ਐਸ ਵਾਈ ਐਲ: ਸਿਆਸੀ ਧਿਰਾਂ ਟਕਰਾਅ ਵਾਲੇ ਰਾਹ ਤੁਰੀਆਂ

ਕੈਥਲ: ਹਰਿਆਣਾ ਦੀ ਮੁੱਖ ਵਿਰੋਧੀ ਪਾਰਟੀ ਇਨੈਲੋ ਨੇ ਐਲਾਨ ਕੀਤਾ ਕਿ ਇਸ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਲਈ ਪੰਜਾਬ ਉਤੇ ਦਬਾਅ ਪਾਉਣ ਵਾਸਤੇ ਆਗਾਮੀ 10 ਜੁਲਾਈ ਨੂੰ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਹਰਿਆਣਾ ਵਿਚ ਰੋਕਿਆ ਜਾਵੇਗਾ।

ਪਾਰਟੀ ਦੇ ਸੀਨੀਅਰ ਆਗੂ ਅਭੈ ਸਿੰਘ ਚੌਟਾਲਾ ਨੇ ਆਖਿਆ ਕਿ ਪਾਰਟੀ ਦੇ ਨੌਜਵਾਨ ਕਾਰਕੁਨਾਂ ਵੱਲੋਂ ਪੰਜਾਬ ਸਰਕਾਰ ਦੇ ਹੋਰ ਵਾਹਨਾਂ ਨੂੰ ਵੀ ਉਸ ਦਿਨ ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਿਆ ਜਾਵੇਗਾ। ਪੰਜਾਬ ਤੋਂ ਆਉਣ ਵਾਲੇ ਨਿੱਜੀ ਵਾਹਨਾਂ ਨੂੰ ਹਰਿਆਣਾ ਵਿਚ ਦਾਖਲੇ ਖੁੱਲ੍ਹ ਹੋਵੇਗੀ, ਪਰ ਇਨ੍ਹਾਂ ਵਾਹਨ ਚਾਲਕਾਂ ਨੂੰ ਕਾਰਕੁਨਾਂ ਵੱਲੋਂ ਗੁਲਾਬ ਦਾ ਫੁੱਲ ਅਤੇ ਐਸ਼ਵਾਈæਐਲ਼ ਬਾਰੇ ਇਨੈਲੋ ਦੇ ਮੰਗ ਪੱਤਰ ਦੀ ਕਾਪੀ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਐਮਰਜੈਂਸੀ ਵਾਹਨਾਂ ਜਿਵੇਂ ਐਂਬੂਲੈਂਸਾਂ ਆਦਿ ਨੂੰ ਵੀ ਨਹੀਂ ਰੋਕਿਆ ਜਾਵੇਗਾ। ਪਾਣੀਆਂ ਦੀ ਵੰਡ ਦੇ ਮੁੱਦੇ ਉਤੇ ਸੁਪਰੀਮ ਕੋਰਟ ਵਿਚ 11 ਜੁਲਾਈ ਨੂੰ ਸੁਣਵਾਈ ਹੋਣੀ ਹੈ। ਉਨ੍ਹਾਂ ਐਸ਼ਵਾਈæਐਲ਼ ਦੇ ਮਾਮਲੇ ਉਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਹਮਾਇਤ ‘ਚ ਖੜ੍ਹਨ ਲਈ ਭਾਜਪਾ ਦੀ ਪੰਜਾਬ ਇਕਾਈ ਦੀ ਵੀ ਨਿਖੇਧੀ ਕੀਤੀ।
ਗੌਰਤਲਬ ਹੈ ਕਿ ਪਾਰਟੀ ਨੇ ਦੋ ਮਹੀਨੇ ਪਹਿਲਾਂ ਸ਼ੰਭੂ ਸਰਹੱਦ ਨੇੜੇ ਪੰਜਾਬ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਕਿ ਪੰਜਾਬ ਵਿਚ ਨਹਿਰ ਦੀ ਪੁਟਾਈ ਕੀਤੀ ਜਾ ਸਕੇ, ਪਰ ਉਨ੍ਹਾਂ ਨੂੰ ਪੰਜਾਬ ਪੁਲਿਸ ਨੇ ਮਨਾਹੀ ਦੇ ਹੁਕਮਾਂ ਦੀ ਉਲੰਘਣਾ ਲਈ ਗ੍ਰਿਫਤਾਰ ਕਰ ਲਿਆ ਗਿਆ ਸੀ। ਬਾਅਦ ਵਿਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ।
ਮਹੀਨਾ ਕੁ ਪਹਿਲਾਂ ਇਨੈਲੋ ਨੇ ਨਵੀਂ ਦਿੱਲੀ ਵਿਚ ਸੰਸਦ ਮਾਰਗ ਉਤੇ ਇਸ ਮੁੱਦੇ ‘ਤੇ ਜ਼ੋਰਦਾਰ ਮੁਜ਼ਾਹਰਾ ਕਰਦਿਆਂ ਸੰਸਦ ਵੱਲ ਵਧਣ ਦੀ ਕੋਸ਼ਿਸ਼ ਕੀਤੀ ਸੀ, ਜਿਸ ਕਾਰਨ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ ਸੀ।
____________________________________
ਕੇਂਦਰ ਦੇਵੇਗਾ ਹਰਿਆਣੇ ਦਾ ਸਾਥ
