ਚੰਡੀਗੜ੍ਹ (ਪੰਜਾਬ ਟਾਈਮਜ਼ ਬਿਊਰੋ): ਫਰਾਂਸ ਵਿਚ ਸਿੱਖ ਵਿਦਿਆਰਥੀਆਂ ਦੇ ਪਗੜੀ ਬੰਨ੍ਹਣ ‘ਤੇ ਲੱਗੀ ਰੋਕ ਦੇ ਮਾਮਲੇ ਨੂੰ ਹੱਲ ਕਰਨ ਲਈ ਭਾਰਤ ਸਰਕਾਰ ਗੰਭੀਰ ਨਜ਼ਰ ਨਹੀਂ ਆ ਰਹੀ। ਇਸ ਗੱਲ ਦੀ ਪੁਸ਼ਟੀ ਲੰਘੇ ਦਿਨ ਫਰਾਂਸ ਦੇ ਰਾਸ਼ਟਰਪਤੀ ਫਰਾਂਸਵਾ ਔਲਾਂਦ ਦੀ ਭਾਰਤ ਫੇਰੀ ਦੌਰਾਨ ਹੋਈ। ਸ਼੍ਰੋਮਣੀ ਕਮੇਟੀ ਸਣੇ ਸਿੱਖ ਜਥੇਬੰਦੀਆਂ ਨੇ ਭਾਰਤ ਸਰਕਾਰ ਨੂੰ ਪਹਿਲਾਂ ਹੀ ਬੇਨਤੀ ਕੀਤੀ ਸੀ ਕਿ ਇਹ ਮਾਮਲਾ ਫਰਾਂਸ ਦੇ ਰਾਸ਼ਟਰਪਤੀ ਕੋਲ ਉਠਾਇਆ ਜਾਵੇ, ਪਰ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇਸ ਬਾਰੇ ਕੋਈ ਖਾਸ ਸਰਗਰਮੀ ਨਹੀਂ ਵਿਖਾਈ।
ਉਂਜ, ਇਸ ਬਾਰੇ ਸਿੱਖ ਭਾਈਚਾਰੇ ਦੇ ਰੋਸ ਨੂੰ ਵੇਖਦਿਆਂ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਫਰਾਂਸਵਾ ਔਲਾਂਦੇ ਵਿਚਾਲੇ ਹੋਈ ਮੀਟਿੰਗ ਤੋਂ ਚਾਰ ਦਿਨ ਬਾਅਦ ਭਾਰਤ ਸਰਕਾਰ ਨੇ ਦਾਅਵਾ ਕੀਤਾ ਕਿ ਫਰਾਂਸ ਵਿਚ ਪੱਗ ਬੰਨ੍ਹਣ ‘ਤੇ ਪਾਬੰਦੀ ਦਾ ਮੁੱਦਾ ਫਰਾਂਸ ਦੇ ਰਾਸ਼ਟਰਪਤੀ ਕੋਲ ਉਠਾਇਆ ਸੀ। ਹੈਰਾਨੀ ਦੀ ਗੱਲ ਹੈ ਕਿ ਚਾਰ ਦਿਨ ਤੱਕ ਪ੍ਰਧਾਨ ਮੰਤਰੀ ਦਾ ਦਫਤਰ ਇਸ ਬਾਰੇ ਖਾਮੋਸ਼ ਰਿਹਾ ਤੇ ਫਿਰ ਇਕਦਮ ਗੱਲਬਾਤ ਹੋਣ ਦਾ ਦਾਅਵਾ ਕਰ ਦਿੱਤਾ ਗਿਆ। ਇਸ ‘ਤੇ ਸਿੱਖ ਜਥੇਬੰਦੀਆਂ ਨੇ ਸ਼ੱਕ ਜ਼ਾਹਿਰ ਕੀਤਾ ਹੈ।
ਪ੍ਰਧਾਨ ਮੰਤਰੀ ਦੇ ਦਫ਼ਤਰ ਵੱਲੋਂ ਜਾਰੀ ਸੂਚਨਾ ਵਿਚ ਕਿਹਾ ਗਿਆ ਕਿ ਸਰਕਾਰ ਵੱਲੋਂ ਸਿੱਖ ਭਾਈਚਾਰੇ ਲਈ ਪੱਗ ਦੇ ਮਹੱਤਵ ਤੋਂ ਫਰਾਂਸ ਦੇ ਰਾਸ਼ਟਰਪਤੀ ਨੂੰ ਜਾਣੂ ਕਰਾਇਆ ਗਿਆ ਹੈ। ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਸ੍ਰੀ ਔਲਾਂਦੇ ਨੇ ਪ੍ਰਧਾਨ ਮੰਤਰੀ ਦੀ ਗੱਲ ਨੂੰ ਬਹੁਤ ਧਿਆਨ ਨਾਲ ਸੁਣਿਆ ਤੇ ਭਰੋਸਾ ਦਿੱਤਾ ਹੈ ਕਿ ਉਹ ਦੇਸ਼ ਪਰਤ ਕੇ ਸਬੰਧਤ ਅਧਿਕਾਰੀਆਂ ਨਾਲ ਪੱਗ ਦੇ ਮੁੱਦੇ ਉਪਰ ਸੰਜੀਦਗੀ ਨਾਲ ਵਿਚਾਰ ਕਰਨਗੇ।
