ਚੰਡੀਗੜ੍ਹ: ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਖਾਲਿਸਤਾਨੀ ਸਮਰਥਕ’ ਆਖੇ ਜਾਣ ਉਤੇ ਸਿਆਸਤ ਗਰਮਾਈ ਹੋਈ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਕੈਪਟਨ ਵੱਲੋਂ ਹਰਜੀਤ ਸਿੰਘ ਸੱਜਣ ਨਾਲ ਮੁਲਾਕਾਤ ਨਾ ਕਰਨ ਦੇ ਫੈਸਲੇ ਪਿੱਛੇ ਮੁੱਖ ਮੰਤਰੀ ਦੀ ਨਿੱਜੀ ਬਦਲਾਖੋਰੀ ਹੈ।
ਉਨ੍ਹਾਂ ਆਖਿਆ ਕਿ ਕੈਨੇਡੀਅਨ ਲੋਕਾਂ ਨੇ ਵੋਟਾਂ ਰਾਹੀਂ ਪੰਜਾਬੀਆਂ ਨੂੰ ਆਪਣੇ ਨੁਮਾਇੰਦੇ ਚੁਣ ਕੇ ਭਾਰਤ ਅਤੇ ਪੰਜਾਬ ਦਾ ਸਿਰ ਉਚਾ ਕੀਤਾ ਹੈ, ਪਰ ਨਿੱਜੀ ਬਦਲਾਖੋਰੀ ਅਤੇ ਸੌੜੇ ਸਿਆਸੀ ਹਿੱਤਾਂ ਕਾਰਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਹੜੇ ਸ਼ਬਦ ਕੈਨੇਡਾ ਦੇ ਰੱਖਿਆ ਮੰਤਰੀ ਬਾਰੇ ਬੋਲੇ ਗਏ ਹਨ, ਉਸ ਪਿੱਛੇ ਉਨ੍ਹਾਂ ਦਾ ਐਨæਆਰæਆਈਜ਼æ ਪ੍ਰਤੀ ਬਦਲੇ ਦੀ ਭਾਵਨਾ ਸਾਫ ਝਲਕਦੀ ਹੈ। ਦਲ ਖਾਲਸਾ ਨੇ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਦੀ ਤਿੱਖੀ ਆਲੋਚਨਾ ਕੀਤੀ ਹੈ।
ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਿਦੇਸ਼ਾਂ ‘ਚ ਵਸੇ ਸਮੂਹ ਪੰਜਾਬੀਆਂ ਲਈ ਪ੍ਰਤੀਨਿਧ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਕੈਨੇਡਾ ਦੇ ਰੱਖਿਆ ਮੰਤਰੀ ਪ੍ਰਤੀ ਆਪਣੇ ਵਿਚਾਰ ਅਤੇ ਟਿੱਪਣੀ ‘ਤੇ ਮੁੜ ਗੌਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਜਿਹਾ ਨਾਂਹਪੱਖੀ ਵਤੀਰਾ ਕੈਨੇਡਾ ਵਿਚ ਵਸ ਰਹੇ ਪੰਜਾਬੀ ਭਾਈਚਾਰੇ ਪ੍ਰਤੀ ਚੰਗਾ ਸੰਕੇਤ ਨਹੀਂ ਹੋਵੇਗਾ।
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਦਾ ਬਿਆਨ ਅਫਸੋਸਨਾਕ ਤੇ ਨਿੰਦਣਯੋਗ ਅਤੇ ਸ਼ਿਸ਼ਟਾਚਾਰ ਅਤੇ ਇਖਲਾਕ ਦੇ ਤਕਾਜ਼ਿਆਂ ਤੋਂ ਸੱਖਣਾ ਹੈ। ਉਨ੍ਹਾਂ ਕਿਹਾ ਕਿ ਅੱਜ ਕੈਪਟਨ ਸਾਹਿਬ ਪੰਜਾਬ ਦੇ ਮੁੱਖ ਮੰਤਰੀ ਹਨ, ਹੁਣ ਨਿੱਜੀ ਰੰਜਿਸ਼ ਨੂੰ ਦਰਕਿਨਾਰ ਕਰ ਕੇ ਰਾਜ ਧਰਮ ਨਿਭਾਉਣਾ ਉਨ੍ਹਾਂ ਦਾ ਪਹਿਲਾ ਫਰਜ਼ ਹੈ। ਉਧਰ, ਪੰਜਾਬ ਦੇ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਨੇ ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੂੰ ਕਿਹਾ ਹੈ ਕਿ ਉਹ ਖਾਲਿਸਤਾਨ ਦੇ ਮੁੱਦੇ ‘ਤੇ ਆਪਣਾ ਪੱਖ ਸਪੱਸ਼ਟ ਕਰਨ। ਇਹ ਭਾਰਤ ਤੇ ਕੈਨੇਡਾ ਦੇ ਚੰਗੇ ਸਬੰਧਾਂ ਲਈ ਜ਼ਰੂਰੀ ਹੈ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ। ਕੈਨੇਡਾ ਦੇ ਹਾਈ ਕਮਿਸ਼ਨਰ ਵੱਲੋਂ ਇਸ ਮੁੱਦੇ ‘ਤੇ ਜਾਰੀ ਬਿਆਨ ਬਾਰੇ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੈਨੇਡੀਅਨ ਅਧਿਕਾਰੀਆਂ ਵੱਲੋਂ ਸਥਿਤੀ ਸਪਸ਼ਟ ਕਰਨ ਦੀ ਥਾਂ ਉਤੇ ਤੱਥਾਂ ਨੂੰ ਲੁਕਾਉਣ ਦਾ ਯਤਨ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕਾਂ ਸੁਖਜਿੰਦਰ ਸਿੰਘ ਰੰਧਾਵਾ, ਸੁਖ ਸਰਕਾਰੀਆ ਅਤੇ ਨਵਤੇਜ ਸਿੰਘ ਚੀਮਾ ਨੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਵੀ ਇਹ ਸਲਾਹ ਦਿੱਤੀ ਕਿ ਉਹ ਹਰਜੀਤ ਸਿੰਘ ਸੱਜਣ ਦੇ ਵਕੀਲ ਬਣਨ ਦੀ ਕੋਸ਼ਿਸ਼ ਨਾ ਕਰਨ।
____________________________________
ਕੈਨੇਡਾ ਦੀਆਂ ਟਿੱਪਣੀਆਂ ਅਫਸੋਸਜਨਕ ਕਰਾਰ
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨੂੰ ਕੈਨੇਡਾ ਨੇ ਨਿਰਾਸ਼ਾ ਭਰਿਆ ਤੇ ਗਲਤ ਕਰਾਰ ਦਿੱਤਾ ਹੈ। ਕੈਨੇਡੀਅਨ ਹਾਈ ਕਮਿਸ਼ਨ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਕੈਨੇਡਾ ਪੰਜਾਬ ਦੇ ਲੋਕਾਂ ਤੇ ਸਰਕਾਰ ਨਾਲ ਆਪਣੇ ਸਬੰਧਾਂ ਨੂੰ ਕਾਫੀ ਮਹੱਤਵ ਦਿੰਦਾ ਹੈ ਅਤੇ ਇਸ ਰਿਸ਼ਤੇ ਨੂੰ ਅੱਗੇ ਵਧਾਉਣ ਨੂੰ ਲੈ ਕੇ ਉਤਸ਼ਾਹਿਤ ਹੈ। ਉਨ੍ਹਾਂ ਕਿਹਾ, ‘ਸਾਨੂੰ ਅਫਸੋਸ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਨੇਡਾ ਦੇ ਰੱਖਿਆ ਮੰਤਰੀ ਨੂੰ ਮਿਲਣ ਲਈ ਉਪਲੱਭਧ ਨਹੀਂ ਹਨ।’
____________________________________
ਕੈਪਟਨ ਦਾ ਆਲੋਚਨਾ ਬਾਰੇ ਮੋੜਵਾਂ ਜਵਾਬ
ਚੰਡੀਗੜ੍ਹ: ਮੁੱਖ ਮੰਤਰੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦੇ ਸਟੈਂਡ ਦੀ ਆਲੋਚਨਾ ਕਰਨ ਬਾਰੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਹ ਭੁੱਲ ਚੁੱਕੀ ਹੈ ਕਿ ਉਨ੍ਹਾਂ ਦੇ ਆਗੂਆਂ ਨਾਲ ਕੈਨੇਡਾ ਦੇ ਗਰਮਦਲੀਆਂ ਨੇ ਕੀ ਸਲੂਕ ਕੀਤਾ ਸੀ। ਉਨ੍ਹਾਂ ਪੁੱਛਿਆ ਕਿ ਕੀ ਇਨ੍ਹਾਂ ਲੀਡਰਾਂ ਵਿਚ ਗੈਰਤ ਦੀ ਭਾਵਨਾ ਮਰ ਚੁੱਕੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਉਨ੍ਹਾਂ ਦੇ ਸਿਧਾਂਤਕ ਸਟੈਂਡ ਦੀ ਮੁਖਾਲਫਤ ਕਰਨ ਵਾਲੇ ਇਹ ਲੋਕ ਦਰਅਸਲ ਖਾਲਿਸਤਾਨੀ ਹਮਾਇਤੀਆਂ ਨੂੰ ਹੱਲਾਸ਼ੇਰੀ ਦੇ ਕੇ ਖਾੜਕੂਵਾਦ ਦੇ ਸਿਰ ਚੁੱਕਣ ਦੀ ਸੰਭਾਵਨਾ ਨੂੰ ਹਵਾ ਦੇ ਰਹੇ ਹਨ। ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਨੂੰ ਸਿੱਖ ਵਿਰੋਧੀ ਦੱਸਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਝੂਠਾ ਪ੍ਰਚਾਰ ਕਰ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਵਿੱਚ ਵਸਦੇ ਸਿੱਖਾਂ ਨਾਲ ਉਨ੍ਹਾਂ ਦਾ ਕੋਈ ਵਿਰੋਧ ਨਹੀਂ ਹੈ, ਪਰ ਇਨ੍ਹਾਂ ਵਿਚ ਮੌਜੂਦ ਇਕ ਛੋਟੀ ਜਿਹੀ ਆਬਾਦੀ, ਜੋ ਖਾਲਿਸਤਾਨ ਹਮਾਇਤੀ ਹੈ, ਨਾਲ ਉਨ੍ਹਾਂ ਦਾ ਕੋਈ ਪਿਆਰ ਵੀ ਨਹੀਂ ਹੈ।