ਦਿੱਲੀ ਦੇ ਗੁਰਦੁਆਰਿਆਂ ਵਿਚ ਵੱਡਾ ਫੇਰਬਦਲ ਸ਼ੁਰੂ

ਚੰਡੀਗੜ੍ਹ (ਪੰਜਾਬ ਟਾਈਮਜ਼ ਬਿਊਰੋ): ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਜਿੱਤ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਦੇ ਗੁਰਦੁਆਰਿਆਂ ਵਿਚ ਹੁੰਦੀ ਕਥਾ ਵਿਚ ਬਦਲਾਅ ਲਿਆਉਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ ਜਿਸ ਤਹਿਤ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਉਥੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਥਾ ਕਰ ਰਹੇ ਹਨ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੁੰਦੀ ਕਥਾ ਤੇ ਕੀਰਤਨ ਦਾ ਟੀਵੀ ਚੈਨਲ ਰਾਹੀਂ ਸਿੱਧਾ ਪ੍ਰਸਾਰਣ ਹੁੰਦਾ ਹੈ। ਇਸ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਇਤਰਾਜ਼ ਸੀ ਕਿ ਇਸ ਕਥਾ ਵਿਆਖਿਆ ਰਾਹੀਂ ਗੁਰਬਾਣੀ ਦੀ ਥਾਂ ਇਕ ਵਿਅਕਤੀ ਵਿਸ਼ੇਸ਼ ਦੇ ਹੱਕ ਵਿਚ ਤੇ ਦੂਜੇ ਦੇ ਖਿਲਾਫ ਪ੍ਰਚਾਰ ਕੀਤਾ ਜਾਂਦਾ ਹੈ।
ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਦੇ ਸਮੇਂ ਵਿਚ ਰੱਖੇ ਕੁਝ ਪ੍ਰਚਾਰਕਾਂ ਨੂੰ ਇਸ ਸੇਵਾ ਤੋਂ ਹਟਾ ਦਿੱਤਾ ਹੈ। ਇਹ ਪ੍ਰਚਾਰਕ ਪਹਿਲਾਂ ਗੁਰਬਾਣੀ ਦੀ ਕਥਾ ਵਿਆਖਿਆ ਕਰਦੇ ਸਮੇਂ ਸਿੱਖ ਧਰਮ ਬਾਰੇ ਵੀ ਪ੍ਰਚਾਰ ਕਰਦੇ ਸਨ। ਹੁਣ ਕਥਾ ਵਿਆਖਿਆ ਕਰਨ ਵਾਲੇ ਪ੍ਰਚਾਰਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਿਰਫ਼ ਗੁਰਬਾਣੀ ਬਾਰੇ ਹੀ ਗੱਲ ਕਰਨ।
ਉਨ੍ਹਾਂ ਦੋਸ਼ ਲਾਇਆ ਕਿ ਕਥਾ ਵਾਚਕਾਂ ਨੂੰ ਦਿਸ਼ਾ ਨਿਰਦੇਸ਼ ਦੇਣਾ ਠੀਕ ਨਹੀਂ ਹੈ। ਇਸ ਨਾਲ ਸਿੱਖ ਧਰਮ ਦਾ ਪ੍ਰਚਾਰ ਰੁਕ ਜਾਵੇਗਾ। ਨਵੀਂ ਕਮੇਟੀ ਦੇ ਅਹੁਦੇਦਾਰਾਂ ਦਾ ਗਠਨ ਹੋਣ ਤੱਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਕੰਮ ਸੰਭਾਲ ਰਹੇ ਸ਼ ਸਰਨਾ ਨੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਇਹ ਚੋਣ ਹਾਰ ਗਈ ਹੈ। ਇਸ ਲਈ ਨੈਤਿਕ ਆਧਾਰ ‘ਤੇ ਉਹ ਹੁਣ ਕਿਸੇ ਮਾਮਲੇ ਵਿਚ ਦਖਲ ਨਹੀਂ ਦੇ ਰਹੇ ਪਰ ਇਥੋਂ ਸਿੱਖ ਧਰਮ ਦਾ ਪ੍ਰਚਾਰ ਬੰਦ ਕੀਤਾ ਜਾ ਰਿਹਾ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਡਾæ ਦਲਜੀਤ ਸਿੰਘ ਚੀਮਾ ਨੇ ਸ਼ ਸਰਨਾ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਫਿਲਹਾਲ ਨਵੀਂ ਕਮੇਟੀ ਦਾ ਗਠਨ ਨਹੀਂ ਹੋਇਆ ਹੈ। ਇਸ ਲਈ ਗੁਰਦੁਆਰਾ ਪ੍ਰਬੰਧ ਵਿਚ ਕੋਈ ਬਦਲਾਅ ਕਰਨ ਦਾ ਮਤਲਬ ਹੀ ਨਹੀਂ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਨਵੇਂ ਬਦਲਾਅ ਲਿਆਂਦੇ ਜਾਣਗੇ।
ਇਸ ਮਾਮਲੇ ਵਿਚ ਜੇ ਦਿੱਲੀ ਕਮੇਟੀ ਵਲੋਂ ਹੋਰ ਕਥਾ ਵਾਚਕ ਤੇ ਪ੍ਰਚਾਰਕ ਭੇਜਣ ਲਈ ਅਪੀਲ ਕੀਤੀ ਜਾਵੇਗੀ ਤਾਂ ਉਹ ਜ਼ਰੂਰ ਭੇਜਣਗੇ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਵਿਚ ਪ੍ਰਬੰਧਾਂ ਨੂੰ ਵਧੇਰੇ ਸੁਚਾਰੂ ਤੇ ਪਾਰਦਰਸ਼ੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਹਰ ਸੰਭਵ ਮਦਦ ਮੁਹੱਈਆ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਦਿੱਲੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਤੋਂ ਹੋਰ ਵੀ ਕਥਾ ਵਾਚਕ ਤੇ ਪ੍ਰਚਾਰਕ ਪ੍ਰਚਾਰ ਲਈ ਸੱਦੇ ਜਾਣਗੇ। ਉਨ੍ਹਾਂ ਆਖਿਆ ਕਿ ਇਸ ਪਿੱਛੇ ਮੁੱਖ ਮੰਤਵ ਕਥਾ ਵਿਆਖਿਆ ਰਾਹੀਂ ਗੁਰਬਾਣੀ ਦਾ ਸੰਦੇਸ਼ ਘਰ-ਘਰ ਪਹੁੰਚਾਉਣਾ ਹੈ ਤੇ ਸਿੱਖੀ ਦਾ ਪ੍ਰਚਾਰ ਕਰਨਾ ਹੈ।
_______________________________________
ਨਾਨਕਸ਼ਾਹੀ ਕੈਲੰਡਰ ਅਨੁਸਾਰ ਕਾਰ-ਵਿਹਾਰ ਕਰਨ ਦੀ ਅਪੀਲ
ਅੰਮ੍ਰਿਤਸਰ: ਨਾਨਕਸ਼ਾਹੀ ਸੰਮਤ 545 ਦੇ ਵਰ੍ਹੇ 2013-14 ਲਈ ਨਾਨਕਸ਼ਾਹੀ ਕੈਲੰਡਰ ਤੇ ਜੰਤਰੀ ਜਾਰੀ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਵੱਲੋਂ ਵੀ ਇਸੇ ਕੈਲੰਡਰ ਨੂੰ ਲਾਗੂ ਕੀਤਾ ਜਾਵੇਗਾ। ਉਨ੍ਹਾਂ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਿੱਜੀ ਕਾਰ-ਵਿਹਾਰ, ਵਿਆਹ-ਸ਼ਾਦੀਆਂ ਸਮੇਤ ਪ੍ਰਕਾਸ਼ ਪੁਰਬ, ਸ਼ਹੀਦੀ ਦਿਹਾੜੇ, ਸੰਗਰਾਂਦਾਂ ਤੇ ਮੱਸਿਆ ਇਸੇ ਕੈਲੰਡਰ ਅਨੁਸਾਰ ਮਨਾਉਣ। ਨਾਨਕਸ਼ਾਹੀ ਸੰਮਤ 545 ਦਾ ਨਵਾਂ ਵਰ੍ਹਾ 14 ਮਾਰਚ ਤੋਂ ਆਰੰਭ ਹੋ ਰਿਹਾ ਹੈ। ਇਸ ਬਾਰੇ ਨਵਾਂ ਕੈਲੰਡਰ ਤੇ ਨਵੀਂ ਜੰਤਰੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਜਾਰੀ ਕੀਤੀ ਗਈ। ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ ਨਾਨਕਸ਼ਾਹੀ ਕੈਲੰਡਰ ਸੋਧਾਂ ਉਪਰੰਤ ਸ੍ਰੀ ਅਕਾਲ ਤਖ਼ਤ ਵੱਲੋਂ ਪ੍ਰਵਾਨਤ ਕੀਤਾ ਗਿਆ ਹੈ ਤੇ ਇਸ ਨੂੰ ਪ੍ਰਵਾਨਗੀ ਦੇਣ ਸਮੇਂ ਸਾਰੇ ਸਿੰਘ ਸਾਹਿਬਾਨ ਨੇ ਸਹਿਮਤੀ ਪੱਤਰ ‘ਤੇ ਦਸਤਖ਼ਤ ਕੀਤੇ ਸਨ।
ਸ੍ਰੀ ਅਕਾਲ ਤਖ਼ਤ ਵੱਲੋਂ ਪ੍ਰਵਾਨਗੀ ਉਪਰੰਤ ਜਾਰੀ ਨਾਨਕਸ਼ਾਹੀ ਕੈਲੰਡਰ ਨੂੰ ਸਮੁੱਚੀ ਸਿੱਖ ਕੌਮ ਨੇ ਵੀ ਪ੍ਰਵਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਸਰਨਾ ਧੜੇ ਵੱਲੋਂ ਕੁਝ ਮੁੱਦਿਆਂ ‘ਤੇ ਇਸ ਕੈਲੰਡਰ ਦਾ ਵਿਰੋਧ ਕੀਤਾ ਗਿਆ ਸੀ ਜਿਸ ਨੂੰ ਸਿੱਖ ਸੰਗਤ ਨੇ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਾਂਗ ਹੁਣ ਨਵੇਂ ਚੁਣੇ ਦਿੱਲੀ ਕਮੇਟੀ ਦੇ ਮੈਂਬਰਾਂ ਨੇ ਐਲਾਨ ਕੀਤਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਨੂੰ ਸਮਰਪਤ ਹਨ ਤੇ ਸ੍ਰੀ ਅਕਾਲ ਤਖ਼ਤ ਦੇ ਹਰ ਹੁਕਮ ਨੂੰ ਮੰਨਦਿਆਂ ਇੰਨ-ਬਿੰਨ ਲਾਗੂ ਕਰਨਗੇ।
ਉਨ੍ਹਾਂ ਆਖਿਆ ਕਿ ਜੇਕਰ ਕਿਸੇ ਵਿਅਕਤੀ ਵਿਸ਼ੇਸ਼ ਜਾਂ ਸਿੱਖ ਸੰਸਥਾ ਨੂੰ ਇਸ ਬਾਰੇ ਕੋਈ ਇਤਰਾਜ਼ ਹੈ ਤਾਂ ਉਹ ਆਪਣੇ ਇਤਰਾਜ਼ ਸ੍ਰੀ ਅਕਾਲ ਤਖ਼ਤ ਵਿਖੇ ਭੇਜ ਸਕਦਾ ਹੈ। ਉਨ੍ਹਾਂ ਦੇ ਇਤਰਾਜ਼ਾਂ ‘ਤੇ ਇਸ ਬਾਰੇ ਬਣੀ ਹੋਈ ਕਮੇਟੀ ਵੱਲੋਂ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਇਸ ਕੈਲੰਡਰ ਮੁਤਾਬਕ ਦਿਨ-ਦਿਹਾੜੇ ਮਨਾਉਣ ਦੀ ਅਪੀਲ ਕੀਤੀ।
