ਕਿਸਾਨ ਖੁਦਕੁਸ਼ੀਆਂ: ਮੁਆਵਜ਼ੇ ਦੀ ਥਾਂ ਲਾਰਿਆਂ ਵਿਚ ਰੱਖੇ ਪੀੜਤ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਧਿਰਾਂ ਕਿਸਾਨ ਹਿਤੈਸ਼ੀ ਹੋਣ ਦੇ ਦਾਅਵੇ ਕਰ ਰਹੀਆਂ ਹਨ, ਜਦੋਂਕਿ ਖੁਦਕੁਸ਼ੀ ਪੀੜਤ ਪਰਿਵਾਰਾਂ ਲਈ ਅਮਲੀ ਤੌਰ ਉਤੇ ਕੁਝ ਨਹੀਂ ਹੋਇਆ। ਖੁਦਕੁਸ਼ੀਆਂ ਦਾ ਸਭ ਤੋਂ ਵੱਡਾ ਸੰਤਾਪ ਜ਼ਿਲ੍ਹਾ ਸੰਗਰੂਰ ਦੇ ਕਿਸਾਨ ਪਰਿਵਾਰਾਂ ਨੂੰ ਝੱਲਣਾ ਪਿਆ ਹੈ। ਸੈਂਕੜੇ ਖੁਦਕੁਸ਼ੀ ਪੀੜਤ ਕਿਸਾਨ ਪਰਿਵਾਰ ਕਈ-ਕਈ ਸਾਲ ਬੀਤਣ ਦੇ ਬਾਵਜੂਦ ਸਰਕਾਰੀ ਮੁਆਵਜ਼ੇ ਤੋਂ ਵਾਂਝੇ ਹਨ।

ਜ਼ਿਲ੍ਹਾ ਸੰਗਰੂਰ ਵਿਚ ਕਿਸਾਨ ਖੁਦਕੁਸ਼ੀ ਪੀੜਤ ਪਰਿਵਾਰਾਂ ਦੀ ਗਿਣਤੀ ਭਾਵੇਂ ਸੈਂਕੜਿਆਂ ਵਿਚ ਹੈ, ਪਰ ਪਿਛਲੇ ਚਾਰ ਸਾਲਾਂ ਵਿਚ ਸਿਰਫ 26 ਪਰਿਵਾਰਾਂ ਨੂੰ ਹੀ ਸਰਕਾਰ ਵੱਲੋਂ ਮੁਆਵਜ਼ਾ ਮਿਲਿਆ ਹੈ, ਜਦੋਂਕਿ ਸੈਂਕੜੇ ਪਰਿਵਾਰ ਮੁਆਵਜ਼ੇ ਤੋਂ ਵਾਂਝੇ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੀ 154 ਖੁਦਕੁਸ਼ੀ ਪੀੜਤ ਪਰਿਵਾਰ ਅਜਿਹੇ ਹਨ, ਜਿਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਇਨ੍ਹਾਂ ਵਿਚੋਂ 23 ਖੁਦਕੁਸ਼ੀ ਪੀੜਤ ਪਰਿਵਾਰ ਅਜਿਹੇ ਹਨ, ਜਿਨ੍ਹਾਂ ਦੇ ਮੁਆਵਜ਼ੇ ਦੇ ਕੇਸ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਜਾ ਚੁੱਕੇ ਹਨ, ਪਰ ਫੰਡ ਪ੍ਰਾਪਤ ਨਾ ਹੋਣ ਕਾਰਨ ਇਨ੍ਹਾਂ ਪਰਿਵਾਰਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਸਕਿਆ।
ਖੇੜੀਬਾੜੀ ਵਿਭਾਗ ਦੇ ਦਫਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 2013 ਤੋਂ ਲੈ ਕੇ 2016 ਤੱਕ ਕਿਸਾਨ ਖੁਦਕੁਸ਼ੀਆਂ ਦੇ ਕੁੱਲ 276 ਕੇਸ ਦਰਜ ਹੋਏ ਸਨ, ਜਿਨ੍ਹਾਂ ਵਿਚੋਂ ਸਿਰਫ 26 ਕਿਸਾਨ ਪਰਿਵਾਰਾਂ ਨੂੰ ਹੀ ਮੁਆਵਜ਼ਾ ਮਿਲਿਆ ਹੈ। 2013 ਤੋਂ 2015 ਤੱਕ ਕਿਸਾਨ ਖੁਦਕੁਸ਼ੀਆਂ ਦੇ ਕੁੱਲ 124 ਕੇਸ ਪ੍ਰਾਪਤ ਹੋਏ, ਜਿਨ੍ਹਾਂ ਵਿਚੋਂ 26 ਪਰਿਵਾਰਾਂ ਨੂੰ ਮੁਆਵਜ਼ਾ ਮਿਲ ਚੁੱਕਿਆ ਹੈ, ਜਦੋਂ ਕਿ 23 ਕੇਸ ਪਾਸ ਹੋ ਚੁੱਕੇ ਹਨ, ਪਰ ਫੰਡ ਨਾ ਹੋਣ ਕਾਰਨ ਮੁਆਵਜ਼ਾ ਨਹੀਂ ਮਿਲਿਆ। ਕੁੱਲ 124 ਕੇਸਾਂ ਵਿਚੋਂ 75 ਕੇਸ ਸਰਕਾਰ ਵੱਲੋਂ ਰੱਦ ਕੀਤੇ ਜਾ ਚੁੱਕੇ ਹਨ।
ਬੀਤੇ ਵਰ੍ਹੇ ਸਰਕਾਰੀ ਅੰਕੜਿਆਂ ਮੁਤਾਬਕ ਕਿਸਾਨ ਖੁਦਕੁਸ਼ੀਆਂ ਦੇ 151 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਸਿਰਫ ਅੱਠ ਕੇਸ ਹੀ ਮਨਜ਼ੂਰ ਹੋਏ ਹਨ, ਜਦੋਂਕਿ 12 ਪੜਤਾਲ ਦੌਰਾਨ ਰੱਦ ਕੀਤੇ ਜਾ ਚੁੱਕੇ ਹਨ ਤੇ ਬਾਕੀ ਰਹਿੰਦੇ 131 ਕੇਸਾਂ ਦੀ ਪੜਤਾਲ ਕੀਤੀ ਜਾ ਰਹੀ ਹੈ। 2013 ਤੋਂ 2015 ਤੱਕ ਦੀ ਸਰਕਾਰੀ ਰਿਪੋਰਟ ਮੁਤਾਬਕ ਇਸ ਸਮੇਂ ਦੌਰਾਨ ਕਿਸਾਨ ਖੁਦਕੁਸ਼ੀ ਦੇ ਸਭ ਤੋਂ ਵੱਧ 37 ਕੇਸ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਵਿਧਾਨ ਸਭਾ ਹਲਕਾ ਸੁਨਾਮ ਨਾਲ ਸਬੰਧਤ ਹਨ, ਜਦੋਂਕਿ ਵਿਧਾਨ ਸਭਾ ਹਲਕਾ ਲਹਿਰਾਗਾਗਾ ਨਾਲ ਸਬੰਧਤ 11 ਕੇਸ ਹਨ, ਜੋ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦਾ ਹਲਕਾ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਿਸਾਨ ਖੁਦਕੁਸ਼ੀਆਂ ਖਿਲਾਫ਼ ਗੰਭੀਰ ਨਹੀਂ ਹੈ। ਉਨ੍ਹਾਂ ਖੁਦਕੁਸ਼ੀਆਂ ਦੇ ਸਰਕਾਰੀ ਅੰਕੜੇ ਨੂੰ ਨਕਾਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਹੀ ਸੰਗਰੂਰ ਜ਼ਿਲ੍ਹੇ ਵਿਚ ਹਜ਼ਾਰਾਂ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
______________
ਖੁਦਕੁਸ਼ੀਆਂ ਲਈ ਬਾਦਲ ਪਰਿਵਾਰ ਜ਼ਿੰਮੇਵਾਰ: ਵੜੈਚ
ਚੰਡੀਗੜ੍ਹ: ਆਮ ਆਦਮੀ ਪਾਰਟੀ, ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਆਪਣੀ ਹਾਰ ਸਾਫ ਨਜ਼ਰ ਆਉਣ ਕਾਰਨ ਉਨ੍ਹਾਂ ਵੱਲੋਂ ਕਿਸਾਨਾਂ ਅਤੇ ਗਰੀਬ ਪਰਿਵਾਰਾਂ ਸਬੰਧੀ ‘ਪੁੱਠੇ-ਸਿੱਧੇ’ ਬਿਆਨ ਦਾਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲ ਵਿਚ ਬਾਦਲ ਪਰਿਵਾਰ ਵੱਲੋਂ ਪੰਜਾਬ ਨੂੰ ਦੋਹੇਂ ਹੱਥਾਂ ਨਾਲ ਲੁੱਟਿਆ ਗਿਆ ਹੈ ਅਤੇ ਹੁਣ ਉਹ ਵੱਡੇ-ਵੱਡੇ ਵਾਅਦੇ ਕਰ ਕੇ ਆਪਣੇ ਪਾਪ ਧੋਣ ਦੀ ਕੋਸ਼ਿਸ਼ ਕਰ ਰਹੇ ਹਨ। ਸੱਤਾ ਦੇ ਜ਼ੋਰ ਉਤੇ ਬਾਦਲ ਪਰਿਵਾਰ ਨੇ ਸੂਬੇ ਦੇ ਸੋਮਿਆਂ ਦੀ ਲੁੱਟ ਕੀਤੀ ਹੈ ਅਤੇ ਆਪਣੇ ਕਾਰੋਬਾਰ ਨੂੰ ਹੀ ਵਧਾਇਆ ਹੈ। ਸ੍ਰੀ ਵੜੈਚ ਨੇ ਦੋਹੇਂ ਬਾਦਲਾਂ ਨੂੰ ਪਿਛਲੇ ਦਸ ਸਾਲਾਂ ਵਿਚ 30,000 ਕਿਸਾਨ ਖੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਹੁਣ ਉਨ੍ਹ੍ਹਾਂ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਅਤੇ ਲੋਕ ਭਲਾਈ ਪੈਨਸ਼ਨਾਂ ਵਧਾਉਣ ਦੇ ਵਾਅਦੇ ਕਰਨ ਦਾ ਕੋਈ ਫਾਇਦਾ ਨਹੀਂ ਹੈ। ‘ਆਪ’ ਆਗੂ ਨੇ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ 9 ਸਾਲ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ 250 ਰੁਪਏ ਮਹੀਨਾ ਦਿੱਤੀ ਗਈ ਅਤੇ ਅਖੀਰਲੇ ਸਾਲ ਵਿਚ ਇਸ ਨੂੰ ਵਧਾ ਕੇ 500 ਰੁਪਏ ਕੀਤਾ ਗਿਆ, ਜੋ ਹੋਰ ਸਾਰੇ ਸੂਬਿਆਂ ਨਾਲੋਂ ਘੱਟ ਹੈ।