ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਲੋਕ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ

ਬਠਿੰਡਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਹੈ ਕਿ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਪੰਜਾਬ ‘ਚ ਆਪਣੇ ਦਮ ਉਤੇ ਇਕੱਲਿਆਂ ਲੜੇਗੀ। ਉਨ੍ਹਾਂ ਸਾਫ ਕੀਤਾ ਕਿ ਲੋਕ ਸਭਾ ਚੋਣਾਂ ‘ਚ ‘ਆਪ’ ਵੱਲੋਂ ਸੂਬੇ ਵਿਚ ਕਿਸੇ ਵੀ ਸਿਆਸੀ ਧਿਰ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ ਅਤੇ ਸਾਰੀਆਂ ਸੀਟਾਂ ਉਤੇ ਪਾਰਟੀ ਦੇ ਉਮੀਦਵਾਰ ਉਤਾਰੇ ਜਾਣਗੇ।

ਉਨ੍ਹਾਂ ‘ਆਪ’ ਦੇ ਆਗਾਮੀ ਚੋਣਾਂ ‘ਚ ਤੀਸਰੇ ਬਦਲ ਵਜੋਂ ਉਭਰਨ ਦੀ ਗੱਲ ਵੀ ਆਖੀ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਲੋਕਾਂ ਨਾਲ ਝੂਠ ਬੋਲ ਕੇ ਸੱਤਾ ਵਿਚ ਆਈ ਜਿਸ ਦੀ ਹੁਣ ਪੋਲ ਖੁੱਲ੍ਹ ਚੁੱਕੀ ਹੈ।
ਸ੍ਰੀ ਕੇਜਰੀਵਾਲ ਅਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ੰਬਠਿੰਡਾ ‘ਚ ‘ਆਪ’ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਆਏ ਹੋਏ ਸਨ। ਗ਼ੈਰਰਸਮੀ ਗੱਲਬਾਤ ਦੌਰਾਨ ਉਨ੍ਹਾਂ ਆਖਿਆ ਕਿ ਪੰਜਾਬ ਵਿਚ ਸੱਤਾ ਜ਼ਰੂਰ ਬਦਲੀ ਪਰ ਹੋਰ ਕੁਝ ਵੀ ਨਹੀਂ ਬਦਲਿਆ ਹੈ। ਨਸ਼ਿਆਂ ਦੀ ਵਿਕਰੀ ਉਵੇਂ ਹੀ ਜਾਰੀ ਹੈ। ਰੁਜ਼ਗਾਰ ਸਰਕਾਰ ਦੇ ਨਹੀਂ ਸਕੀ ਅਤੇ ਕਿਸਾਨਾਂ ਦਾ ਪੂਰਾ ਕਰਜ਼ਾ ਸਿਰ ‘ਤੇ ਖੜ੍ਹਾ ਹੈ। ਉਨ੍ਹਾਂ ਆਖਿਆ ਕਿ ਅਸਲ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਆਪਸ ਵਿਚ ਰਲੇ ਹੋਏ ਹਨ ਅਤੇ ਅਜਿਹੇ ਮਾਹੌਲ ਵਿਚ ‘ਆਪ’ ਤੀਸਰੇ ਬਦਲ ਵਜੋਂ ਉਭਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੀ ਮਕਬੂਲੀਅਤ ਪੰਜਾਬ ਵਿਚ ਘਟੀ ਨਹੀਂ ਹੈ। ਸ੍ਰੀ ਕੇਜਰੀਵਾਲ ਨੇ ਖਹਿਰਾ ਧੜੇ ਦੇ ਸੁਆਲ ‘ਤੇ ਕੋਈ ਬਹੁਤਾ ਵਿਸਥਾਰ ‘ਚ ਗੱਲ ਨਹੀਂ ਕੀਤੀ ਪਰ ਉਨ੍ਹਾਂ ਇਹ ਜ਼ਰੂਰ ਆਖਿਆ ਕਿ ਜਲਦੀ ਹੀ ਸਾਰੇ ਇਕੱਠੇ ਦਿਖਣਗੇ।
ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਦੋਸ਼ੀ ਪਾਏ ਗਏ ਲੋਕਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸੇ ਤਰ੍ਹਾਂ ਸਰਕਾਰ ਨੇ ਨਵਾਂ ਰੁਜ਼ਗਾਰ ਤਾਂ ਕੀ ਪੈਦਾ ਕਰਨਾ ਸੀ ਬਲਕਿ ਅਧਿਆਪਕਾਂ ਨੂੰ ਪੂਰੀ ਤਨਖਾਹ ਦੇਣ ਤੋਂ ਵੀ ਉਹ ਭੱਜ ਗਈ ਹੈ। ਸ੍ਰੀ ਕੇਜਰੀਵਾਲ ਨੇ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਸੰਗਰੂਰ ਜ਼ਿਲ੍ਹੇ ਦੀ ਅਦਾਲਤ ‘ਚੋਂ ਰਾਹਤ ਮਿਲਣ ਉਤੇ ਟਿੱਪਣੀ ਕਰਦਿਆਂ ਕਰਦਿਆਂ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਸੱਚ ‘ਤੇ ਮੋਹਰ ਲਾਈ ਹੈ।