________________________________________
ਹੁਣ ਸ਼੍ਰੋਮਣੀ ਕਮੇਟੀ ਕਰੇਗੀ ਗੁਰਦੁਆਰਾ ਡੇਹਰਾ ਸਾਹਿਬ ਦੀ ਸੇਵਾ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਔਕਾਫ਼ ਬੋਰਡ ਵੱਲੋਂ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਇਮਾਰਤ ਦੀ ਕਾਰ ਸੇਵਾ ਜੋ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੂੰ ਸੌਂਪੀ ਗਈ ਸੀ, ਹੁਣ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਦਿੱਲੀ ਕਮੇਟੀ ਦੀਆਂ ਆਮ ਚੋਣਾਂ ਵਿਚ ਸਰਨਾ ਧੜੇ ਦੀ ਹਾਰ ਤੋਂ ਬਾਅਦ ਪਾਕਿਸਤਾਨ ਔਕਾਫ਼ ਬੋਰਡ ਵੱਲੋਂ ਸ਼੍ਰੋਮਣੀ ਕਮੇਟੀ ਵੱਲ ਨੇੜਤਾ ਦਾ ਹੱਥ ਵਧਾਉਣਾ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਔਕਾਫ਼ ਬੋਰਡ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁਕਾਬਲੇ ਦਿੱਲੀ ਕਮੇਟੀ ਨੂੰ ਵਧੇਰੇ ਤਰਜੀਹ ਦਿੱਤੀ ਜਾਂਦੀ ਰਹੀ ਹੈ। ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਦੇਸ਼ ਦੀ ਵੰਡ ਤੋਂ ਪਹਿਲਾਂ ਉਨ੍ਹਾਂ ਸਾਰੇ ਗੁਰਧਾਮਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਚਲਾਇਆ ਜਾਂਦਾ ਸੀ। ਦੇਸ਼ ਦੀ ਵੰਡ ਤੋਂ ਬਾਅਦ ਵੀ ਲੰਮਾ ਸਮਾਂ ਸ਼੍ਰੋਮਣੀ ਕਮੇਟੀ ਹੀ ਪਾਕਿਸਤਾਨ ਦੇ ਗੁਰਧਾਮਾਂ ਦੀ ਸਾਂਭ-ਸੰਭਾਲ ਕਰਦੀ ਰਹੀ ਹੈ ਪਰ 1999 ਵਿਚ ਔਕਾਫ਼ ਬੋਰਡ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਗਠਨ ਕਰਕੇ ਇਹ ਹੱਕ ਖੋਹ ਲਏ ਗਏ ਸਨ।
ਰੋਸ ਵਜੋਂ ਉਸ ਵੇਲੇ ਸ਼੍ਰੋਮਣੀ ਕਮੇਟੀ ਨੇ ਜਥੇ ਭੇਜਣੇ ਬੰਦ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਔਕਾਫ਼ ਬੋਰਡ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਨੂੰ ਸੌਂਪੀ ਗਈ ਕਾਰ ਸੇਵਾ ਦਿੱਲੀ ਕਮੇਟੀ ਦੇ ਪ੍ਰਧਾਨ ਵਜੋਂ ਸੌਂਪੀ ਗਈ ਸੀ ਤੇ ਹੁਣ ਵੀ ਇਹ ਸੇਵਾ ਦਿੱਲੀ ਕਮੇਟੀ ਵੱਲੋਂ ਹੀ ਕਰਵਾਈ ਜਾਵੇਗੀ ਪਰ ਇਹ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਹੇਠ ਹੋਵੇਗੀ।

Be the first to comment

Leave a Reply

Your email address will not be published.