ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਮੁੜ ਸੁਰਜੀਤ ਕਰੇਗੀ ਸ਼੍ਰੋਮਣੀ ਕਮੇਟੀ

ਫਤਿਹਗੜ੍ਹ ਸਾਹਿਬ: 1984 ਵਿਚ ਸਾਕਾ ਨੀਲਾ ਤਾਰਾ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ, ਜਿਸ ਕਾਰਨ ਬਹੁ-ਕੀਮਤੀ ਸਿੱਖ ਇਤਿਹਾਸ ਦਾ ਭੰਡਾਰ ਸੜ ਕੇ ਸਵਾਹ ਹੋ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਸੁਰਜੀਤ ਕੀਤਾ ਜਾਵੇਗਾ ਤੇ ਇਸ ਮੰਤਵ ਲਈ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਸਿੱਖ ਧਰਮ ਤੇ ਇਤਿਹਾਸ ਨਾਲ ਸਬੰਧਤ ਹਰ ਤਰ੍ਹਾਂ ਦੀ ਸਮੱਗਰੀ, ਪੁਰਾਤਨ ਦੁਰਲੱਭ ਪੁਸਤਕਾਂ, ਪੋਥੀਆਂ ਆਦਿ ਸੌਂਪਣ ਦੀ ਅਪੀਲ ਕੀਤੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋæ ਕ੍ਰਿਪਾਲ ਸਿੰਘ ਬਡੂੰਗਰ ਨੇ ਫਤਹਿਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਵਿਚ ਜੋ ਸਿੱਖ ਇਤਿਹਾਸ ਨੂੰ ਤਰੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ, ਉਸ ਦੀ ਸਮੀਖਿਆ ਨਾਲ ਆਈ ਖੜੋਤ ਨੂੰ ਦੂਰ ਕਰ ਕੇ ਨਵੇਂ ਖੋਜ ਕਾਰਜਾਂ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ ਤੇ ਕੌਮ ਦੇ ਦੁਰਲੱਭ ਵਿਰਸੇ ਦੀ ਸੰਭਾਲਣ ਹਿੱਤ ਸਥਾਪਤ ਕੀਤੀ ਗਈ ਸਿੱਖ ਰੈਫਰੈਂਸ ਲਾਇਬ੍ਰੇਰੀ ਨੂੰ ਆਧੁਨਿਕ ਬਣਾਉਣ ਲਈ ਕਾਰਜ ਆਰੰਭੇ ਜਾਣਗੇ। ਪ੍ਰੋæ ਬਡੂੰਗਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਤ ਜਿਥੇ ਪਟਨਾ ਸਾਹਿਬ ਵਿਖੇ 5 ਜਨਵਰੀ ਨੂੰ ਵੱਡੇ ਪੱਧਰ ਉਤੇ ਸਮਾਗਮ ਕਰਵਾਏ ਜਾ ਰਹੇ ਹਨ ਉਥੇ ਹੀ ਸ਼੍ਰੋਮਣੀ ਕਮੇਟੀ ਵੱਲੋਂ 10 ਜਨਵਰੀ ਨੂੰ ਨੌਜਵਾਨ ਚੇਤਨਾ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ, ਜਿਸ ਵਿਚ 50 ਹਜ਼ਾਰ ਨੌਜਵਾਨ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਨੌਜਵਾਨ ਸਿੱਖ ਸਕਾਲਰਾਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ-ਫਲਸਫੇ, ਪ੍ਰਾਪਤੀਆਂ, ਕੁਰਬਾਨੀਆਂ ਬਾਰੇ ਚਾਨਣਾ ਪਾਇਆ ਜਾਵੇਗਾ ਤੇ ਇਸ ਦੇ ਸੁਚਾਰੂ ਪ੍ਰਬੰਧਾਂ ਲਈ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾæ ਗੁਰਮੋਹਨ ਸਿੰਘ, ਖਾਲਸਾ ਕਾਲਜਾ ਪਟਿਆਲਾ ਦੇ ਪ੍ਰਿੰਸੀਪਲ ਡਾæ ਧਰਮਿੰਦਰ ਸਿੰਘ ਉਭਾ, ਮਾਤਾ ਗੁਜਰੀ ਕਾਲਜ ਦੇ ਪ੍ਰਿੰਸੀਪਲ ਡਾæ ਜਤਿੰਦਰ ਸਿੰਘ ਸਿੱਧੂ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਪ੍ਰਿੰਸੀਪਲ ਮੇਜਰ ਜਨਰਲ ਡਾæ ਜੀæਐਸ਼ ਲਾਂਬਾ ਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੂੰ ਸ਼ਾਮਲ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਤੇ ਰਾਗੀਆਂ, ਢਾਡੀਆਂ, ਗ੍ਰੰਥੀਆਂ, ਕਥਾਵਾਚਕਾਂ, ਸੇਵਾਦਾਰਾਂ ਨੂੰ ਸਿਖਲਾਈ ਦੇਣ ਲਈ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਐਡਵਾਂਸ ਸਿੱਖ ਸਟੱਡੀਜ਼ ਬਹਾਦਰਗੜ੍ਹ ਵਿਖੇ ਖੋਲੇ 6 ਟਰੇਨਿੰਗ ਸਕੂਲ ਪਹਿਲੀ ਜਨਵਰੀ ਤੋਂ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਲਈ ਸਟਾਫ ਲਗਾਉਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ। ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਪਿਛਲੇ ਦਿਨੀਂ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਹਰਿਆਣਾ ਵੱਲੋਂ ਮਿਲੇ ਇਕ ਵਫਦ ਬਾਰੇ ਪ੍ਰੋæ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਰਾਸ਼ਟਰਪਤੀ, ਗ੍ਰਹਿ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਚਿੱਠੀ ਲਿਖੇਗੀ ਤੇ ਰਿਹਾਈ ਲਈ ਪੈਰਵੀ ਵੀ ਕਰੇਗੀ।
_________________________________
ਬਡੂੰਗਰ ਵੱਲੋਂ ਗੁਰਦੁਆਰਾ ਐਕਟ ਬਣਾਉਣ ਦੀ ਵਕਾਲਤ
ਰੂਪਨਗਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋæ ਕਿਰਪਾਲ ਸਿੰਘ ਬਡੂੰਗਰ ਨੇ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਵਕਾਲਤ ਕੀਤੀ ਹੈ। ਪ੍ਰੋæ ਬਡੂੰਗਰ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਵੀ ਇਸ ਐਕਟ ਦਾ ਖਰੜਾ ਕੇਂਦਰ ਸਰਕਾਰ ਕੋਲ ਭੇਜਿਆ ਅਤੇ ਹੁਣ ਮੌਜੂਦਾ ਪ੍ਰਸਥਿਤੀਆਂ ਦੇ ਮੁਤਾਬਕ ਸੋਧਾਂ ਕਰ ਕੇ ਇਸ ਐਕਟ ਦਾ ਖਰੜਾ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ। ਇਸ ਨੂੰ ਪਾਸ ਕਰਵਾ ਕੇ ਅਮਲ ਵਿਚ ਲਿਆਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰੇਕ ਸੂਬੇ ਵਿਚ ਥੋੜ੍ਹੀ ਜਾਂ ਬਹੁਤੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਉਥੋਂ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਵੀ ਬਣੀਆਂ ਹੋਈਆਂ ਹਨ। ਐਕਟ ਅਨੁਸਾਰ ਸੂਬੇ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਬਣੀਆਂ ਰਹਿਣਗੀਆਂ। ਸਮੁੱਚੇ ਪੰਥਕ ਮਸਲਿਆਂ ਬਾਰੇ ਵਿਚਾਰ ਕਰਨ ਅਤੇ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਇਨ੍ਹਾਂ ਸੂਬਿਆਂ ਦੇ ਨੁਮਾਇੰਦੇ ਇਕ ਸਾਂਝੀ ਵੱਡੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸ਼ਾਮਲ ਕੀਤੇ ਜਾਣਗੇ।