ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖਤ ਦਾ ਕਾਰਜਕਾਰੀ ਜਥੇਦਾਰ ਥਾਪਿਆ

ਅੰਮ੍ਰਿਤਸਰ: ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕਰ ਲਿਆ ਅਤੇ ਉਨ੍ਹਾਂ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ ਦਾ ਕਾਰਜਕਾਰੀ ਜਥੇਦਾਰ ਥਾਪ ਦਿੱਤਾ। ਉਨ੍ਹਾਂ ਨੂੰ ਕਾਰਜਕਾਰੀ ਜਥੇਦਾਰ ਵਜੋਂ ਤਖ਼ਤ ਦਾ ਵਾਧੂ ਭਾਰ ਸੌਂਪਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਚ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਦਿੱਤੇ ਅਸਤੀਫੇ ਸਬੰਧੀ ਇਕ ਨੁਕਾਤੀ ਏਜੰਡੇ ‘ਤੇ ਵਿਚਾਰ ਕੀਤਾ ਗਿਆ।

ਮੀਟਿੰਗ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਸਿਹਤ ਦਾ ਹਵਾਲਾ ਦਿੰਦਿਆਂ ਦਿੱਤਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਉਨ੍ਹਾਂ ਆਖਿਆ ਕਿ ਮੀਟਿੰਗ ਵਿਚ ਸਰਬਸੰਮਤੀ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖਤ ਦੇ ਜਥੇਦਾਰ ਦਾ ਵਾਧੂ ਕਾਰਜ ਭਾਰ ਸੌਂਪਿਆ ਗਿਆ ਹੈ। ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵੀ ਬਣੇ ਰਹਿਣਗੇ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਵੀ ਕੰਮ ਕਰਨਗੇ। ਸ੍ਰੀ ਲੌਂਗੋਵਾਲ ਨੇ ਸਪੱਸ਼ਟ ਕਰ ਦਿੱਤਾ ਕਿ ਫਿਲਹਾਲ ਕਾਰਜਕਾਰੀ ਜਥੇਦਾਰ ਵਜੋਂ ਨਿਯੁਕਤੀ ਕਰਕੇ ਆਰਜ਼ੀ ਪ੍ਰਬੰਧ ਕੀਤੇ ਗਏ ਹਨ ਅਤੇ ਜਦੋਂ ਕਿਸੇ ਨੂੰ ਪੱਕੇ ਤੌਰ ‘ਤੇ ਅਕਾਲ ਤਖ਼ਤ ਦਾ ਜਥੇਦਾਰ ਨਿਯੁਕਤ ਕੀਤਾ ਜਾਵੇਗਾ, ਉਸ ਵੇਲੇ ਸਮੂਹ ਸਿੱਖ ਜਥੇਬੰਦੀਆਂ ਨਾਲ ਇਸ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਰਜ਼ੀ ਪ੍ਰਬੰਧ ਲਈ ਅੰਤ੍ਰਿੰਗ ਕਮੇਟੀ ਮੈਂਬਰਾਂ ਨਾਲ ਵਿਚਾਰ ਚਰਚਾ ਮਗਰੋਂ ਹੀ ਫੈਸਲਾ ਲਿਆ ਗਿਆ ਹੈ।
ਗਿਆਨੀ ਹਰਪ੍ਰੀਤ ਸਿੰਘ ਦੀ ਨਿਯੁਕਤੀ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਉੱਚ ਵਿਦਿਆ ਪ੍ਰਾਪਤ ਹਨ ਅਤੇ ਉਨ੍ਹਾਂ ਕੋਲ ਹੈੱਡ ਗ੍ਰੰਥੀ ਤੇ ਜਥੇਦਾਰ ਵਜੋਂ ਵੀ ਲੋੜੀਂਦਾ ਤਜਰਬਾ ਹੈ। ਉਨ੍ਹਾਂ ਦੀ ਯੋਗਤਾ ਅਤੇ ਤਜਰਬੇ ਨੂੰ ਧਿਆਨ ਵਿਚ ਰੱਖਦਿਆਂ ਹੀ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਬਤੌਰ ਕਾਰਜਕਾਰੀ ਜਥੇਦਾਰ ਸਿੱਖ ਕੌਮ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ। ਉਨ੍ਹਾਂ ਆਖਿਆ ਕਿ ਕਾਰਜਕਾਰੀ ਜਥੇਦਾਰ ਦੀ ਸੇਵਾ ਸੰਭਾਲਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਸਮਾਗਮ ਆਯੋਜਿਤ ਕੀਤਾ ਜਾਵੇਗਾ। ਯਾਦ ਰਹੇ ਕਿ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਗਿਆਨੀ ਗੁਰਬਚਨ ਸਿੰਘ ਨੇ ਬੀਤੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ। ਮਗਰੋਂ ਉਨ੍ਹਾਂ ਆਪਣਾ ਅਸਤੀਫਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਭੇਜ ਦਿੱਤਾ ਸੀ। ਅਸਤੀਫ਼ੇ ਮਗਰੋਂ ਪੈਦਾ ਹੋਏ ਹਾਲਾਤ ਨੂੰ ਵਿਚਾਰਨ ਲਈ ਹੀ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਸੀ।
ਅਕਾਲ ਤਖਤ ਦੇ ਨਵੇਂ ਥਾਪੇ ਗਏ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 46 ਵਰ੍ਹਿਆਂ ਦੇ ਹਨ। ਉਨ੍ਹਾਂ ਦਾ ਜਨਮ ਮਈ 1972 ਵਿਚ ਹੋਇਆ। ਉਹ ਉੱਚ ਵਿਦਿਆ ਪ੍ਰਾਪਤ ਹਨ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਸੰਸਥਾ ਗੁਰੂ ਕਾਸ਼ੀ ਗੁਰਮਤਿ ਇੰਸਟੀਚਿਊਟ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਤਿੰਨ ਸਾਲ ਦਾ ਕੋਰਸ ਕੀਤਾ ਹੈ। ਮਗਰੋਂ ਉਨ੍ਹਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਇਕ ਸਾਲਾ ਡਿਪਲੋਮਾ ਇਨ ਡਿਵਨਿਟੀ ਪਾਸ ਕੀਤਾ ਹੈ। ਧਰਮ ਅਧਿਐਨ ਵਿਚ ਪੰਜਾਬੀ ਯੂਨੀਵਰਸਿਟੀ ਤੋਂ ਮਾਸਟਰ ਡਿਗਰੀ ਪ੍ਰਾਪਤ ਕੀਤੀ ਹੈ। ਹੁਣ ਉਹ ਪੀਐਚæਡੀæ ਵੀ ਕਰ ਰਹੇ ਹਨ। ਉਨ੍ਹਾਂ ਨੇ 21 ਅਪਰੈਲ 2017 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ ਸੀ। ਇਸ ਤੋਂ ਪਹਿਲਾਂ ਉਨ੍ਹਾਂ 17 ਸਾਲ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਈਆਂ। 1997 ਵਿਚ ਉਹ ਪ੍ਰਚਾਰਕ ਭਰਤੀ ਹੋਏ ਸਨ ਅਤੇ ਜੁਲਾਈ 1999 ਵਿਚ ਪਹਿਲਾਂ ਮੁਕਤਸਰ ਸਾਹਿਬ ਵਿਖੇ ਕਥਾ ਵਾਚਕ ਅਤੇ ਮਗਰੋਂ ਹੈੱਡ ਗ੍ਰੰਥੀ ਨਿਯੁਕਤ ਕੀਤੇ ਗਏ।
________________________________
ਪੰਥਕ ਏਕਤਾ ਦੀ ਬਹਾਲੀ ਪ੍ਰਮੁੱਖ ਏਜੰਡਾ ਹੋਵੇਗਾ: ਗਿਆਨੀ ਹਰਪ੍ਰੀਤ ਸਿੰਘ
