ਪ੍ਰਕਾਸ਼ ਪੁਰਬ ਮੌਕੇ ਬਾਬੇ ਨਾਨਕ ਨੂੰ ਅਕੀਦਤ

ਸ੍ਰੀ ਨਨਕਾਣਾ ਸਾਹਿਬ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰ ਪੁਰਬ ਦੀਆਂ ਰੌਣਕਾਂ ਰਹੀਆਂ। ਸ੍ਰੀ ਅਖੰਡ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਲਾਹੌਰ ਤੋਂ ਗੁਰੂ ਘਰ ਦੇ ਸ਼ਰਧਾਲੂ ਸਈਅਦ ਜ਼ਮੀਲ ਅੱਬਾਸ ਵੱਲੋਂ ਗੁਰਦੁਆਰਾ ਸ੍ਰੀ ਜਨਮ ਅਸਥਾਨ ਤੋਂ ਗੁਰਦੁਆਰਾ ਕਿਆਰਾ ਸਾਹਿਬ ਦੇ ਲਗਭਗ ਡੇਢ ਕਿਲੋਮੀਟਰ ਨਗਰ ਕੀਰਤਨ ਦੇ ਰਸਤੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਸਵਾਰੀ ਲਈ ਰੈੱਡ ਕਾਰਪਿਟ ਵਿਛਾਏ ਗਏ।

ਇਸ ਦੇ ਇਲਾਵਾ ਸਮੁੱਚੇ ਨਗਰ ਕੀਰਤਨ ਦੇ ਰਸਤੇ ਸੰਗਤ ਵਾਸਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਨਗਰ ਕੀਰਤਨ ਵਿਚ ਗੁਰੂ ਗ੍ਰੰਥ ਸਾਹਿਬ ਦੀ ਸਵਾਰੀ ਲਈ ਇੰਗਲੈਂਡ ਦੀ ਸੰਗਤ ਵੱਲੋਂ ਭੇਟ ਕੀਤੀ ਗਈ ਪਾਲਕੀ ਬੱਸ ਨੂੰ ਰੰਗ ਬਿਰੰਗੇ ਖੂਬਸੂਰਤ ਫੁੱਲਾਂ ਅਤੇ ਹਾਰਾਂ ਨਾਲ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ-ਛੇਵੀਂ ਪਾਤਸ਼ਾਹੀ ਅਤੇ ਗੁਰਦੁਆਰਾ ਮਾਲ ਜੀ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਪੁੱਜਾ। ਨਗਰ ਕੀਰਤਨ ਦੇ ਗੁਰਦੁਆਰਾ ਕਿਆਰਾ ਸਾਹਿਬ ਪੁੱਜਣ ਉਪਰੰਤ ਅਰਦਾਸ ਕੀਤੀ ਗਈ ਅਤੇ ਉਥੇ ਥੋੜ੍ਹੀ ਦੇਰ ਰੁਕਣ ਤੋਂ ਬਾਅਦ ਇਸੇ ਰਸਤੇ ਨਗਰ ਕੀਰਤਨ ਵਾਪਸ ਗੁਰਦੁਆਰਾ ਸ੍ਰੀ ਜਨਮ ਸਥਾਨ ਵਿਖੇ ਪਹੁੰਚ ਕੇ ਸਮਾਪਤ ਹੋਇਆ।
ਗੁਰਦੁਆਰਾ ਸਾਹਿਬ ਦੇ ਅੰਦਰ ਬਾਹਰ ਜਾਣ ਵਾਲੇ ਰਸਤਿਆਂ ਅਤੇ ਜ਼ਿਲ੍ਹੇ ਦੀਆਂ ਪ੍ਰਮੁੱਖ ਸੜਕਾਂ ‘ਤੇ ਯਾਤਰੂਆਂ ਦੀ ਸੁਰੱਖਿਆ ਲਈ ਪੁਲਿਸ ਪ੍ਰਸ਼ਾਸਨ ਤੇ ਰੇਂਜਰਾਂ ਵੱਲੋਂ ਸਖਤ ਪ੍ਰਬੰਧ ਕੀਤੇ ਗਏ।
ਚੇਅਰਮੈਨ ਸਦੀਕ ਉਲ ਫਾਰੂਕ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 548ਵੇਂ ਪ੍ਰਕਾਸ਼ ਉਤਸਵ ਮੌਕੇ ਪਾਕਿਸਤਾਨ ਪਹੁੰਚੀ ਸੰਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਦੇ ਸ਼ਾਂਤੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਅਮਲ ‘ਚ ਲਿਆਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤ ਨੇ ਨਤਮਸਤਕ ਹੋ ਕੇ ਪਹਿਲੇ ਪਾਤਸ਼ਾਹ ਨੂੰ ਅਕੀਦਤ ਭੇਟ ਕੀਤੀ। ਅੰਮ੍ਰਿਤ ਵੇਲੇ ਤੋਂ ਹੀ ਪੁੱਜੀਆਂ ਸੰਗਤਾਂ ਨੇ ਪਾਵਨ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ। ਭਾਈ ਹਰਮਿੱਤਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੱਲੋਂ ਸੰਗਤ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
___________________________________
ਕਰਤਾਰਪੁਰ ਸਾਹਿਬ ਲਈ ਬਿਨਾ ਵੀਜ਼ਾ ਲਾਂਘੇ ਦੀ ਮੰਗ
ਅੰਮ੍ਰਿਤਸਰ: ਤਖਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਦੱਸਿਆ ਕਿ ਉਨ੍ਹਾਂ ਪਾਕਿਸਤਾਨ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘਾ ਬਿਨਾਂ ਵੀਜ਼ੇ ਇਕ ਮਹੀਨੇ ਲਈ ਖੋਲ੍ਹਿਆ ਜਾਵੇ। ਪਾਕਿਸਤਾਨ ਤੋਂ ਪਰਤੇ ਸ਼ ਸਰਨਾ ਨੇ ਹਰਿਮੰਦਰ ਸਾਹਿਬ ਮੱਥਾ ਟੇਕਣ ਮਗਰੋਂ ਗੱਲਬਾਤ ਦੌਰਾਨ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਮਾਮਲੇ ‘ਤੇ ਹੁੰਗਾਰਾ ਭਰਿਆ ਹੈ ਤੇ ਹੁਣ ਉਹ ਕੇਂਦਰੀ ਵਿਦੇਸ਼ ਮੰਤਰੀ ਨਾਲ ਇਸ ਸਬੰਧੀ ਗੱਲ ਕਰਨਗੇ।