ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ

ਬੰਗਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਦੇ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਦੇ ਸ਼ਕਤੀਕਰਨ ਦਾ ਤਹੱਈਆ ਕੀਤਾ ਤੇ ਪੰਜਾਬ ਵਾਸੀਆਂ ਨੂੰ ਸੂਬੇ ਵਿਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟ ਦੇਣ ਲਈ ਸਹਿਯੋਗ ਕਰਨ ਦਾ ਸੱਦਾ ਦਿੱਤਾ। ਇਹ ਇਤਿਹਾਸਕ ਦਿਹਾੜਾ ਨੌਜਵਾਨਾਂ ਦੇ ਸ਼ਕਤੀਕਰਨ ਨੂੰ ਸਮਰਪਤ ਕਰਦਿਆਂ ਮੁੱਖ ਮੰਤਰੀ ਨੇ ਡੈਪੋ (ਡਰੱਗ ਐਬਿਊਜ਼ ਪ੍ਰੀਵੈਨਸ਼ਨ ਅਫਸਰ) ਮੁਹਿੰਮ ਸ਼ੁਰੂ ਕੀਤੀ ਜਿਸ ਤਹਿਤ ਨਸ਼ਿਆਂ ਵਿਰੁੱਧ ਵਿੱਢੀ ਜੰਗ ਵਿਚ ਪੰਜਾਬ ਦੇ ਨਾਗਰਿਕਾਂ ਤੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਜੋੜਿਆ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਡੈਪੋ ਮੁਹਿੰਮ ਤਹਿਤ ਆਪਣੇ ਆਲੇ-ਦੁਆਲੇ, ਮੁਹੱਲਿਆਂ ਜਾਂ ਸਬੰਧਤ ਥਾਵਾਂ ਉਤੇ ਕੰਮ ਕਰਨ ਲਈ ਹੋਰ ਸਮਰਪਤ ਵਾਲੰਟੀਅਰ ਨਾਲ ਜੋੜੇ ਜਾਣਗੇ ਜੋ ਸਥਾਨਕ ਪ੍ਰਸ਼ਾਸਨ, ਪੁਲਿਸ ਅਤੇ ਐਸ਼ਟੀ.ਐਫ਼ ਨਾਲ ਤਾਲਮੇਲ ਬਿਠਾਉਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਮੁਹਿੰਮ ਦੌਰਾਨ ਡੈਪੋ ਦੀ ਵੈੱਬਸਾਈਟ ਉਤੇ ਹੁਣ ਤੱਕ 4.25 ਲੱਖ ਵਾਲੰਟੀਅਰ ਰਜਿਸਟਰ ਹੋ ਚੁੱਕੇ ਹਨ ਅਤੇ ਇਸ ਸਬੰਧੀ ਹੋਰ ਅਰਜ਼ੀਆਂ ਆਉਣ ਦੀ ਸੰਭਾਵਨਾ ਹੈ।
ਮੁੱਖ ਮੰਤਰੀ ਨੇ ਇਸ ਮੌਕੇ ਸ਼ਹੀਦਾਂ ਦੀ ਯਾਦ ਵਿਚ ਬਣੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਯਾਦਗਾਰ ਅਤੇ ਅਜਾਇਬ ਘਰ ਨੂੰ ਰਾਸ਼ਟਰ ਨੂੰ ਸਮਰਪਤ ਕੀਤਾ। ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਉਤੇ ਫੁੱਲ ਮਾਲਾ ਭੇਟ ਕੀਤੀ ਅਤੇ ਸ਼ਹੀਦ ਭਗਤ ਸਿੰਘ ਦੇ ਪਿਤਾ ਸਰਦਾਰ ਕਿਸ਼ਨ ਸਿੰਘ ਦੀ ਯਾਦਗਾਰ ਉਤੇ ਸ਼ਰਧਾਂਜਲੀ ਦਿੱਤੀ।
_______________________
ਮੁਹਾਲੀ ਅੱਡੇ ਦੇ ਨਾਂ ਦਾ ਮਾਮਲਾ ਕੇਂਦਰ ਕੋਲ ਚੁੱਕੇਗੀ ਸਰਕਾਰ
ਕੈਪਟਨ ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉਤੇ ਰੱਖਣ ਦੀ ਮੰਗ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਮਸਲੇ ਨੂੰ ਭਾਰਤ ਸਰਕਾਰ ਕੋਲ ਉਠਾ ਚੁੱਕੀ ਹੈ ਅਤੇ ਉਹ ਨਿੱਜੀ ਤੌਰ ਉਤੇ ਵੀ ਇਹ ਮਾਮਲਾ ਉਠਾਉਣਗੇ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨਾਂ ਨੂੰ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈ ਕੇ ਆਪਣੇ ਅੰਦਰ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਦਾ ਸੱਦਾ ਦਿੱਤਾ।
