ਸੰਯੁਕਤ ਰਾਸ਼ਟਰ ਮੁਖੀ ਵੱਲੋਂ ਸਿੱਖ ਮਸਲਿਆਂ ਦੇ ਹੱਲ ਦਾ ਭਰੋਸਾ

ਅੰਮ੍ਰਿਤਸਰ: ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੂੰ ਇਥੇ ਸ਼੍ਰੋਮਣੀ ਕਮੇਟੀ ਨੇ ਅੰਤਰਰਾਸ਼ਟਰੀ ਪੱਧਰ ‘ਤੇ ਸਿੱਖਾਂ ਦੇ ਮਨੁੱਖੀ ਹੱਕਾਂ ਨਾਲ ਸਬੰਧਤ ਸਮੱਸਿਆਵਾਂ ਤੋਂ ਜਾਣੂ ਕਰਾਇਆ ਅਤੇ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ਉਤੇ ਹੋਏ ਫੌਜੀ ਹਮਲੇ ਸਾਕਾ ਨੀਲਾ ਤਾਰਾ ਤੇ ਨਵੰਬਰ 1984 ਸਿੱਖ ਕਤਲੇਆਮ ਮਾਮਲਿਆਂ ਵਿਚ ਨਿਆਂ ਦਿਵਾਉਣ ਦੀ ਅਪੀਲ ਕੀਤੀ ਹੈ।

ਅੰਮ੍ਰਿਤਸਰ ਪੁੱਜੇ ਸਕੱਤਰ ਜਨਰਲ ਨੇ ਲਗਭਗ ਸਵਾ ਘੰਟਾ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਬਿਤਾਇਆ। ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਸਮੇਂ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਚ ਗਏ, ਜਿਥੇ ਉਨ੍ਹਾਂ ਲੰਗਰ ਛਕਿਆ ਅਤੇ ਲੰਗਰ ਦੀ ਪ੍ਰਥਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪਰਿਕਰਮਾ ਕਰਦਿਆਂ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਾਇਆ ਗਿਆ। ਸਿੱਖ ਰੈਫਰੈਂਸ ਲਾਇਬਰੇਰੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਦੱਸਿਆ ਕਿ ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਇਸ ਲਾਇਬਰੇਰੀ ਨੂੰ ਸਾੜ ਦਿੱਤਾ ਗਿਆ ਸੀ ਅਤੇ ਸਿੱਖ ਧਰਮ ਦਾ ਅਮੁੱਲਾ ਖਜ਼ਾਨਾ ਫੌਜ ਚੁੱਕ ਕੇ ਲੈ ਗਈ ਸੀ। ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਉ ਅਤੇ ਪਤਾਸਿਆਂ ਦਾ ਪ੍ਰਸ਼ਾਦ ਭੇਟ ਕੀਤਾ। ਉਹ ਕੁਝ ਸਮਾਂ ਗੁਰਬਾਣੀ ਦਾ ਕੀਰਤਨ ਵੀ ਸੁਣਨਾ ਚਾਹੁੰਦੇ ਸਨ ਪਰ ਅਧਿਕਾਰੀਆਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਜਲਦੀ ਚੱਲਣ ਲਈ ਕਿਹਾ ਜਾ ਰਿਹਾ ਸੀ। ਇਸ ਦੌਰਾਨ ਉਹ ਸ੍ਰੀ ਅਕਾਲ ਤਖਤ ਵੀ ਗਏ, ਜਿਥੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਨੇ ਇਸ ਦੇ ਇਤਿਹਾਸ ਅਤੇ ਸਰਵਉਚਤਾ ਬਾਰੇ ਜਾਣਕਾਰੀ ਦਿੱਤੀ।
ਉਪਰੰਤ ਸੂਚਨਾ ਕੇਂਦਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਮੁੱਖ ਸਕੱਤਰ ਡਾæ ਰੂਪ ਸਿੰਘ, ਮੈਂਬਰ ਬੀਬੀ ਕਿਰਨਜੋਤ ਕੌਰ ਆਦਿ ਨੇ ਉਨ੍ਹਾਂ ਨੂੰ ਸਿਰੋਪਾਉ, ਲੋਈ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ , ਧਾਰਮਿਕ ਪੁਸਤਕਾਂ ਦੇ ਕੇ ਸਨਮਾਨਤ ਕੀਤਾ। ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਇਸ ਰੂਹਾਨੀ ਅਸਥਾਨ ‘ਤੇ ਆ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ ਅਤੇ ਉਹ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ ਕਿ ਇਥੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਆਖਿਆ ਕਿ ਇਹ ਉਹ ਅਸਥਾਨ ਹੈ, ਜਿਥੇ ਹਰ ਧਰਮ ਦਾ ਵਿਅਕਤੀ ਪ੍ਰਾਰਥਨਾ ਕਰ ਸਕਦਾ ਹੈ। ਉਨ੍ਹਾਂ ਨੇ ਸਿੱਖ ਭਾਈਚਾਰੇ ਦੀ ਸ਼ਲਾਘਾ ਕੀਤੀ ਅਤੇ ਆਖਿਆ ਕਿ ਉਹ ਸਿੱਖਾਂ ਨੂੰ ਨੇੜਿਉਂ ਜਾਣਦੇ ਹਨ।
ਸ਼੍ਰੋਮਣੀ ਕਮੇਟੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਇਕ ਮੰਗ ਪੱਤਰ ਵੀ ਸੌਂਪਿਆ, ਜਿਸ ਵਿਚ ਸ੍ਰੀ ਹਰਿਮੰਦਰ ਸਾਹਿਬ ਤੇ ਫੌਜੀ ਹਮਲੇ ਅਤੇ ਸਿੱਖ ਕਤਲੇਆਮ ਮਾਮਲਿਆਂ ਵਿਚ ਨਿਆਂ ਦਿਵਾਉਣ ਦੀ ਮੰਗ ਕੀਤੀ ਗਈ। ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਨੂੰ ਦਰਪੇਸ਼ ਸਿੱਖ ਸ਼ਨਾਖਤ ਦਾ ਮਾਮਲਾ ਵੀ ਉਨ੍ਹਾਂ ਅੱਗੇ ਰੱਖਿਆ ਗਿਆ। ਸ਼੍ਰੋਮਣੀ ਕਮੇਟੀ ਨੇ ਆਖਿਆ ਕਿ ਸਮੁੱਚਾ ਸਿੱਖ ਭਾਈਚਾਰਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਰਿਹਾ ਹੈ ਅਤੇ ਇਸ ਮੌਕੇ ਸਿੱਖ ਭਾਈਚਾਰਾ ਪਾਕਿਸਤਾਨ ਵਿਚਲੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦਾ ਹੈ, ਜਿਥੇ ਗੁਰੂ ਸਾਹਿਬ ਨੇ ਆਪਣਾ ਆਖਰੀ ਸਮਾਂ ਬਿਤਾਇਆ ਸੀ। ਇਸ ਵਾਸਤੇ ਖੁੱਲੇ ਲਾਂਘੇ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਇਹ ਖੁੱਲ੍ਹਾ ਲਾਂਘਾ ਮਿਲਦਾ ਹੈ ਤਾਂ ਇਸ ਨਾਲ ਇਸ ਖਿੱਤੇ ਵਿਚ ਅਮਨ ਅਤੇ ਸ਼ਾਂਤੀ ਸਥਾਪਤ ਹੋਵੇਗੀ। ਸ੍ਰੀ ਲੌਂਗੋਵਾਲ ਨੇ ਆਖਿਆ ਕਿ ਮੰਗ ਪੱਤਰ ਲੈਣ ਮਗਰੋਂ ਸ੍ਰੀ ਗੁਟੇਰੇਜ਼ ਨੇ ਹਾਂ ਪੱਖੀ ਹੁੰਗਾਰਾ ਦਿੱਤਾ ਹੈ।