ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਸੱਦਣ ਦਾ ਐਲਾਨ

ਸੁਲਤਾਨਪੁਰ ਲੋਧੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ 13 ਨਵੰਬਰ ਨੂੰ 1 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਚ ਹੋਵੇਗਾ। ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ‘ਚ ਹੋਈ ਮੀਟਿੰਗ ਵਿਚ ਲਿਆ ਗਿਆ।

ਮੀਟਿੰਗ ਉਪਰੰਤ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਜਰਨਲ ਇਜਲਾਸ ‘ਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਸਮੇਤ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਵਰ੍ਹਾ ਗੁਰਮਤਿ ਸਮਾਗਮ, ਕੀਰਤਨ ਦਰਬਾਰ, ਸੈਮੀਨਾਰ, ਨਗਰ ਕੀਰਤਨ ਤੋਂ ਇਲਾਵਾ ਹੋਰ ਵੱਖ-ਵੱਖ ਥਾਵਾਂ ‘ਤੇ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੀ ਸਹੂਲਤ ਲਈ ਵਿਸ਼ਾਲ ਸੰਗਤ ਨਿਵਾਸ, ਪਾਰਕਿੰਗ, ਯਾਦਗਾਰੀ ਗੇਟ, ਵਿਸ਼ਾਲ ਲੰਗਰ ਹਾਲ, ਵਿਸ਼ੇਸ਼ ਪਾਰਕਾਂ ਦੇ ਨਿਰਮਾਣ ਦੇ ਕਾਰਜ ਜੰਗੀ ਪੱਧਰ ‘ਤੇ ਸ਼ੁਰੂ ਕੀਤੇ ਗਏ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸ਼ੁਰੂਆਤ 22 ਤੇ 23 ਨਵੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ‘ਚ ਵਿਸ਼ਾਲ ਸਮਾਗਮਾਂ ਨਾਲ ਹੋਵੇਗੀ ਤੇ ਇਨ੍ਹਾਂ ਸਮਾਗਮਾਂ ‘ਚ ਦੇਸ਼-ਵਿਦੇਸ਼ ਦੀਆਂ ਉੱਘੀਆਂ ਧਾਰਮਿਕ, ਸਮਾਜਿਕ ਤੇ ਰਾਜਨੀਤਕ ਸ਼ਖਸੀਅਤਾਂ ਸ਼ਾਮਲ ਹੋਣਗੀਆਂ।
550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕੀਤੇ ਜਾਣ ਵਾਲੇ ਕਾਰਜਾਂ ਵੱਲ ਪੰਜਾਬ ਸਰਕਾਰ ਵੱਲੋਂ ਕੋਈ ਵਿਸ਼ੇਸ਼ ਤਵੱਜੋ ਨਾ ਦਿੱਤੇ ਜਾਣ ਸਬੰਧੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸ਼ਹਿਰ ਦੀ ਨੁਹਾਰ ਬਦਲਣ ਲਈ ਅੱਗੇ ਆਵੇ। ਉਨ੍ਹਾਂ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ‘ਚ ਕਿਹਾ ਕਿ ਇਸ ਨੂੰ ਅਮਲੀ ਰੂਪ ਦੇਣਾ ਸਰਕਾਰ ਦਾ ਫ਼ਰਜ਼ ਹੈ। ਸ਼੍ਰੋਮਣੀ ਕਮੇਟੀ ਮੰਗ ਕਰਦੀ ਆ ਰਹੀ ਹੈ ਕਿ ਸਰਕਾਰ ਇਤਿਹਾਸਕ ਸ਼ਹਿਰ ਦੀ ਕਾਇਆ ਕਲਪ ਵੱਲ ਵਿਸ਼ੇਸ਼ ਧਿਆਨ ਦੇ ਕੇ ਬਿਨਾਂ ਕਿਸੇ ਦੇਰੀ ਦੇ ਸੁਲਤਾਨਪੁਰ ਲੋਧੀ ਦੇ ਸਰਵਪੱਖੀ ਵਿਕਾਸ ਲਈ ਕਾਰਜ ਸ਼ੁਰੂ ਕਰਵਾਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਦਫਤਰ ਸ਼ੁਰੂ ਕਰ ਦਿੱਤਾ ਗਿਆ ਹੈ।