ਗਿਆਨੀ ਗੁਰਬਚਨ ਸਿੰਘ ਦੀ ਜਾਇਦਾਦ ‘ਤੇ ਉਠੇ ਸਵਾਲ

ਚੰਡੀਗੜ੍ਹ: ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਕਿਸੇ ਜਥੇਦਾਰ ਉਪਰ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹੋਣ। ਸਿੱਖ ਪੰਥ ਦੇ ਸਭ ਤੋਂ ਉਪਰਲੇ ਅਹੁਦੇ ਉਤੇ ਬਿਰਾਜਮਾਨ ਸ਼ਖਸ ਗਿਆਨੀ ਗੁਰਬਚਨ ਸਿੰਘ ਦੀ ਜਾਇਦਾਦ ‘ਤੇ ਉਠੇ ਸਵਾਲਾਂ ਨੇ ਪੰਥਕ ਹਲਕਿਆਂ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਖੁਲਾਸਿਆਂ ਮਗਰੋਂ ਗਿਆਨੀ ਗੁਰਬਚਨ ਸਿੰਘ ਦੀ ਜਾਇਦਾਦ ਦੀ ਜਾਂਚ ਦੀ ਵੀ ਮੰਗ ਉਠੀ ਹੈ।

ਦਰਅਸਲ, ਵਿਧਾਨ ਸਭਾ ਵਿਚ ਕਾਂਗਰਸੀ ਵਿਧਾਇਕ ਹਰਮਿੰਦਰ ਸਿੰਘ ਗਿੱਲ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉਪਰ ਜਥੇਦਾਰ ਦੇ ਕਾਰਜਕਾਲ ਦੌਰਾਨ ਮਹਿੰਗਾ ਹੋਟਲ ਤੇ ਨਾਜਾਇਜ਼ ਜਾਇਦਾਦ ਬਣਾਉਣ ਦੇ ਇਲਜ਼ਾਮ ਲਾਏ ਸਨ। ਇਸ ਤੋਂ ਬਾਅਦ ਹੁਣ ਜਥੇਦਾਰ ਦੀ ਜਾਇਦਾਦ ਦੀ ਜਾਂਚ ਦੀ ਮੰਗ ਉੱਠਣ ਲੱਗੀ ਹੈ। ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੇ ਕਿਹਾ ਹੈ ਕਿ ਜਥੇਦਾਰ ਉਪਰ ਲੱਗੇ ਇਲਜ਼ਾਮਾਂ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚ ਹਰਮਿੰਦਰ ਗਿੱਲ ਵੱਲੋਂ ਜਥੇਦਾਰ ਖਿਲਾਫ ਸਿਰਫ ਇਲਜ਼ਾਮ ਲਾਏ ਗਏ ਹਨ ਪਰ ਜਾਂਚ ਦੀ ਮੰਗ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸ਼੍ਰੋਮਣੀ ਕਮੇਟੀ ਆਪ ਇਨ੍ਹਾਂ ਇਲਜ਼ਾਮਾਂ ਦੀ ਜਾਂਚ ਕਰੇ ਤੇ ਸੱਚ ਸਾਰਿਆਂ ਦੇ ਸਾਹਮਣੇ ਲੈ ਕੇ ਆਵੇ।
ਇਸੇ ਤਰ੍ਹਾਂ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਜਥੇਦਾਰ ਗੁਰਬਚਨ ਸਿੰਘ ਦੀ ਜਾਂਚ ਹੋਣੀ ਚਾਹੀਦੀ ਜੋ ਇਕ ਬਰਛਾ ਫੜ ਕੇ ਸੇਵਾਦਾਰ ਵਜੋਂ ਭਰਤੀ ਹੋਇਆ ਸੀ, ਅੱਜ ਕਿਵੇਂ ਮੁਕਤਸਰ ਸ਼ਹਿਰ ਵਿਚ ਤਿੰਨ ਤਾਰਾ ਹੋਟਲ ਦਾ ਮਾਲਕ ਬਣ ਗਿਆ? ਯਾਦ ਰਹੇ ਜਥੇਦਾਰ ਗੁਰਬਚਨ ਸਿੰਘ ਉਪਰ ਹਮੇਸ਼ਾਂ ਸ਼੍ਰੋਮਣੀ ਅਕਾਲੀ ਦਲ ਦਾ ਪੱਖ ਪੂਰਨ ਦੇ ਇਲਜ਼ਾਮ ਲੱਗਦੇ ਰਹੇ ਹਨ। ਇਸ ਕਰ ਕੇ ਉਨ੍ਹਾਂ ਦੇ ਅਸਤੀਫੇ ਦੀ ਵੀ ਮੰਗ ਉਠਦੀ ਰਹੀ ਹੈ।
ਹੁਣ ਤਾਜ਼ਾ ਮਾਮਲੇ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਤੇ ਫਿਰ ਫੈਸਲਾ ਵਾਪਸ ਲੈਣ ਕਰ ਕੇ ਉਹ ਫਿਰ ਚਰਚਾ ਵਿਚ ਹਨ। ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿਚ ਇਹ ਖੁਲਾਸਾ ਹੋਇਆ ਹੈ ਕਿ ਇਹ ਮੁਆਫੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਕਹਿਣ ਉਤੇ ਦਿੱਤੀ ਗਈ ਸੀ ਪਰ ਮਾਮਲਾ ਭਖ ਜਾਣ ਕਰਕੇ ਇਹ ਮਾਫੀਨਾਮਾ ਵਾਪਸ ਲੈ ਲਿਆ ਗਿਆ ਸੀ।
