ਕੈਪਟਨ ਸਰਕਾਰ ਵੱਲੋਂ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਰੱਦ

ਚੰਡੀਗੜ੍ਹ: ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਅਸਪੱਸ਼ਟ ਰਿਪੋਰਟ ਨੂੰ ਰੱਦ ਕਰਦਿਆਂ ਪੰਜਾਬ ਸਰਕਾਰ ਨੇ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੀ ਅਗਵਾਈ ਵਿਚ ਨਵੇਂ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ, ਜੋ ਸੂਬੇ ਵਿਚ ਬੇਅਦਬੀ ਦੇ ਸਾਰੇ ਮਾਮਲਿਆਂ ਦੀ ਜਾਂਚ ਕਰੇਗਾ।

ਸੂਬੇ ਦੇ ਗ੍ਰਹਿ ਮਾਮਲਿਆਂ ਤੇ ਨਿਆਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਇਲਾਵਾ ਸ੍ਰੀਮਦ ਭਾਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਦੀਆਂ ਸਮੁੱਚੀਆਂ ਘਟਨਾਵਾਂ ਦੀ ਜਾਂਚ ਦਾ ਜਿੰਮਾ ਸੌਂਪਿਆ ਹੈ। ਨਵਾਂ ਕਮਿਸ਼ਨ ਕਮਿਸ਼ਨ ਆਫ ਇਨਕੁਆਇਰੀ ਦੀ ਧਾਰਾ 11 ਤਹਿਤ ਕਾਇਮ ਕੀਤਾ ਹੈ ਜਿਸ ਦੀ ਮਿਆਦ ਛੇ ਮਹੀਨੇ ਹੋਵੇਗੀ।
ਕਮਿਸ਼ਨ ਦੇ ਮੁਖੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਹਨ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਾਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ ਦੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰਨਗੇ। ਇਹ ਕਮਿਸ਼ਨ ਘਟਨਾਵਾਂ ਦੀ ਤਹਿ ਤੱਕ ਜਾ ਕੇ ਤੱਥਾਂ ਤੇ ਹਾਲਤਾਂ ਦੀ ਜਾਂਚ ਕਰੇਗਾ ਕਿ ਅਸਲ ਵਿਚ ਵਾਪਰਿਆ ਕੀ ਹੈ ਅਤੇ ਫਰੀਦਕੋਟ ਤੇ ਹੋਰ ਥਾਵਾਂ ‘ਤੇ ਘਟਨਾਵਾਂ ਵਾਪਰਨ ਮੌਕੇ ਵੱਖ-ਵੱਖ ਵਿਅਕਤੀਆਂ ਦੇ ਰੋਲ ਦੀ ਵੀ ਸ਼ਨਾਖ਼ਤ ਕਰੇਗਾ।
ਕਮਿਸ਼ਨ ਵੱਲੋਂ ਅਜਿਹੀਆਂ ਘਟਨਾਵਾਂ ਦੇ ਵਾਪਰਨ ਦੀ ਅਸਲੀਅਤ ਅਤੇ ਲੋਕਾਂ ਦੇ ਰੋਲ ਦੀ ਜਾਂਚ ਕੀਤੀ ਜਾਵੇਗੀ। ਕਮਿਸ਼ਨ ਨੂੰ ਜ਼ਿਲ੍ਹਾ ਫਰੀਦਕੋਟ ਵਿਚ ਕੋਟਕਪੂਰਾ ਅਤੇ ਪਿੰਡ ਬਹਿਬਲ ਕਲਾਂ ਵਿਚ ਹੋਈ ਗੋਲੀਬਾਰੀ ਦੀ ਜਾਂਚ ਵੀ ਸੌਂਪੀ ਗਈ ਹੈ ਜਿਸ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਹੁਣ ਤੱਕ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਅਧੂਰੀ ਤੇ ਅਸਪੱਸ਼ਟ ਪੜਤਾਲ ਅਤੇ ਪੁਲਿਸ ਅਧਿਕਾਰੀਆਂ ਜਾਂ ਕਰਮਚਾਰੀਆਂ ਦੇ ਰੋਲ ਦੀ ਵੀ ਜਾਂਚ ਕਰੇਗਾ।
ਨੋਟੀਫਿਕੇਸ਼ਨ ਮੁਤਾਬਕ ਸੂਬਾ ਸਰਕਾਰ ਐਡਵੋਕੇਟ ਜਨਰਲ ਦੀ ਸਲਾਹ ਸਮੇਤ ਹੋਰ ਵੱਖ-ਵੱਖ ਪੱਖਾਂ ਨੂੰ ਗਹੁ ਨਾਲ ਵਿਚਾਰਨ ਤੋਂ ਬਾਅਦ ਇਸ ਸਿੱਟੇ ‘ਤੇ ਪੁੱਜੀ ਕਿ ਪਿਛਲੀ ਸਰਕਾਰ ਵੱਲੋਂ ਕਾਇਮ ਕੀਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਜਾਂਚ ਨਤੀਜਾਮੁਖੀ ਸਿੱਧ ਨਹੀਂ ਹੋ ਸਕੀ।
ਐਡਵੋਕੇਟ ਜਨਰਲ ਪੰਜਾਬ ਨੇ ਆਪਣੀ ਸਲਾਹ ਵਿਚ ਮਹਿਸੂਸ ਕੀਤਾ ਕਿ ਕਮਿਸ਼ਨ ਵੱਲੋਂ ਆਪਣੀ ਜਾਂਚ ਦਾ ਮੂਲ ਪੱਖ ਜੋ ਕਿ ਅਜਿਹੀਆਂ ਘਟਨਾਵਾਂ ਦੇ ਵਾਪਰਨ ਦੀ ਸਚਾਈ ਅਤੇ ਇਸ ਵਿੱਚ ਸ਼ਾਮਲ ਲੋਕਾਂ ਨਾਲ ਸਬੰਧਤ ਹੈ, ਵੱਲ ਧਿਆਨ ਨਹੀਂ ਦਿੱਤਾ ਗਿਆ। ਇਸੇ ਤਰ੍ਹਾਂ ਇਸ ਕਮਿਸ਼ਨ ਨੂੰ ਸੌਂਪੇ ਗਏ ਕਈ ਪਹਿਲੂਆਂ ਤੇ ਮਸਲੇ ਅਜੇ ਤੱਕ ਅਣਸੁਲਝੇ ਹਨ ਅਤੇ ਇਨ੍ਹਾਂ ਦੀ ਬਰੀਕੀ ਨਾਲ ਜਾਂਚ ਨਹੀਂ ਕੀਤੀ ਗਈ ਜਿਸ ਨਾਲ ਕੋਈ ਨਿਸ਼ਚਤ ਫੈਸਲਾ ਲਿਆ ਜਾ ਸਕੇ। ਜ਼ੋਰਾ ਸਿੰਘ ਕਮਿਸ਼ਨ ਦੇ ਗਠਨ ਦੇ ਬਾਵਜੂਦ ਬੇਅਦਬੀ ਦੀਆਂ ਘਟਨਾਵਾਂ ਵਿਚ ਹੋਰ ਵਾਧਾ ਹੋਇਆ ਹੈ, ਜਿਸ ਉਪਰੰਤ ਪੰਜਾਬ ਸਰਕਾਰ ਨੇ ਇਹ ਮਹਿਸੂਸ ਕੀਤਾ ਕਿ ਲੋਕ ਹਿੱਤ ਨਾਲ ਜੁੜੇ ਇਸ ਮਹੱਤਵਪੂਰਨ ਮਸਲੇ ਦੀ ਸਹੀ ਤੇ ਵਿਆਪਕ ਜਾਂਚ ਹੋਣੀ ਜ਼ਰੂਰੀ ਹੈ।
_______________________________
ਦੋ ਸਾਲਾਂ ‘ਚ ਬੇਅਦਬੀ ਦੀਆਂ 100 ਤੋਂ ਵੱਧ ਘਟਨਾਵਾਂ
ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਤਕਰੀਬਨ ਦੋ ਸਾਲਾਂ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ 100 ਤੋਂ ਵੱਧ ਘਟਨਾਵਾਂ ਵਾਪਰ ਚੁੱਕੀਆਂ ਹਨ ਤੇ ਪੁਲਿਸ ਇਨ੍ਹਾਂ ਵਿਚੋਂ ਅੱਧੇ ਮਾਮਲਿਆਂ ਵਿਚ ਹੀ ਸ਼ੱਕੀ ਵਿਅਕਤੀਆਂ ਜਾਂ ਮੁਲਜ਼ਮਾਂ ਦਾ ਪਤਾ ਲਾ ਸਕੀ ਹੈ। ਇਹ ਖੁਲਾਸਾ ਬੇਅਦਬੀ ਮਾਮਲਿਆਂ ਸਬੰਧੀ ਪੰਜਾਬ ਪੁਲਿਸ ਦੀ ਪਹਿਲੀ ਵਿਸਥਾਰਤ ਰਿਪੋਰਟ ਤੋਂ ਹੋਇਆ ਹੈ। ਸੂਤਰਾਂ ਅਨੁਸਾਰ ਪੁਲਿਸ ਨੇ ਇਸ ਮਾਮਲੇ ਦੀ ਡੂੰਘਾਈ ਤੱਕ ਜਾਣ ਲਈ ਇਹ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ਅਨੁਸਾਰ ਪਹਿਲੀ ਜੂਨ 2015 ਤੋਂ ਲੈ ਕੇ ਹੁਣ ਤੱਕ ਬੇਅਦਬੀ ਦੀਆਂ 100 ਦੇ ਕਰੀਬ ਵੱਡੀਆਂ ਛੋਟੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਬੇਅਦਬੀ ਦਾ ਸਭ ਤੋਂ ਪਹਿਲਾ ਮਾਮਲਾ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚ ਸਾਹਮਣੇ ਆਇਆ ਸੀ। ਇਨ੍ਹਾਂ ਮਾਮਲਿਆਂ ਕਾਰਨ ਪਿਛਲੀ ਅਕਾਲੀ-ਭਾਜਪਾ ਸਰਕਾਰ ਨੂੰ ਕਾਫੀ ਨਮੋਸ਼ੀ ਝੱਲਣੀ ਪਈ ਸੀ। ਹੁਣ ਕੈਪਟਨ ਸਰਕਾਰ ਬਣਨ ਮਗਰੋਂ ਵੀ ਤਰਨਤਾਰਨ ਅਤੇ ਮੁਕਤਸਰ ਵਿਚ ਬੇਅਦਬੀ ਹੋ ਚੁੱਕੀ ਹੈ।