‘ਆਪ’ ਵੱਲੋਂ ਕੈਪਟਨ ਸਰਕਾਰ ਦੀ ਰਾਜਪਾਲ ਕੋਲ ਸ਼ਿਕਾਇਤ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵਫਦ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਐਚæਐਸ਼ ਫੂਲਕਾ ਦੀ ਅਗਵਾਈ ਹੇਠ ਪੰਜਾਬ ਦੇ ਰਾਜਪਾਲ ਵੀæਪੀæ ਸਿੰਘ ਬਦਨੌਰ ਕੋਲ ਪਹੁੰਚ ਕੀਤੀ ਹੈ। ਵਫਦ ਨੇ ਪੰਜਾਬ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਸਰਕਾਰ ਤੇ ਹਾਈ ਕੋਰਟ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਬੱਚਿਆਂ ਕੋਲੋਂ ਮੋਟੀਆਂ ਫੀਸਾਂ ਵਸੂਲਣ, ਕਿਸਾਨਾਂ ਦੇ ਕਰਜੇ ਮੁਆਫ ਕਰ ਕੇ ਉਨ੍ਹਾਂ ਨੂੰ ਰਾਹਤ ਦੇਣ, ਪਰਲ, ਕਰਾਊਨ ਆਦਿ ਕੰਪਨੀਆਂ ਵੱਲੋਂ ਲੋਕਾਂ ਨਾਲ ਕੀਤੀ ਗਈ ਠੱਗੀ ਤੇ ਪੰਜਾਬ ਵਿਚ ਕਾਨੂੰਨ ਤੇ ਨਿਆਂ ਦੀ ਨਿੱਘਰ ਦੀ ਹਾਲਤ ਵਰਗੇ ਮੁੱਦੇ ਉਠਾਏ।

ਸ਼ ਫੂਲਕਾ ਨੇ ਕਿਹਾ ਕਿ ਸੂਬੇ ਭਰ ਵਿਚ ਪ੍ਰਾਈਵੇਟ ਸਕੂਲ ਦਾਖਲਾ, ਮੁੜ ਦਾਖਲਾ, ਕਿਤਾਬਾਂ ਤੇ ਵਰਦੀਆਂ ਦੇ ਨਾਮ ਉਤੇ ਵਿਦਿਆਰਥੀਆਂ ਕੋਲੋਂ ਮੋਟੀਆਂ ਫੀਸਾਂ ਲੁੱਟ ਰਹੇ ਹਨ। ਇਹ ਸਕੂਲ ਹਾਈ ਕੋਰਟ ਤੇ ਪੰਜਾਬ ਸਰਕਾਰ ਵੱਲੋਂ ਤੈਅ ਮਾਪ ਦੰਡਾਂ ਨੂੰ ਅੱਖੋਂ-ਪਰੋਖੇ ਕਰ ਰਹੇ ਹਨ। ਸਰਕਾਰੀ ਸਕੂਲਾਂ ਵਿਚ ਕਿਤਾਬਾਂ ਤੇ ਵਰਦੀਆਂ ਮੁਫਤ ਦਿੱਤੀਆਂ ਜਾਂਦੀਆਂ ਹਨ ਤੇ ਪ੍ਰਾਈਵੇਟ ਸਕੂਲਾਂ ਦਾ ਇਹ ਕਦਮ ਸਿੱਧੇ ਤੌਰ ‘ਤੇ ਰਾਈਟ ਟੂ ਐਜੂਕੇਸ਼ਨ ਐਕਟ ਦੀ ਉਲੰਘਣਾ ਹੈ।
ਸੂਬੇ ਵਿਚ ਮਰ ਰਹੀ ਕਿਸਾਨੀ ਦੇ ਮੁੱਦੇ ਉਤੇ ਬੋਲਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਭਰ ਵਿਚ ਕਿਸਾਨ ਇਸ ਸਮੇਂ ਮੰਦੇ ਆਰਥਿਕ ਦੌਰ ਵਿਚੋਂ ਗੁਜਰ ਰਹੇ ਹਨ। ਇਸ ਕਾਰਨ ਹਰ ਰੋਜ਼ ਕਈ ਕਿਸਾਨ ਆਤਮ ਹੱਤਿਆ ਕਰਨ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਸਰਕਾਰ ਬਣਨ ਤੋਂ ਬਾਅਦ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਦੀ ਗੱਲ ਕਹੀ ਸੀ, ਪਰ ਅਜੇ ਤੱਕ ਇਸ ਸਬੰਧੀ ਕੋਈ ਕਦਮ ਨਹੀਂ ਚੁੱਕਿਆ ਗਿਆ। ਇਹ ਸਮੇਂ ਦੀ ਮੁੱਖ ਮੰਗ ਹੈ ਕਿ ਕਿਸਾਨਾਂ ਦੇ ਕਰਜ਼ੇ ਮੁਆਫ ਕਰ ਕੇ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ।
