ਖੱਟਰ ਵੱਲੋਂ ਕੈਪਟਨ ਨੂੰ ਰਾਵੀ ਦਾ ਪਾਣੀ ਰੋਕਣ ਦੀ ਸਲਾਹ

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਵੀ ਦਰਿਆ ਦਾ ਪਾਣੀ ਪਾਕਿਸਤਾਨ ਵਿਚ ਜਾਣ ਤੋਂ ਰੋਕਣ ਲਈ ਪੱਤਰ ਲਿਖ ਕੇ ਦਰਿਆਈ ਪਾਣੀਆਂ ਦੇ ਵਿਵਾਦ ਨੂੰ ਮੁੜ ਛੇੜ ਦਿੱਤਾ ਹੈ। ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਲਈ ਦੋਵਾਂ ਸੂਬਿਆਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਸੱਦਣ ਦੀ ਵੀ ਸਲਾਹ ਦਿੱਤੀ ਹੈ।

ਪੰਜਾਬ ਸਰਕਾਰ ਨੇ ਮੌਨਸੂਨ ਦੇ ਮੌਸਮ ਵਿਚ ਰਾਵੀ ਦਰਿਆ ਦੇ ਪਾਕਿਸਤਾਨ ਨੂੰ ਜਾਂਦੇ ਪਾਣੀ ਨੂੰ ਰੋਕਣ ਲਈ ਸ਼ਾਹਪੁਰ ਕੰਢੀ ਡੈਮ ਬਣਾਉਣ ਲਈ ਜੰਮੂ ਕਸ਼ਮੀਰ ਸਰਕਾਰ ਨਾਲ ਗੱਲਬਾਤ ਸ਼ੁਰੂ ਕੀਤੀ ਹੋਈ ਹੈ। ਅਗਲੇ ਦੋ, ਤਿੰਨ ਮਹੀਨਿਆਂ ਵਿਚ ਦੋਵਾਂ ਸੂਬਿਆਂ ਵਿਚਾਲੇ ਵੱਖ-ਵੱਖ ਮੁੱਦਿਆਂ ਉਤੇ ਸਹਿਮਤੀ ਬਣਨ ਦੇ ਆਸਾਰ ਹਨ। ਡੈਮ ਦੀ ਉਸਾਰੀ ਦਾ ਕੰਮ ਕਈ ਸਾਲ ਪਹਿਲਾਂ ਰੁਕ ਗਿਆ ਸੀ ਤੇ ਇਸ ਦੀ ਉਸਾਰੀ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਨੇ ਸਾਲ ਪਹਿਲਾਂ ਸਰਗਰਮੀ ਸ਼ੁਰੂ ਕੀਤੀ ਹੈ ਤੇ ਇਸ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਤੇ ਸਿੰਜਾਈ ਮੰਤਰੀ ਦੀ ਜੰਮੂ ਕਸ਼ਮੀਰ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਹੋ ਚੁੱਕੀ ਹੈ ਤੇ ਕੁਝ ਮੁਢਲੇ ਅੜਿੱਕੇ ਦੂਰ ਹੋਣ ਬਾਰੇ ਪਤਾ ਲੱਗਾ ਹੈ।
ਹਰਿਆਣਾ ਦੇ ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਪੰਜਾਬ ਦੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਪੰਜਾਬ ਤੇ ਹਰਿਆਣਾ ਵਿਚ ਪਾਣੀ ਦੀ ਬਹੁਤ ਵੱਡੀ ਸਮੱਸਿਆ ਪੈਦਾ ਹੋ ਚੁੱਕੀ ਹੈ ਤੇ ਜ਼ਮੀਨ ਹੇਠਲਾ ਪਾਣੀ ਬਹੁਤ ਜ਼ਿਆਦਾ ਡੂੰਘਾ ਹੋ ਚੁੱਕਾ ਹੈ ਤੇ ਇਸ ਨੂੰ ਕੱਢਣਾ ਆਸਾਨ ਨਹੀਂ ਰਹਿ ਗਿਆ। ਉਨ੍ਹਾਂ ਆਪਣੇ ਸੂਬੇ ਦੇ ਮੁੱਖ ਸਕੱਤਰ ਅਤੇ ਸਿੰਜਾਈ ਸਕੱਤਰ ਨੂੰ ਫੌਰੀ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਇਸ ਤਰ੍ਹਾਂ ਦਾ ਪੱਤਰ ਲਿਖ ਕੇ ਜਿਥੇ ਪੰਜਾਬ ਦੇ ਪਾਣੀਆਂ ਉਤੇ ਆਪਣਾ ਇਕ ਵਾਰ ਫਿਰ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਹੈ ਉਥੇ ਹੀ ਹਰਿਆਣਾ ਨੂੰ ਰਾਵੀ ਦਰਿਆ ਦੇ ਪਾਣੀ ਵਿਚੋਂ ਬਣਦਾ ਹਿੱਸਾ ਮਿਲਣ ਦੀ ਸੰਭਾਵਨਾ ਬਾਰੇ ਨਵੀਂ ਚਰਚਾ ਨੇ ਵੀ ਜਨਮ ਲੈ ਲਿਆ ਹੈ।