ਚੰਡੀਗੜ੍ਹ: ਕੇਂਦਰੀ ਸੂਚਨਾ ਤੇ ਪ੍ਰਸਾਰਣ ਅਤੇ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਕਿਹਾ ਹੈ ਕਿ ਸਤਲੁਜ ਯਮੁਨਾ ਲਿੰਕ ਨਹਿਰ ਦੋ ਰਾਜਾਂ ਦਾ ਆਪਸੀ ਮਾਮਲਾ ਹੈ ਅਤੇ ਇਸ ਨੂੰ ਸਿਆਸੀ ਤੌਰ ‘ਤੇ ਹੱਲ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਪਾਣੀ ਦਿਵਾਉਣ ‘ਚ ਮਦਦ ਜ਼ਰੂਰ ਕੀਤੀ ਜਾਵੇਗੀ। ਉਹ ਹਰਿਆਣਾ ਦੇ ਵਿਕਾਸ ਲਈ ਸ਼ੁਰੂ ਕੀਤੀਆਂ ਜਾਣ ਵਾਲੀਆਂ ਨਵੀਆਂ ਸਕੀਮਾਂ ਬਾਰੇ ਮੁੱਖ ਮੰਤਰੀ ਸਮੇਤ ਦੂਜੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕਰਨ ਲਈ ਇਥੇ ਆਏ ਸਨ। ਐਸ਼ਵਾਈæਐਲ਼ ਬਾਰੇ ਖੁਲ੍ਹ ਕੇ ਗੱਲ ਕਰਨ ਤੋਂ ਸੰਕੋਚ ਕੀਤਾ, ਪਰ ਉਹ ਸੰਖੇਪ ਵਿਚ ਹੀ ਪਾਣੀਆਂ ਦੇ ਮੁੱਦੇ ‘ਤੇ ਹਰਿਆਣਾ ਦੀ ਪਿੱਠ ‘ਤੇ ਖੜ੍ਹਨ ਦਾ ਇਸ਼ਾਰਾ ਕਰ ਗਏ।
__________________________________
ਭਾਰਤੀ ਜਨਤਾ ਪਾਰਟੀ ਕੈਪਟਨ ਨਾਲ ਖੜ੍ਹੀ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੇ ਸਤਲੁਜ ਯਮੁਨਾ ਲਿੰਕ ਨਹਿਰ ਤੇ ਸੂਬੇ ਦੇ ਹਿੱਤ ਨਾਲ ਜੁੜੇ ਹੋਰ ਮੁੱਦਿਆਂ ‘ਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਹੈ। ਸਮਾਜਿਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੂਬਾਈ ਪ੍ਰਧਾਨ ਵਿਜੇ ਸਾਂਪਲਾ, ਪਾਰਟੀ ਦੇ ਸੂਬਾ ਉਪ ਪ੍ਰਧਾਨ ਹਰਜੀਤ ਗਰੇਵਾਲ ਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਦੀ ਅਗਵਾਈ ਵਿਚ ਪਾਰਟੀ ਦੇ ਵਫਦ ਨੇ ਸੂਬੇ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ‘ਤੇ ਵਿਚਾਰ-ਚਰਚਾ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਭਾਜਪਾ ਲੀਡਰਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਆਖਿਆ ਕਿ ਸੂਬੇ ਦੇ ਵਿਕਾਸ ਤੇ ਤਰੱਕੀ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸਾਰੀਆਂ ਪਾਰਟੀਆਂ ਦਾ ਇਕੱਠੇ ਹੋਣਾ ਬਹੁਤ ਮਹੱਤਵਪੂਰਨ ਹੈ।
________________________________
ਦੋਵਾਂ ਸੂਬਿਆਂ ਨੂੰ ਲੜਾਉਣ ਦੀ ਚਾਲ: ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇਨੈਲੋ ਵੱਲੋਂ 10 ਜੁਲਾਈ ਨੂੰ ਪੰਜਾਬ ਦੀਆਂ ਗੱਡੀਆਂ ਨੂੰ ਹਰਿਆਣਾ ਦੇ ਬਾਰਡਰ ‘ਤੇ ਜਬਰੀ ਰੋਕਣ ਦੇ ਐਲਾਨ ਨੂੰ ਮੰਦਭਾਗਾ, ਗੈਰਕਾਨੂੰਨੀ, ਗੈਰ ਸੰਵਿਧਾਨਿਕ ਅਤੇ ਬੇਹੱਦ ਖਤਰਨਾਕ ਕਰਾਰ ਦਿੱਤਾ ਹੈ। ਪਾਰਟੀ ਦੇ ਸਕੱਤਰ ਦਲਜੀਤ ਸਿੰਘ ਨੇ ਕਿਹਾ ਇਹ ਸਿੱਧਾ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਨੂੰ ਆਪਸ ਵਿਚ ਲੜਾਉਣ ਵਾਲਾ ਫੈਸਲਾ ਹੈ। ਇਸ ਨੇ 1982 ਦੀਆਂ ਏਸ਼ਿਆਈ ਖੇਡਾਂ ਦੀ ਫਿਰ ਯਾਦ ਦਿਵਾ ਦਿੱਤੀ ਹੈ, ਜਦੋਂ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਖੇਡਾਂ ਦੇਖਣ ਜਾ ਰਹੇ ਪੰਜਾਬੀਆਂ ਖਾਸਕਰ ਸਿੱਖਾਂ ਨੂੰ ਹਰਿਆਣਾ ਵਿਚ ਕਾਰਾਂ ‘ਚੋਂ ਉਤਾਰ ਕੇ ਜ਼ਲੀਲ ਕੀਤਾ ਗਿਆ ਸੀ।