ਨਵੀਂ ਦਿੱਲੀ: ਦਿੱਲੀ ਸਿੱਖ ਕਤਲੇਆਮ ਵੇਲੇ 100 ਸਿੱਖਾਂ ਨੂੰ ਮਾਰਨ ਦੇ ਦਾਅਵੇ ਵਾਲੀ ਵੀਡੀਓ ਸਾਹਮਣੇ ਆਉਣ ਪਿੱਛੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਘੇਰਨ ਲਈ ਸਿੱਖ ਜਥੇਬੰਦੀਆਂ ਵੱਲੋਂ ਜ਼ੋਰ ਸ਼ੋਰ ਨਾਲ ਲਾਮਬੰਦੀ ਸ਼ੁਰੂ ਕੀਤੀ ਹੋਈ ਹੈ। ਕਬੂਲਨਾਮੇ ਵਾਲੀ ਵੀਡੀਓ ਦੇ ਆਧਾਰ ਉਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਦੇ ਆਗੂਆਂ ਦੇ ਵਫਦ ਨੇ ਸੀ.ਬੀ.ਆਈ. ਡਾਇਰੈਕਟਰ ਆਲੋਕ ਵਰਮਾ ਨਾਲ ਮੁਲਾਕਾਤ ਕਰ ਕੇ ਟਾਈਟਲਰ ਨੂੰ ਬਿਨਾਂ ਦੇਰੀ ਗ੍ਰਿਫਤਾਰ ਕਰਨ ਤੇ ਮੁਕੱਦਮਾ ਚਲਾਉਣ ਦੀ ਮੰਗ ਕੀਤੀ ਹੈ।
ਉਧਰ, ਕੇਂਦਰੀ ਗ੍ਰਹਿ ਮੰਤਰਾਲੇ ਨੇ ਟਾਈਟਲਰ ਖਿਲਾਫ਼ ਦਿੱਲੀ ਕਮੇਟੀ ਵੱਲੋਂ ਦਿੱਤੇ Ḕਨਵੇਂ ਸਬੂਤਾਂ’ ਨੂੰ ਸਿੱਖ ਕਤਲੇਆਮ ਦੀ ਜਾਂਚ ਕਰ ਰਹੀ ਜਸਟਿਸ ਐਸ਼ਐਨ. ਢੀਂਗਰਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ (ਸਿੱਟ) ਹਵਾਲੇ ਕਰ ਦਿੱਤੇ ਹਨ। ਗ੍ਰਹਿ ਮੰਤਰਾਲੇ ਨੇ ਜਸਟਿਸ ਢੀਂਗਰਾ ਨੂੰ ਪੱਤਰ ਲਿਖ ਕੇ ਦੱਸਿਆ ਕਿ ਉਨ੍ਹਾਂ ਨੂੰ ਦਿੱਲੀ ਕਮੇਟੀ ਤੋਂ ਟਾਈਟਲਰ ਖਿਲਾਫ਼ ਨਵੇਂ ਸਬੂਤਾਂ ਵਾਲੀ ਵੀਡੀਓ ਮਿਲਣ ਦੀ ਸ਼ਿਕਾਇਤ ਅਤੇ ਨਾਲ ਹੀ ਟੀਵੀ ਚੈਨਲ ਨੂੰ ਦਿੱਤੀ ਇੰਟਰਵਿਊ ਦੀ ਸੀਡੀ ਅਤੇ ਨਾਨਾਵਤੀ ਕਮਿਸ਼ਨ ਦੀ ਰਿਪੋਰਟ ਮਿਲੀ ਹੈ। ਇੰਟਰਵਿਊ ਵਿਚ ਜਗਦੀਸ਼ ਟਾਈਟਲਰ, ਕਮਲ ਨਾਥ, ਐਚ.ਕੇ.ਐਲ਼ ਭਗਤ ਅਤੇ ਸੱਜਣ ਕੁਮਾਰ ਦੀ ਕੇਸ ‘ਚ ਸ਼ਮੂਲੀਅਤ ਬਾਰੇ ਨਵੇਂ ਤੱਥ, ਸਬੂਤ ਅਤੇ ਖੁਲਾਸੇ ਹੋਏ ਹਨ।
ਗ੍ਰਹਿ ਮੰਤਰਾਲੇ ਦੀ ਕਾਰਵਾਈ ਉਸ ਸਮੇਂ ਹੋਈ ਹੈ ਜਦੋਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ 2011 ‘ਚ ਬਣੀ ਵੀਡੀਓ ਜਾਰੀ ਕੀਤੀ ਸੀ ਜਿਸ ਵਿਚ ਟਾਈਟਲਰ ਕੁਝ ਲੋਕਾਂ ਨਾਲ ਗੱਲਬਾਤ ਕਰਦਿਆਂ ਨਜ਼ਰ ਆਉਂਦਾ ਹੈ। ਪੱਤਰ ‘ਚ ਕਿਹਾ ਗਿਆ ਹੈ ਕਿ ਸਿੱਟ ਵੱਲੋਂ ਕੀਤੀ ਜਾ ਰਹੀ 186 ਕੇਸਾਂ ਦੀ ਜਾਂਚ ਵਿਚ ਇਹ ਸਬੂਤ ਸਹਾਈ ਹੋ ਸਕਦੇ ਹਨ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ ਸਿੱਖ ਕਤਲੇਆਮ ਦੇ 186 ਕੇਸਾਂ ਦੀ ਅੱਗੇ ਜਾਂਚ ਲਈ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਹੇਠ 11 ਜਨਵਰੀ ਨੂੰ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ।
