ਚੰਡੀਗੜ੍ਹ: ਬਰਗਾੜੀ ਇਨਸਾਫ ਮੋਰਚੇ ਨੇ ਵੱਖ-ਵੱਖ ਸਿੱਖ ਜਥੇਬੰਦੀਆਂ ਤੇ ਪਾਰਟੀਆਂ ਦੇ ਆਗੂਆਂ ਸਮੇਤ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਮੰਗ ਕੀਤੀ ਕਿ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਤਤਕਾਲੀ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਦਾ ਨਾਂ ਸਾਹਮਣੇ ਆਉਣ ‘ਤੇ ਉਨ੍ਹਾਂ ਵਿਰੁੱਧ ਕੇਸ ਦਰਜ ਕਰ ਕੇ ਜੇਲ੍ਹ ਵਿਚ ਡੱਕਿਆ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਜਿੰਨੀ ਦੇਰ ਤੱਕ ਕੈਪਟਨ ਸਰਕਾਰ ਮੋਰਚੇ ਦੀਆਂ ਤਿੰਨੋਂ ਮੰਗਾਂ ਨਹੀਂ ਮੰਨਦੀ, ਉੱਨੀ ਦੇਰ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਆਖਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜਾਗਣਾ ਚਾਹੀਦਾ ਹੈ ਤੇ ਕਸੂਰਵਾਰਾਂ ਵਿਰੁੱਧ ਫੌਰੀ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਵੀਹ ਮੈਂਬਰੀ ਵਫਦ ਪੰਜਾਬ ਦੇ ਰਾਜਪਾਲ ਬੀ.ਪੀ.ਸਿੰਘ ਬਦਨੌਰ ਨੂੰ ਮਿਲਿਆ ਤੇ ਮੰਗ ਪੱਤਰ ਦਿੱਤਾ। ਆਗੂਆਂ ਨੇ ਰਾਜਪਾਲ ਨੂੰ ਕਿਹਾ ਕਿ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਭਾਜਪਾ ਤੇ ਅਕਾਲੀ ਦਲ ਦਾ ਵਫਦ ਰਾਜਪਾਲ ਨੂੰ ਮਿਲਿਆ ਸੀ ਤੇ ਇਸ ਵਫਦ ਨੇ ਬਰਗਾੜੀ ਵਿਚ ਚੱਲ ਰਹੇ ਇਨਸਾਫ ਮੋਰਚੇ ਨੂੰ ਗਰਮ ਖਿਆਲੀ, ਅਤਿਵਾਦੀ ਅਤੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ਼ਆਈ. ਦੇ ਏਜੰਟ ਕਿਹਾ ਸੀ ਜਦੋਂਕਿ ਬਰਗਾੜੀ ਵਿਚ ਇਨਸਾਫ ਮੋਰਚਾ ਦਾ ਧਰਨਾ 150 ਦਿਨਾਂ ਤੋਂ ਚੱਲ ਰਿਹਾ ਹੈ ਤੇ ਪੂਰੀ ਤਰ੍ਹਾਂ ਸ਼ਾਂਤਮਈ ਹੈ। ਉਨ੍ਹਾਂ ਨੇ ਬਰਗਾੜੀ ਵਿਚ ਰਹੇ ਇਨਸਾਫ ਮੋਰਚੇ ਬਾਰੇ ਗਲਤ ਪ੍ਰਚਾਰ ਕਰਨ ਲਈ ਅਕਾਲੀ ਦਲ ਦੀ ਸਖਤ ਨਿਖੇਧੀ ਕੀਤੀ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਲੋਕ ਸਭਾ ਮੈਂਬਰ ਧਰਮਵੀਰ ਗਾਂਧੀ ਨੇ ਮੰਗ ਕੀਤੀ ਕਿ ਪਿਛਲੀ ਅਕਾਲੀ ਸਰਕਾਰ ਸਮੇਂ ਸਾਲ 2015 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ‘ਚ ਸ਼ਾਂਤਮਈ ਰੋਸ ਪ੍ਰਗਟਾ ਰਹੇ ਲੋਕਾਂ ਉਤੇ ਪੁਲਿਸ ਵੱਲੋਂ ਗੋਲੀ ਚਲਾਉਣ ਅਤੇ ਲਾਠੀਆਂ ਵਰ੍ਹਾਉਣ ਦੇ ਦੋਸ਼ ਹੇਠ ਉਸ ਵੇਲੇ ਦੀ ਸਰਕਾਰ ਦੇ ਮੁਖੀਆ ਅਤੇ ਪੁਲਿਸ ਮੁਖੀ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਪੁਲਿਸ ਗੋਲੀ ਵਿਚ ਦੋ ਸਿੰਘ ਸ਼ਹੀਦ ਹੋ ਗਏ ਸਨ ਅਤੇ ਕਈ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਕਸੂਰਵਾਰਾਂ ਖਿਲਾਫ਼ ਕਾਰਵਾਈ ਕਰਨ ਦੀ ਥਾਂ ਲੁਕਣਮੀਚੀ ਦੀ ਖੇਡ, ਖੇਡ ਰਹੀ ਹੈ ਅਤੇ ਕੇਂਦਰ ਸਰਕਾਰ ਵੀ ਤਮਾਸ਼ਾ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਮੌਕਾ ਸੰਭਾਲਣਾ ਚਾਹੀਦਾ ਹੈ ਤੇ ਸਥਿਤੀ ਨੂੰ ਹੱਥੋਂ ਨਹੀਂ ਨਿਕਲਣਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਦੇ ਆਗੂ ਅਗਲੇ ਦਿਨਾਂ ਵਿਚ ਆਪਣੀਆਂ ਮੰਗਾਂ ਦੇ ਹੱਕ ਵਿਚ ਹੋਰ ਸਰਗਰਮੀ ਵੀ ਕਰਨਗੇ ਤੇ ਉਸ ਤੋਂ ਪਹਿਲਾਂ ਸਰਕਾਰਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ।
______________________________________
ਸਿੱਖਾਂ ਦੀਆਂ ਮੰਗਾਂ ਨੂੰ ਅਣਸੁਣਿਆ ਕਰ ਰਹੀ ਹੈ ਸਰਕਾਰ: ਮਾਨ
ਬਟਾਲਾ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਬਰਗਾੜੀ ਮੋਰਚਾ ਭਾਵੇਂ 4 ਮਹੀਨਿਆਂ ਤੋਂ ਚੱਲ ਰਿਹਾ ਹੈ ਪਰ ਸਿੱਖਾਂ ਦਾ ਕੋਈ ਮਸਲਾ ਅਜੇ ਤੱਕ ਹੱਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਮੋਰਚਾ ਲਾਉਣ ਵਾਲੇ ਸਿੱਖਾਂ ਦੀ ਮੰਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਦੋ ਸਿੰਘਾਂ ਦੀ ਸ਼ਹੀਦੀ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਜਲਦੀ ਗ੍ਰਿਫਤਾਰ ਕੀਤਾ ਜਾਵੇ ਪਰ ਸਰਕਾਰ ਸਿੱਖਾਂ ਦੀਆਂ ਮੰਗਾਂ ਨੂੰ ਅਣਸੁਣਿਆ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਿੱਖਾਂ ਨੂੰ ਬਦਨਾਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਅਤੇ ਹੁਣ ਸਿੱਖ ਸਿਆਸਤ ਵੱਡੀ ਤਬਦੀਲੀ ਵੱਲ ਜਾ ਰਹੀ ਹੈ। ਸ੍ਰੀ ਮਾਨ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਵੀ ਸਰਕਾਰਾਂ ਨੇ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਹੈ।