ਬੇਅਦਬੀ ਕਾਂਡ: ਸਿੱਖ ਜਥੇਬੰਦੀਆਂ ਵੱਲੋਂ ‘ਪੰਥਕ ਅਸੈਂਬਲੀ’ ਸੱਦਣ ਦਾ ਫੈਸਲਾ

ਅੰਮ੍ਰਿਤਸਰ: ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬੇਅਦਬੀ ਅਤੇ ਬਰਗਾੜੀ ਮਾਮਲੇ ‘ਤੇ ਸਮੂਹਿਕ ਰੂਪ ਵਿਚ ਵਿਚਾਰ ਕਰਨ ਲਈ ‘ਪੰਥਕ ਅਸੈਂਬਲੀ’ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪੰਥਕ ਅਸੈਂਬਲੀ ਪੰਜਾਬ ਅਸੈਂਬਲੀ ਦੀ ਤਰਜ਼ ‘ਤੇ ਹੋਵੇਗੀ, ਜਿਸ ਦੇ 117 ਮੈਂਬਰ ਹੋਣਗੇ।

ਇਹ ਖੁਲਾਸਾ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ ਹੈ। ਮੀਟਿੰਗ ਵਿਚ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਫਾਰਗ ਕੀਤੇ ਪੰਜ ਪਿਆਰਿਆਂ ਵਿਚੋਂ ਭਾਈ ਸਤਨਾਮ ਸਿੰਘ ਖੰਡਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ, ਦਲ ਖਾਲਸਾ ਦੇ ਕੰਵਰਪਾਲ ਸਿੰਘ, ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਐਡਵੋਕੇਟ ਜਸਵਿੰਦਰ ਸਿੰਘ ਤੇ ਹੋਰ ਸ਼ਾਮਲ ਸਨ। ਸਿੱਖ ਜਥੇਬੰਦੀਆਂ ਵੱਲੋਂ ਸਿੱਖ ਮਾਮਲਿਆਂ ਨੂੰ ਵਿਚਾਰਨ ਲਈ ਪੰਥਕ ਅਸੈਂਬਲੀ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦਾ ਪਹਿਲਾ ਇਜਲਾਸ ਇਥੇ ਅੰਮ੍ਰਿਤਸਰ ਵਿਚ 20 ਅਤੇ 21 ਅਕਤੂਬਰ ਨੂੰ ਹੋਵੇਗਾ, ਜਿਸ ਵਿਚ ਬਰਗਾੜੀ ਅਤੇ ਬੇਅਦਬੀ ਮਾਮਲਿਆਂ ਦੀ ਮੌਜੂਦਾ ਸਥਿਤੀ ਉਤੇ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਪੰਥਕ ਅਸੈਂਬਲੀ ਵੱਲੋਂ ਮਾਮਲੇ ਨੂੰ ਵਿਚਾਰਨ ਮਗਰੋਂ ਕੀਤੀਆਂ ਗਈਆਂ ਸਿਫਾਰਸ਼ਾਂ ਨੂੰ ਲੋੜ ਮੁਤਾਬਕ ਲੋਕਾਂ ਅਤੇ ਸਰਕਾਰ ਕੋਲ ਰੱਖਿਆ ਜਾਵੇਗਾ। ਇਹ ਪੰਥਕ ਅਸੈਂਬਲੀ ਸਿੱਖਾਂ ਦੇ ਦਬਾਅ ਗਰੁੱਪ ਵਜੋਂ ਕੰਮ ਕਰੇਗੀ।
ਪੰਥਕ ਅਸੈਂਬਲੀ ਲਈ ਇਕ ਜਥੇਬੰਦਕ ਕਮੇਟੀ ਬਣਾਈ ਗਈ ਹੈ, ਜਿਸ ਵਿਚ ਦਸ ਮੈਂਬਰ ਸ਼ਾਮਲ ਕੀਤੇ ਗਏ ਹਨ। ਇਹ ਜਥੇਬੰਦਕ ਕਮੇਟੀ ਹੀ ਪੰਥਕ ਅਸੈਂਬਲੀ ਦੇ 117 ਮੈਂਬਰਾਂ ਨੂੰ ਨਾਮਜ਼ਦ ਕਰੇਗੀ। ਇਸ ਤੋਂ ਪਹਿਲਾਂ ਇਹ ਕਮੇਟੀ ਨਾਮਜ਼ਦ ਕੀਤੇ ਜਾਣ ਵਾਲੇ ਮੈਂਬਰਾਂ ਦੀ ਚੋਣ ਸਬੰਧੀ ਨਿਯਮ ਤੈਅ ਕਰੇਗੀ। ਕਿੰਨਾ ਸਿੱਖ ਮੁੱਦਿਆਂ ‘ਤੇ ਚਰਚਾ ਹੋਵੇਗੀ, ਅਸੈਂਬਲੀ ਦੇ ਮੈਂਬਰ ਕੌਣ ਹੋਣਗੇ ਅਤੇ ਮੁੱਦਿਆਂ ਸਬੰਧੀ ਚਰਚਾ ਦੇ ਢੰਗ ਤਰੀਕੇ ਆਦਿ ਦਾ ਫੈਸਲਾ ਵੀ ਇਹ ਕਮੇਟੀ ਹੀ ਕਰੇਗੀ। ਇਹ ਅਸੈਂਬਲੀ ਇਤਿਹਾਸਕ ਗੁਰਮਤੇ ਦੀ ਪਰੰਪਰਾ ਨੂੰ ਵੀ ਮੁੜ ਜਿਉਂਦਾ ਕਰਨ ਲਈ ਯਤਨ ਕਰੇਗੀ। ਪਹਿਲੀ ਅਸੈਂਬਲੀ ਦੌਰਾਨ ਬੇਅਦਬੀ ਮਾਮਲਿਆਂ ਦੀ ਜਾਂਚ ਸਬੰਧੀ ਬਣੇ ਤਿੰਨਾਂ ਕਮਿਸ਼ਨਾਂ ਦੀ ਜਾਂਚ ਰਿਪੋਰਟ ‘ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਕੀ ਪ੍ਰਾਪਤ ਹੋਇਆ ਅਤੇ ਕੀ ਨਹੀਂ ਹੋਇਆ, ਇਸ ਦੇ ਮੁੱਦੇ ਹੋਣਗੇ।
ਮੁਤਵਾਜ਼ੀ ਜਥੇਦਾਰ ਵੀ ਇਸ ਅਸੈਂਬਲੀ ਦਾ ਬਤੌਰ ਪੰਥਕ ਸਿੱਖ ਵਜੋਂ ਮੈਂਬਰ ਹੋ ਸਕਦੇ ਹਨ। ਇਸ ਦੌਰਾਨ ਇਨ੍ਹਾਂ ਨੁਮਾਇੰਦਿਆਂ ਨੇ ਬਰਗਾੜੀ ਧਰਨੇ ਦੌਰਾਨ ਰੱਖੀਆਂ ਗਈਆਂ ਮੰਗਾਂ ਦਾ ਸਮਰਥਨ ਕੀਤਾ ਹੈ। ਇਹ ਪੰਥਕ ਅਸੈਂਬਲੀ ਭਵਿੱਖ ਵਿਚ ਸਿੱਖਾਂ ਨਾਲ ਸਬੰਧਤ ਧਾਰਮਿਕ ਅਤੇ ਰਾਜਨੀਤਕ ਸਮੇਤ ਸਮੂਹ ਸਿੱਖ ਸਰੋਕਾਰਾਂ ਬਾਰੇ ਵਿਚਾਰ ਕਰੇਗੀ। ਇਸ ਪੰਥਕ ਅਸੈਂਬਲੀ ਨੂੰ ਸੱਦਣ ਦੀ ਲੋੜ ਬਾਰੇ ਸਿੱਖ ਆਗੂਆਂ ਨੇ ਆਖਿਆ ਕਿ ਹੁਣ ਤੱਕ ਬਰਗਾੜੀ ਅਤੇ ਬੇਅਦਬੀ ਮਾਮਲੇ ਵਿਚ ਅਕਾਲੀ ਅਤੇ ਕਾਂਗਰਸ ਸਰਕਾਰ ਦੋਵਾਂ ਨੇ ਹੀ ਅਮਲੀ ਰੂਪ ਵਿਚ ਕੁਝ ਨਹੀਂ ਕੀਤਾ ਹੈ। ਤਿੰਨ ਜਾਂਚ ਕਮਿਸ਼ਨ ਬਣੇ ਹਨ ਪਰ ਉਨ੍ਹਾਂ ਦੀਆਂ ਰਿਪੋਰਟਾਂ ‘ਤੇ ਕੋਈ ਕਾਰਵਾਈ ਨਹੀਂ ਹੋਈ ਹੈ। ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਨੇ ਕਮਿਸ਼ਨ ਦੀ ਰਿਪੋਰਟ ਨੂੰ ਦੇਖੇ ਬਿਨਾਂ ਹੀ ਰੱਦ ਕਰ ਦਿੱਤਾ ਹੈ। ਦਿੱਲੀ ਕਮੇਟੀ ਵੀ ਇਨ੍ਹਾਂ ਪੈੜਾਂ ‘ਤੇ ਹੀ ਚੱਲ ਰਹੀ ਹੈ। ਬਰਗਾੜੀ ਵਿਚ ਬੈਠੇ ਸਿੱਖਾਂ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਉਨ੍ਹਾਂ ਦੀ ਮੁਹਿੰਮ ਵੀ ਸਫਲ ਨਹੀਂ ਹੋ ਸਕੀ ਹੈ। ਇਸੇ ਲਈ ਨਿਰਾਸ਼ ਹੋ ਰਹੇ ਸਿੱਖਾਂ ਦੀ ਮੰਗ ਤੇ ਪੰਥਕ ਅਸੈਂਬਲੀ ਸੱਦਣ ਦਾ ਫੈਸਲਾ ਕੀਤਾ ਗਿਆ ਹੈ।
___________________________
ਪੰਥਕ ਅਸੈਂਬਲੀ ਸੱਦਣਾ ਹਾਸੋਹੀਣਾ: ਲੌਂਗੋਵਾਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਖੁਦ ਨੂੰ ਧਰਮ ਦੇ ਰਾਖੇ ਅਤੇ ਸਿਆਸਤ ਤੋਂ ਕੋਹਾਂ ਦੂਰ ਦੱਸਣ ਵਾਲੇ ਕੁਝ ਲੋਕਾਂ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਪੰਥਕ ਅਸੈਂਬਲੀ ਸੱਦਣਾ ਹਾਸੋਹੀਣਾ ਜਾਪ ਰਿਹਾ ਹੈ। ਉਨ੍ਹਾਂ ਆਖਿਆ ਕਿ ਉਹ ਲੋਕ ਆਪਣੀ ਗੁਆਚੀ ਸਾਖ ਨੂੰ ਬਚਾਉਣ ਲਈ ਤਰਲੋਮੱਛੀ ਹੋ ਰਹੇ ਹਨ। ਸ੍ਰੀ ਲੌਂਗੋਵਾਲ ਨੇ ਕਿਹਾ ਕਿ ਆਪਣੇ 100 ਸਾਲ ਪੂਰੇ ਕਰਨ ਜਾ ਰਹੇ ਸ਼੍ਰੋਮਣੀ ਅਕਾਲੀ ਦਲ ਵਿਚ ਜਿਹੜੇ ਲੋਕ ਕਈ-ਕਈ ਸਾਲ ਵੱਖ-ਵੱਖ ਅਹੁਦਿਆਂ ‘ਤੇ ਰਹੇ, ਉਹ ਅੱਜ ਆਪਣੇ ਨਿੱਜੀ ਮੁਫਾਦਾਂ ਲਈ ਬੇਅਦਬੀ ਕਾਂਡ ਨੂੰ ਆਧਾਰ ਬਣਾ ਕੇ ਨਿੱਤ ਦਿਨ ਅਖਬਾਰੀ ਸੁਰਖੀਆਂ ਬਟੋਰਨ ਦੀ ਕੋਸ਼ਿਸ਼ ਕਰ ਰਹੇ ਹਨ।