ਜ਼ਿਕਰਯੋਗ ਹੈ ਕਿ ਫਰਾਂਸ ਦੇ ਸਰਕਾਰੀ ਸਕੂਲਾਂ ਵਿਚ ਸਿੱਖ ਵਿਦਿਆਰਥੀਆਂ ਦੇ ਪਗੜੀ ਬੰਨ੍ਹਣ ‘ਤੇ ਲਾਈ ਪਾਬੰਦੀ ਦੇ ਮੱਦੇਨਜ਼ਰ ਦਿੱਲੀ ਦੇ ਸਿੱਖ ਵਿਦਿਆਰਥੀਆਂ ਤੇ ਸਮਾਜਕ-ਸਿਆਸੀ ਸੰਗਠਨਾਂ ਨੇ ਭਾਰਤ ਦੇ ਦੌਰੇ ‘ਤੇ ਆਏ ਫਰਾਂਸ ਦੇ ਰਾਸ਼ਟਰਪਤੀ ਦੇ ਵਿਰੋਧ ਵਿਚ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਅਤੇ ਯੂਨਾਈਟਿਡ ਸਿੱਖਸ ਦੇ ਨੁਮਾਇੰਦਿਆਂ ਨੇ ਪਗੜੀ ਮਸਲੇ ਬਾਰੇ ਜਾਣਕਾਰੀ ਦਿੱਤੀ ਤੇ ਭਾਰਤ ਸਰਕਾਰ ਵੱਲੋਂ ਫਰਾਂਸ ਕੋਲ ਇਸ ਮਾਮਲੇ ਦੀ ਪੈਰਵੀ ਨਾ ਕਰਨ ਦੀ ਆਲੋਚਨਾ ਕੀਤੀ। ਸਿੱਖ ਜਥੇਬੰਦੀਆਂ ਨੇ ਅਫ਼ਸੋਸ ਜਾਹਰ ਕੀਤਾ ਕਿ ਭਾਰਤ ਦਾ ਪ੍ਰਧਾਨ ਮੰਤਰੀ ਸਿੱਖ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਅਹਿਮ ਮਾਮਲੇ ‘ਤੇ ਢਿੱਲੀ ਜਿਹੀ ਨੀਤੀ ਅਪਨਾਈ ਜਾ ਰਹੀ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਫਰਾਂਸ ਦਾ ਸੰਵਿਧਾਨ ਆਜ਼ਾਦੀ, ਆਪਸੀ ਭਾਈਚਾਰੇ ਤੇ ਬਰਾਬਰੀ ਦੇ ਆਦਰਸ਼ਾਂ ‘ਤੇ ਆਧਾਰਤ ਹੈ। ਅਜਿਹੇ ਹਾਲਾਤ ਵਿਚ ਫਰਾਂਸ ਵੱਲੋਂ ਆਪਣੇ ਸਰਕਾਰੀ ਸਕੂਲਾਂ ਵਿਚ ਪਗੜੀ ਤੇ ਹੋਰ ਧਾਰਮਿਕ ਚਿੰਨ੍ਹਾਂ ਦੇ ਪਹਿਨਣ ‘ਤੇ ਪਾਬੰਦੀ ਲਾਉਣ ਨਾਲ ਦੁਨੀਆਂ ਭਰ ਦੇ ਸਿੱਖਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਫਰਾਂਸ ਵੱਲੋਂ ਪਗੜੀ ਨੂੰ ਸੁਰੱਖਿਆ ਲਈ ਖਤਰਾ ਮੰਨਣ ਵਾਲੀ ਵਸਤੂਆਂ ਵਿਚ ਸ਼ਾਮਲ ਕਰਨ ਨਾਲ ਸਿੱਖਾਂ ਦੀ ਧਾਰਮਿਕ ਆਜ਼ਾਦੀ ਦੇ ਅਧਿਕਾਰ ਨੂੰ ਭਾਰੀ ਸੱਟ ਵੱਜੀ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਪਹਿਲੇ ਤੇ ਦੂਜੇ ਵਿਸ਼ਵ ਯੁੱਧ ਦੌਰਾਨ ਹਜ਼ਾਰਾਂ ਪਗੜੀਧਾਰੀ ਸਿੱਖ ਸਿਪਾਹੀਆਂ ਨੇ ਫਰਾਂਸ ਦੀ ਆਜ਼ਾਦੀ ਲਈ ਸ਼ਹੀਦੀਆਂ ਦਿੱਤੀਆਂ ਤੇ ਅੱਜ ਵੀ ਸੰਯੁਕਤ ਰਾਸ਼ਟਰ ਦੀ ਸ਼ਾਂਤੀ ਸੈਨਾ ਵਿਚ ਪਗੜੀਧਾਰੀ ਸਿੱਖ ਸੈਨਿਕ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਲਈ ਫਰਾਂਸ ਨੂੰ ਆਪਣੇ ਸਰਕਾਰੀ ਸਕੂਲਾਂ ਵਿਚੋਂ ਸਿੱਖ ਵਿਦਿਆਰਥੀਆਂ ਦੇ ਪਗੜੀ ਬੰਨ੍ਹਣ ‘ਤੇ ਲਾਈ ਪਾਬੰਦੀ ਨੂੰ ਤੁਰੰਤ ਖਤਮ ਕਰ ਦੇਣਾ ਚਾਹੀਦਾ ਹੈ।
Leave a Reply