ਸੂਬੇ ਵਿਚ ਕਾਨੂੰਨ ਤੇ ਨਿਆਂ ਵਿਵਸਥਾ ਦੀ ਨਿੱਘਰਦੀ ਹਾਲਤ ਬਾਰੇ ਫੂਲਕਾ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਦੀ ਵਿਵਸਥਾ ਬਦ ਤੋਂ ਬਦਤਰ ਹੋ ਰਹੀ ਹੈ। ਵਿਗੜਦੀ ਕਾਨੂੰਨ ਵਿਵਸਥਾ ਦਾ ਮੁੱਖ ਕਾਰਨ ਸੂਬੇ ਦੀ ਸੱਤਾਧਾਰੀ ਪਾਰਟੀ ਕਾਂਗਰਸ ਦੇ ਆਗੂਆਂ ਵੱਲੋਂ ਨਾਜਾਇਜ਼ ਧੰਦੇ ਤੇ ਗੁੰਡਾ ਟੈਕਸ ਨੂੰ ਹਥਿਆ ਕੇ ਕਾਨੂੰਨ ਵਿਰੋਧੀ ਕਾਰਜ ਕਰਨਾ ਹੈ। ਸਰਕਾਰ ਇਨ੍ਹਾਂ ਨਾਜਾਇਜ਼ ਗਤੀਵਿਧੀਆਂ ਨੂੰ ਰੋਕਣ ਦੀ ਥਾਂ ਕਾਂਗਰਸੀ ਆਗੂਆਂ ਨੂੰ ਸ਼ਹਿ ਦੇ ਰਹੀ ਹੈ।
________________________________________
ਗਊਸ਼ਾਲਾਵਾਂ ਬਾਰੇ ਕੈਪਟਨ ਦੇ ਫੈਸਲੇ ਤੋਂ ‘ਆਪ’ ਵਾਲੇ ਔਖੇ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਐਚæਐਸ਼ ਫੂਲਕਾ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਸੂਬੇ ਭਰ ਦੀਆਂ ਗਊਸ਼ਾਲਾਵਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਬਿਜਲੀ ਦੀ ਸੁਵਿਧਾ ਨੂੰ ਬੰਦ ਕਰਨ ਦੇ ਫੈਸਲੇ ਦੀ ਆਲੋਚਨਾ ਕੀਤੀ।
ਸ਼ ਫੂਲਕਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਪਾਵਰ ਕਾਰਪੋਰੇਸ਼ਨ ਵੱਲੋਂ ਗਊਸ਼ਾਲਾਵਾਂ ਦੀਆਂ ਪ੍ਰਬੰਧਕ ਕਮੇਟੀਆਂ ਨਾਲ ਬਿਨਾ ਸਲਾਹ ਕੀਤੇ ਹੀ ਤਾਨਾਸ਼ਾਹੀ ਢੰਗ ਨਾਲ ਇਹ ਫੈਸਲਾ ਲਾਗੂ ਕਰ ਦਿੱਤਾ ਗਿਆ ਹੈ।
___________________________________________
ਭਗਵੰਤ ਮਾਨ ਦਾ ਕੈਪਟਨ ਸਰਕਾਰ ਨੂੰ ਅਲਟੀਮੇਟਮ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਕਮਾਨ ਸੰਭਾਲਦਿਆਂ ਹੀ ਭਗਵੰਤ ਮਾਨ ਨੇ ਕਾਂਗਰਸ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਅੰਦਰ ਆਰਥਿਕ ਤੰਗਹਾਲੀ ਤੇ ਕਰਜ਼ੇ ਦੇ ਬੋਝ ਕਾਰਨ ਆਤਮ ਹੱਤਿਆਵਾਂ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਬਾਰੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦੇ ਹੋਏ ਕਿਹਾ ਹੈ ਕਿ ਕਾਂਗਰਸ ਕਿਸਾਨਾਂ ਨਾਲ ਕੀਤਾ ਚੋਣ ਵਾਅਦਾ ਤੁਰਤ ਪੂਰਾ ਕਰੇ ਨਹੀਂ ਫੇਰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ‘ਆਪ’ ਨੇ ਕਿਸਾਨਾਂ ਦੇ ਨਾਲ-ਨਾਲ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫੀ ਦਾ ਵੀ ਮੁੱਦਾ ਚੁੱਕਿਆ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਦੇ 56 ਦਿਨਾਂ ਦੇ ਕਾਰਜਕਾਲ ਦੌਰਾਨ 40 ਕਿਸਾਨ ਆਤਮ ਹੱਤਿਆਵਾਂ ਕਰ ਚੁੱਕੇ ਹਨ।