ਬਠਿੰਡਾ: ਅਕਾਲ ਤਖਤ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤਾਂ ਦੇ ਮਾਣ-ਸਨਮਾਨ ਨੂੰ ਉੱਚਾ ਚੁੱਕਣ ਅਤੇ ਪੰਥਕ ਏਕਤਾ ਦੀ ਬਹਾਲੀ ਨੂੰ ਆਪਣਾ ਪ੍ਰਮੁੱਖ ਏਜੰਡਾ ਦੱਸਿਆ ਹੈ। ਉਨ੍ਹਾਂ ਸਿਆਸੀ ਮੁੱਦਿਆਂ ‘ਤੇ ਫਿਲਹਾਲ ਚੁੱਪ ਧਾਰਨ ਕਰਨ ਨੂੰ ਹੀ ਚੰਗਾ ਦੱਸਿਆ ਹੈ ਜਦਕਿ ਪੰਥਕ ਏਕਤਾ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਕੀਤੀ ਹੈ। ਦੱਸਣਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀ 20 ਅਪਰੈਲ 2017 ਨੂੰ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਤਾਇਨਾਤੀ ਹੋਈ ਸੀ। ਕਰੀਬ ਡੇਢ ਵਰ੍ਹੇ ਮਗਰੋਂ ਹੁਣ ਉਨ੍ਹਾਂ ਨੂੰ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਣਯੋਗ ਹੈ ਕਿ ਸੇਵਾ ਮੁਕਤ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਜ਼ਿਲ੍ਹਾ ਮੁਕਤਸਰ ਦੇ ਸਨ ਅਤੇ ਗਿਆਨੀ ਹਰਪ੍ਰੀਤ ਸਿੰਘ ਵੀ ਜ਼ਿਲ੍ਹਾ ਮੁਕਤਸਰ ਦੇ ਕਸਬਾ ਗਿੱਦੜਬਾਹਾ ਤੋਂ ਹਨ।
____________________________
ਬਰਖਾਸਤ ਪੰਜ ਪਿਆਰਿਆਂ ਵੱਲੋਂ ਹਵਾਰਾ ਨੂੰ ਜਥੇਦਾਰ ਲਾਉਣ ਦੀ ਵਕਾਲਤ
ਅੰਮ੍ਰਿਤਸਰ: ਬਰਖਾਸਤ ਕੀਤੇ ਪੰਜ ਪਿਆਰਿਆਂ ਨੇ ਨਵੰਬਰ 2015 ‘ਚ ਸਰਬੱਤ ਖਾਲਸਾ ਵੱਲੋਂ ਥਾਪੇ ਅਕਾਲ ਤਖਤ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਸਮਰਥਨ ਕਰਦਿਆਂ ਆਖਿਆ ਕਿ ਅਕਾਲ ਤਖਤ ਦਾ ਅਗਲਾ ਜਥੇਦਾਰ ਅਜਿਹਾ ਹੋਣਾ ਚਾਹੀਦਾ ਹੈ, ਜੋ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਨ ਵਾਲਾ ਹੋਵੇ। ਪੰਜ ਪਿਆਰਿਆਂ ਵਿਚ ਭਾਈ ਸਤਨਾਮ ਸਿੰਘ ਖਾਲਸਾ, ਭਾਈ ਤਰਲੋਕ ਸਿੰਘ, ਭਾਈ ਮੇਜਰ ਸਿੰਘ ਤੇ ਭਾਈ ਮੰਗਲ ਸਿੰਘ ਸ਼ਾਮਲ ਸਨ। ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਹੈ ਕਿ ਸਿੱਖ ਕੌਮ ਨੂੰ ਅਗਲਾ ਜਥੇਦਾਰ ਅਕਾਲੀ ਫੂਲਾ ਸਿੰਘ ਵਰਗਾ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਜਗਤਾਰ ਸਿੰਘ ਹਵਾਰਾ, ਜੋ ਇਸ ਵੇਲੇ ਜੇਲ੍ਹ ਵਿਚ ਬੰਦ ਹਨ, ਨੂੰ ਸਿੱਖ ਕੌਮ ਦਾ ਵੱਡਾ ਹਿੱਸਾ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਪ੍ਰਵਾਨ ਕਰ ਚੁੱਕਾ ਹੈ। ਉਨ੍ਹਾਂ ਆਖਿਆ ਕਿ ਆਉਣ ਵਾਲੇ ਸਮੇਂ ਵਿਚ ਉਹੀ ਜਥੇਦਾਰ ਸਿੱਖ ਕੌਮ ਨੂੰ ਪ੍ਰਵਾਨ ਹੋਵੇਗਾ, ਜੋ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰੇਗਾ।