ਬਾਬਾ ਬਕਾਲਾ (ਅੰਮ੍ਰਿਤਸਰ): ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਗਈਆਂ ਕਾਨਫਰੰਸਾਂ ਵਿਚ ਇਕ-ਦੂਜੇ ਖਿਲਾਫ਼ ਤੋਹਮਤਾਂ ਭਾਰੂ ਰਹੀਆਂ। ਸਾਰੀਆਂ ਹੀ ਕਾਨਫਰੰਸਾਂ ਵਿਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਚਰਚਾ ਦਾ ਕੇਂਦਰ ਬਿੰਦੂ ਬਣੀ ਰਹੀ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਗਈ ਸਿਆਸੀ ਕਾਨਫਰੰਸ ਵਿਚ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਜਸਟਿਸ ਰਣਜੀਤ ਸਿੰਘ ਹਮਪਿਆਲਾ ਹਨ।
ਇਸ ਲਈ ਉਸ ਨੇ ਕਾਂਗਰਸ ਦੇ ਇਸ਼ਾਰੇ ਉਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਲਈ ਅਜਿਹੀ ਰਿਪੋਰਟ ਤਿਆਰ ਕੀਤੀ ਹੈ, ਜਿਸ ਵਿਚ ਅਕਾਲੀਆਂ ਨੂੰ ਬੇਅਦਬੀ ਘਟਨਾਵਾਂ ਲਈ ਦੋਸ਼ੀ ਦੱਸਿਆ ਗਿਆ ਹੈ। ਉਨ੍ਹਾਂ ਆਖਿਆ ਕਿ ਅੱਜ ਕੁਝ ਤਾਕਤਾਂ ਅਕਾਲੀ ਦਲ ਨੂੰ ਨਿਸ਼ਾਨਾ ਬਣਾਉਣ ਦਾ ਯਤਨ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਿੱਖ ਕੌਮ ਨੂੰ ਵੰਡਣਾ ਚਾਹੁੰਦੀ ਹੈ, ਤਾਂ ਜੋ ਉਹ ਸੱਤਾ ਵਿਚ ਬਣੀ ਰਹਿ ਸਕੇ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਜਾਣਬੁੱਝ ਕੇ ਬੇਅਦਬੀ ਘਟਨਾਵਾਂ ਅਤੇ ਬਰਗਾੜੀ ਕਾਂਡ ਵਾਸਤੇ ਸ਼੍ਰੋਮਣੀ ਅਕਾਲੀ ਦਲ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਅਮਰੀਕਾ ਦੌਰੇ ਦੌਰਾਨ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ‘ਤੇ ਹੋਏ ਹਮਲੇ ਲਈ ਉਨ੍ਹਾਂ ਪਾਕਿਸਤਾਨੀ ਖੁਫੀਆ ਏਜੰਸੀ ਆਈ.ਐਸ਼ਆਈ. ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਦੋਸ਼ ਲਾਇਆ ਕਿ ਹਮਲੇ ਪਿੱਛੇ ਮੁਤਵਾਜ਼ੀ ਜਥੇਦਾਰਾਂ ਦਾ ਵੀ ਹੱਥ ਹੈ।
ਉਨ੍ਹਾਂ ਆਖਿਆ ਕਿ ਜੀਕੇ ‘ਤੇ ਹਮਲਾ ਕਰਨ ਵਾਲੇ ਦੀ ਸ਼ਨਾਖਤ ਹੋ ਗਈ ਹੈ। ਇਹ ਵਿਅਕਤੀ 1984 ਸਿੱਖ ਕਤਲੇਆਮ ਦੇ ਇਕ ਗਵਾਹ ਜਸਬੀਰ ਸਿੰਘ ਦਾ ਬੇਟਾ ਹੈ, ਜਿਸ ਨੇ ਜਗਦੀਸ਼ ਟਾਈਟਲਰ ਕੋਲੋਂ ਕਥਿਤ ਰਿਸ਼ਵਤ ਲੈ ਕੇ ਬਿਆਨ ਬਦਲ ਦਿੱਤੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਮੁਤਵਾਜ਼ੀ ਜਥੇਦਾਰਾਂ ਨਾਲ ਮਿਲੀਭੁਗਤ ਹੈ।
___________________________
Ḕਆਪ’ ਨੇ ਬੇਅਦਬੀ ਕਾਂਡ ‘ਤੇ ਸਰਕਾਰ ਨੂੰ ਘੇਰਿਆ
