ਫਿਲਮ ਹੀਰਕ ਰਾਜਰ ਦੇਸ਼ (ਹੀਰਿਆਂ ਦਾ ਦੇਸ਼ ਜਾਂ ਹੀਰਿਆਂ ਦੇ ਰਾਜੇ ਦਾ ਦੇਸ਼- ਬੰਗਾਲੀ, ਅੰਗਰੇਜ਼ੀ ਸਬਟਾਈਟਲਾਂ ਨਾਲ) ਫਿਲਮਸਾਜ਼ ਸਤਿਆਜੀਤ ਰੇਅ ਨੇ 1980 ਵਿਚ ਬਣਾਈ ਸੀ। ਇਹ ਸਤਿਆਜੀਤ ਰੇਅ ਦੀ ਵੱਖਰੀ ਕਿਸਮ ਦੀ ਫਿਲਮ ਹੈ। ਇਸ ਵਿਚ ਰੇਅ ਨੇ ਖੁੱਲ੍ਹੇਆਮ ਦਿਖਾਇਆ ਹੈ ਕਿ ਜਿਹੜਾ ਰਾਜ ਲੋਕਾਂ ਦੀ ਭਲਾਈ ਲਈ ਕੰਮ ਨਹੀਂ ਕਰਦਾ, ਉਸ ਰਾਜ ਨੂੰ ਮਜ਼ਦੂਰਾਂ ਅਤੇ ਕਿਸਾਨਾਂ ਵਲੋਂ ਇਕੱਠੇ ਹੋ ਕੇ ਬਦਲ ਦੇਣਾ ਚਾਹੀਦਾ ਹੈ। ਇਸੇ ਕਰ ਕੇ ਹੀ ਤਾਂ ਫਿਲਮ ਅਤੇ ਮੰਚ ਅਦਾਕਾਰ ਉਤਪਲ ਦੱਤ ਇਸ ਫਿਲਮ ਨੂੰ ਸ਼ਰੇਆਮ ਰੂਪ ਵਿਚ “ਸਿਆਸੀ ਫਿਲਮ” ਮੰਨਿਆ ਸੀ।
‘ਹੀਰਕ ਰਾਜਰ ਦੇਸ਼’ ਦੀ ਕਹਾਣੀ ਪਰੀ ਕਹਾਣੀ ਦੇ ਤੌਰ ‘ਤੇ ਪੇਸ਼ ਕੀਤੀ ਗਈ ਹੈ। ਹੀਰਿਆਂ ਦੀਆਂ ਖਾਣਾਂ ਵਾਲੇ ਦੇਸ਼ ਵਿਚ ਖਾਣਾਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਉਹਨਾਂ ਦੀ ਮਿਹਨਤ ਦਾ ਪੂਰਾ ਮੁੱਲ ਨਹੀਂ ਮਿਲਦਾ। ਕਿਸਾਨਾਂ ਨੂੰ ਸਰਕਾਰ ਦਾ ਟੈਕਸ ਭਰਨ ਲਈ ਭੁੱਖੇ ਰਹਿਣਾ ਪੈਂਦਾ ਹੈ। ਗਾਇਕਾਂ ਨੂੰ ਆਪਣੀ ਮਰਜ਼ੀ ਦੇ ਗੀਤ ਗਾਉਣ ਦੀ ਖੁੱਲ੍ਹ ਨਹੀਂ ਅਤੇ ਅਧਿਆਪਕਾਂ ਨੂੰ ਆਪਣੀ ਮਰਜ਼ੀ ਦਾ ਪੜ੍ਹਾਉਣ ਦੀ। ਰਾਜੇ ਦੇ ਮੰਤਰੀ ਉਸ ਦੇ ਜੀਅ ਹਜ਼ੂਰੀਏ ਹਨ। ਉਹ ਹਰ ਗੱਲ ਵਿਚ ਰਾਜੇ ਦੀ ਹਾਂ ਵਿਚ ਹਾਂ ਮਿਲਾਉਂਦੇ ਹਨ ਅਤੇ ਇਸ ਦੇ ਇਵਜ਼ ਵਿਚ ਹੀਰਿਆਂ ਦੇ ਹਾਰ (ਦੇਸ਼ ਦੀ ਦੌਲਤ ਵਿਚੋਂ ਆਪਣਾ ਹਿੱਸਾ) ਪ੍ਰਾਪਤ ਕਰ ਕੇ ਖੁਸ਼ ਹੁੰਦੇ ਹਨ। ਰਾਜੇ ਦੇ ਮੁੱਖ ਵਿਗਿਆਨੀ ਨੇ ਇਕ ਅਜਿਹਾ ਢੰਗ ਲੱਭ ਲਿਆ ਹੈ ਜਿਸ ਰਾਹੀਂ ਲੋਕਾਂ ਦੇ ਦਿਮਾਗ ਉਤੇ ਕਾਠੀ (ਬ੍ਰੇਨਵਾਸ਼ ਕਰਨਾ) ਪਾਈ ਜਾ ਸਕੇ। ਇਸ ਢੰਗ ਨਾਲ ਲੋਕਾਂ ਦੇ ਦਿਮਾਗਾਂ ਵਿਚ ਉਹ ਗੱਲਾਂ ਭਰੀਆਂ ਜਾ ਸਕਦੀਆਂ ਹਨ ਜੋ ਰਾਜਾ ਚਾਹੇ। ਰਾਜ ਕਵੀ, ਵਿਗਿਆਨੀ ਨੂੰ ਰਾਜੇ ਦਾ ਜਸਗਾਨ ਕਰਦੀਆਂ ਕਵਿਤਾਵਾਂ ਲਿਖ ਦਿੰਦਾ ਹੈ ਜੋ ਵਿਗਿਆਨੀ ਲੋਕਾਂ ਦੇ ਦਿਮਾਗਾਂ ਵਿਚ ਭਰ ਦਿੰਦਾ ਹੈ। ਨਤੀਜੇ ਵਜੋਂ ਮਜ਼ਦੂਰ ਅਤੇ ਕਿਸਾਨ ਅੱਧਭੁੱਖੇ ਰਹਿ ਕੇ ਰਾਜੇ ਲਈ ਕੰਮ ਕਰਦੇ ਹਨ ਅਤੇ ਰਾਜੇ ਦੇ ਗੁਣ ਗਾਉਂਦੇ ਰਹਿੰਦੇ ਹਨ। ਰਾਜਾ ਬੜੇ ਮਾਣ ਨਾਲ ਕਹਿੰਦਾ ਹੈ ਕਿ “ਹੀਰਿਆਂ ਦੇ ਦੇਸ਼ ਦਾ ਰਾਜਾ (ਆਪਣੀ ਪਰਜਾ ਨੂੰ) ਮਾਰਦਾ ਨਹੀਂ, ਉਸ ਨੂੰ ਜੇਲ੍ਹਾਂ ਦੀ ਲੋੜ ਨਹੀਂ, ਉਹ ਲੋਕਾਂ ਨੂੰ ਬਰਛਿਆਂ ‘ਤੇ ਨਹੀਂ ਟੰਗਦਾ ਅਤੇ ਨਾ ਹੀ ਲੋਕਾਂ ਨੂੰ ਜ਼ਿੰਦਾ ਜਲਾਉਂਦਾ ਹੈ। ਉਸ ਦੇ ਦੇਸ਼ ਵਿਚ ਤਾਂ ਇਕ ਹੀ ਸਜ਼ਾ ਹੈ- (ਬ੍ਰੇਨ ਵਾਸ਼ਿੰਗ ਦੀ)”। ਭਵਿਖ ਵਿਚ ਉਪਜਣ ਵਾਲੀ ਬਗਾਵਤ ਨੂੰ ਖਤਮ ਕਰਨ ਲਈ ਉਹ ਸਕੂਲ ਬੰਦ ਕਰ ਦਿੰਦਾ ਹੈ ਅਤੇ ਕਿਤਾਬਾਂ ਸਾੜ ਦਿੰਦਾ ਹੈ ਕਿਉਂਕਿ ਉਸ ਦਾ ਯਕੀਨ ਹੈ ਕਿ ਗਿਆਨ ਲੋਕਾਂ ਨੂੰ ਚੰਗੇ ਅਤੇ ਮਾੜੇ ਵਿਚ ਫਰਕ ਕਰਨ ਦੀ ਚੇਤਨਾ ਦਿੰਦਾ ਹੈ, ਲੋਕਾਂ ਨੂੰ ਬਗਾਵਤ ਕਰਨ ਲਈ ਉਕਸਾਉਂਦਾ ਹੈ।
