ਬਹਿਬਲ ਕਾਂਡ: ਪੰਥਕ ਆਗੂਆਂ ਵਲੋਂ ਕੈਪਟਨ ਸਰਕਾਰ ਨੂੰ ਘੇਰਾ

ਕੋਟਕਪੂਰਾ: ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲਿਆਂ ਅਤੇ 2015 ਵਿਚ ਬਹਿਬਲ ਕਲਾਂ ਵਿਚ ਪੰਜਾਬ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਦੋ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ ਨਾ ਮਿਲਣ ਦੇ ਰੋਸ ਵਜੋਂ ਸਿੱਖ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਵਿਰੁੱਧ ਤਿੰਨ ਘੰਟੇ ਰੋਸ ਪ੍ਰਦਰਸ਼ਨ ਕੀਤਾ।

ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਸਰਬੱਤ ਖਾਲਸਾ ਵੱਲੋਂ ਥਾਪੇ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਤਖਤ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਤਖਤ ਕੇਸਗੜ੍ਹ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਕੀਤੀ। ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿਚ ਸੰਗਤ ਨੇ ਕਾਲੀ ਝੰਡੀਆਂ ਨਾਲ ਰੋਸ ਪ੍ਰਗਟਾਇਆ।
ਇਸ ਮੌਕੇ ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿਚ ਪਹਿਲਾਂ ਅਕਾਲੀ-ਭਾਜਪਾ ਸਰਕਾਰ ਤੇ ਹੁਣ ਕੈਪਟਨ ਸਰਕਾਰ ਸਿਆਸਤ ਕਰ ਰਹੀ ਹੈ। ਉਨ੍ਹਾਂ ਕੈਪਟਨ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਆਖਿਆ ਕਿ ਕੈਪਟਨ ਨੇ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਪੰਜਾਬ ਦੀ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਕਾਬੂ ਕਰ ਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਣਗੇ, ਪਰ ਸੱਤਾ ਵਿਚ ਆਉਣ ਤੋਂ ਬਾਅਦ ਉਹ ਇਸ ਮਸਲੇ ਤੋਂ ਮੂੰਹ ਮੋੜ ਗਏ। ਆਗੂਆਂ ਨੇ ਦੱਸਿਆ ਕਿ ਉਹ ਇਸ ਮਾਮਲੇ ਸਬੰਧੀ 27 ਅਕਤੂਬਰ ਨੂੰ ਮੁੱਖ ਮੰਤਰੀ ਨੂੰ ਮਿਲਣਗੇ। 21 ਮੈਂਬਰੀ ਵਫਦ ਨੂੰ ਮੁੱਖ ਮੰਤਰੀ ਤੋਂ 2 ਘੰਟਿਆਂ ਤੱਕ ਦਾ ਸਮਾਂ ਮਿਲਿਆ ਹੈ। ਇਸ ਮੁਲਾਕਾਤ ਦੌਰਾਨ ਉਹ ਪੰਥਕ ਮਸਲਿਆਂ ਦੇ ਹੱਲ ਲਈ ਮੁੱਖ ਮੰਤਰੀ ‘ਤੇ ਠੋਸ ਕਾਰਵਾਈ ਲਈ ਜ਼ੋਰ ਪਾਉਣਗੇ। ਪੰਥਕ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਇਨ੍ਹਾਂ ਮਸਲਿਆਂ ‘ਤੇ ਕਾਰਵਾਈ ਨਾ ਕੀਤੀ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
