ਕਰਜ਼ ਮੁਆਫੀ: ਕੈਪਟਨ ਦਾ ਕਿਸਾਨਾਂ ਅੱਗੇ ਤਰਲਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਘਰਸ਼ ਦਾ ਰਾਹ ਫੜਨ ਲਈ ਤਿਆਰ ਬੈਠੇ ਕਿਸਾਨਾਂ ਅੱਗੇ ਤਰਲਾ ਮਾਰਿਆ ਹੈ। ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਉਨ੍ਹਾਂ ਆਖਿਆ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ਉਤੇ ਲੀਕ ਫੇਰਨ ਦਾ ਬੋਝ ਨਹੀਂ ਸਹਾਰ ਸਕਦੀ, ਪਰ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਡੂੰਘੇ ਆਰਥਿਕ ਸੰਕਟ ਦਾ ਸਾਹਮਣਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਨੇ ਕਿਸਾਨਾਂ ਨੂੰ ਦੂਜੇ ਸੂਬਿਆਂ ਨਾਲੋਂ ਵੱਧ ਕਰਜ਼ਾ ਰਾਹਤ ਦਿੱਤੀ ਗਈ ਹੈ। ਮਹਾਰਾਸ਼ਟਰ ਨੇ ਕਿਸਾਨਾਂ ਦਾ 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ ਕੀਤਾ ਹੈ। ਇਸੇ ਤਰ੍ਹਾਂ ਉਤਰ ਪ੍ਰਦੇਸ਼ ਨੇ ਇਕ ਲੱਖ ਰੁਪਏ ਤੱਕ, ਰਾਜਸਥਾਨ ਨੇ 50 ਹਜ਼ਾਰ ਤੱਕ, ਮੱਧ ਪ੍ਰਦੇਸ਼ ਨੇ ਇਕ ਲੱਖ ਰੁਪਏ ਤੱਕ ਅਤੇ ਕਰਨਾਟਕ ਨੇ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਹੈ, ਜਦੋਂਕਿ ਪੰਜਾਬ ਸਰਕਾਰ ਨੇ ਜ਼ਿਆਦਾ ਕਰਜ਼ਾ ਮੁਆਫੀ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਸਿਆਸੀ ਪਾਰਟੀਆਂ ਅਤੇ ਕਿਸਾਨ ਯੂਨੀਅਨਾਂ ਆਪਣੇ ਸੌੜੇ ਸਿਆਸੀ ਹਿੱਤ ਪਾਲਣ ਲਈ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਕੂੜ ਪ੍ਰਚਾਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਤੋਂ ਖਾਲੀ ਖਜ਼ਾਨੇ ਦੀ ਵਿਰਾਸਤ ਮਿਲੀ ਸੀ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਨੇ ਵੀ ਕਿਸਾਨਾਂ ਦੀ ਮਦਦ ਕਰਨ ਤੋਂ ਹੱਥ ਪਿੱਛੇ ਖਿੱਚ ਲਏ, ਜਿਸ ਕਰ ਕੇ ਸਕੀਮ ਦੇ ਘੇਰੇ ‘ਚ ਹੋਰ ਕਿਸਾਨਾਂ ਨੂੰ ਲਿਆਉਣ ਜਾਂ ਦੋ ਲੱਖ ਰੁਪਏ ਤੋਂ ਵੱਧ ਰਕਮ ਦੀ ਕਰਜ਼ਾ ਮੁਆਫੀ ਦੇਣੀ ਸੰਭਵ ਨਹੀਂ ਹੈ। ਮੁੱਖ ਮੰਤਰੀ ਨੇ ਖੇਤੀ ਕਰਜ਼ਾ ਪੂਰੀ ਤਰ੍ਹਾਂ ਮੁਆਫ ਕਰਨ ਨੂੰ ਅਮਲ ਵਿਚ ਲਿਆਉਣ ਲਈ ਕਿਸਾਨਾਂ ਤੋਂ ਹੋਰ ਸਮੇਂ ਦੀ ਮੰਗ ਕਰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਇਸ ਵੇਲੇ ਸੂਬੇ ਦੇ ਅਰਥਚਾਰੇ ਨੂੰ ਪੈਰਾਂ ਸਿਰ ਕਰਨ ਵਿਚ ਜੁਟੀ ਹੋਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਲਈ ਐਲਾਨੀ ਕਰਜ਼ਾ ਮੁਆਫੀ ਸਕੀਮ ਅਧੀਨ 10.25 ਲੱਖ ਕਿਸਾਨਾਂ ਨੂੰ ਸ਼ਾਮਲ ਕੀਤਾ ਜਾਣਾ ਹੈ ਅਤੇ ਪਹਿਲੇ ਪੜਾਅ ਵਿਚ 5.63 ਲੱਖ ਕਿਸਾਨਾਂ ਨੂੰ ਇਸ ਦਾ ਲਾਭ ਹੋਣਾ ਹੈ। ਇਸ ਪੜਾਅ ਲਈ ਉਨ੍ਹਾਂ ਦੀ ਸਰਕਾਰ ਨੇ ਜਿਵੇਂ-ਕਿਵੇਂ 2700 ਕਰੋੜ ਰੁਪਏ ਦਾ ਬੰਦੋਬਸਤ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ 17.5 ਲੱਖ ਕਿਸਾਨ ਪਰਿਵਾਰਾਂ ਵਿਚੋਂ ਸਿਰਫ ਵੱਡੇ ਜ਼ਿਮੀਂਦਾਰ ਹੀ ਹੁਣ ਤੱਕ ਕਰਜ਼ਾ ਮੁਆਫੀ ਸਕੀਮ ਵਿਚੋਂ ਬਾਹਰ ਹਨ ਅਤੇ ਉਹ ਆਪਣੇ ਪੱਧਰ ਉਤੇ ਹੀ ਆਪਣਾ ਬੰਦੋਬਸਤ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹਨ।
