ਕੈਪਟਨ ਨੇ ਖਾਲਸਾ ਯੂਨੀਵਰਸਿਟੀ ਬਣਨ ਦਾ ਰਾਹ ਰੋਕਿਆ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਜੀਠੀਆ ਪਰਿਵਾਰ ਨੂੰ ਵੱਡਾ ਝਟਕਾ ਦਿੱਤਾ ਹੈ। ਕੈਪਟਨ ਨੇ ਮਜੀਠੀਆ ਪਰਿਵਾਰ ਦਾ ਡਰੀਮ ਪ੍ਰਾਜੈਕਟ ਖਾਲਸਾ ਯੂਨੀਵਰਸਿਟੀ ਬਣਨ ਦਾ ਰਾਹ ਰੋਕ ਦਿੱਤਾ ਹੈ। ਇਸ ਲਈ ਪੰਜਾਬ ਸਰਕਾਰ ਨੇ ਵਿਵਾਦਪੂਰਨ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਲਿਆ ਹੈ।

ਕੈਬਨਿਟ ਮੀਟਿੰਗ ਵਿਚ 125 ਵਰ੍ਹੇ ਪੁਰਾਣੇ ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਦਾ ਨਿੱਜੀਕਰਨ ਹੋ ਜਾਣ ‘ਤੇ ਇਸ ਦੇ ਵਿਰਾਸਤ ਰੁਤਬੇ ਦੇ ਖੁਸ ਜਾਣ ਤੋਂ ਬਚਾਉਣ ਲਈ ਖਾਲਸਾ ਯੂਨੀਵਰਸਿਟੀ ਐਕਟ-2016 ਰੱਦ ਕਰਨ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਇਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਖਾਲਸਾ ਕਾਲਜ ਦੀ ਸ਼ਾਨਦਾਰ ਵਿਰਾਸਤ ਦੀ ਰਾਖੀ ਕਰਨ ਦਾ ਵਾਅਦਾ ਕੀਤਾ ਜੋ ਵਿਰਾਸਤੀ ਦਰਜੇ ਵਾਲੀ ਮੁਲਕ ਦੀਆਂ ਸਭ ਤੋਂ ਪੁਰਾਣੀਆਂ ਵਿਦਿਅਕ ਸੰਸਥਾਵਾਂ ਵਿਚੋਂ ਇਕ ਹੈ।
ਮੰਤਰੀ ਮੰਡਲ ਨੇ ਖਾਲਸਾ ਕਾਲਜ ਸੁਸਾਇਟੀ ਵੱਲੋਂ ਇਸ ਵੱਕਾਰੀ ਸੰਸਥਾ ਨੂੰ ਯੂਨੀਵਰਸਿਟੀ ਵਿਚ ਤਬਦੀਲ ਕਰ ਕੇ ਇਸ ਦੇ ਵਿਰਾਸਤੀ ਦਰਜੇ ਨੂੰ ਤਹਿਸ-ਨਹਿਸ ਕਰਨ ਵਾਲਾ ਕਦਮ ਦੱਸਿਆ ਹੈ।
ਮੰਤਰੀ ਮੰਡਲ ਨੇ ਇਹ ਪੱਖ ਵੀ ਵਿਚਾਰਿਆ ਕਿ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਅੰਮ੍ਰਿਤਸਰ ਵਾਸੀਆਂ, ਸੂਬੇ ਦੇ ਬੁੱਧੀਜੀਵੀ ਵਰਗ ਤੇ ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀਆਂ ਦੀ ਸਖਤ ਵਿਰੋਧਤਾ ਦੇ ਬਾਵਜੂਦ ਖਾਲਸਾ ਯੂਨੀਵਰਸਿਟੀ ਐਕਟ 2016 ਰਾਹੀਂ ਅੰਮ੍ਰਿਤਸਰ ਵਿਚ ਖਾਲਸਾ ਯੂਨੀਵਰਸਿਟੀ ਸਥਾਪਤ ਕੀਤੀ ਗਈ। ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਅੰਮ੍ਰਿਤਸਰ ਵਿਚ ਹੋਰ ਯੂਨੀਵਰਸਿਟੀ ਸਥਾਪਤ ਕਰਨ ਦੀ ਕੋਈ ਤੁਕ ਹੀ ਨਹੀਂ ਬਣਦੀ ਕਿਉਂਕਿ ਇਸ ਸ਼ਹਿਰ ਵਿਚ ਪਹਿਲਾਂ ਹੀ ਉਚੇਰੀ ਸਿੱਖਿਆ ਦੀਆਂ ਨਾਮੀ ਯੂਨੀਵਰਸਿਟੀਆਂ ਮੌਜੂਦ ਹਨ। ਮੰਤਰੀ ਮੰਡਲ ਨੇ ਇਹ ਵੀ ਵਿਚਾਰਿਆ ਕਿ ਯੂਨੀਵਰਸਿਟੀ ਬਣਾਉਣ ਲਈ ਖਾਲਸਾ ਕਾਲਜ ਦੀ ਜ਼ਮੀਨ ਲੈ ਲੈਣ ਨਾਲ ਇਸ ਕਾਲਜ ਦੀ ਹੋਂਦ ‘ਤੇ ਬਹੁਤ ਬੁਰਾ ਅਸਰ ਪਵੇਗਾ ਜਿਸ ਨਾਲ ਖਾਲਸਾ ਕਾਲਜ ਦੀ ਇਮਾਰਤ ਦੀ ਵਿਲੱਖਣ ਪਛਾਣ ਵੀ ਖੁਰ ਜਾਵੇਗੀ।