ਹੋਲਾ ਮਹੱਲਾ: ਦੂਸ਼ਣਬਾਜ਼ੀ ਤੋਂ ਮੁੜ ਨਾ ਟਲਿਆ ਬਾਦਲ ਧੜਾ

ਕਾਂਗਰਸ ਤੇ ‘ਆਪ’ ਰਹੀਆਂ ਸਿਆਸੀ ਕਾਨਫਰੰਸਾਂ ਤੋਂ ਦੂਰ
ਸ੍ਰੀ ਆਨੰਦਪੁਰ ਸਾਹਿਬ: ਹੋਲਾ ਮਹੱਲਾ ਵਿਚ ਜਿਥੇ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਸਿਆਸੀ ਕਾਨਫਰੰਸਾਂ ਨਾ ਕਰਨ ਦੇ ਫੈਸਲੇ ਉਤੇ ਕਾਇਮ ਰਹੀਆਂ, ਉਥੇ ਸ਼੍ਰੋਮਣੀ ਅਕਾਲੀ ਦਲ ਬਾਦਲ ਸਿਆਸੀ ਦੂਸ਼ਣਬਾਜ਼ੀ ਤੋਂ ਨਾ ਟਲਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਰੋਧੀ ਧਿਰਾਂ ਨੂੰ ਖੁੱਲ੍ਹ ਕੇ ਰਗੜੇ ਲਾਏ। ਹੋਲੇ ਮਹੱਲੇ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿਆਸੀ ਕਾਨਫਰੰਸ ਕੀਤੀ ਗਈ। ਉਂਜ ਪਾਰਟੀ ਦੀ ਰਵਾਇਤ ਦੇ ਉਲਟ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕਾਨਫਰੰਸ ਵਿਚੋਂ ਗੈਰਹਾਜ਼ਰ ਰਹੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਕ ਵਾਰ ਬਿਮਾਰ ਹੋਣ ਕਰ ਕੇ ਉਹ ਕਾਨਫਰੰਸ ਵਿਚ ਹਾਜ਼ਰ ਨਹੀਂ ਹੋ ਸਕੇ ਸਨ।

ਕਾਂਗਰਸ ਸਰਕਾਰ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਦੇਣੀ ਜਾਰੀ ਰੱਖੀ ਸੀ ਜਦਕਿ ਕਾਂਗਰਸ ਸਰਕਾਰ ਬਿੱਲ ਲਾਉਣ ਦੀ ਤਿਆਰੀ ਕਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸਾਰੀਆਂ ਲੋਕ ਭਲਾਈ ਸਕੀਮਾਂ, ਇਹ ਚਾਹੇ ਬੁਢਾਪਾ ਪੈਨਸ਼ਨ, ਸ਼ਗਨ ਸਕੀਮ ਜਾਂ ਫਿਰ ਦਲਿਤ ਵਿਦਿਆਰਥੀਆਂ ਲਈ ਵਜ਼ੀਫੇ ਹੋਣ, ਨੂੰ ਬੰਦ ਕਰ ਦਿੱਤਾ ਹੈ। ਮੌਜੂਦਾ ਸਰਕਾਰ ਨੇ 800 ਸਕੂਲਾਂ ਨੂੰ ਵੀ ਤਾਲਾ ਜੜ ਦਿੱਤਾ ਹੈ। ਕਾਂਗਰਸ ਸਰਕਾਰ ਪੰਜਾਬ ਵਿਚ ਹੋਣ ਵਾਲਾ ਸਾਲਾਨਾ ਵਿਸ਼ਵ ਕਬੱਡੀ ਕੱਪ ਕਰਾਉਣ ਤੋਂ ਵੀ ਇਨਕਾਰ ਕਰ ਰਹੀ ਹੈ। ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਮਾਰੂ ਦੱਸਿਆ ਅਤੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਕੈਬਨਿਟ ਦੇ ਵਿਸਥਾਰ ਮੌਕੇ ਕਾਬਲ ਵਿਧਾਇਕਾਂ ਨੂੰ ਮੰਤਰੀ ਬਣਾਇਆ ਜਾਵੇ। ਉਨ੍ਹਾਂ ਸਿੱਖ ਭਾਈਚਾਰੇ ਨੂੰ ਪੰਜਾਬੀਆਂ ਦੀ ਸ਼ਾਨ ਦੱਸਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਤੋਂ ਸੇਧ ਲੈਣੀ ਚਾਹੀਦੀ ਹੈ। ਸ੍ਰੀ ਆਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਆਪਣੀਆਂ ਪ੍ਰਾਪਤੀਆਂ ਲੋਕਾਂ ਨੂੰ ਗਿਣਵਾਉਣ ਤੋਂ ਪਿੱਛੇ ਨਹੀਂ ਰਹੇ। ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਕਿਸ ਤਰ੍ਹਾਂ ਸਰਕਾਰ ਲੋਕਾਂ ਨਾਲ ਕੀਤੇ ਮੁਕੰਮਲ ਕਰਜ਼ਾ ਮੁਆਫੀ, ਘਰ-ਘਰ ਨੌਕਰੀ ਅਤੇ ਸਮਾਜ ਭਲਾਈ ਦੇ ਲਾਭਾਂ ਵਿਚ ਵਾਧੇ ਆਦਿ ਜਿਹੇ ਵਾਅਦਿਆਂ ਤੋਂ ਮੁੱਕਰ ਚੁੱਕੀ ਹੈ।
_____________________________
ਬਾਦਲਾਂ ਨੇ ਕੀਤਾ ਸਭ ਤੋਂ ਵੱਧ ਸਿੱਖੀ ਦਾ ਘਾਣ: ਮਾਨ
ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਕੀਤੀ ਕਾਨਫਰੰਸ ਵਿਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਅਤੇ ਕੌਮੀ ਜਨਰਲ ਸਕੱਤਰ ਪ੍ਰੋæ ਮਹਿੰਦਰਪਾਲ ਸਿੰਘ ਨੇ ਕਾਂਗਰਸ ਸਰਕਾਰ ਤੋਂ ਮੰਗ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਗ੍ਰਿਫਤਾਰ ਕੀਤਾ ਜਾਵੇ। ਸ਼ ਮਾਨ ਨੇ ਪੰਜਾਬ ਵਿਚ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੂੰ ਰੋਕਣ ਦੇ ਉਪਰਾਲੇ ਕਰਨ ਲਈ ਵੀ ਕਿਹਾ।
ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ 10 ਸਾਲਾਂ ਦੇ ਰਾਜਕਾਲ ਦੌਰਾਨ ਸਿੱਖਾਂ ਅਤੇ ਸਿੱਖੀ ਦਾ ਬਹੁਤ ਵੱਡਾ ਘਾਣ ਕੀਤਾ ਗਿਆ ਅਤੇ ਸਿੱਖ ਕੌਮ ਉਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕਰੇਗੀ। ਪਾਰਟੀ ਦੇ ਯੂਥ ਵਿੰਗ ਪੰਜਾਬ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤ ਫੇਰੀ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਨਾ ਦੇ ਕੇ ਸਿੱਖ ਕੌਮ ਨੂੰ ਕੈਨੇਡਾ ਸਰਕਾਰ ਤੋਂ ਦੂਰ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ।