ਵਿਵਾਦ ਦੇ ਬਾਵਜੂਦ ਨਵੇਂ ਵਰ੍ਹੇ ਦਾ ਨਾਨਕਸ਼ਾਹੀ ਕੈਲੰਡਰ ਜਾਰੀ

ਅੰਮ੍ਰਿਤਸਰ: ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਨਵੇਂ ਵਰ੍ਹੇ 2018-19 ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ। ਅਕਾਲ ਤਖਤ ਦੇ ਸਕੱਤਰੇਤ ਵਿਚ ਨਾਨਕਸ਼ਾਹੀ ਸੰਮਤ 550 (2018-19) ਦਾ ਕੈਲੰਡਰ ਜਾਰੀ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸਾਲ ਦਾ ਨਾਨਕਸ਼ਾਹੀ ਕੈਲੰਡਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਕੀਤਾ ਗਿਆ ਹੈ।

ਉਨ੍ਹਾਂ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਗਏ ਇਸ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਮਨਾਉਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਹੁੰਦਿਆਂ ਗੁਰੂ ਸਾਹਿਬਾਨ ਦੇ ਫਲਸਫ਼ੇ ਦੇ ਪ੍ਰਚਾਰ-ਪ੍ਰਸਾਰ ਲਈ ਸੰਯੁਕਤ ਹੰਭਲਾ ਮਾਰਨ। ਉਨ੍ਹਾਂ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਜਲਦੀ ਹੀ ਨਾਨਕਸ਼ਾਹੀ ਜੰਤਰੀ ਅਤੇ ਡਾਇਰੀ ਵੀ ਸੰਗਤ ਲਈ ਅਰਪਣ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਬੀਤੇ ਵਰ੍ਹੇ ਵੀ ਸੋਧਿਆ ਹੋਇਆ ਇਹ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਵਿਚ ਆਪਸੀ ਵੰਡ ਅਤੇ ਵਿਵਾਦ ਦਾ ਵਿਸ਼ਾ ਬਣਿਆ ਰਿਹਾ ਹੈ। ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖਤ ਦੋਵਾਂ ਸਿੱਖ ਸੰਸਥਾਵਾਂ ਵੱਲੋਂ ਹੀ ਇਸ ਸਬੰਧੀ ਵਿਵਾਦ ਨੂੰ ਖਤਮ ਕਰਨ ਲਈ ਕੋਈ ਉਪਰਾਲਾ ਨਹੀਂ ਕੀਤਾ ਗਿਆ ਜਦੋਂਕਿ ਬੀਤੇ ਵਰ੍ਹੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਕਿਰਪਾਲ ਸਿੰਘ ਬਡੂੰਗਰ ਨਿਯੁਕਤ ਸਨ।
ਉਨ੍ਹਾਂ ਦੇ 2003 ਦੇ ਕਾਰਜਕਾਲ ਵੇਲੇ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਹੋਇਆ ਸੀ। ਇਸ ਕਰ ਕੇ ਉਨ੍ਹਾਂ ਦੀ ਨਿਯੁਕਤੀ ਵੇਲੇ ਸਿੱਖ ਕੌਮ ਵੱਲੋਂ ਉਮੀਦ ਕੀਤੀ ਜਾ ਰਹੀ ਸੀ ਕਿ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਨੂੰ ਖਤਮ ਕਰਨ ਲਈ ਯਤਨ ਹੋਵੇਗਾ ਪਰ ਅਜਿਹਾ ਕੁਝ ਨਹੀਂ ਕੀਤਾ ਗਿਆ। ਨਵੰਬਰ 2017 ਵਿਚ ਉਨ੍ਹਾਂ ਦੀ ਥਾਂ ਉਤੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ ਪਰ ਉਨ੍ਹਾਂ ਨੇ ਵੀ ਇਸ ਮਸਲੇ ਨੂੰ ਹੁਣ ਤੱਕ ਠੰਢੇ ਬਸਤੇ ਵਿਚ ਪਾਇਆ ਹੋਇਆ ਹੈ। ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਸਿੱਖ ਕੌਮ ਵੱਲੋਂ ਵਧੇਰੇ ਗੁਰਪੁਰਬ ਦੋ-ਦੋ ਵਾਰ ਮਨਾਏ ਜਾ ਰਹੇ ਹਨ।