ਲੰਡਨ: ਵਿਦੇਸ਼ਾਂ ਵਿਚ ਕੁਝ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਿਆਂ ਵਿਚ ਭਾਰਤੀ ਦੂਤਘਰ ਸਮੇਤ ਹੋਰ ਅਧਿਕਾਰੀਆਂ ਦੇ ਦਾਖਲੇ ਉਤੇ ਰੋਕ ਲਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਕੈਨੇਡਾ ਦੇ 15 ਗੁਰਦੁਆਰਿਆਂ ਦੀਆਂ ਕਮੇਟੀਆਂ ਵੱਲੋਂ ਅਜਿਹੀ ਰੋਕ ਪਿੱਛੋਂ ਅਮਰੀਕਾ ਸਮੇਤ ਹੋਰ ਦੇਸ਼ਾਂ ਵਿਚ ਵੀ ਅਜਿਹੇ ਫੈਸਲੇ ਧੜਾ ਧੜ ਲੈ ਜਾ ਰਹੇ ਹਨ। ਅਮਰੀਕਾ ਦੇ 96 ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਪੰਥਕ ਜਥੇਬੰਦੀਆਂ ਦੀ ਸਾਂਝੀ ਕਮੇਟੀ ‘ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ’ ਅਤੇ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਅਜਿਹੀ ਰੋਕ ਦਾ ਸਮਰਥਨ ਕਰਦੇ ਹੋਏ ਭਾਰਤ ਸਰਕਾਰ ਦੇ ਨੁਮਾਇੰਦਿਆਂ ਦੇ ਦਾਖਲੇ ਉਤੇ ਰੋਕ ਲਾ ਦਿੱਤੀ ਹੈ। ਅਜਿਹੇ ਅਧਿਕਾਰੀਆਂ ਨੂੰ ਨਗਰ ਕੀਰਤਨ ਜਾਂ ਸਮਾਜਿਕ ਤੇ ਧਾਰਮਿਕ ਸਮਾਗਮਾਂ ਵਿਚ ਵੀ ਹਿੱਸਾ ਲੈਣ ਤੋਂ ਰੋਕਿਆ ਜਾਵੇਗਾ।
ਯਾਦ ਰਹੇ, ਇਸ ਤੋਂ ਪਹਿਲਾਂ ਖਾਲਿਸਤਾਨ ਪੱਖੀ ਸਿੱਖ ਫੈਡਰੇਸ਼ਨ ਯੂæਕੇæ ਵੱਲੋਂ ਇੰਗਲੈਂਡ ਦੇ ਗੁਰਦੁਆਰਿਆਂ ਵਿਚ ਭਾਰਤੀ ਕੂਟਨੀਤਕਾਂ ਦੇ ਦਾਖਲੇ ਉਤੇ ਰੋਕ ਲਾਈ ਗਈ ਸੀ, ਜਿਸ ਦਾ ਭਾਰਤੀ ਹਾਈ ਕਮਿਸ਼ਨ ਨੇ ਵਿਰੋਧ ਵੀ ਕੀਤਾ ਸੀ। ਭਾਰਤੀ ਅਧਿਕਾਰੀਆਂ ਨੇ ਸਾਊਥ ਹਾਲ ਸਥਿਤ ਗੁਰਦੁਆਰੇ ਦਾ ਦੌਰਾ ਕਰ ਕੇ ਸਿੱਖ ਆਗੂਆਂ ਨਾਲ ਮੁਲਾਕਾਤ ਵੀ ਕੀਤੀ ਸੀ। ਸਿੱਖ ਜਥੇਬੰਦੀਆਂ ਵੱਲੋਂ ਭਾਰਤ ਸਰਕਾਰ ਦੀਆਂ ਸਿੱਖ ਵਿਰੋਧੀ ਨੀਤੀਆਂ ਵਿਰੋਧ ਕੀਤਾ ਜਾ ਰਿਹਾ ਹੈ। ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਉਤੇ ਫੌਜੀ ਹਮਲਾ, ਨਵੰਬਰ 1984 ਵਿਚ ਸਿੱਖ ਨਸਲਕੁਸ਼ੀ, ਪੰਜਾਬ ਦੇ ਦਰਿਆਈ ਪਾਣੀਆਂ ਤੇ ਖੇਤੀਬਾੜੀ ਉਤਪਾਦਾਂ ਦਾ ਲਗਾਤਾਰ ਸ਼ੋਸ਼ਣ ਸਮੇਤ ਮਸਲਿਆਂ ਨੂੰ ਭਾਰਤ ਸਰਕਾਰ ਦੀ ਦੇਣ ਮੰਨਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਜੇਲ੍ਹਾਂ ਵਿਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਰਿਹਾਈ ਨਾ ਹੋਣਾ, ਸਿੱਖ ਨੌਜਵਾਨਾਂ ਦੀਆਂ ਗੈਰਕਾਨੂੰਨੀ ਗ੍ਰਿਫਤਾਰੀਆਂ ਅਤੇ ਪੁਲਿਸ ਵੱਲੋਂ ਤਸ਼ੱਦਦ ਦਾ ਦੌਰ ਸਮੇਤ ਮੁੱਦੇ ਜ਼ੋਰ ਸ਼ੋਰ ਨਾ ਚੁੱਕੇ ਜਾ ਰਹੇ ਹਨ। ਸਿੱਖ ਜਥੇਬੰਦੀਆਂ ਵਿਚ ਸਭ ਤੋਂ ਵੱਧ ਰੋਸ ਭਾਜਪਾ ਸਰਕਾਰ ਦੀ ਆਰæਐਸ਼ਐਸ਼ ਦੇ ਹਿੰਦੂਤਵੀ ਏਜੰਡੇ ਨੂੰ ਉਤਸ਼ਾਹਿਤ ਕਰਨ ਦੀ ਰਣਨੀਤੀ ਖਿਲਾਫ ਹੈ। ਬਰਤਾਨੀਆ ਦੇ ਗਰਮਖਿਆਲੀ ਸਿੱਖ ਇਸ ਗੱਲੋਂ ਵੀ ਨਾਰਾਜ਼ ਹਨ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ 2015 ਦੇ ਦੌਰੇ ਮੌਕੇ ਕਾਲੀ ਸੂਚੀ ਖਤਮ ਕਰਨ ਦੇ ਕੀਤੇ ਆਪਣੇ ਵਾਅਦੇ ਨੂੰ ਪੁਗਾ ਨਹੀਂ ਸਕੇ ਹਨ।
ਯੂæਕੇæ ਆਧਾਰਤ ਸਿੱਖ ਨੌਜਵਾਨ ਜਗਤਾਰ ਸਿੰਘ ਜੌਹਲ ਦੀ ਭਾਰਤ ‘ਚ ਗ੍ਰਿਫਤਾਰੀ ਮਗਰੋਂ ਬ੍ਰਿਟੇਨ ਵਿਚ ਐਸ਼ਐਫ਼ਯੂæਕੇæ ਜਥੇਬੰਦੀ ਨੇ ਵੀ ਅਜਿਹੀ ਰੋਕ ਲਗਾਈ ਸੀ। ਐਸ਼ਐਫ਼ਯੂæਕੇæ ਜਥੇਬੰਦੀ, ਕੌਮਾਂਤਰੀ ਸਿੱਖ ਯੂਥ ਫੈਡਰੇਸ਼ਨ (ਆਈæਐਸ਼ਵਾਈæਐਫ਼) ਵਿਚੋਂ ਨਿਕਲੀ ਹੈ ਜਿਸ ਉਤੇ ਬ੍ਰਿਟਿਸ਼ ਸਰਕਾਰ ਨੇ 2001 ‘ਚ ਯੂæਕੇæ ਦੇ ਦਹਿਸ਼ਤੀ ਐਕਟ ਤਹਿਤ ਪਾਬੰਦੀ ਲਾ ਦਿੱਤੀ ਸੀ। ਇਹ ਰੋਕ 2016 ਵਿਚ ਤਤਕਾਲੀ ਗ੍ਰਹਿ ਮੰਤਰੀ ਟੈਰੇਜ਼ਾ ਮੇਅ (ਹੁਣ ਪ੍ਰਧਾਨ ਮੰਤਰੀ) ਨੇ ਹਟਾ ਲਈ ਸੀ। ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਸਤੰਬਰ ਵਿਚ ਲੰਡਨ ਵਿਚ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਸ਼ੁਰੂ ਕੀਤੇ ਜਾਣ ਤੋਂ ਵੀ ਜਥੇਬੰਦੀ ਨਾਰਾਜ਼ ਹੋ ਗਈ ਸੀ। ਪ੍ਰੋਗਰਾਮ ਦਾ ਮਕਸਦ ਬ੍ਰਿਟੇਨ ‘ਚ ਨੌਜਵਾਨ ਸਿੱਖ ਪੀੜ੍ਹੀ ਨੂੰ ਗਰਮਖਿਆਲੀ ਜਥੇਬੰਦੀਆਂ ਵੱਲੋਂ ‘ਗੁੰਮਰਾਹ’ ਕਰਨ ਤੋਂ ਰੋਕਣਾ ਸੀ।
——————
ਨਤਮਸਤਕ ਹੋਣੋਂ ਰੋਕਣਾ ਮਰਿਆਦਾ ਨਹੀਂ: ਲੌਂਗੋਵਾਲ
ਸ੍ਰੀ ਅਨੰਦਪੁਰ ਸਾਹਿਬ: ਵਿਦੇਸ਼ਾਂ ਵਿਚ ਗੁਰਦੁਆਰਿਆਂ ਵਿਚ ਭਾਰਤੀ ਅਧਿਕਾਰੀਆਂ ਦੇ ਦਾਖਲੇ ‘ਤੇ ਰੋਕ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਹੈ। ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰੂ ਘਰ ਦੀ ਮਰਿਆਦਾ ਅਨੁਸਾਰ ਕਿਸੇ ਨੂੰ ਵੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਣ ਤੋਂ ਰੋਕਣਾ ਨਹੀਂ ਚਾਹੀਦਾ। ਜੇ ਕਿਸੇ ਦਾ ਸਰਕਾਰ, ਵਿਅਕਤੀ ਵਿਸ਼ੇਸ਼ ਜਾਂ ਕਿਸੇ ਸੰਸਥਾ ਨਾਲ ਕੋਈ ਵਿਚਾਰਾਂ ਦਾ ਵਖਰੇਵਾਂ ਹੈ ਹੈ ਤਾਂ ਉਸ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।