ਅੰਮ੍ਰਿਤਸਰ: ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਵਿਚਾਰਧਾਰਕ ਵਖਰੇਵੇਂ ਦਿਖਾਈ ਦੇ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਨੋਟੀਫਿਕੇਸ਼ਨ ‘ਤੇ ਇਤਰਾਜ਼ ਕੀਤਾ ਗਿਆ ਹੈ ਜਦੋਂਕਿ ਪੰਜਾਬ ਭਾਜਪਾ ਇਸ ਦਾ ਸਮਰਥਨ ਕਰ ਰਹੀ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ 25 ਸਤੰਬਰ ਨੂੰ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਹੁਣ ਪੰਜਾਬ ਅਤੇ ਹਰਿਆਣਾ ਤੋਂ ਚੰਡੀਗੜ੍ਹ ‘ਚ ਹੁੰਦੀਆਂ ਨਿਯੁਕਤੀਆਂ ਖਤਮ ਹੋ ਜਾਣਗੀਆਂ ਅਤੇ ਕੇਂਦਰ ਵੱਲੋਂ ਸਿੱਧੇ ਤੌਰ ਉਤੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਕੀਤੀਆਂ ਜਾਣਗੀਆਂ। ਪੰਜਾਬ ਰੀਆਰਗੇਨਾਈਜੇਸ਼ਨ ਐਕਟ ਮੁਤਾਬਕ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿਚ 60-40 ਦੇ ਅਨੁਪਾਤ ਨਾਲ ਪੰਜਾਬ ਅਤੇ ਹਰਿਆਣਾ ਤੋਂ ਨਿਯੁਕਤੀਆਂ ਹੁੰਦੀਆਂ ਹਨ। ਨਵੇਂ ਨੋਟੀਫਿਕੇਸ਼ਨ ਤੋਂ ਬਾਅਦ ਸਿਆਸਤਦਾਨਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਨਾਲ ਪੰਜਾਬ ਦਾ ਚੰਡੀਗੜ੍ਹ ‘ਤੇ ਦਾਅਵਾ ਕਮਜ਼ੋਰ ਹੋ ਜਾਵੇਗਾ ਅਤੇ ਇਸ ਨੋਟੀਫਿਕੇਸ਼ਨ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਕਾਂਗਰਸ ਵੱਲੋਂ ਵੀ ਕੇਂਦਰ ਸਰਕਾਰ ਦੇ ਇਸ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਨੋਟੀਫਿਕੇਸ਼ਨ ਨੂੰ ਰੱਦ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਕੇਂਦਰ ਸਰਕਾਰ ਵਿਚ ਸ਼ਾਮਲ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਸਬੰਧੀ ਗ੍ਰਹਿ ਮੰਤਰੀ ਕੋਲ ਪਹੁੰਚ ਕੀਤੀ ਸੀ ਅਤੇ ਇਸ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ।
ਇਸ ਮਾਮਲੇ ਵਿਚ ਭਾਜਪਾ ਦਾ ਨਜ਼ਰੀਆ ਕੁਝ ਵੱਖ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ ਕਦਮ ਨੂੰ ਚੰਡੀਗੜ੍ਹ ਪ੍ਰਸ਼ਾਸਨ ਦੀ ਬਿਹਤਰੀ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕਾਂਗਰਸ ਵੱਲੋਂ ਇਸ ਨੂੰ ਬੇਲੋੜਾ ਮੁੱਦਾ ਬਣਾਇਆ ਜਾ ਰਿਹਾ ਹੈ। ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਦੇ ਮਾਮਲੇ ਵਿਚ ਪੰਜਾਬ ਭਾਜਪਾ ਇਸ ਹੱਕ ਵਿਚ ਹੈ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਇਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ। ਪਰ ਇਹ ਨਵਾਂ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਚੰਡੀਗੜ੍ਹ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਹੋਰ ਵੀ ਬਿਹਤਰ ਬਣਾਇਆ ਜਾ ਸਕੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਇਸ ਨੂੰ ਬੇਲੋੜੀ ਸਿਆਸੀ ਰੰਗਤ ਦੇ ਰਹੀ ਹੈ ਅਤੇ ਉਨ੍ਹਾਂ ਦਾ ਮੁੱਖ ਮੰਤਵ ਲੋਕਾਂ ਦਾ ਧਿਆਨ ਲੋਕ ਮੁੱਦਿਆਂ ਤੋਂ ਹਟਾਉਣਾ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਕੱਤਰ ਡਾæ ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਉਨ੍ਹਾਂ ਦੀ ਪਾਰਟੀ ਇਸ ਨੋਟੀਫਿਕੇਸ਼ਨ ਨਾਲ ਸਹਿਮਤ ਨਹੀਂ ਹੈ। ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਇਸ ਉਪਰ ਪੰਜਾਬ ਦਾ ਪੂਰਾ ਹੱਕ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸੇ ਲਈ ਵਿਰੋਧ ਵਜੋਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਕੋਲ ਪਹੁੰਚ ਕਰ ਕੇ ਇਹ ਨੋਟੀਫਿਕੇਸ਼ਨ ਵਾਪਸ ਲੈਣ ਦੀ ਅਪੀਲ ਕੀਤੀ ਹੈ।
ਇਸ ਮੀਟਿੰਗ ਮਗਰੋਂ ਪਾਰਟੀ ਨੂੰ ਭਰੋਸਾ ਹੈ ਕਿ ਕੇਂਦਰ ਸਰਕਾਰ ਵੱਲੋਂ ਇਸ ਸਬੰਧੀ ਹਾਂ ਪੱਖੀ ਹੁੰਗਾਰਾ ਮਿਲੇਗਾ। ਉਨ੍ਹਾਂ ਆਖਿਆ ਕਿ ਇਸ ਨੋਟੀਫਿਕੇਸ਼ਨ ਦੇ ਲਾਗੂ ਹੋਣ ਮਗਰੋਂ ਪੰਜਾਬ ਅਤੇ ਹਰਿਆਣਾ ਵਿਚੋਂ ਹੁੰਦੀਆਂ ਨਿਯੁਕਤੀਆਂ ਖਤਮ ਹੋ ਜਾਣਗੀਆਂ ਅਤੇ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਵੱਲੋਂ ਹੀ ਨਿਯੁਕਤੀਆਂ ਹੋਣਗੀਆਂ। ਇਸੇ ਦੌਰਾਨ ਟਕਸਾਲੀ ਅਕਾਲੀ ਆਗੂਆਂ ਨੇ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਹ ਨੋਟੀਫਿਕੇਸ਼ਨ ਵਾਪਸ ਨਾ ਹੋਇਆ ਤਾਂ ਅਕਾਲੀ ਭਾਜਪਾ ਗੱਠਜੋੜ ਵਿਚਾਲੇ ਤਰੇੜ ਆ ਸਕਦੀ ਹੈ।
_____________________
ਪ੍ਰਧਾਨ ਮੰਤਰੀ ਚੰਡੀਗੜ੍ਹ ਦੇ ਰੁਤਬੇ ਨੂੰ ਬਹਾਲ ਰੱਖਣ ਲਈ ਦਖਲ ਦੇਣ: ਹਰਸਿਮਰਤ
ਚੰਡੀਗੜ੍ਹ: ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਦਾ ਰੁਤਬਾ ਬਹਾਲ ਰੱਖਿਆ ਜਾਵੇ, ਜਿਸ ਲਈ ਉਹ ਖੁਦ ਦਖਲ ਦੇਣ। ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਇਕ ਚਿੱਠੀ ਸੌਂਪੀ, ਜਿਸ ਵਿਚ ਡੀæਐਸ਼ਪੀæ ਦੇ ਅਹੁਦੇ ਨੂੰ ਯੂਟੀ ਕੇਡਰ ਵਿਚ ਸ਼ਾਮਲ ਕੀਤੇ ਜਾਣ ਦੇ ਮੁੱਦੇ ਨੂੰ ਵਿਸ਼ੇਸ਼ ਤੌਰ ‘ਤੇ ਉੁਠਾਇਆ ਗਿਆ ਅਤੇ ਇਹ ਫੈਸਲਾ ਰੁਕਵਾਉਣ ਲਈ ਬੇਨਤੀ ਕੀਤੀ ਗਈ। ਪ੍ਰਧਾਨ ਮੰਤਰੀ ਨੇ ਬੀਬੀ ਬਾਦਲ ਨੂੰ ਭਰੋਸਾ ਦਿਵਾਇਆ ਕਿ ਇਸ ਸਬੰਧੀ ਜਲਦੀ ਹੀ ਲੋੜੀਂਦੇ ਕਦਮ ਚੁੱਕੇ ਜਾਣਗੇ।