ਉਧਰ, ਸਿਆਸੀ ਧਿਰਾਂ ਵੀ ਕਾਂਗਰਸ ਨੂੰ ਘੇਰਨ ਲਈ ਮੈਦਾਨ ਵਿਚ ਨਿੱਤਰ ਆਈਆਂ ਹਨ। ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਨੇ ਵੱਖੋ ਵੱਖਰੇ ਤੌਰ ‘ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਹੈ। ਪਾਰਟੀ ਦੇ ਕੌਮੀ ਸਕੱਤਰ ਆਰ.ਪੀ. ਸਿੰਘ ਸਮੇਤ ਭਾਜਪਾ ਦੇ ਵਫਦ ਨੇ ਗ੍ਰਹਿ ਮੰਤਰੀ ਨੂੰ ਮੰਗ ਪੱਤਰ ਸੌਂਪ ਕੇ ਟਾਈਟਲਰ ਖਿਲਾਫ਼ ਤੁਰਤ ਨਵੇਂ ਸਿਰੇ ਤੋਂ ਵਿਸ਼ੇਸ਼ ਜਾਂਚ ਟੀਮ (ਸਿੱਟ) ਬਠਾਉਣ ਅਤੇ ਮੁਕੱਦਮਾ ਚਲਾਉਣ ਲਈ ਕਿਹਾ। ਇਸ ਬਾਬਤ ਭਾਜਪਾ ਦੀ ਦਿੱਲੀ ਇਕਾਈ ਦੇ ਮੁਖੀ ਮਨੋਜ ਤਿਵਾੜੀ ਨੇ ਵੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਧਰ, ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਵੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰ ਕੇ ਟਾਈਟਲਰ ਦਾ ਪੌਲੀਗ੍ਰਾਫ ਅਤੇ ਨਾਰਕੋ ਟੈਸਟ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਵਿਚ ਸਿਫਰ ਕਾਲ ਦੌਰਾਨ ਵੀ ਇਹ ਮੁੱਦਾ ਉਠਾਇਆ। ਸਿੱਖਾਂ ਦੇ ਕਤਲ ਕਬੂਲ ਕਰਨ ਵਾਲੀ ਇਸ ਵੀਡੀਓ ‘ਚ ਟਾਈਟਲਰ ਨੇ ਹੋਰ ਵੀ ਕਈ ਖੁਲਾਸੇ ਕੀਤੇ ਸਨ। ਕਾਂਗਰਸ ਮੈਂਬਰਾਂ ਨੇ ਕੇਸ ਅਦਾਲਤ ‘ਚ ਹੋਣ ਦਾ ਹਵਾਲਾ ਦਿੰਦਿਆਂ ਸ੍ਰੀ ਢੀਂਡਸਾ ਵੱਲੋਂ ਉਠਾਏ ਗਏ ਮੁੱਦੇ ਉਤੇ ਇਤਰਾਜ਼ ਜਤਾਇਆ। ਇਨ੍ਹਾਂ ਇਤਰਾਜ਼ਾਂ ਨੂੰ ਸਭਾਪਤੀ ਐਮ ਵੈਂਕਈਆ ਨਾਇਡੂ ਨੇ ਰੱਦ ਕਰ ਦਿੱਤਾ ਅਤੇ ਸ੍ਰੀ ਢੀਂਡਸਾ ਨੂੰ ਬੋਲਣ ਦੀ ਆਗਿਆ ਦੇ ਦਿੱਤੀ। ਸ੍ਰੀ ਢੀਂਡਸਾ ਨੇ ਕਿਹਾ ਕਿ ਇਕ ਵਿਅਕਤੀ 100 ਵਿਅਕਤੀਆਂ ਨੂੰ ਨਹੀਂ ਮਾਰ ਸਕਦਾ। ਇਸ ਲਈ ਜੋ ਇੰਕਸ਼ਾਫ ਸੀਡੀ ਵਿਚ ਕੀਤੇ ਗਏ ਹਨ, ਉਸ ਮੁਤਾਬਕ ਕਾਂਗਰਸੀ ਆਗੂ ਦੇ ਹੋਰ ਸਾਥੀਆਂ ਦੀ ਜਾਣਕਾਰੀ ਹਾਸਲ ਕਰਨਾ ਲਾਜ਼ਮੀ ਬਣ ਗਿਆ ਹੈ।
ਰਾਜ ਸਭਾ ਮੈਂਬਰ ਨੇ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਵੱਲੋਂ ਨਸ਼ਰ ਕੀਤੀ ਸੀਡੀ ਵਿਚਲੇ ਟਾਈਟਲਰ ਦੇ ਬਿਆਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਸਟਿੰਗ ਦੇ ਹਵਾਲੇ ਨਾਲ ਕਿਹਾ ਕਿ ਕਾਂਗਰਸੀ ਆਗੂ ਆਖ ਰਿਹਾ ਹੈ ਕਿ ਉੁਸ ਨੇ ਅਪਰਾਧ ਕੀਤਾ ਪਰ ਉਸ ਦਾ ਕੁਝ ਵੀ ਨਹੀਂ ਵਿਗੜਿਆ, ਬਸ ਸਿਰਫ ਜਾਂਚ ਹੋ ਰਹੀ ਹੈ।
___________________________
ਟਾਈਟਲਰ ਵੱਲੋਂ ਜੀ.ਕੇ. ਖਿਲਾਫ਼ ਸ਼ਿਕਾਇਤ
ਨਵੀਂ ਦਿੱਲੀ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਜਗਦੀਸ਼ ਟਾਈਟਲਰ ਖਿਲਾਫ਼ ਜਾਰੀ 5 ਵੀਡੀਓਜ਼ ਨੂੰ ਫਰਜ਼ੀ ਕਰਾਰ ਦਿੰਦਿਆਂ ਟਾਈਟਲਰ ਨੇ ਦਿੱਲੀ ਪੁਲਿਸ ਅਤੇ ਸਾਈਬਰ ਕ੍ਰਾਈਮ ਸੈੱਲ ‘ਚ ਜੀ.ਕੇ. ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਟਾਈਟਲਰ ਨੇ ਉਨ੍ਹਾਂ ਵੀਡੀਓਜ਼ ਨੂੰ ਫਰਜ਼ੀ ਕਰਾਰ ਦਿੰਦਿਆਂ ਕਿਹਾ ਕਿ ਸਿਆਸੀ ਫਾਇਦੇ ਲਈ ਉਨ੍ਹਾਂ ਦੇ ਅਕਸ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਗਈ ਹੈ।
______________________________
ਰਾਜੀਵ ਦੇ ਦਿੱਲੀ ਪੁੱਜਣ ਤੋਂ ਪਹਿਲਾਂ ਹੀ ਦੰਗੇ ਸ਼ੁਰੂ ਹੋ ਗਏ ਸਨ: ਕੈਪਟਨ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਦਹਾਕੇ ਪਹਿਲਾਂ ਹੋਏ ਸਿੱਖ ਕਤਲੇਆਮ ਵਿਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਆਏ ਨਾਮ ਨੂੰ ਗਲਤ ਕਹਿੰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਦੰਗੇ ਸ਼ੁਰੂ ਹੋ ਗਏ ਸਨ। ਇਸ ਦਾਅਵੇ ਨੇ 1984 ਦੇ ਸਿੱਖ ਕਤਲੇਆਮ ਦੇ ਮੁੱਦੇ ਉਪਰ ਨਵੀਂ ਚਰਚਾ ਛੇੜ ਦਿੱਤੀ ਹੈ। ਉਨ੍ਹਾਂ ਦੰਗਿਆਂ ਵਿਚ ਰਾਜੀਵ ਗਾਂਧੀ ਦੀ ਭੂਮਿਕਾ ‘ਤੇ ਸਵਾਲ ਉਠਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਆਲੋਚਨਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਦੰਗੇ ਸ਼ੁਰੂ ਹੋਣ ਵੇਲੇ ਰਾਜੀਵ ਗਾਂਧੀ ਚੋਣ ਦੌਰੇ ‘ਤੇ ਕਲਕੱਤਾ ਤੋਂ 150 ਕਿਲੋਮੀਟਰ ਦੂਰ ਕੋਂਟਾਈ ਵਿਚ ਸਨ।