____________________
ਸ਼ਹੀਦੀ ਦਿਹਾੜਾ: ਅਕਾਲੀਆਂ ਵੱਲੋਂ ਸ਼ਰਧਾਂਜਲੀਆਂ ਦੀ ਥਾਂ ਸਿਆਸੀ ਤੀਰ
ਬੰਗਾ: ਅਕਾਲੀ ਦਲ ਬਾਦਲ ਵੱਲੋਂ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਖਟਕੜ ਕਲਾਂ ਵਿਚ ਕੀਤੀ Ḕਪੋਲ ਖੋਲ੍ਹ ਰੈਲੀ’ ਵਿਚ ਸਿਆਸੀ ਧਿਰਾਂ ਨੂੰ ਖੁੱਲ੍ਹ ਕੇ ਨਿਸ਼ਾਨਾ ਬਣਾਇਆ। ਮੰਚ ਤੋਂ ਅਕਾਲੀ ਆਗੂਆਂ ਨੇ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਨੂੰ ਨਿਸ਼ਾਨੇ ਉਤੇ ਰੱਖਿਆ। ਬੁਲਾਰਿਆਂ ਨੇ ਇਨ੍ਹਾਂ ਮੰਤਰੀਆਂ ਨੂੰ ਦਲ ਬਦਲੂ ਦੱਸਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਅਕਾਲੀ-ਭਾਜਪਾ ਸਰਕਾਰ ਦੇ ਕੰਮਾਂ ਉਤੇ ਆਪਣੀ ਮੋਹਰ ਲਾਉਣਾ ਬਹੁਤ ਹਾਸੋਹੀਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਕਾਂਗਰਸ ਦੀ ਨਹੀਂ, ਸਗੋਂ ਝੂਠ ਦੀ ਸਰਕਾਰ ਹੈ। ਕਾਂਗਰਸ ਨੇ ਜਿਵੇਂ ਚੋਣਾਂ ਤੋਂ ਪਹਿਲਾਂ ਕਰਜ਼ੇ ਮੁਆਫ ਕਰਨ ਅਤੇ ਘਰ ਘਰ ਨੌਕਰੀ ਦੇਣ ਦਾ ਝੂਠ ਬੋਲ ਕੇ ਵੋਟਾਂ ਹਾਸਲ ਕੀਤੀਆਂ ਸਨ, ਉਵੇਂ ਹੁਣ ਸਟੇਜਾਂ ਤੋਂ ਪਹਿਲਾਂ ਹੋਏ ਕੰਮਾਂ ਨੂੰ ਆਪਣੇ ਹਿੱਸੇ ਪਾਉਣ ਦੀਆਂ ਝੂਠੀਆਂ ਗੱਲਾਂ ਕਰ ਰਹੇ ਹਨ। ਸ੍ਰੀ ਬਾਦਲ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਕੁਰਬਾਨੀ ਨੂੰ ਸਿਜਦਾ ਕਰਦਿਆਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਆਪਣੇ ਗੌਰਵਮਈ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਦੀ ਲੋੜ ਹੈ ਤਾਂ ਜੋ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹੋਰ ਨਿਖਾਰਿਆ ਜਾ ਸਕੇ।
ਇਸ ਤੋਂ ਪਹਿਲਾਂ ਸਾਬਕਾ ਵਜ਼ੀਰ ਬਿਕਰਮ ਸਿੰਘ ਮਜੀਠੀਆ ਨੇ ਵੀ ਕਾਂਗਰਸੀ ਮੰਤਰੀਆਂ ਉਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਰੱਜ ਕੇ ਮੰਦਾ ਬੋਲਣ ਵਾਲੇ ਦੋਵੇਂ ਮੰਤਰੀ ਅੱਜ ਉਸੇ ਪਾਰਟੀ ਦੇ ਦਰਬਾਰੀ ਬਣੇ ਹੋਏ ਹਨ। ਉਨ੍ਹਾਂ ਮਨਪ੍ਰੀਤ ਸਿੰਘ ਬਾਦਲ ਨੂੰ ਸ਼ਹੀਦਾਂ ਦੇ ਨਾਂ ਉਤੇ ਸਹੁੰ ਖਾ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਵਾਲਾ ਅਤੇ ਨਵਜੋਤ ਸਿੰਘ ਸਿੱਧੂ ਨੂੰ ਚੁਟਕਲਿਆਂ/ ਟੋਟਕਿਆਂ ਨਾਲ ਡੰਗ ਟਪਾਉਣ ਵਾਲਾ ਦੱਸਿਆ। ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਵੀ ਮਨਪ੍ਰੀਤ ਸਿੰਘ ਬਾਦਲ ਅਤੇ ਨਵਜੋਤ ਸਿੰਘ ਸਿੱਧੂ ਦੀ ਤੁਲਨਾ Ḕਰਾਹੂ’ ਤੇ Ḕਕੇਤੂ’ ਨਾਲ ਕੀਤੀ ਅਤੇ ਕਿਹਾ ਕਿ ਜਿਵੇਂ ਰਾਹੂ ਤੇ ਕੇਤੂ ਦੇ ਵੜਨ ਨਾਲ ਘਰ ਉਜੜ ਜਾਂਦਾ ਹੈ, ਇਵੇਂ ਕਾਂਗਰਸ ਦਾ ਉਜਾੜਾ ਹੋਣੋਂ ਕੋਈ ਨਹੀਂ ਰੋਕ ਸਕਦਾ।