ਸਿੰਜਾਈ ਘੁਟਾਲਾ: ਅਫਸਰਸ਼ਾਹੀ ਤੇ ਸਿਆਸਤਦਾਨਾਂ ਦੀ ਮਿਲੀਭੁਗਤ ਦੀ ਖੁੱਲ੍ਹੀ ਪੋਲ

ਚੰਡੀਗੜ੍ਹ: ਪੰਜਾਬ ਦੇ ਸਿੰਜਾਈ ਵਿਭਾਗ ਵਿਚ ਹੋਏ ਬਹੁਕਰੋੜੀ ਘੁਟਾਲੇ ਦੀ ਤਫਤੀਸ਼ ਦੌਰਾਨ ਵਿਵਾਦਤ ਠੇਕੇਦਾਰ ਗੁਰਿੰਦਰ ਸਿੰਘ ਉਰਫ ‘ਭਾਪਾ’ ਦੇ ਖੁਲਾਸਿਆਂ ਨੇ ਅਫਸਰਸ਼ਾਹੀ ਅਤੇ ਸਿਆਸਤਦਾਨਾਂ ਦੇ ਗੱਠਜੋੜ ਨੂੰ ਬੇਪਰਦ ਕਰ ਦਿੱਤਾ ਹੈ। ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਉਣ ਦੇ ਮਾਮਲੇ ਵਿਚ ਅਫਸਰਾਂ ਤੇ ਸਿਆਸਤਦਾਨਾਂ ਨੇ ਖੁੱਲ੍ਹੀ ਖੇਡ ਖੇਡੀ।

ਵਿਜੀਲੈਂਸ ਸੂਤਰਾਂ ਤੋਂ ਹਾਸਲ ਦਸਤਾਵੇਜ਼ ਮੁਤਾਬਕ ਬਾਦਲਾਂ ਦੇ ਰਾਜ ਦੌਰਾਨ ਸਿੰਜਾਈ ਵਿਭਾਗ ਰਾਹੀਂ ਸਰਕਾਰੀ ਖਜ਼ਾਨੇ ਦੀ ਭਰਵੀਂ ਲੁੱਟ ਹੋਈ। ਠੇਕੇਦਾਰ ਤੋਂ ਪੁੱਛਗਿੱਛ ਵਿਚ ਸਾਹਮਣੇ ਆਇਆ ਹੈ ਕਿ ਕਿਸ ਤਰ੍ਹਾਂ ਉਸ ਨੇ ਵਿਭਾਗ ਦੇ ਟੈਂਡਰਾਂ ਦੀ ਅਲਾਟਮੈਂਟ ਕਰਾਉਣ ਤੇ ਬਿਲ ਪਾਸ ਕਰਾਉਣ ਬਦਲੇ ਸੀਨੀਅਰ ਆਈ.ਏ.ਐਸ਼ ਅਧਿਕਾਰੀਆਂ, ਇੰਜੀਨੀਅਰਾਂ ਤੇ ਸਿਆਸਤਦਾਨਾਂ ਨੂੰ ਕਰੋੜਾਂ ਰੁਪਏ ਦੀ ਰਿਸ਼ਵਤ ਉਨ੍ਹਾਂ (ਅਫਸਰਾਂ) ਦੇ ਘਰ ਜਾ ਕੇ ਹੱਥੋ ਹੱਥੀਂ ਦਿੱਤੀ। ਹੈਰਾਨੀਜਨਕ ਤੱਥ ਇਹ ਵੀ ਸਾਹਮਣੇ ਆਇਆ ਹੈ ਕਿ ਪੰਜਾਬ ਦੀ ਅਫਸਰਸ਼ਾਹੀ ਵਿਚ ਜਿਸ ਆਈ.ਏ.ਐਸ਼ ਅਫਸਰ ਵੱਲੋਂ ਇਮਾਨਦਾਰੀ ਦਾ ਝੰਡਾਬਰਦਾਰ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ, ਠੇਕੇਦਾਰ ਵੱਲੋਂ ਇਸ ਅਫਸਰ ਦੇ ਘਰ ਜਾ ਕੇ 7 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ ਗਿਆ ਹੈ।
