ਜੈਤੋ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਨੂੰ ਦੋ ਸਾਲ ਬੀਤਣ ‘ਤੇ ਬਰਗਾੜੀ ਦੇ ਗੁਰਦੁਆਰੇ ਵਿਚ ਕਰਵਾਏ ਗਏ ਪਸ਼ਚਾਤਾਪ ਸਮਾਗਮ ਦੌਰਾਨ ਮੁਤਵਾਜ਼ੀ ਜਥੇਦਾਰਾਂ ਨੇ ਮਤਾ ਪਾਸ ਕਰ ਕੇ ਸਰਕਾਰ ਨੂੰ ਬੇਅਦਬੀ ਘਟਨਾਵਾਂ ਦੇ ਮੁਲਜ਼ਮਾਂ ਨੂੰ ਫੜਨ ਲਈ ਪਹਿਲੀ ਜੁਲਾਈ ਤੱਕ ਦਾ ਅਲਟੀਮੇਟਮ ਦਿੱਤਾ ਹੈ। ਮਤਾ ਪਾਸ ਕੀਤਾ ਗਿਆ ਹੈ ਕਿ ਜੇ ਮੁਲਜ਼ਮ ਨਾ ਫੜੇ ਗਏ ਤਾਂ ਸਿੱਖ ਕੌਮ ਤਿੱਖਾ ਸੰਘਰਸ਼ ਕਰੇਗੀ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕੈਪਟਨ ਸਰਕਾਰ ਨੂੰ ਵਾਅਦਾ ਚੇਤੇ ਕਰਾਉਂਦਿਆਂ ਕਿਹਾ ਕਿ ਉਹ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਨਾਲ ਜੁੜੇ ਬਹਿਬਲ ਕਾਂਡ ਦੇ ਮੁਲਜ਼ਮਾਂ ਨੂੰ ਫੜਨ ਲਈ ਤੁਰਤ ਕਾਰਵਾਈ ਕਰੇ। ਜਥੇਦਾਰ ਅਮਰੀਕ ਸਿੰਘ ਅਜਨਾਲਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰੇ। ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬੇਅਦਬੀ ਘਟਨਾਵਾਂ ਦੀ ਗਿਣਤੀ ਦੋ ਸੌ ਦੇ ਕਰੀਬ ਦੱਸਦਿਆਂ ਇਨ੍ਹਾਂ ਨੂੰ ਬਾਦਲ ਸਰਕਾਰ ਦੇ ਮੱਥੇ ਦਾ ਦਾਗ ਦੱਸਿਆ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ ਕਿਉਂਕਿ ਅਕਾਲੀ ਤੇ ਕਾਂਗਰਸੀ ਆਗੂ ਘਿਉ-ਖਿਚੜੀ ਹਨ। ਜ਼ਿਕਰਯੋਗ ਹੈ ਕਿ ਦੋ ਸਾਲ ਪਹਿਲਾਂ ਬਰਗਾੜੀ ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰੇ ਵਿਚੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਹੋ ਗਿਆ ਸੀ। ਉਸ ਤੋਂ ਕੁਝ ਦਿਨਾਂ ਬਾਅਦ ਸਰੂਪ ਦੇ ਪੱਤਰੇ ਪਿੰਡ ਬਰਗਾੜੀ ਦੀ ਫਿਰਨੀ ਤੋਂ ਮਿਲੇ ਸਨ। ਇਸ ਤੋਂ ਬਾਅਦ ਬਹਿਬਲ ਕਲਾਂ ਵਿਖੇ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਗੋਲੀ ਨਾਲ ਦੋ ਨੌਜਵਾਨ ਮਾਰੇ ਗਏ ਸਨ।
_____________________________________
ਕੈਪਟਨ ਸਰਕਾਰ ਦੀ ਕੇਂਦਰ ਕੋਲ ਪਹੁੰਚ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਵਿਚ ਗੋਲੀਬਾਰੀ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਘਟਨਾਵਾਂ ‘ਚ ਦੋਸ਼ੀ ਪਾਏ ਜਾਣ ਵਾਲਿਆਂ ਨੂੰ ਸਖਤ ਤੇ ਮਿਸਾਲੀ ਸਜ਼ਾ ਦਿਵਾਉਣ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਨ੍ਹਾਂ ਘਟਨਾਵਾਂ ‘ਚ ਸ਼ਾਮਲ ਵਿਅਕਤੀਆਂ ਨੂੰ ਸਖਤ ਸਜ਼ਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਨਵੰਬਰ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਤ ਤਿੰਨ ਮਾਮਲਿਆਂ ਦੀ ਜਾਂਚ ‘ਚ ਤੇਜ਼ੀ ਲਿਆਉਣ ਲਈ ਸੀæਬੀæਆਈæ ਨੂੰ ਆਖੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਜੋ ਬਰਗਾੜੀ ਸਣੇ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਕਰਨ ਤੋਂ ਇਲਾਵਾ ਇਸ ਵਿਚ ਵਿਵਾਦਤ ਐਸ਼ਐਸ਼ਪੀæ ਚਰਨਜੀਤ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਹੋਵੇਗੀ।