ਕਿਸਾਨ ਖੁਦਕੁਸ਼ੀਆਂ: ਨੀਤੀਆਂ ਬਣਾਉਣ ‘ਚ ਹੀ ਉਲਝੀ ਸਰਕਾਰ

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਾਲਾਤ ਸੁਧਾਰਨ ਅਤੇ ਖੁਦਕੁਸ਼ੀਆਂ ਰੋਕਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ਦੌਰਾਨ ਖੁਦਕੁਸ਼ੀਆਂ ਦੇ ਰੁਝਾਨ ਵਿਚ ਤੇਜ਼ੀ ਆਈ ਹੈ। ਮਾਲਵਾ ਖੇਤਰ ਤੱਕ ਸੀਮਤ ਜਾਪਦਾ ਖੁਦਕੁਸ਼ੀਆਂ ਦਾ ਰੁਝਾਨ ਮਾਝਾ ਖੇਤਰ ਵਿਚ ਵੀ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਦੋਆਬੇ ਦੇ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਖੁਦਕੁਸ਼ੀਆਂ ਦੀਆਂ ਖਬਰਾਂ ਵੀ ਚਿੰਤਾਜਨਕ ਤਸਵੀਰ ਪੇਸ਼ ਕਰ ਰਹੀਆਂ ਹਨ।

ਸਾਲ 2000 ਤੋਂ 2010 ਤੱਕ ਪੰਜਾਬ ਦੀਆਂ ਯੂਨੀਵਰਸਿਟੀਆਂ ਵੱਲੋਂ ਕੀਤੇ ਸਰਵੇਖਣ ਅਨੁਸਾਰ ਪੰਜਾਬ ਵਿਚ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਗਏ ਕਿਸਾਨਾਂ ਮਜ਼ਦੂਰਾਂ ਦੀ ਗਿਣਤੀ 6900 ਤੋਂ ਜ਼ਿਆਦਾ ਸੀ।
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਅਰਥ ਸ਼ਾਸਤਰੀ ਅਤੇ ਮਾਝਾ ਦੇ ਚਾਰ ਤੇ ਦੋਆਬਾ ਦੇ ਤਿੰਨ ਜ਼ਿਲ੍ਹਿਆਂ ਵਿਚ ਕੀਤੇ ਸਰਵੇਖਣ ਸਬੰਧੀ ਪ੍ਰੋਜੈਕਟ ਦੇ ਮੁਖੀ ਪ੍ਰੋਫੈਸਰ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਬੇਸ਼ੱਕ ਮਾਲਵਾ ਖੇਤਰ ਵਿਚ ਖੁਦਕੁਸ਼ੀਆਂ ਦੀ ਗਿਣਤੀ ਜ਼ਿਆਦਾ ਹੈ, ਪਰ ਰੁਝਾਨ ਮਾਝਾ ਵਿਚ ਵੀ ਵਧ ਰਿਹਾ ਹੈ। ਦੋਆਬੇ ਵਿਚੋਂ ਪਰਵਾਸ ਕਾਰਨ ਖੁਦਕੁਸ਼ੀਆਂ ਦਾ ਰੁਝਾਨ ਇਕ ਤਰ੍ਹਾਂ ਸਥਿਰ ਹੀ ਹੈ। ਖੁਦਕੁਸ਼ੀ ਪੀੜਤ ਪਰਿਵਾਰ ਰਾਹਤ ਨੀਤੀ ਨੂੰ ਬਣਿਆਂ ਵੀ ਲਗਭਗ ਪੰਜ ਸਾਲ ਹੋ ਚੁੱਕੇ ਹਨ, ਪਰ ਇਹ ਠੀਕ ਤਰੀਕੇ ਨਾਲ ਲਾਗੂ ਨਾ ਹੋਣ ਕਰ ਕੇ ਸਾਲਾਂਬੱਧੀ ਪੀੜਤ ਪਰਿਵਾਰਾਂ ਨੂੰ ਰਾਹਤ ਨਹੀਂ ਮਿਲ ਰਹੀ ਹੈ। ਮਾਝੇ ਦੇ ਵੀ ਜ਼ਿਆਦਾਤਰ ਕੇਸਾਂ ਵਿਚ ਸਰਕਾਰ ਵੱਲੋਂ ਪਹਿਲੀ ਐਲਾਨੀ ਤਿੰਨ ਲੱਖ ਰੁਪਏ ਦੀ ਰਾਹਤ ਰਾਸ਼ੀ ਨਹੀਂ ਮਿਲੀ ਹੈ।
ਕੈਪਟਨ ਸਰਕਾਰ ਨੇ ਤਾਂ ਇਹ ਰਾਸ਼ੀ ਵਧਾ ਕੇ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ, ਪਰ ਐਲਾਨ ਉਤੇ ਅਮਲ ਨਹੀਂ ਹੋ ਸਕਿਆ। ਨੀਤੀ ਦੇ ਮੁਤਾਬਕ ਤਾਂ ਪੀੜਤ ਪਰਿਵਾਰ ਨੇ ਤਿੰਨ ਮਹੀਨਿਆਂ ਅੰਦਰ ਅਰਜ਼ੀ ਦੇਣੀ ਹੁੰਦੀ ਹੈ ਅਤੇ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਬਣੀ ਕਮੇਟੀ ਨੇ ਇਕ ਮਹੀਨੇ ਅੰਦਰ ਇਸ ਬਾਰੇ ਫੈਸਲਾ ਕਰਨਾ ਹੁੰਦਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 2015-16 ਅਤੇ ਗੁਰਦਾਸਪੁਰ ਜ਼ਿਲ੍ਹੇ ਦੇ 2017 ਤੱਕ ਦੇ ਸਰਵੇਖਣ ਦੌਰਾਨ ਸਾਹਮਣੇ ਆਇਆ ਕਿ ਗੁਰਦਾਸਪੁਰ ਵਿਚ ਖੁਦਕੁਸ਼ੀਆਂ ਦੀ ਦਰ ਮਾਝੇ ਦੇ ਬਾਕੀ ਜ਼ਿਲ੍ਹਿਆਂ ਨਾਲੋਂ ਜ਼ਿਆਦਾ ਹੈ। ਤਰਨ ਤਾਰਨ ਵਿਚ ਵੀ ਖੁਦਕੁਸ਼ੀ ਦੇ ਕੇਸ ਵਧੇ ਹਨ।
ਪਠਾਨਕੋਟ ਖੁਦਕੁਸ਼ੀ ਮੁਕਤ ਜ਼ਿਲ੍ਹਾ ਕਿਹਾ ਜਾ ਸਕਦਾ ਹੈ, ਕਿਉਂਕਿ ਯੂਨੀਵਰਸਿਟੀ ਦੇ ਸਰਵੇ ਵਿਚ ਜ਼ਿਲ੍ਹੇ ਵਿਚੋਂ ਇਕ ਵੀ ਖੁਦਕੁਸ਼ੀ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। ਡਾæ ਢਿੱਲੋਂ ਅਨੁਸਾਰ ਜੇਕਰ ਦੇਖਿਆ ਜਾਵੇ ਤਾਂ ਜਿਨ੍ਹਾਂ ਵੀ ਪਰਿਵਾਰਾਂ ਨੂੰ ਖੇਤੀ ਤੋਂ ਇਲਾਵਾ ਕੋਈ ਸਹਾਇਕ ਆਮਦਨ ਨਹੀਂ ਹੈ, ਉਹ ਕਰਜ਼ੇ ਕਾਰਨ ਤਣਾਅ ਵਿਚੋਂ ਗੁਜ਼ਰ ਰਹੇ ਹਨ। ਕੇਂਦਰ ਜਾਂ ਰਾਜ ਸਰਕਾਰਾਂ ਦੀ ਅਜੇ ਤੱਕ ਅਜਿਹੇ ਕਿਸਾਨਾਂ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਕੋਈ ਠੋਸ ਖੇਤੀ ਨੀਤੀ ਵੀ ਨਹੀਂ ਹੈ। ਪੰਜਾਬ ਵਿਚ ਅਸਲ ਮੁੱਦਾ ਸਿਰਫ ਫਸਲੀ ਵੰਨ-ਸਵੰਨਤਾ ਨਹੀਂ, ਬਲਕਿ ਖੇਤੀ ਨਾਲ ਜੁੜੀਆਂ ਗਤੀਵਿਧੀਆਂ ਦੀ ਵਿਭਿੰਨਤਾ ਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਪੂਰੇ ਪੰਜਾਬ ਦੇ ਕੀਤੇ ਕਿਸਾਨ ਮਜ਼ਦੂਰ ਖੁਦਕੁਸ਼ੀਆਂ ਦੇ ਸਰਵੇਖਣ ਮੁਤਾਬਕ 2015-16 ਤੱਕ 16,606 ਕਿਸਾਨਾਂ ਅਤੇ ਮਜ਼ਦੂਰਾਂ ਨੇ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕੀਤੀ ਹੈ। ਇਸ ਵਿਚ 14 ਹਜ਼ਾਰ ਤੋਂ ਵੱਧ ਖ਼ੁਦਕੁਸ਼ੀਆਂ ਮਾਲਵਾ ਖੇਤਰ ਦੇ ਸੱਤ ਜ਼ਿਲ੍ਹਿਆਂ ਦੀਆਂ ਹਨ।
_________________________________________
ਪੀੜਤਾਂ ਨੂੰ ਰਾਹਤ ਵੱਲ ਇਕ ਕਦਮ ਵੀ ਨਾ ਪੁੱਟਿਆ
ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਖੁਦਕੁਸ਼ੀ ਪੀੜਤ ਪਰਿਵਾਰਾਂ ਦੇ ਕਰਜ਼ੇ ਦੇ ਸੰਕਟ ਨੂੰ ਹੱਲ ਕਰ ਦਿੱਤਾ ਜਾਵੇਗਾ। ਪਿਛਲੇ ਸਾਲ ਜੂਨ ਵਿਚ ਹੋਏ ਬਜਟ ਇਜਲਾਸ ਦੌਰਾਨ ਮੁੱਖ ਮੰਤਰੀ ਨੇ ਖੁਦਕੁਸ਼ੀ ਪੀੜਤ ਪਰਿਵਾਰਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਸੀ। ਇਸ ਦਿਸ਼ਾ ਵਿਚ ਅਜੇ ਤੱਕ ਕੋਈ ਕੰਮ ਨਹੀਂ ਹੋਇਆ ਹੈ।
ਇਨ੍ਹਾਂ ਪਰਿਵਾਰਾਂ ਦੀ ਸਹਾਇਤਾ ਅਤੇ ਸਮੁੱਚੀ ਵਿੱਤੀ ਹਾਲਤ ਸੁਧਾਰਨ ਲਈ ਕਾਂਗਰਸੀ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਵਿਚ ਪੰਜ ਵਿਧਾਇਕਾਂ ਦੀ ਕਮੇਟੀ ਵੀ ਬਣਾਈ ਸੀ। ਕਮੇਟੀ ਨੇ ਬਹੁਤ ਸਾਰੇ ਲੋਕਾਂ ਨਾਲ ਗੱਲਬਾਤ ਵੀ ਕੀਤੀ ਹੈ। ਕਮੇਟੀ ਦੇ ਮੈਂਬਰ ਵਿਧਾਇਕ ਨੇ ਕਿਹਾ ਕਿ ਕਮੇਟੀ ਆਪਣੀਆਂ ਸਿਫਾਰਸ਼ਾਂ ਤਿਆਰ ਕਰ ਰਹੀ ਹੈ ਤੇ ਰਿਪੋਰਟ ਇਸੇ ਮਹੀਨੇ ਅੱਗੇ ਸੌਂਪਣ ਦੀ ਸੰਭਾਵਨਾ ਹੈ।