ਵਿਜੀਲੈਂਸ ਬਿਊਰੋ ਵੱਲੋਂ ਅਕਾਲੀ-ਭਾਜਪਾ ਸਰਕਾਰ ਸਮੇਂ ਸਿੰਜਾਈ ਵਿਭਾਗ ਵਿਚ 1,000 ਕਰੋੜ ਰੁਪਏ ਦਾ ਘੁਟਾਲਾ ਹੋਣ ਦਾ ਦਾਅਵਾ ਕੀਤਾ ਗਿਆ ਹੈ। ਠੇਕੇਦਾਰ ਵੱਲੋਂ ਕੀਤੇ ਖੁਲਾਸਿਆਂ ਤੋਂ ਇਕ ਗੱਲ ਤਾਂ ਸਾਫ ਹੈ ਕਿ ਘੁਟਾਲੇ ਦਾ ਇਹ ਪੈਸਾ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਦੋ ਸਿਆਸਤਦਾਨਾਂ, ਤਿੰਨ ਆਈ.ਏ.ਐਸ਼ ਅਧਿਕਾਰੀਆਂ, ਠੇਕੇਦਾਰਾਂ, ਸਿੰਜਾਈ ਵਿਭਾਗ ਦੇ ਇੰਜੀਨੀਅਰਾਂ ਅਤੇ ਮੰਤਰੀਆਂ ਦੇ ਨਿੱਜੀ ਸਹਾਇਕਾਂ ਨੇ ਵੰਡ ਕੇ ਛਕਿਆ ਹੈ।
ਠੇਕੇਦਾਰ ਦੇ ਖੁਲਾਸਿਆਂ ਮੁਤਾਬਕ ਸਿੰਜਾਈ ਵਿਭਾਗ ਦਾ ਇਕ ਚੀਫ ਇੰਜੀਨੀਅਰ ਅਫਸਰਾਂ ਤੇ ਸਿਆਸਤਦਾਨਾਂ ਨਾਲ ਗੁਰਿੰਦਰ ਸਿੰਘ ਦਾ ਤੁਆਰਫ ਕਰਾਉਂਦਾ ਹੈ ਤੇ ਮਗਰੋਂ ਸਿੱਧੀ ਸੌਦੇ ਦੀ ਹੀ ਗੱਲ ਹੁੰਦੀ ਹੈ। ਵਿਭਾਗ ਦੇ ਪ੍ਰਮੁੱਖ ਸਕੱਤਰ ਰਹੇ ਇਕ ਆਈ.ਏ.ਐਸ਼ ਅਫਸਰ ਬਾਰੇ ਤਾਂ ਇਹ ਵੀ ਖੁਲਾਸਾ ਕੀਤਾ ਗਿਆ ਹੈ ਕਿ ਉਸ ਨੇ ਸਿੰਜਾਈ ਵਿਭਾਗ ਵਿਚਲੇ ਗੋਰਖਧੰਦੇ ਨੂੰ ਚਲਦਾ ਰੱਖਣ ਲਈ ਇਕ ਵਿਸ਼ੇਸ਼ ਮੋਬਾਈਲ ਫੋਨ ਦਿੱਤਾ। ਇਹ ਸੈਲੂਲਰ ਫੋਨ ਹਰ ਛੇ ਮਹੀਨਿਆਂ ਵਿਚ ਬਦਲ ਦਿੱਤਾ ਜਾਂਦਾ ਸੀ। ਸੂਤਰਾਂ ਮੁਤਾਬਕ ਇਹ ਮੋਬਾਈਲ ਫੋਨ ਹੀ ਸਾਰੇ ਗੁਪਤ ਧੰਦਿਆਂ ਦਾ ਭੇਤ ਹੈ। ਇਨ੍ਹਾਂ ਫੋਨਾਂ ਦੀ ਕਾਲ ਡਿਟੇਲਜ਼ ਰਾਹੀਂ ਵਿਜੀਲੈਂਸ ਸਬੰਧਤ ਅਧਿਕਾਰੀ ਨੂੰ ਸੌਖਿਆਂ ਹੀ ਹੱਥ ਪਾ ਸਕਦੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਅਫਸਰ ਨੂੰ ਟਰੈਂਚਿੰਗ ਮਸ਼ੀਨਾਂ ਦੀ ਖਰੀਦ ਮੌਕੇ 50 ਲੱਖ ਰੁਪਏ ਦੀ ਰਿਸ਼ਵਤ ਘਰ ਜਾ ਕੇ ਦਿੱਤੀ ਗਈ।
