ਖਹਿਰਾ ਤੇ ਸੰਧੂ ਆਮ ਆਦਮੀ ਪਾਰਟੀ ‘ਚੋਂ ਮੁਅੱਤਲ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਨੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਮੁਅੱਤਲ ਕਰ ਦਿੱਤਾ ਹੈ ਜਿਸ ਨਾਲ ਪਾਰਟੀ ਦੋਫਾੜ ਹੋਣ ਦਾ ਰਾਹ ਸਾਫ ਹੋ ਗਿਆ ਹੈ।

ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਗਿਆ ਕਿ ਸ੍ਰੀ ਖਹਿਰਾ ਅਤੇ ਸ੍ਰੀ ਸੰਧੂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ ਅਤੇ ਲਗਾਤਾਰ ਕੇਂਦਰੀ ਅਤੇ ਸੂਬਾ ਲੀਡਰਸ਼ਿਪ ‘ਤੇ ਸ਼ਬਦੀ ਹਮਲੇ ਕਰਦੇ ਰਹੇ ਹਨ।
ਪੰਜਾਬ ਦੀ ਕੋਰ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਪਾਰਟੀ ਵੱਲੋਂ ਆਪਣੇ ਪੱਧਰ ‘ਤੇ ਹਰ ਸੰਭਵ ਯਤਨ ਕਰ ਕੇ ਦੋਵਾਂ ਆਗੂਆਂ ਨੂੰ ਸਮਝਾਉਣ ਤੋਂ ਅਸਫਲ ਹੋਣ ਤੋਂ ਬਾਅਦ ਇਨ੍ਹਾਂ ਦੋਵਾਂ ਵਿਧਾਇਕਾਂ ਨੂੰ ਫੌਰੀ ਤੌਰ ‘ਤੇ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ। ਪਾਰਟੀ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਆਗੂਆਂ ਅਤੇ ਵਾਲੰਟੀਅਰਾਂ ਨੂੰ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਦੱਸਣਯੋਗ ਹੈ ਕਿ ਪਾਰਟੀ ਨੇ ਸ੍ਰੀ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਇਆ ਸੀ ਤਾਂ ਉਨ੍ਹਾਂ ਬਗਾਵਤ ਦਾ ਝੰਡਾ ਚੁੱਕ ਲਿਆ ਸੀ ਅਤੇ 2 ਅਗਸਤ ਨੂੰ ਬਠਿੰਡਾ ਵਿਚ ਬਾਗੀ ਧਿਰ ਦੀ ਕਾਨਫਰੰਸ ਕਰਕੇ ਪੰਜਾਬ ਇਕਾਈ ਨੂੰ ਆਪਣੇ ਪੱਧਰ ‘ਤੇ ਹੀ ਰੱਦ ਕਰਕੇ ਪਾਰਟੀ ਵਿਰੁੱਧ ਹੋਰ ਕਈ ਸਖਤ ਮਤੇ ਪਾਸ ਕੀਤੇ ਸਨ।
ਸੂਤਰਾਂ ਅਨੁਸਾਰ ਜਦੋਂ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਨਵੰਬਰ ਨੂੰ ਚੰਡੀਗੜ੍ਹ ਆਏ ਸਨ ਤਾਂ ਉਨ੍ਹਾਂ ਨੇ ਪੰਜਾਬ ਦੇ ਚੋਣਵੇਂ ਆਗੂਆਂ ਨਾਲ ਮੀਟਿੰਗ ਕਰ ਕੇ ਸ੍ਰੀ ਖਹਿਰਾ ਬਾਰੇ ਗੰਭੀਰ ਚਰਚਾ ਕਰਨ ਉਪਰੰਤ ਕਿਹਾ ਸੀ ਕਿ ਇਸ ਮਾਮਲੇ ਨੂੰ ਤੁਰਤ ਇਕ ਪਾਸੇ ਲਾਇਆ ਜਾਵੇ। ਸੂਤਰਾਂ ਅਨੁਸਾਰ ਇਸ ਤੋਂ ਬਾਅਦ ਪੰਜਾਬ ਦੀ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਬਣਾਈ ਗਈ 22 ਮੈਂਬਰੀ ਕੋਰ ਕਮੇਟੀ ਨੇ ਤੁਰਤ ਸ੍ਰੀ ਖਹਿਰਾ ਤੇ ਸ੍ਰੀ ਸੰਧੂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਅਤੇ ਇਸ ਸਬੰਧੀ ਹਾਈਕਮਾਂਡ ਨੂੰ ਸੂਚਿਤ ਕੀਤਾ ਗਿਆ। ਹਾਈਕਮਾਂਡ ਵੱਲੋਂ ਹਰੀ ਝੰਡੀ ਦੇਣ ਤੋਂ ਬਾਅਦ ਕੋਰ ਕਮੇਟੀ ਨੇ ਸ੍ਰੀ ਖਹਿਰਾ ਤੇ ਸ੍ਰੀ ਸੰਧੂ ਨੂੰ ਮੁਅੱਤਲ ਕਰਨ ਦੇ ਐਲਾਨ ਕਰ ਦਿੱਤਾ।
__________________________
ਮੁਅੱਤਲੀ ਵਿਰੁੱਧ ਕੋਰ ਕਮੇਟੀ ਨੂੰ ਨੋਟਿਸ ਦੇਣ ਦਾ ਐਲਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਵਿਚਲਾ ਪਾੜਾ ਵਧਦਾ ਜਾ ਰਿਹਾ ਹੈ। ਬਾਗੀ ਧਿਰ ਨੇ ਪਲਟਵਾਰ ਕਰਦਿਆਂ ਦੋ ਵਿਧਾਇਕਾਂ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਨੂੰ ਮੁਅੱਤਲ ਕਰਨ ਵਿਰੁੱਧ ਪਾਰਟੀ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ 22 ਮੈਂਬਰਾਂ ਨੂੰ ਕਾਰਨ ਦੱਸੋ ਨੋਟਿਸ ਦੇਣ ਦਾ ਐਲਾਨ ਕਰ ਕੇ ਆਰ ਜਾਂ ਪਾਰ ਦੀ ਲੜਾਈ ਛੇੜ ਦਿੱਤੀ ਹੈ। ਬਾਗੀ ਧਿਰ ਦੀ ਪੀਏਸੀ ਦੀ ਹੋਈ ਮੀਟਿੰਗ ਤੋਂ ਬਾਅਦ ਸ੍ਰੀ ਖਹਿਰਾ ਅਤੇ ਸ੍ਰੀ ਸੰਧੂ ਨੇ ਵਿਧਾਇਕ ਪਿਰਮਲ ਸਿੰਘ ਖਾਲਸਾ, ਮਾਸਟਰ ਬਲਦੇਵ ਸਿੰਘ, ਜਗਦੇਵ ਸਿੰਘ ਕਮਾਲੂ ਅਤੇ ਜੈ ਕਿਸ਼ਨ ਰੋੜੀ ਦੀ ਮੌਜੂਦਗੀ ਵਿਚ ਦੋਸ਼ ਲਾਇਆ ਕਿ ਪਾਰਟੀ ਵੱਲੋਂ ਉਨ੍ਹਾਂ (ਖਹਿਰਾ ਤੇ ਸੰਧੂ) ਨੂੰ ਗੈਰ-ਸੰਵਿਧਾਨਕ ਢੰਗ ਨਾਲ ਮੁਅੱਤਲ ਕੀਤਾ ਗਿਆ ਹੈ। ਬਾਗੀ ਧੜੇ ਨੇ ਵਿਧਾਇਕ ਕੰਵਰ ਸੰਧੂ ਤੇ ਪਿਰਮਲ ਸਿੰਘ ਖਾਲਸਾ ਤੇ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੈਂਬਰ ਕਰਮਜੀਤ ਕੌਰ ਮਾਨਸਾ ਦੀ ਅਗਵਾਈ ਹੇਠ ਅਨੁਸ਼ਾਸਨੀ ਕਮੇਟੀ ਬਣਾਉਣ ਦਾ ਫੈਸਲਾ ਲਿਆ ਹੈ। ਜਲਦ ਹੀ ਵਾਈਟ ਪੇਪਰ ਜਾਰੀ ਕਰ ਕੇ ਅਜਿਹੇ ਆਗੂਆਂ ਨੂੰ ਬੇਨਕਾਬ ਕੀਤਾ ਜਾਵੇਗਾ।