________________
ਕਰਜ਼ਾ ਮੁਆਫੀ ਬਾਰੇ ਕੈਪਟਨ ਦੇ ਦਾਅਵੇ ਖੋਖਲੇ: ਸੁਖਬੀਰ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਕਰਜ਼ਾ ਮੁਆਫੀ ਦੇ ਵਾਅਦੇ ਨੂੰ ਅਧਵਾਟੇ ਛੱਡ ਹੁਣ ਕੁਰਸੀ ਉਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ। ਚੋਣਾਂ ਤੋਂ ਪਹਿਲਾਂ ਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਵਿਧਾਨ ਸਭਾ ਵਿਚ ਕੈਪਟਨ ਵੱਲੋਂ ਕਰਜ਼ਾ ਮੁਆਫੀ ਦਾ ਵਾਅਦਾ ਕੀਤਾ ਗਿਆ ਸੀ। ਵਾਅਦਾ ਵਫ਼ਾ ਨਾ ਹੋਣ ਦੀ ਸੂਰਤ ਵਿਚ ਅਕਾਲੀ ਦਲ ਸੂਬਾ ਪੱਧਰੀ ਅੰਦੋਲਨ ਕਰੇਗਾ।
__________________
ਬਾਜਵਾ ਨੇ ਆਪਣੀ ਸਰਕਾਰ ਨੂੰ ਹੀ ਘੇਰਿਆ
ਚੰਡੀਗੜ੍ਹ: ਰਾਜ ਸਭਾ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਹੀ ਸਰਕਾਰ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਲੱਗਦੈ ਅਸੀਂ ਸਰਕਾਰ ਨਹੀਂ ਚਲਾ ਰਹੇ, ਸਿਰਫ ਟਾਈਮ ਪਾਸ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਰਾਣਾ ਗੁਰਜੀਤ ਸਿੰਘ ਤੇ ਸੁਰੇਸ਼ ਕੁਮਾਰ ਮਾਮਲੇ ਕੈਪਟਨ ਸਰਕਾਰ ਲਈ ਜਾਗਣ ਦਾ ਸੁਨੇਹਾ ਹਨ। ਕੈਪਟਨ ਨੂੰ ਮਿਲ ਕੇ ਸਰਕਾਰ ਚਲਾਉਣੀ ਚਾਹੀਦੀ ਹੈ। ਬਾਜਵਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਰੇਤ ਖੱਡ ਮਾਮਲੇ ਨਾਲ ਸਰਕਾਰ ਦਾ ਬਹੁਤ ਨੁਕਸਾਨ ਹੋਇਆ ਹੈ ਤੇ ਇਸ ਨੁਕਸਾਨ ਦੀ ਭਰਪਾਈ ਹਾਈਕਮਾਨ ਨੇ ਰਾਣਾ ਦਾ ਅਸਤੀਫਾ ਲੈ ਕੇ ਕੀਤੀ ਹੈ। ਰਾਣਾ ਨੂੰ ਅਸਤੀਫਾ ਪਹਿਲਾਂ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਕੈਪਟਨ ਕਹਿ ਰਹੇ ਹਨ ਉਨ੍ਹਾਂ ਬਦਲਾਖੋਰੀ ਦੀ ਸਿਆਸਤ ਨਹੀਂ ਕਰਨੀ ਪਰ ਪੰਜਾਬ ਦੇ ਲੋਕ ਇਨਸਾਫ ਦੀ ਉਮੀਦ ਕਰ ਰਹੇ ਹਨ। ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਖ਼ਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ। ਕੈਪਟਨ ਨੂੰ ਆਪਣੇ ਸਲਾਹਕਾਰਾਂ ਤੇ ਓ.ਐਸ਼ਡੀਜ਼. ਦੀ ਫੌਜ ਵਿਚੋਂ ਬਾਹਰ ਕੇ ਲੋਕਾਂ ਨਾਲ ਤਾਲਮੇਲ ਵਧਾਉਣਾ ਚਾਹੀਦਾ ਹੈ। ਕਿਸਾਨ ਕਰਜ਼ਾ ਮੁਕਤੀ ਦੇ ਮਾਮਲੇ ‘ਤੇ ਵੀ ਕਿਸਾਨ ਖੁਸ਼ ਨਹੀਂ ਹੈ। ਇਹ ਸਕੀਮ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ ਹੈ ਤੇ ਕੈਪਟਨ ਨੂੰ ਸਭ ਅਫਸਰਸ਼ਾਹੀ ਆਸਰੇ ਨਹੀਂ ਛੱਡਣਾ ਚਾਹੀਦਾ ਹੈ।