ਮੀਕਾ ਸਿੰਘ ਦਾ ਕੀਰਤਨ ਸੁਣ ਕੇ ਘਿਰੇ ਜਥੇਦਾਰ

ਅੰਮ੍ਰਿਤਸਰ: ਮੁੰਬਈ ਵਿਚ ਇਕ ਸਿੱਖ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪਤਿਤ ਸਿੱਖ ਗਾਇਕ ਮੀਕਾ ਸਿੰਘ ਕੋਲੋਂ ਗੁਰਬਾਣੀ ਦਾ ਕੀਰਤਨ ਕਰਾ ਕੇ ਸਿੱਖ ਰਹਿਤ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਭਖ ਗਿਆ ਹੈ। ਸਮਾਗਮ ਵਿਚ ਤਿੰਨ ਤਖਤਾਂ ਦੇ ਜਥੇਦਾਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅਧਿਕਾਰੀ ਵੀ ਹਾਜ਼ਰ ਸਨ।

ਵਿਰੋਧ ਕਰ ਰਹੀਆਂ ਸਿੱਖ ਧਿਰਾਂ ਨੇ ਮੰਗ ਕੀਤੀ ਹੈ ਕਿ ਜਥੇਦਾਰ ਇਸ ਉਲੰਘਣਾ ਲਈ ਸਿੱਖ ਕੌਮ ਕੋਲੋਂ ਮੁਆਫੀ ਮੰਗਣ। ਇਹ ਗੁਰਮਤਿ ਸਮਾਗਮ ਉਂਜ ਵੀ ਮੂਲ ਨਾਨਕਸ਼ਾਹੀ ਕੈਲੰਡਰ ਵਿਚ ਸ਼ਾਮਲ ਪ੍ਰਕਾਸ਼ ਪੁਰਬ ਦੀ ਮਿਤੀ ਮੁਤਾਬਕ ਮਨਾਇਆ ਗਿਆ ਹੈ, ਜਿਸ ਨੂੰ ਅਕਾਲ ਤਖਤ ਤੋਂ ਸੋਧਿਆ ਜਾ ਚੁਕਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਉਸ ਨੂੰ ਅਪਨਾਇਆ ਜਾ ਚੁਕਾ ਹੈ।
ਇਸ ਸਬੰਧੀ ਸੋਸ਼ਲ ਮੀਡੀਆ ਉਤੇ ਸਿੱਖ ਧਾਰਮਿਕ ਆਗੂਆਂ ਦੀ ਵੱਡੀ ਆਲੋਚਨਾ ਹੋ ਰਹੀ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਆਖਿਆ ਕਿ ਸਮਾਗਮ ਵਿਚ ਤਿੰਨ ਤਖਤਾਂ ਦੇ ਜਥੇਦਾਰ ਜਿਨ੍ਹਾਂ ਵਿਚ ਅਕਾਲ ਤਖਤ, ਤਖਤ ਹਜ਼ੂਰ ਸਾਹਿਬ ਤੇ ਤਖਤ ਪਟਨਾ ਸਾਹਿਬ ਦੇ ਜਥੇਦਾਰ ਸ਼ਾਮਲ ਸਨ, ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਮੁੱਖ ਸਕੱਤਰ ਡਾæ ਰੂਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਸਿੱਖ ਰਹਿਤ ਮਰਿਆਦਾ ਤੇ ਸਿਧਾਂਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ। ਸਮਾਗਮ ਦਾ ਸਿੱਧਾ ਪ੍ਰਸਾਰਨ ਵੀ ਇਕ ਟੀæ ਵੀæ ਚੈਨਲ ਉਤੇ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਮਾਗਮ ਵਿਚ ਇਨ੍ਹਾਂ ਧਾਰਮਿਕ ਆਗੂਆਂ ਦੀ ਹਾਜ਼ਰੀ ਵਿਚ ਜਿਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ, ਉਥੇ ਹੀ ਇਕ ਪਤਿਤ ਸਿੱਖ ਗਾਇਕ ਮੀਕਾ ਸਿੰਘ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪਤਿਤ ਸਿੱਖ ਨੂੰ ਸਿਰੋਪਾਉ ਵੀ ਦਿੱਤਾ ਗਿਆ ਤੇ ਫਿਲਮੀ ਕਲਾਕਾਰਾਂ ਦਾ ਵੀ ਸਨਮਾਨ ਕੀਤਾ ਗਿਆ। ਇਕ ਮਹਿਲਾ ਕਲਾਕਾਰ ਕੋਲੋਂ ਗੁਰੂ ਦੀ ਹਾਜ਼ਰੀ ਵਿਚ ਮੱਥਾ ਵੀ ਟਿਕਵਾਇਆ, ਜੋ ਗੁਰ ਮਰਿਆਦਾ ਦੀ ਉਲੰਘਣਾ ਹੈ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਥਕ ਫਰੰਟ ਦੇ ਕਨਵੀਨਰ ਸੁਖਦੇਵ ਸਿੰਘ ਭੌਰ ਨੇ ਆਖਿਆ ਕਿ ਇਸ ਮਾਮਲੇ ਵਿਚ ਜਥੇਦਾਰਾਂ ਸਮੇਤ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰਾਂ ਨੂੰ ਸਿੱਖ ਪੰਥ ਕੋਲੋਂ ਖਿਮਾ ਯਾਚਨਾ ਕਰਨੀ ਚਾਹੀਦੀ ਹੈ।
ਸਾਬਕਾ ਜਥੇਦਾਰ ਅਤੇ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਨੇ ਆਖਿਆ ਕਿ ਤਖਤਾਂ ਦੇ ਜਥੇਦਾਰਾਂ ਦੀ ਪ੍ਰਮੁੱਖ ਡਿਊਟੀ ਵਿਚ ਪੰਥਕ ਰਹਿਤ ਮਰਿਆਦਾ ਨੂੰ ਲਾਗੂ ਕਰਾਉਣਾ ਵੀ ਸ਼ਾਮਲ ਹੈ, ਪਰ ਮੁੰਬਈ ਵਿਚ ਹੋਏ ਸਮਾਗਮ ਦੌਰਾਨ ਪਹਿਰੇਦਾਰਾਂ ਦੇ ਸਾਹਮਣੇ ਰਹਿਤ ਮਰਿਆਦਾ ਦੀ ਉਲੰਘਣਾ ਹੋਈ ਹੈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਜਨਰਲ ਸਕੱਤਰ ਅਤੇ ਮੌਜੂਦਾ ਮੈਂਬਰ ਕਿਰਨਜੋਤ ਕੌਰ ਨੇ ਆਖਿਆ ਕਿ ਤਖਤਾਂ ਦੇ ਜਥੇਦਾਰਾਂ ਨੂੰ ਇਸ ਮਾਮਲੇ ਵਿਚ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਿਸੇ ਵੀ ਮਿਤੀ ਨੂੰ ਕਰਾਇਆ ਜਾ ਸਕਦਾ ਹੈ।
ਸ਼ ਬੇਦੀ ਨੇ ਕਿਹਾ ਕਿ ਜੇਕਰ ਰਹਿਤ ਮਰਿਆਦਾ ਦੀ ਕੋਈ ਉਲੰਘਣਾ ਹੋਈ ਹੈ ਤਾਂ ਤਖਤਾਂ ਦੇ ਜਥੇਦਾਰ ਵੀ ਉਥੇ ਸਨ, ਜਿਨ੍ਹਾਂ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਸੀ।
__________________________________________
ਖਹਿਰਾ ਨੂੰ ‘ਮਰਦ ਅਗੰਮੜਾ’ ਕਹਿਣ ਦਾ ਮਾਮਲਾ ਭਖਿਆ
ਅੰਮ੍ਰਿਤਸਰ: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸਾਧੂ ਸਿੰਘ ਵੱਲੋਂ ਵਿਰੋਧੀ ਧਿਰ ਦੇ ਨੇਤਾ ਤੇ ‘ਆਪ’ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ‘ਮਰਦ ਅਗੰਮੜਾ’ ਕਹਿਣ ਦਾ ਮਾਮਲਾ ਅਕਾਲ ਤਖਤ ਵਿਖੇ ਪੁੱਜ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰਾਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮੰਗ ਪੱਤਰ ਦਿੰਦਿਆਂ ਦੋਹਾਂ ਵਿਰੁਧ ਕਾਰਵਾਈ ਦੀ ਅਪੀਲ ਕੀਤੀ ਹੈ।
ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਸਿੱਖ ਸਾਹਿਤ, ਇਤਿਹਾਸ ਅਤੇ ਪਰੰਪਰਾ ਵਿਚ ‘ਮਰਦ ਅਗੰਮੜਾ’ ਸਿਰਫ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਨੂੰ ਕਿਹਾ ਜਾਂਦਾ ਹੈ, ਜਿਨ੍ਹਾਂ ਨੇ ਜਬਰ ਜ਼ੁਲਮ ਨਾਲ ਲੋਹਾ ਲੈਂਦਿਆਂ ਆਪਣਾ ਸਾਰਾ ਸਰਬੰਸ ਕੁਰਬਾਨ ਕੀਤਾ ਸੀ।
ਉਨ੍ਹਾਂ ਦੋਸ਼ ਲਾਇਆ ਕਿ ਇਕ ਸਮਾਗਮ ਦੌਰਾਨ ਸੰਸਦ ਮੈਂਬਰ ਸਾਧੂ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਦੀ ਖੁਸ਼ਾਮਦ ਦੀਆਂ ਸਭ ਹੱਦਾਂ ਪਾਰ ਕਰਦਿਆਂ ਉਸ ਨੂੰ ‘ਮਰਦ ਅਗੰਮੜਾ’ ਕਿਹਾ, ਜਿਸ ਦਾ ਸ੍ਰੀ ਖਹਿਰਾ ਵੱਲੋਂ ਵੀ ਖੰਡਨ ਨਹੀਂ ਕੀਤਾ ਗਿਆ। ਇਸ ਕਾਰਨ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਲੱਗੀ ਹੈ। ਉਨ੍ਹਾਂ ਦੋਹਾਂ ਆਗੂਆਂ ਨੂੰ ਅਕਾਲ ਤਖਤ ਵਿਖੇ ਤਲਬ ਕਰ ਕੇ ਸਿੱਖ ਪਰੰਪਰਾਵਾਂ ਮੁਤਾਬਕ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ। ਗਿਆਨੀ ਗੁਰਬਚਨ ਸਿੰਘ ਨੇ ਉਕਤ ਆਗੂਆਂ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।
___________________________________
‘ਭਾਰਤ ਮਾਤਾ ਕੀ ਜੈ’ ਬੁਲਾਉਣ ‘ਤੇ ਇਤਰਾਜ਼
ਤਲਵੰਡੀ ਸਾਬੋ: ਜੰਮੂ ਕਸ਼ਮੀਰ ਵਿਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗੋਲੀਬਾਰੀ ਵਿਚ ਸ਼ਹੀਦ ਹੋਏ ਪਿੰਡ ਕੌਰੇਆਣਾ ਦੇ ਲਾਂਸ ਨਾਇਕ ਕੁਲਦੀਪ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ਲੋਕਾਂ ਤੋਂ ‘ਭਾਰਤ ਮਾਤਾ ਕੀ ਜੈ’ ਬੁਲਵਾਉਣ ਦਾ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨੋਟਿਸ ਲਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼ਹੀਦ ਕੁਲਦੀਪ ਸਿੰਘ ਨੇ ਦੇਸ਼ ਲਈ ਸ਼ਹੀਦੀ ਦਿੱਤੀ ਹੈ ਤੇ ਉਹ ਸਭ ਲਈ ਸਨਮਾਨਯੋਗ ਹਨ, ਪਰ ਉਨ੍ਹਾਂ ਦੇ ਸ਼ਰਧਾਂਜਲੀ ਸਮਾਗਮ ਵਿਚ ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿਚ ‘ਭਾਰਤ ਮਾਤਾ ਕੀ ਜੈ’ ਬੁਲਵਾਉਣਾ ਗਲਤ ਹੈ, ਕਿਉਂਕਿ ਪਾਵਨ ਸਰੂਪ ਦੀ ਹਾਜ਼ਰੀ ਵਿਚ ਕਿਸੇ ਦੀ ਜੈ ਬੁਲਵਾਉਣਾ ਸਿੱਖ ਰਹਿਤ ਮਰਿਆਦਾ ਦੇ ਉਲਟ ਹੈ।