਿੱਤੀ ਜਾਵੇ। ਅਦਾਲਤ ਨੇ ਉਨ੍ਹਾਂ ਦੀ ਸਜ਼ਾ ‘ਤੇ ਰੋਕ ਲਾ ਕੇ ਉਨ੍ਹਾਂ ਨੂੰ ਚੋਣ ਲੜਨ ਦੀ ਇਜਾਜ਼ਤ ਦੇ ਦਿੱਤੀ ਤੇ ਸਿੱਧੂ ਕਾਂਗਰਸੀ ਉਮੀਦਵਾਰ ਤੇ ਪੰਜਾਬ ਦੇ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਨੂੰ ਹਰਾ ਕੇ 2007 ਵਿਚ ਮੁੜ ਅੰਮ੍ਰਿਤਸਰ ਦੇ ਸਾਂਸਦ ਬਣੇ। 2009 ਦੀਆਂ ਚੋਣਾਂ ਵਿਚ ਫਿਰ ਸਿੱਧੂ ਨੂੰ ਭਾਜਪਾ ਵੱਲੋਂ ਮੈਦਾਨ ਵਿਚ ਉਤਾਰਿਆ ਗਿਆ ਤੇ ਸਿੱਧੂ ਨੇ ਕਾਂਗਰਸ ਦੇ ਉਮੀਦਵਾਰ ਓਮ ਪ੍ਰਕਾਸ਼ ਸੋਨੀ ਨੂੰ ਕਰੀਬ 6700 ਵੋਟਾਂ ਨਾਲ ਹਰਾਇਆ।ਇਸ ਤੋਂ ਬਾਅਦ ਸ਼ੁਰੂ ਹੋਇਆ ਡਾਕਟਰ ਨਵਜੋਤ ਕੌਰ ਸਿੱਧੂ ਦਾ ਸਿਆਸੀ ਸਫਰ।
ਨਵਜੋਤ ਕੌਰ ਸਿੱਧੂ ਡਾਕਟਰ ਸਨ ਤੇ ਉਹ ਪਟਿਆਲਾ ਦੇ ਹੀ ਸਰਕਾਰੀ ਹਸਪਤਾਲ ਵਿਚ ਡਾਕਟਰੀ ਕਰਦੇ ਸਨ। ਫਿਰ ਉਨ੍ਹਾਂ ਨੇ ਫੈਸਲਾ ਕੀਤਾ ਕਿ ਉਹ ਵੀ ਅੰਮ੍ਰਿਤਸਰ ਵਿਚ ਨਵਜੋਤ ਸਿੱਧੂ ਦੇ ਨਾਲ ਹੀ ਰਹਿਣਗੇ। ਉਨ੍ਹਾਂ ਨੇ ਆਪਣੀ ਬਦਲੀ ਅੰਮ੍ਰਿਤਸਰ ਵਿਚ ਕਰਵਾ ਲਈ। 2012 ਦੀਆਂ ਪੰਜਾਬ ਵਿਧਾਨ ਸਭ ਚੋਣਾਂ ਵਿਚ ਉਨ੍ਹਾਂ ਨੇ ਆਪਣੀ ਸਰਕਾਰੀ ਨੌਕਰੀ ਤੋਂ ਅਸਤੀਫਾ ਦੇ ਕੇ ਭਾਜਪਾ ਵੱਲੋਂ ਅੰਮ੍ਰਿਤਸਰ ਦੀ ਪੂਰਬੀ ਸੀਟ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਤੇ ਜਿੱਤ ਵੀ ਹਾਸਲ ਕੀਤੀ। ਉਨ੍ਹਾਂ ਨੂੰ ਪੰਜਾਬ ਸਰਕਾਰ ਵਿਚ ਮੁੱਖ ਸੰਸਦੀ ਸਕੱਤਰ ਬਣਾਇਆ ਗਿਆ। ਇਸ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਤੇ ਨਵਜੋਤ ਕੌਰ ਸਿੱਧੂ ਨੇ ਪੰਜਾਬ ਸਰਕਾਰ ਖਿਲਾਫ ਖੁੱਲ੍ਹ ਕੇ ਬੋਲਣਾ ਸ਼ੁਰੂ ਕਰ ਦਿੱਤਾ। 2014 ਦੀਆਂ ਲੋਕ ਸਭਾ ਚੋਣਾਂ ਵਿਚ ਸਿੱਧੂ ਦੇ ਥਾਂ ਅਰੁਣ ਜੇਤਲੀ ਨੂੰ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਇਨ੍ਹਾਂ ਦੀ ਨਾਰਾਜ਼ਗੀ ਹੋਰ ਵਧ ਗਈ।