ਚੰਡੀਗੜ੍ਹ: ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਮੁਖੀ ਚੁਣਿਆ ਗਿਆ ਹੈ। ਹਿੰਦੂ ਚਿਹਰੇ ਅਮਨ ਅਰੋੜਾ ਨੂੰ ਕੋ-ਕਨਵੀਨਰ ਬਣਾਇਆ ਗਿਆ ਹੈ। ਸੂਤਰਾਂ ਮੁਤਾਬਕ ਗੁਰਪ੍ਰੀਤ ਘੁੱਗੀ ਨੇ ਮੀਟਿੰਗ ਵਿਚ ਇਤਰਾਜ਼ ਜਤਾਇਆ ਸੀ। ਉਨ੍ਹਾਂ ਕਿਹਾ ਕਿ ਜੇ ਇਹ ਫੈਸਲਾ ਲੈਣਾ ਸੀ ਤਾਂ ਉਨ੍ਹਾਂ ਨੂੰ ਕਿਉਂ ਬੁਲਾਇਆ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਚੀਫ ਵਿਪ੍ਹ ਤੇ ਸਪੋਕਸਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਪਿਛੋਕੜ ਹੋਣ ਕਰ ਕੇ ਉਨ੍ਹਾਂ ਨੂੰ ਬਣਦਾ ਰੁਤਬਾ ਨਹੀਂ ਦਿੱਤਾ ਜਾ ਰਿਹਾ।
ਇਹ ਵੀ ਪਤਾ ਲੱਗਾ ਹੈ ਕਿ ਕੇਜਰੀਵਾਲ ਭਗਵੰਤ ਮਾਨ ਨੂੰ ਕਮਾਨ ਸੌਂਪਣ ਦਾ ਮਨ ਪਹਿਲਾਂ ਹੀ ਬਣਾ ਚੁੱਕੇ ਸਨ। ਉਨ੍ਹਾਂ ਭਗਵੰਤ ਮਾਨ ਨੂੰ ਵਿਦੇਸ਼ ਦੌਰੇ ਤੋਂ ਵੀ ਇਸ ਕਰ ਕੇ ਹੀ ਰੋਕਿਆ ਸੀ। ਇਸ ਕਰ ਕੇ ਭਗਵੰਤ ਮਾਨ ਖਿਲਾਫ ਆਵਾਜ਼ ਉਠਣ ਲੱਗੀ ਸੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਅਮਰੀਕਾ, ਕੈਨੇਡਾ, ਜਰਮਨੀ, ਇਟਲੀ, ਨਾਰਵੇ, ਸਪੇਨ, ਨਿਊਜ਼ੀਲੈਂਡ ਤੇ ਆਸਟਰੇਲੀਆ ਦੇ 27 ਆਗੂਆਂ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਇਕਾਈ ਦਾ ਪ੍ਰਧਾਨ ਬਣਾਉਣ ਦਾ ਵਿਰੋਧ ਕੀਤਾ ਸੀ। ਇਨ੍ਹਾਂ ਆਗੂਆਂ ਨੇ ਕੇਜਰੀਵਾਲ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ ਪੰਜਾਬ ਚੋਣਾਂ ਦੌਰਾਨ ਮਾਨ ਸਟਾਰ ਪ੍ਰਚਾਰਕ ਸਨ, ਪਰ ਲੋਕਾਂ ਨੇ ਵੋਟਾਂ ਪਾਉਣ ਵੇਲੇ ਉਨ੍ਹਾਂ ਨੂੰ ਰੱਦ ਕਰ ਦਿੱਤਾ ਹੈ।
ਉਨ੍ਹਾਂ ਪੱਤਰ ਰਾਹੀਂ ਦੋਸ਼ ਲਾਇਆ ਕਿ ਮਾਨ ਵੱਲੋਂ ਐਚæਐਸ਼ ਫੂਲਕਾ ਤੇ ਹੋਰ ਆਗੂਆਂ ਵਿਰੁੱਧ ਆਪਣੇ ਹਿੱਤਾਂ ਲਈ ਪ੍ਰਚਾਰ ਕੀਤਾ ਜਾਂਦਾ ਰਿਹਾ ਹੈ ਤੇ ਉਹ ਮੁੱਖ ਮੰਤਰੀ ਬਣਨ ਦੀ ਵੀ ਵੱਡੀ ਲਾਲਸਾ ਰੱਖਦੇ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਸ਼ਰਾਬ ਪੀਣ ਬਾਰੇ ਜਨਤਕ ਹੋਈਆਂ ਕਈ ਵੀਡੀਓਜ਼ ਨਾਲ ਪਾਰਟੀ ਦੇ ਅਕਸ ਨੂੰ ਢਾਹ ਲੱਗੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਾਨ ਨੇ ਆਪਣੀ ਹੀ ਐਨæਆਰæਆਈæ ਟੀਮ ਤਿਆਰ ਕਰ ਲਈ ਹੈ ਤੇ ਪ੍ਰਪੱਕ ਆਗੂਆਂ ਨੂੰ ਅੱਖੋਂ-ਪਰੋਖੇ ਕੀਤਾ ਹੈ।
_______________________________________________
ਕਪਿਲ ਮਿਸ਼ਰਾ ‘ਆਪ’ ਵਿਚੋਂ ਮੁਅੱਤਲ
ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦੋ ਕਰੋੜ ਰੁਪਏ ਲੈਣ ਦੇ ਦੋਸ਼ ਲਾਉਣ ਵਾਲੇ ਕਪਿਲ ਮਿਸ਼ਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ। ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀæਏæਸੀæ) ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ। ਸ੍ਰੀ ਮਿਸ਼ਰਾ ਨੂੰ 6 ਮਈ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ। ਉਧਰ ਕਪਿਲ ਮਿਸ਼ਰਾ ਨੇ ਭ੍ਰਿਸ਼ਟਾਚਾਰ ਰੋਕੂ ਬਰਾਂਚ (ਏæਸੀæਬੀæ) ਨੂੰ ‘ਆਪ’ ਕਨਵੀਨਰ ਕੇਜਰੀਵਾਲ ਖਿਲਾਫ਼ 400 ਕਰੋੜ ਦੇ ਟੈਂਕਰ ਘੁਟਾਲੇ ਬਾਰੇ ਸਬੂਤ ਪੇਸ਼ ਕੀਤੇ, ਜੋ ਇਸ ਘੁਟਾਲੇ ਦੀ ਜਾਂਚ ਵਿਚ ਦੇਰੀ ਨਾਲ ਸਬੰਧਤ ਦੱਸੇ ਜਾ ਰਹੇ ਹਨ। ਉਨ੍ਹਾਂ ਏæਸੀæਬੀæ ਅਧਿਕਾਰੀਆਂ ਨੂੰ ਮਿਲਣ ਮਗਰੋਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਦੱਸਿਆ ਕਿ ਮੁੱਖ ਮੰਤਰੀ ਕਿਵੇਂ ਜਾਣ-ਬੁੱਝ ਕੇ ਰਿਪੋਰਟ ਵਿਚ ਦੇਰੀ ਕਰ ਰਹੇ ਹਨ ਤੇ ਕਿਵੇਂ ਜਨਤਾ ਦੇ ਪੈਸੇ ਦੀ ਬਰਬਾਦੀ ਹੋ ਰਹੀ ਹੈ।