ਇਸਲਾਮਾਬਾਦ: ਪਾਕਿਸਤਾਨ ਓਕਾਫ ਟਰਸਟ ਪ੍ਰਾਪਰਟੀ ਬੋਰਡ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਮੁਲਕ ਵਿਚ ਹੀ ਕਰਵਾਉਣ ਦੇ ਫੈਸਲੇ ਉਤੇ ਪਾਕਿਸਤਾਨ ਦੇ ਸਿੱਖ ਇਕਮਤ ਨਹੀਂ। ਮੁਲਕ ਦੀਆਂ ਸੱਤਾਧਾਰੀ ਸਿਆਸੀ ਪਾਰਟੀਆਂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧ ਰੱਖਣ ਵਾਲੇ ਸਿੱਖ ਇਸ ਫੈਸਲੇ ਨੂੰ ਸ਼ਲਾਘਾਯੋਗ ਦੱਸ ਰਹੇ ਹਨ,
ਦੂਜੇ ਪਾਸੇ ਪੜ੍ਹੇ-ਲਿਖੇ ਤੇ ਆਜ਼ਾਦ ਵਿਚਾਰਾਂ ਵਾਲੇ ਸਿੱਖਾਂ ਦਾ ਕਹਿਣਾ ਹੈ ਕਿ ਜਿਹੜੀ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਆਪਣੇ ਪੱਧਰ ‘ਤੇ ਸਿੱਖਾਂ ਦੇ ਧਾਰਮਿਕ ਸਮਾਗਮਾਂ ਜਾਂ ਹੋਰ ਪੰਥਕ ਮਸਲਿਆਂ ਬਾਰੇ ਫੈਸਲੇ ਲੈਣ ਦਾ ਹੱਕ ਨਹੀਂ, ਉਹ ਇੰਨੀ ਜ਼ਿੰਮੇਵਾਰੀ ਵਾਲਾ ਕਾਰਜ ਕਿਵੇਂ ਸੰਭਾਲ ਸਕੇਗੀ?
ਕੁਝ ਲੋਕਾਂ ਨੇ ਇਥੋਂ ਤੱਕ ਕਿਹਾ ਹੈ ਕਿ ਪਾਕਿਸਤਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਦਾ ਸੁਝਾਅ ਤੇ ਮੰਗ ਚਰਮਪੰਥੀ ਸੰਸਥਾਵਾਂ ਦੇ ਆਗੂਆਂ ਦੀ ਹੈ। ਉਨ੍ਹਾਂ ਮੰਗ ਕੀਤੀ ਕਿ ਗੁਰਬਾਣੀ ਦੀ ਛਪਾਈ ਦਾ ਅਧਿਕਾਰ ਸਿਰਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹੀ ਰਹਿਣਾ ਚਾਹੀਦਾ ਹੈ। ਕੁਝ ਸਿੱਖਾਂ ਨੇ ਉਦਾਹਰਨ ਦਿੰਦਿਆਂ ਮੰਗ ਕੀਤੀ ਹੈ ਕਿ ਜਿਵੇਂ ਪਾਕਿਸਤਾਨ ਵਿਚ ਕਦੇ ਵੀ ਕਿਸੇ ਗੈਰ ਮੁਸਲਿਮ ਨੂੰ ਪਵਿੱਤਰ ਕੁਰਾਨ ਸ਼ਰੀਫ ਪ੍ਰਕਾਸ਼ਿਤ ਕਰਨ ਦਾ ਅਧਿਕਾਰ ਹਾਸਲ ਨਹੀਂ, ਉਸੇ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਕੋਈ ਗੈਰ ਸਿੱਖ ਨੂੰ ਕਰਨ ਦਾ ਅਧਿਕਾਰ ਨਹੀਂ ਸੌਂਪਿਆ ਜਾਣਾ ਚਾਹੀਦਾ। ਜ਼ਾਹਿਰ ਤੌਰ ਉਤੇ ਇਸ ਨਾਲ ਛਪਾਈ ਵਿਚ ਗਲਤੀਆਂ ਤੇ ਮਰਿਆਦਾ ਭੰਗ ਹੋਣ ਦਾ ਡਰ ਰਹੇਗਾ।
ਪਾਕਿਸਤਾਨ ਵਿਚ ਘੱਟ ਗਿਣਤੀਆਂ ਦੇ ਧਾਰਮਿਕ ਅਸਥਾਨਾਂ ਦੀ ਦੇਖ-ਭਾਲ ਕਰਨ ਵਾਲੀ ਈæਟੀæਪੀæਬੀæ ਦੇ ਚੇਅਰਮੈਨ ਸਿਦੀਕ-ਉਲ-ਫਾਰੂਕ ਨੇ ਕਿਹਾ ਸੀ ਕਿ ਸਿੱਖਾਂ ਨੂੰ ਬੀੜ ਪਾਕਿਸਤਾਨ ਲਿਆਉਣ ਮੌਕੇ ਸਰਹੱਦ ਉਤੇ ਜਾਂਚ ਕਰਵਾਉਣੀ ਪੈਂਦੀ ਹੈ ਜਿਸ ਨਾਲ ਬੇਅਦਬੀ ਹੁੰਦੀ ਹੈ। ਇਸ ਤੋਂ ਬਾਅਦ ਹੀ ਉਨ੍ਹਾਂ ਬੀੜ ਦੀ ਛਪਾਈ ਪਾਕਿਸਤਾਨ ਵਿਚ ਕੀਤੇ ਜਾਣ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਕਮੇਟੀ ਨੇ ਸਪਸ਼ਟ ਕਰ ਦਿੱਤਾ ਸੀ ਕਿ ਪਾਕਿਸਤਾਨ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਨਹੀਂ ਹੋਣ ਦਿੱਤੀ ਜਾਵੇਗੀ। ਦੱਸਣਾ ਜ਼ਰੂਰੀ ਹੈ ਕਿ ਵਿਸ਼ਵ ਭਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਬੀੜ ਦੀ ਛਪਾਈ ਦਾ ਅਧਿਕਾਰ ਸਿਰਫ ਸ਼੍ਰੋਮਣੀ ਕਮੇਟੀ ਕੋਲ ਹੈ। ਇਹ ਕਾਰਜ ਕਮੇਟੀ ਦੀ ਦੇਖ-ਰੇਖ ਹੇਠ ਅੰਮ੍ਰਿਤਸਰ ਦੇ ਰਾਮਸਰ ਗੁਰਦੁਆਰਾ ਸਾਹਿਬ ਵਿਖੇ ਕੀਤਾ ਜਾਂਦਾ ਹੈ।