ਰਈਆ: ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਰੱਖੜ ਪੁੰਨਿਆਂ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬੇਅਦਬੀ ਕਾਂਡ ਸਬੰਧੀ ਕਾਂਗਰਸ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਜਾਣ-ਬੁੱਝ ਕੇ ਲੀਕ ਕੀਤੀ ਹੈ, ਤਾਂ ਜੋ ਬਾਦਲਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਰਿਪੋਰਟ ਲੀਕ ਹੋਣ ਕਾਰਨ ਅਕਾਲੀਆਂ ਨੂੰ ਗਵਾਹਾਂ ਨੂੰ ਧਮਕਾਉਣ ਅਤੇ ਆਪਣਾ ਬਚਾਅ ਕਰਨ ਦਾ ਮੌਕਾ ਦਿੱਤਾ ਗਿਆ ਗਿਆ ਹੈ। ਪੰਜਾਬ ਵਿਚ ਚਾਚੇ ਭਤੀਜੇ ਦੀ ਸਰਕਾਰ ਚੱਲ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕੇ ਉਕਤ ਲੋਕ ਪੰਜਾਬ ਵਿਰੋਧੀ ਹਨ ਅਤੇ ਹਮੇਸ਼ਾ ਧਾਰਮਿਕ ਮੁੱਦੇ ਭੜਕਾ ਕੇ ਵੋਟਾਂ ਪ੍ਰਾਪਤ ਕਰਦੇ ਹਨ ਪਰ ਹੁਣ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਪਾਰਟੀ ਅੰਦਰਲੀ ਬਗਾਵਤ ਸਬੰਧੀ ਬੋਲਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਰਗੜੇ ਲਾਏ ਅਤੇ ਕਿਹਾ ਕਿ ਜਿਹੜੇ ਲੋਕ ਹੁਣ Ḕਆਪ’ ਨੂੰ ਦਿੱਲੀ ਦੀ ਪਾਰਟੀ ਦੱਸਦੇ ਹਨ, ਉਹ ਕਦੇ ਪਹਿਲੀ ਕਤਾਰ ਵਿਚ ਬੈਠਦੇ ਸਨ।
_______________________________
ਲੋਕ ਅਕਾਲੀਆਂ ਨੂੰ ਪਿੰਡਾਂ ‘ਚ ਨਹੀਂ ਵੜਨ ਦੇਣਗੇ: ਕਾਂਗਰਸ
ਰਈਆ: ਬਾਬਾ ਬਕਾਲਾ ਵਿਚ ਰੱਖੜ ਪੁੰਨਿਆਂ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਅਕਾਲੀਆਂ ਨੇ ਹੁਣ ਤੱਕ ਸੂਬਾ ਵਾਸੀਆਂ ਨੂੰ ਪੰਥ ਦੇ ਨਾਂ ‘ਤੇ ਉਲਝਾਈ ਰੱਖਿਆ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਅਤੇ ਬਹਿਬਲ ਕਾਂਡ ਦੀ ਸਬੰਧੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਅਕਾਲੀਆਂ ਦੇ ਝੂਠ ਦੀ ਪੋਲ ਖੋਲ੍ਹੇਗੀ। ਉਨ੍ਹਾਂ ਕਿਹਾ ਕੇ ਪੰਜਾਬ ਸਰਕਾਰ ਨੇ 17 ਮਹੀਨਿਆਂ ਵਿਚ ਰਿਪੋਰਟ ਪ੍ਰਾਪਤ ਕਰਕੇ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਉਪਰ ਅਮਰੀਕਾ ਵਿਚ ਹੋਇਆ ਹਮਲਾ ਲੋਕਾਂ ਦੇ ਵਿਰੋਧ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਲੋਕ ਅਕਾਲੀਆਂ ਨੂੰ ਪਿੰਡਾਂ ਵਿਚ ਨਹੀਂ ਵੜਨ ਦੇਣਗੇ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਪਾਏ ਗਏ ਮੁਲਜ਼ਮਾਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ। ਉਨ੍ਹਾਂ ਬਾਦਲਾਂ ‘ਤੇ ਸਿੱਖ ਪੰਥ ਨੂੰ ਢਾਹ ਲਾਉਣ ਦੇ ਦੋਸ਼ ਲਾਏ। ਉਨ੍ਹਾਂ ਇਕ ਕਰੋੜ ਰੁਪਏ ਚਿਲਿੰਗ ਸੈਂਟਰ ਦੀ ਮੁਰੰਮਤ ਅਤੇ 10 ਲੱਖ ਪਿੰਡਾਂ ਦੇ ਵਿਕਾਸ ਲਈ ਦੇਣ ਦਾ ਐਲਾਨ ਕੀਤਾ।