___________________________
ਅਕਾਲੀ ਦਲ ਬਾਦਲ ਵੱਲੋਂ ਵੀ ਅਕਾਲ ਤਖਤ ਦੇ ਜਥੇਦਾਰ ਖਿਲਾਫ ਆਵਾਜ਼ ਬੁਲੰਦ
ਚੰਡੀਗੜ੍ਹ: ਜਸਟਿਸ (ਸੇਵਾ ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੇ ਵਿਗੜੇ ਅਕਸ ਨੂੰ ਸੁਧਾਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਬੇਸ਼ੱਕ ਟਕਸਾਲੀ ਲੀਡਰਾਂ ਨੂੰ ਅੱਗੇ ਕਰ ਦਿੱਤਾ ਹੈ, ਪਰ ਉਨ੍ਹਾਂ ਦੀ ਇਹ ਚਾਲ ਪੁੱਠੀ ਪੈ ਸਕਦੀ ਹੈ। ਦਰਅਸਲ, ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਨੂੰ ਉਭਾਰਨ ਲਈ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦਾ ਸੁਝਾਅ ਦਿੱਤਾ।
ਢੀਂਡਸਾ ਨੇ ਦੱਸਿਆ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣਾ ਗਲਤ ਸੀ। ਇਸ ਦਾ ਫੈਸਲਾ ਜਥੇਦਾਰਾਂ ਨੇ ਹੀ ਲਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਮੁਆਫੀ ਗਲਤ ਸੀ ਤਾਂ ਹੀ ਇਸ ਨੂੰ ਵਾਪਸ ਲੈ ਲਿਆ ਗਿਆ ਸੀ। ਢੀਂਡਸਾ ਨੇ ਕਿਹਾ ਕਿ ਰਾਮ ਰਹੀਮ ਨੂੰ ਮੁਆਫੀ ਦੇ ਕੇ ਜਥੇਦਾਰਾਂ ਨੇ ਗਲਤੀ ਕੀਤੀ ਸੀ। ਇਸ ਲਈ ਗਿਆਨੀ ਗੁਰਬਚਨ ਸਿੰਘ ਨੂੰ ਹਟਾਇਆ ਜਾਣਾ ਚਾਹੀਦਾ ਹੈ। ਇੰਨਾ ਹੀ ਨਹੀਂ ਢੀਂਡਸਾ ਨੇ ਇਹ ਵੀ ਕਿਹਾ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਲਈ ਕਈ ਵਾਰ ਚਰਚਾ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਮੋਰਚਾ ਖੋਲ੍ਹਣ ਵਾਲੇ ਗੁਰਮੁਖ ਸਿੰਘ ਦੀ ਅਕਾਲ ਤਖਤ ਦੇ ਹੈੱਡ ਗ੍ਰੰਥੀ ਵਜੋਂ ਵਾਪਸੀ ‘ਤੇ ਢੀਂਡਸਾ ਨੇ ਦੱਸਿਆ ਕਿ ਇਸ ‘ਤੇ ਪਾਰਟੀ ਦੇ ਅੰਦਰ ਤੇ ਬਾਹਰ ਇਤਰਾਜ਼ ਹੈ। ਉਨ੍ਹਾਂ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਤੋਂ ਪਹਿਲਾਂ ਮਾਹੌਲ ਤਣਾਅਪੂਰਨ ਬਣਾਉਣ ਲਈ ਜ਼ਿੰਮੇਵਾਰ ਡੇਰਾ ਸਿਰਸਾ ਮੁਖੀ ਦੀ ਫਿਲਮ ਐਮਐਸਜੀ ਨੂੰ ਪੰਜਾਬ ‘ਚ ਰਿਲੀਜ਼ ਕਰਨ ਦੇ ਫੈਸਲੇ ਨੂੰ ਵੀ ਗਲਤ ਕਰਾਰ ਦਿੱਤਾ।
ਢੀਂਡਸਾ ਨੇ ਜਿਥੇ ਬਾਦਲ ਪਰਿਵਾਰ ਵਿਰੁੱਧ ਕਈ ਵਾਰ ਕੀਤੇ, ਉਥੇ ਹੀ ਸਾਬਕਾ ਮੁੱਖ ਮੰਤਰੀ ਦਾ ਪੂਰਾ ਬਚਾਅ ਵੀ ਕੀਤਾ। ਉਨ੍ਹਾਂ ਦੱਸਿਆ ਕਿ ਟਕਸਾਲੀ ਆਗੂਆਂ ਨੂੰ ਭੁਲਾਉਣ ਕਾਰਨ ਪਾਰਟੀ ਵਿਚ ਬਾਦਲ ਪਰਿਵਾਰ ਵਿਰੁੱਧ ਗੁੱਸਾ ਹੈ। ਉਨ੍ਹਾਂ ਕਿਹਾ ਕਿ ਪੁਰਾਣਿਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ।