ਹੁਣ ਫਾਰਚੂਨਰ ਦੇ ਸ਼ੌਕੀਨ ਨੇ ਹੋਏ ਪੰਜਾਬ ਦੇ ਵਜ਼ੀਰ

ਬਠਿੰਡਾ: ਪੰਜਾਬ ਵਿਚ ਅਕਾਲੀਆਂ ਤੇ ਕਾਂਗਰਸੀ ਦੇ ਸਿਆਸੀ ਰਾਹ ਭਾਵੇਂ ਵੱਖੋ ਵੱਖਰੇ ਹਨ, ਪਰ ਆਗੂਆਂ ਦਾ ‘ਫਾਰਚੂਨਰ’ ਦਾ ਸ਼ੌਕ ਇਕੋ ਜਿਹਾ ਹੈ। ਪੰਜਾਬ ਦੇ ਵਜ਼ੀਰ ‘ਫਾਰਚੂਨਰ’ ਦੇ ਸ਼ੌਕੀਨ ਹਨ। ਇਨ੍ਹਾਂ ਸਰਕਾਰੀ ‘ਕੈਮਰੀ’ ਲੈਣ ਤੋਂ ਪਾਸਾ ਵੱਟਿਆ ਹੈ। ਪੰਜਾਬ ਵਿਚ ਇਸ ਵੇਲੇ ਇਕੱਲੇ ਵਜ਼ੀਰ ਸਾਧੂ ਸਿੰਘ ਧਰਮਸੋਤ ਸਰਕਾਰੀ ‘ਕੈਮਰੀ’ ਗੱਡੀ ਵਰਤ ਰਹੇ ਹਨ ਜਦਕਿ ਬਾਕੀ ਸੱਤ ਮੰਤਰੀ ਇਸ ਮੌਕੇ ਪ੍ਰਾਈਵੇਟ ਗੱਡੀਆਂ ਵਰਤ ਰਹੇ ਹਨ। ਨਵਜੋਤ ਸਿੱਧੂ ਲੈਂਡ ਕਰੂਜ਼ਰ ਵਰਤ ਰਹੇ ਹਨ ਜਦਕਿ ਗੱਠਜੋੜ ਵਜ਼ਾਰਤ ਸਮੇਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਵੀ ਲੈਂਡ ਕਰੂਜ਼ਰ ਗੱਡੀਆਂ ਖਰੀਦੀਆਂ ਸਨ। ਕਿਸੇ ਵੇਲੇ ਅੰਬੈਸਡਰ ਗੱਡੀ ਵਜ਼ੀਰਾਂ ਦੀ ਪਹਿਲੀ ਪਸੰਦ ਹੁੰਦੀ ਸੀ।

ਮੰਤਰੀ ਮਾਮਲੇ ਸ਼ਾਖਾ ਤੋਂ ਆਰæਟੀæਆਈæ ਰਾਹੀਂ ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪ੍ਰਾਈਵੇਟ ‘ਫਾਰਚੂਨਰ’ ਗੱਡੀ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਨ੍ਹਾਂ ਦਾ ਤੇਲ ਤੇ ਮੁਰੰਮਤ ਦਾ ਖਰਚਾ ਸਰਕਾਰ ਦਿੰਦੀ ਹੈ।
ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਪ੍ਰਾਈਵੇਟ ‘ਫਾਰਚੂਨਰ’ ਵਰਤ ਰਹੇ ਹਨ, ਪਰ ਉਹ ਫਿਲਹਾਲ ਤੇਲ ਖਰਚਾ ਨਹੀਂ ਲੈ ਰਹੇ। ਜਦੋਂ ਉਹ ਪਹਿਲੀ ਵਾਰ ਮੰਤਰੀ ਬਣੇ ਸਨ, ਉਦੋਂ ਉਨ੍ਹਾਂ ਨੂੰ ਕੈਮਰੀ ਗੱਡੀ ਦਿੱਤੀ ਗਈ ਸੀ ਜੋ ਉਨ੍ਹਾਂ 18 ਜੁਲਾਈ 2007 ਨੂੰ ਵਾਪਸ ਕਰ ਦਿੱਤੀ ਸੀ। ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸਿੱਖਿਆ ਮੰਤਰੀ ਅਰੁਣਾ ਚੌਧਰੀ ਵੱਲੋਂ ਪ੍ਰਾਈਵੇਟ ‘ਇਨੋਵਾ’ ਗੱਡੀ ਵਰਤੀ ਜਾ ਰਹੀ ਹੈ। ਸਰਕਾਰੀ ਗੱਡੀ ਵਰਤ ਰਹੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਸਰਕਾਰੀ ਗੱਡੀ ਚੰਗੀ ਹਾਲਤ ਵਿਚ ਹੈ ਅਤੇ ਕੋਈ ਦਿੱਕਤ ਨਹੀਂ ਹੈ। ਜਾਣਕਾਰੀ ਅਨੁਸਾਰ ਸਭ ਤੋਂ ਪਹਿਲਾਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ 7 ਅਪਰੈਲ 2017 ਤੋਂ ਪ੍ਰਾਈਵੇਟ ਗੱਡੀ ਵਰਤਣੀ ਸ਼ੁਰੂ ਕੀਤੀ ਜਦਕਿ ਸਭ ਤੋਂ ਬਾਅਦ 10 ਅਕਤੂਬਰ 2017 ਤੋਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਨੇ ਪ੍ਰਾਈਵੇਟ ਗੱਡੀ ‘ਤੇ ਸਫਰ ਸ਼ੁਰੂ ਕੀਤਾ। ਪੰਜਾਬ ਸਰਕਾਰ ਵੱਲੋਂ 20 ਅਪਰੈਲ 2016 ਨੂੰ ਪ੍ਰਾਈਵੇਟ ਗੱਡੀ ਦੇ ਪ੍ਰਤੀ ਕਿਲੋਮੀਟਰ 15 ਰੁਪਏ ਦਿੱਤੇ ਗਏ ਜਦਕਿ ਪਹਿਲਾਂ ਪ੍ਰਤੀ ਕਿਲੋਮੀਟਰ 18 ਰੁਪਏ ਦਿੱਤਾ ਜਾਂਦਾ ਸੀ। ਇਸ ਤੋਂ ਇਲਾਵਾ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਡਰਾਈਵਰ ਦੀ ਤਨਖਾਹ ਅਤੇ ਮੁਰੰਮਤ ਲਈ ਦਿੱਤੇ ਜਾਂਦੇ ਸਨ। ਕਈ ਵਜ਼ੀਰਾਂ ਦਾ ਤਰਕ ਹੈ ਕਿ ਪੁਰਾਣੀਆਂ ਗੱਡੀਆਂ ਦੀ ਹਾਲਤ ਚੰਗੀ ਨਹੀਂ ਹੈ ਜਿਸ ਕਰ ਕੇ ਉਹ ਪ੍ਰਾਈਵੇਟ ਵਾਹਨ ਵਰਤ ਰਹੇ ਹਨ। ਪਿਛਲੀ ਗੱਠਜੋੜ ਵਜ਼ਾਰਤ ਸਮੇਂ ਵੀ ਪੰਜ ਵਜ਼ੀਰ ਅਤੇ 11 ਮੁੱਖ ਸੰਸਦੀ ਸਕੱਤਰ ਪ੍ਰਾਈਵੇਟ ਗੱਡੀਆਂ ਵਰਤਦੇ ਰਹੇ ਹਨ। ਉਦੋਂ ਦੇ ਵਜ਼ੀਰ ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸੋਹਣ ਸਿੰਘ ਠੰਡਲ ਪ੍ਰਾਈਵੇਟ ‘ਫਾਰਚੂਨਰ’ ਵਰਤਦੇ ਰਹੇ ਹਨ ਜਦਕਿ ਵਜ਼ੀਰ ਜਨਮੇਜਾ ਸਿੰਘ ਸੇਖੋਂ ਬੀæਐਮæਡਬਲਿਊ/ਵੋਲਵੋ ਕਾਰ ਵਰਤਦੇ ਰਹੇ ਹਨ। ਤਤਕਾਲੀ ਮੁੱਖ ਸੰਸਦੀ ਸਕੱਤਰ ਹਰਮੀਤ ਸੰਧੂ ਤੇ ਮਨਤਾਰ ਬਰਾੜ ਕੋਲ ਵੀ ਪ੍ਰਾਈਵੇਟ ‘ਫਾਰਚੂਨਰ’ ਰਹੀ ਹੈ।
ਪੰਜਾਬ ਵਿਚ ਸਾਲ 2002-2007 ਦੌਰਾਨ ਕਾਂਗਰਸ ਸਰਕਾਰ ਸੀ। ਉਦੋਂ ਸਰਕਾਰ ਨੇ ਪੰਜ ਵਰ੍ਹਿਆਂ ਵਿਚ 13æ70 ਕਰੋੜ ਰੁਪਏ ਖਰਚ ਕੇ ਕੁੱਲ 266 ਗੱਡੀਆਂ ਖਰੀਦੀਆਂ ਸਨ। ਵਜ਼ੀਰਾਂ ਲਈ 2æ83 ਕਰੋੜ ਰੁਪਏ ਖਰਚ ਕੇ 18 ਕੈਮਰੀ ਗੱਡੀਆਂ ਖਰੀਦੀਆਂ ਗਈਆਂ ਸੀ। ਸਾਲ 2007-12 ਵਿਚ ਅਕਾਲੀ ਵਜ਼ਾਰਤ ਸਮੇਂ 9æ69 ਕਰੋੜ ਦੀ ਲਾਗਤ ਨਾਲ ਕੁੱਲ 120 ਗੱਡੀਆਂ ਖਰੀਦੀਆਂ ਗਈਆਂ। ਗੱਠਜੋੜ ਸਰਕਾਰ ਨੇ 21 ਕੈਮਰੀ ਗੱਡੀਆਂ ਖਰੀਦੀਆਂ ਸਨ।