_____________________________________
ਸ਼੍ਰੋਮਣੀ ਕਮੇਟੀ ਦੀ ਬਾਦਲਾਂ ਤੋਂ ‘ਮੁਕਤੀ’ ਲਈ ਰਣਨੀਤੀ
ਸ੍ਰੀ ਮੁਕਤਸਰ ਸਾਹਿਬ: ਅਖੰਡ ਅਕਾਲੀ ਦਲ 1920 ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਤੋਂ ‘ਮੁਕਤ’ ਕਰਾਉਣ ਲਈ ਰਣਨੀਤੀ ਉਲੀਕੀ ਹੈ। ਇਸ ਤਹਿਤ ਦਲ ਦੇ ਸਰਪ੍ਰਸਤ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਤੇ ਪ੍ਰਧਾਨ ਰਵੀਇੰਦਰ ਸਿੰਘ ਨੇ ਪੰਜਾਬ ਭਰ ਵਿਚ ਅਹੁਦੇਦਾਰ ਥਾਪਣ ਅਤੇ ਪਿੰਡ ਪਿੰਡ ਪਹੁੰਚ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਰਵੀਇੰਦਰ ਸਿੰਘ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਬਾਦਲ ਪਰਿਵਾਰ ਦੇ ਮੁਲਾਜ਼ਮ ਬਣ ਕੇ ਰਹਿ ਗਏ ਹਨ। ਜੇ ਇਹ ਸਿਲਸਿਲਾ ਜਾਰੀ ਰਿਹਾ ਤਾਂ ਸਿੱਖ ਧਰਮ ਲਈ ਖਤਰਾ ਪੈਦਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਅਖੰਡ ਅਕਾਲੀ ਦਲ 1920 ਹੁਣ ਸ਼੍ਰੋਮਣੀ ਕਮੇਟੀ ਲਈ ਨੈਤਿਕ ਅਤੇ ਉਚੇ-ਸੁੱਚੇ ਕਿਰਦਾਰ ਵਾਲੇ ਆਗੂ ਲੈ ਕੇ ਆਵੇਗਾ। ਉਹ ਭਵਿੱਖ ਵਿਚ ਸਿੱਖ ਵਿਦਵਾਨਾਂ ਨਾਲ ਹਰਿਮੰਦਰ ਸਾਹਿਬ ਵਿਖੇ ਬੀਬੀਆਂ ਦੇ ਕੀਰਤਨ ਕਰਨ, ਦਸਮ ਗ੍ਰੰਥ ਤੇ ਨਾਨਕਸ਼ਾਹੀ ਕੈਲੰਡਰ ਵਰਗੇ ਵਿਵਾਦਾਂ ਦੇ ਹੱਲ ਬਾਰੇ ਮਸ਼ਵਰਾ ਕਰਨਗੇ।
____________________________________
ਰਣਜੀਤ ਕਮਿਸ਼ਨ ਵੱਲੋਂ ਉਮਰਾਨੰਗਲ ਤੋਂ ਪੁੱਛ-ਪੜਤਾਲ
ਚੰਡੀਗੜ੍ਹ: ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਇੰਸਪੈਕਟਰ ਜਨਰਲ ਪਰਮਰਾਜ ਉਮਰਾਨੰਗਲ ਤੋਂ ਬਹਿਬਲ ਗੋਲੀ ਕਾਂਡ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਬਾਰੇ ਤਿੰਨੇ ਘੰਟੇ ਪੁੱਛ-ਪੜਤਾਲ ਕੀਤੀ। ਕਮਿਸ਼ਨ ਨੇ ਮੋਗਾ ਦੇ ਤਤਕਾਲੀ ਐਸ਼ਐਸ਼ਪੀæ ਚਰਨਜੀਤ ਸ਼ਰਮਾ ਨੂੰ 30 ਅਕਤੂਬਰ ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਚੋਣ ਵਾਅਦੇ ਅਨੁਸਾਰ ਧਾਰਮਿਕ ਗ੍ਰੰਥਾਂ ਦੀ ਬੇਅਬਦੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਉਚ ਪੱਧਰੀ ਜਾਂਚ ਕਰਵਾਉਣ ਲਈ ਇਸ ਸਾਲ 14 ਅਪਰੈਲ ਨੂੰ ਜਸਟਿਸ ਰਣਜੀਤ ਸਿੰਘ ਦੀ ਅਗਵਾਈ ਹੇਠ ਕਮਿਸ਼ਨ ਕਾਇਮ ਕੀਤਾ ਸੀ।