ਭਾਈ ਰਾਜੋਆਣਾ ਤੇ ਭਾਈ ਭੁੱਲਰ ਦੇ ਹਮਾਇਤੀ ਹੋਏ ਫਿਕਰਮੰਦ

ਚੰਡੀਗੜ੍ਹ (ਪੰਜਾਬ ਟਾਈਮਜ਼ ਬਿਊਰੋ): 26/11 ਮੁੰਬਈ ਹਮਲੇ ਤੇ 2001 ਵਿਚ ਸੰਸਦ ‘ਤੇ ਹੋਏ ਹਮਲੇ ਦੇ ਵੱਖ-ਵੱਖ ਮਾਮਲਿਆਂ ਵਿਚ ਤਕਰੀਬਨ ਤਿੰਨ ਮਹੀਨਿਆਂ ਵਿਚ ਪਹਿਲਾਂ ਅਜਮਲ ਅਮੀਰ ਕਸਾਬ ਤੇ ਹੁਣ ਅਫਜ਼ਲ ਗੁਰੂ ਨੂੰ ਸਰਕਾਰ ਵੱਲੋਂ ਚੁੱਪ ਚਪੀਤੇ ਫਾਂਸੀ ਦਿੱਤੇ ਜਾਣ ਤੋਂ ਬਾਅਦ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਭਾਈ ਦਵਿੰਦਰ ਸਿੰਘ ਭੁੱਲਰ ‘ਤੇ ਵੀ ਖ਼ਤਰੇ ਦੀ ਤਲਵਾਰ ਲਟਕ ਗਈ ਹੈ। ਇਸ ਨੂੰ ਲੈ ਕੇ ਉਨ੍ਹਾਂ ਦੇ ਸਮਰਥਕ ਤੇ ਸਿੱਖ ਹਲਕਿਆਂ ਵਿਚ ਫਿਕਰ ਦਾ ਮਾਹੌਲ ਹੈ। ਇਸੇ ਤਰ੍ਹਾਂ ਲਾਹੌਰ ਵਿਖੇ ਕੋਟ ਲੱਖਪਤ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸਰਬਜੀਤ ਸਿੰਘ ਤੇ ਕ੍ਰਿਪਾਲ ਸਿੰਘ ਦੇ ਸਮਰਥਕ ਵੀ ਇਸ ਕਾਰਵਾਈ ਨੂੰ ਖ਼ਤਰੇ ਦੀ ਘੰਟੀ ਵਜੋਂ ਦੇਖ ਰਹੇ ਹਨ।
ਭਾਈ ਰਾਜੋਆਣਾ ਨੂੰ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਾਰਨ ਦੀ ਯੋਜਨਾ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਜਿਸ ਖ਼ਿਲਾਫ਼ ਉਸ ਵੱਲੋਂ ਉਪਰਲੀ ਅਦਾਲਤ ਵਿਚ ਅਪੀਲ ਦਾਇਰ ਕਰਨ ਤੋਂ ਨਾਂਹ ਕਰ ਦਿੱਤੀ ਗਈ ਸੀ। ਪਿਛਲੇ ਵਰ੍ਹੇ ਮਾਰਚ ਮਹੀਨੇ ਵਿਚ ਜਦੋਂ ਅਦਾਲਤ ਨੇ ਉਸ ਨੂੰ ਫਾਂਸੀ ਦੀ ਸਜ਼ਾ ਦੇਣ ਦਾ ਹੁਕਮ ਦਿੱਤਾ ਸੀ ਤਾਂ ਉਸ ਵੇਲੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਫਾਂਸੀ ਦੇਣ ਤੋਂ ਨਾਂਹ ਕਰ ਦਿੱਤੀ ਸੀ।
ਉਸ ਵੇਲੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਨੇ ਵੀ ਫਾਂਸੀ ਦੀ ਸਜ਼ਾ ਦਿੱਤੇ ਜਾਣ ਦਾ ਵਿਰੋਧ ਕੀਤਾ ਸੀ। ਪੰਜ ਸਿੰਘ ਸਾਹਿਬਾਨਾਂ ਨੇ ਭਾਈ ਰਾਜੋਆਣਾ ਨੂੰ ਜ਼ਿੰਦਾ ਸ਼ਹੀਦ ਦਾ ਖ਼ਿਤਾਬ ਵੀ ਦਿੱਤਾ ਸੀ। ਇਸ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਉਸ ਦੇ ਹੱਕ ਵਿਚ ਰਾਸ਼ਟਰਪਤੀ ਅੱਗੇ ਰਹਿਮ ਦੀ ਅਪੀਲ ਵੀ ਦਾਇਰ ਕੀਤੀ ਗਈ ਸੀ ਜਿਸ ਦੇ ਸਿੱਟੇ ਵਜੋਂ ਉਸ ਦੀ ਫਾਂਸੀ ਦੀ ਸਜ਼ਾ ‘ਤੇ ਰੋਕ ਲਾ ਦਿੱਤੀ ਗਈ ਸੀ। ਇਸੇ ਤਰ੍ਹਾਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਭਾਈ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ‘ਤੇ ਬੰਬ ਧਮਾਕੇ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਸੁਣਾਈ ਹੋਈ ਹੈ। ਉਸ ਦੀ ਰਹਿਮ ਸਬੰਧੀ ਅਪੀਲ ਸਾਬਕਾ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਵੱਲੋਂ 26 ਮਈ, 2011 ਨੂੰ ਰੱਦ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿਚ ਉਸ ਨੂੰ ਬਚਾਉਣ ਲਈ ਉਸ ਵੇਲੇ ਸ਼੍ਰੋਮਣੀ ਕਮੇਟੀ ਵੱਲੋਂ ਮੁੜ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਸੀ।
ਕਸਾਬ ਤੇ ਅਫਜ਼ਲ ਗੁਰੂ ਨੂੰ ਫਾਂਸੀ ਦਿੱਤੇ ਜਾਣ ਤੋਂ ਬਾਅਦ ਸਿੱਖ ਹਲਕਿਆਂ ਨੇ ਭਾਈ ਰਾਜੋਆਣਾ ਨੂੰ ਵੀ ਚੁੱਪ ਚਪੀਤੇ ਅਚਨਚੇਤੀ ਫਾਂਸੀ ਦਿੱਤੇ ਜਾਣ ਦਾ ਖਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਅਫਜ਼ਲ ਗੁਰੂ ਨੂੰ ਫਾਂਸੀ ਦਿੱਤੇ ਜਾਣ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਆਖਿਆ ਕਿ ਫਾਂਸੀ ਦੇਣਾ ਅਣਮਨੁੱਖੀ ਕਾਰਾ ਹੈ। ਅਫ਼ਜਲ ਗੁਰੂ ਨੂੰ ਫਾਂਸੀ ਦੇਣ ਦਾ ਫੈਸਲਾ ਨਿਰੋਲ ਰਾਜਨੀਤਕ ਹੈ ਜੋ 2014 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਮੌਕੇ ਇਕ ਫਿਰਕੇ ਦੀ ਵੋਟ ਬੈਂਕ ਨੂੰ ਆਪਣੇ ਹੱਕ ਵਿਚ ਭੁਗਤਾਉਣ ਦੀ ਸੋਚ ਵਿਚੋਂ ਨਿਕਲਿਆ ਜਾਪਦਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਡਾæ ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਭਾਈ ਰਾਜੋਆਣਾ ਨੂੰ ਬਚਾਉਣ ਲਈ ਕਾਨੂੰਨੀ ਚਾਰਾਜੋਈ ਤੋਂ ਇਲਾਵਾ ਰਾਸ਼ਟਰਪਤੀ ਕੋਲ ਅਪੀਲ ਦਾਇਰ ਕੀਤੀ ਹੋਈ ਹੈ। ਇਸ ਬਾਰੇ ਫੈਸਲਾ ਹੁਣ ਕੇਂਦਰ ਸਰਕਾਰ ਨੇ ਕਰਨਾ ਹੈ। ਉਨ੍ਹਾਂ ਆਖਿਆ ਕਿ ਕਸਾਬ ਤੇ ਅਫਜ਼ਲ ਗੁਰੂ ਦਾ ਮਾਮਲਾ ਭਾਈ ਰਾਜੋਆਣਾ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ।
ਸਰਬਜੀਤ ਸਿੰਘ ਦੇ ਕੇਸ ਦੀ ਪਾਕਿਸਤਾਨ ਵਿਚ ਪੈਰਵਾਈ ਕਰ ਰਹੇ ਉਸਦੇ ਵਕੀਲ ਅਵੈਸ਼ ਸ਼ੇਖ ਨੇ ਗੱਲਬਾਤ ਕਰਦਿਆਂ ਆਖਿਆ ਕਿ ਅਫਜ਼ਲ ਗੁਰੂ ਦੇ ਮਾਮਲੇ ਨੂੰ ਸਰਬਜੀਤ ਨਾਲ ਨਹੀਂ ਜੋੜਿਆ ਜਾ ਸਕਦਾ। ਉਨ੍ਹਾਂ ਆਖਿਆ ਕਿ ਸਰਬਜੀਤ ਦਾ ਕੇਸ ਗਲਤ ਸ਼ਨਾਖਤ ਨਾਲ ਜੁੜਿਆ ਹੋਇਆ ਹੈ। ਉਸ ਦਾ ਨਾਂ ਐਫ਼ਆਈæਆਰæ ਵਿਚ ਦਰਜ ਨਹੀਂ ਹੈ। ਇਸੇ ਤਰ੍ਹਾਂ ਉਥੇ ਇਕ ਹੋਰ ਕਿਰਪਾਲ ਸਿੰਘ ਜੋ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ, ਦੇ ਸਮਰਥਕਾਂ ਵੱਲੋਂ ਵੀ ਇਸ ਕਾਰਵਾਈ ਨੂੰ ਖ਼ਤਰੇ ਦੀ ਘੰਟੀ ਵਜੋਂ ਦੇਖਿਆ ਜਾ ਰਿਹਾ ਹੈ।
________________________________________
ਦੋਹਾਂ ਦੀਆਂ ਫਾਈਲਾਂ ਗ੍ਰਹਿ ਮੰਤਰਾਲੇ ਕੋਲ
ਨਵੀਂ ਦਿੱਲੀ: ਫਾਂਸੀ ਦੀ ਸਜ਼ਾਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਪ੍ਰੋæ ਦਵਿੰਦਰ ਪਾਲ ਸਿੰਘ ਭੁੱਲਰ ਬਾਰੇ ਫੈਸਲਾ ਵੀ ਜਲਦ ਹੋਣ ਦੀਆਂ ਅਟਕਲਾਂ ਹਨ। ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੇ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਫਾਂਸੀ ਦੀ ਸਜ਼ਾ ਮੁਆਫ਼ ਕਰਨ ਲਈ ਆਈਆਂ ਅੱਠ ਰਹਿਮ ਦੀਆਂ ਅਪੀਲਾਂ ‘ਤੇ ਗ੍ਰਹਿ ਮੰਤਰਾਲੇ ਤੋਂ ਰਾਏ ਮੰਗੀ ਹੈ। ਇਨ੍ਹਾਂ ਅਪੀਲਾਂ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਪ੍ਰੋæ ਦਵਿੰਦਰਪਾਲ ਸਿੰਘ ਭੁੱਲਰ ਦੇ ਨਾਂ ਵੀ ਸ਼ਾਮਿਲ ਹਨ।

Be the first to comment

Leave a Reply

Your email address will not be published.