ਇਸ ਤਰ੍ਹਾਂ ਲੋਕਾਂ ਦੀ ਬ੍ਰੇਨਵਾਸ਼ਿੰਗ ਕਰ ਕੇ ਰਾਜਾ ਆਪਣੇ ਰਾਜ ਨੂੰ ਹਿੰਸਾ ਦਾ ਸਹਾਰਾ ਲਏ ਬਿਨਾਂ ਚਲਾਉਣ ਵਿਚ ਕਾਮਯਾਬ ਰਹਿੰਦਾ ਹੈ ਪਰ ਇਹ ਕਾਮਯਾਬੀ ਹਮੇਸ਼ਾ ਨਹੀਂ ਰਹਿੰਦੀ। ਉਸ ਦੇਸ਼ ਦਾ ਇਕ ਅਧਿਆਪਕ ਬ੍ਰੇਨ ਵਾਸ਼ਿੰਗ ਹੋਣ ਤੋਂ ਪਹਿਲਾਂ ਦੇਸ਼ ਤੋਂ ਬਾਹਰ ਨੱਸ ਜਾਂਦਾ ਹੈ ਅਤੇ ਆਪਣੇ ਪੜ੍ਹਾਏ ਬੱਚਿਆਂ ਨੂੰ ਇਹ ਸੰਦੇਸ਼ ਦਿੰਦਾ ਹੈ ਕਿ ਉਹ ਉਸ ਵਲੋਂ ਦਿੱਤੇ ਗਿਆਨ ਨੂੰ ਨਾ ਭੁੱਲਣ। ਬੱਚੇ ਆਪਣੇ ਅਧਿਆਪਕ ਦੇ ਸਬਕ ਨੂੰ ਯਾਦ ਰੱਖਦੇ ਹਨ ਕਿ “ਜੇ ਰਾਜਾ ਆਪਣੀ ਪਰਜਾ ਦਾ ਦੁਸ਼ਮਣ ਬਣ ਜਾਵੇ ਤਾਂ ਹਾਲਤ ਬਹੁਤ ਖਤਰਨਾਕ ਬਣ ਜਾਂਦੇ ਹਨ। ਮਨੁੱਖ ਕੜਕਦੀ ਬਿਜਲੀ ਤੋਂ ਡਰਦਾ ਹੈ ਪਰ ਰਾਜੇ ਦਾ ਗੁੱਸਾ (ਕੜਕਦੀ ਬਿਜਲੀ ਤੋਂ) ਜ਼ਿਆਦਾ ਖਤਰਨਾਕ ਹੁੰਦਾ ਹੈ। ਬਿਜਲੀ ਇਕ ਥਾਂ ਡਿੱਗਦੀ ਹੈ, ਪਰ ਰਾਜੇ ਦਾ ਗੁੱਸਾ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਬਰਬਾਦ ਕਰਦਾ ਹੈ।… ਇਸ ਲਈ ਜੇ ਲੋਕਾਂ ਨੇ ਮਰਨਾ ਹੀ ਹੈ ਤਾਂ ਰਾਜੇ ਦਾ ਹੁਕਮ ਮੰਨਦਿਆਂ ਮਰਨ ਦੀ ਥਾਂ (ਲੜਦਿਆਂ ਮਰਨਾ ਚਾਹੀਦਾ ਹੈ)।” ਇਕ ਗਾਇਕ ਬ੍ਰੇਨਵਾਸ਼ ਹੋਣ ਤੋਂ ਇਨਕਾਰ ਕਰ ਦਿੰਦਾ ਹੈ ਅਤੇ ਗਾਉਂਦਾ ਹੈ, “ਦੇਖੋ ਕਿੰਨੇ ਅਜੀਬ ਦਿਨ ਆ ਗਏ ਹਨ, ਇਕ ਭਲੇ ਇਨਸਾਨ ਨੂੰ ਟੁੱਟੇ ਘਰਾਂ ਵਿਚ ਰਹਿਣਾ ਪੈ ਰਿਹਾ ਹੈ ਜਦੋਂ ਕਿ ਜ਼ਾਲਮ ਸਿੰਘਾਸਣ ‘ਤੇ ਬੈਠਾ ਹੈ।” ਅਧਿਆਪਕ ਆਪਣੇ ਵਿਦਿਆਰਥੀਆਂ ਦੀ ਮਦਦ ਨਾਲ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਜਥੇਬੰਦ ਕਰਦਾ ਹੈ ਜੋ ਅੰਤ ਵਿਚ ਹੀਰਿਆਂ ਦੇ ਰਾਜੇ ਦੇ ਦਮਨ ਭਰਪੂਰ ਰਾਜ ਦਾ ਖਾਤਮਾ ਕਰ ਦਿੰਦੇ ਹਨ।
ਇਸ ਤਰ੍ਹਾਂ ਇਸ ਫਿਲਮ ਵਿਚ ਸਤਿਆਜੀਤ ਰੇਅ ਹਾਕਮਾਂ ਵਲੋਂ ਲੋਕਾਂ ਨੂੰ ਕੰਟਰੋਲ ਵਿਚ ਰੱਖਣ ਦੇ ਨਵੇਂ ਢੰਗਾਂ ਦਾ ਭੇਤ ਖੋਲ੍ਹਦਾ ਹੈ। ਉਹ ਦਿਖਾਉਂਦਾ ਹੈ ਕਿ ਸਮਾਜ ਵਿਚ ਗਿਆਨ, ਵਿਦਿਆ ਅਤੇ ਤਕਨੋਲੋਜੀ ਦੀ ਕਿੰਨੀ ਮਹੱਤਤਾ ਹੈ। ਹਾਕਮ ਲੋਕਾਂ ਦੀ ਅਸਹਿਮਤੀ, ਵਿਰੋਧ ਅਤੇ ਬਗਾਵਤ ਨੂੰ ਕੰਟਰੋਲ ਕਰਨ ਲਈ ਕਿਸ ਤਰ੍ਹਾਂ ਗਿਆਨ, ਵਿਦਿਆ ਅਤੇ ਤਕਨੋਲੋਜੀ ਦੀ ਵਰਤੋਂ ਕਰਦੇ ਹਨ। ਸਮਾਜ ਵਿਚ ਲੋਕ ਘੋਲਾਂ ਅਤੇ ਸੰਘਰਸ਼ਾਂ ਨੂੰ ਜਥੇਬੰਦ ਕਰਨ ਲਈ ਗਿਆਨ, ਵਿਦਿਆ ਅਤੇ ਤਕਨੋਲੋਜੀ ਨੂੰ ਹਾਕਮਾਂ ਦੇ ਸ਼ਿਕੰਜੇ ‘ਚੋਂ ਆਜ਼ਾਦ ਕਰਾਉਣਾ ਕਿੰਨਾ ਜ਼ਰੂਰੀ ਹੈ। ਅੱਜ ਦੁਨੀਆ ਭਰ ਵਿਚ ਸੂਚਨਾ, ਸੰਚਾਰ ਅਤੇ ਤਕਨੋਲੋਜੀ ਦਾ ਜਿਸ ਤਰ੍ਹਾਂ ਦਾ ਸਿਲਸਿਲਾ ਪੈਦਾ ਹੋ ਚੁੱਕਾ ਹੈ ਅਤੇ ਗਾਲਬ ਧਿਰਾਂ ਜਿਸ ਤਰ੍ਹਾਂ ਇਸ ਸਿਲਸਿਲੇ ਦੀ ਵਰਤੋਂ ਕਰ ਰਹੀਆਂ ਹਨ, ਉਸ ਨੂੰ ਦੇਖਦਿਆਂ ਅਸੀਂ ਇਹ ਕਹਿ ਸਕਦੇ ਹਾਂ ਕਿ ਇਸ ਫਿਲਮ ਦੀ ਅੱਜ ਵੀ ਉਨੀ ਪ੍ਰਸੰਗਕਤਾ ਹੈ ਜਿੰਨੀ ਸਾਢੇ 4 ਦਹਾਕੇ ਪਹਿਲਾਂ ਸੀ ਜਦੋਂ ਰੇਅ ਨੇ ਇਹ ਫਿਲਮ ਬਣਾਈ ਸੀ। -ਸੁਖਵੰਤ ਹੁੰਦਲ