ਠੇਕੇਦਾਰ ਵੱਲੋਂ ਇਸ ਵਿਵਾਦਤ ਅਫਸਰ ਨੂੰ ਸਿੰਜਾਈ ਵਿਭਾਗ ਵਿਚ ਦਿੱਤੇ ਕੰਮਾਂ ਦੀ ‘ਮਿਹਰਬਾਨੀ’ ਵਜੋਂ ਕੋਈ 8 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ ਗਿਆ ਹੈ। ਇਸੇ ਤਰ੍ਹਾਂ ਇਕ ਹੋਰ ਆਈ.ਏ.ਐਸ਼ ਅਫਸਰ ਨੂੰ 5.5 ਕਰੋੜ ਰੁਪਏ ਦੇਣ ਦਾ ਖੁਲਾਸਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਇਕ ਆਗੂ ਨੂੰ 10 ਕਰੋੜ ਰੁਪਏ ਦੀ ਰਿਸ਼ਵਤ ਦੇਣ ਬਾਰੇ ਵੀ ਠੇਕੇਦਾਰ ਨੇ ਇੰਕਸਾਫ ਕੀਤਾ ਹੈ।
________________________________
ਵੱਡੇ ਮਗਰਮੱਛਾਂ ਨੂੰ ਹੱਥ ਪਾਉਣ ਤੋਂ ਕਿਨਾਰਾ
ਕੈਪਟਨ ਸਰਕਾਰ ਹਾਲ ਦੀ ਘੜੀ ਸਿੰਜਾਈ ਘੁਟਾਲੇ ਵਿਚ ਸ਼ਾਮਲ ਵੱਡੇ ਅਫਸਰਾਂ ਖਿਲਾਫ਼ ਕਾਰਵਾਈ ਕਰਨ ਦੇ ਰੌਂਅ ਵਿਚ ਨਹੀਂ ਹੈ। ਸੂਬੇ ਦੇ ਸੀਨੀਅਰ ਆਈ.ਏ.ਐਸ਼ ਅਧਿਕਾਰੀਆਂ ਵਿਰੁੱਧ ਕਾਰਵਾਈ ਬਾਰੇ ਮੁੱਖ ਮੰਤਰੀ ਦੀ ਦੁਬਿਧਾ ਨੇ ਵਿਜੀਲੈਂਸ ਦੇ ਹੱਥ ਬੰਨ੍ਹ ਦਿੱਤੇ ਹਨ।
ਸੂਤਰਾਂ ਮੁਤਾਬਕ ਵਿਜੀਲੈਂਸ ਨੇ ਦੋ ਸੀਨੀਅਰ ਅਧਿਕਾਰੀਆਂ ਵੱਲੋਂ 1,000 ਕਰੋੜ ਰੁਪਏ ਦੇ ਘੁਟਾਲੇ ਵਿਚ ਹੱਥ ਰੰਗਣ ਦੇ ਤੱਥ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਾਂਝੇ ਕੀਤੇ ਸਨ। ਮੁੱਖ ਮੰਤਰੀ ਵੱਲੋਂ ਹਾਲ ਦੀ ਘੜੀ ਵਿਜੀਲੈਂਸ ਨੂੰ ਇਸ ਮਾਮਲੇ ਉਤੇ ਚੁੱਪ ਵੱਟਣ ਦਾ ਹੀ ਇਸ਼ਾਰਾ ਕੀਤਾ ਗਿਆ ਹੈ।