ਪਹਿਲੀ ਸੰਸਾਰ ਜੰਗ ਅਤੇ ਪੰਜਾਬ

ਪਹਿਲੀ ਸੰਸਾਰ ਜੰਗ ਵਿਚ ਪੰਜਾਬੀਆਂ ਦੇ ਯੋਗਦਾਨ ਦੇ ਕਈ ਪੱਖ ਹਨ। ਇਕ ਪਾਸੇ ਫੌਜ ਵਿਚ ਭਰਤੀ ਹੋਏ ਪੰਜਾਬੀਆਂ ਨੇ ਅੰਗਰੇਜ਼ਾਂ ਲਈ ਜਾਨਾਂ ਹੂਲ ਕੇ ਇਸ ਸਾਮਰਾਜ ਨੂੰ ਮਜ਼ਬੂਤ ਕੀਤਾ, ਦੂਜੇ ਪਾਸੇ ਅਮਰੀਕਾ ਵਿਚ ਪੜ੍ਹਨ ਅਤੇ ਰੋਜ਼ੀ-ਰੋਟੀ ਲਈ ਗਏ ਪੰਜਾਬੀਆਂ ਨੂੰ ਲੱਗਾ ਕਿ ਜੰਗ ‘ਚ ਫਸੇ ਅੰਗਰੇਜ਼ਾਂ ਦੀ ਕੰਗਰੋੜ ਤੋੜਨ ਦਾ ਸਹੀ ਮੌਕਾ ਆਣ ਢੁੱਕਾ ਹੈ ਤੇ ਉਨ੍ਹਾਂ ਅੰਗਰੇਜ਼ਾਂ ਖਿਲਾਫ ਜੰਗ ਦਾ ਬਿਗਲ ਵਜਾ ਦਿੱਤਾ। ਇਨ੍ਹਾਂ ਨੌਜਵਾਨਾਂ, ਜੋ ਮਗਰੋਂ ਗਦਰੀਆਂ ਵਜੋਂ ਮਸ਼ਹੂਰ ਹੋਏ, ਨੇ ਮੌਕੇ ਦੀ ਨਜ਼ਾਕਤ ਦੇਖਦਿਆਂ ਪੜਾਅਵਾਰ ਗਦਰ ਕਰਨ ਦੀ ਆਪਣੀ ਮੁਢਲੀ ਯੋਜਨਾ ਵਿਚ ਵੱਡੀ ਤਬਦੀਲੀ ਕਰਕੇ ਤੁਰੰਤ ਗਦਰ ਮਚਾਉਣ ਦਾ ਫੈਸਲਾ ਕੀਤਾ।

ਉਸ ਸਮੇਂ ਨਾਲ ਜੁੜੇ ਅਜਿਹੇ ਤੱਥਾਂ ਬਾਰੇ ਚਰਚਾ ਅਖਬਾਰ ‘ਪੰਜਾਬੀ ਟ੍ਰਿਬਿਊਨ’ ਦੇ ਸੰਪਾਦਕ ਸਵਰਾਜਬੀਰ ਨੇ ਆਪਣੇ ਇਸ ਲੇਖ ਵਿਚ ਕੀਤੀ ਹੈ। -ਸੰਪਾਦਕ

ਸਵਰਾਜਬੀਰ

ਰਾਬਿੰਦਰ ਨਾਥ ਟੈਗੋਰ ਨੇ ਗੀਤਾਂਜਲੀ ਵਿਚ ਲਿਖਿਆ ਹੈ, “ਜਦੋਂ ਮੈਂ ਇਥੋਂ ਜਾਵਾਂਗਾ ਤਾਂ ਇਨ੍ਹਾਂ ਸ਼ਬਦਾਂ ਨੂੰ ਮੇਰੇ ਵਿਦਾਈ ਸ਼ਬਦ ਸਮਝਣਾ ਕਿਉਂਕਿ ਜੋ ਮੈਂ ਦੇਖਿਆ ਹੈ, ਉਹ ਅਦਭੁੱਤ ਸੀ ਤੇ ਕੋਈ ਵੀ ਉਸ ਤੋਂ ਅਗਾਂਹ ਨਹੀਂ ਜਾ ਸਕਦਾ।”
ਟੈਗੋਰ ਨੇ ਇਹ ਸ਼ਬਦ ਉਦੋਂ ਲਿਖੇ, ਜਦੋਂ ਉਸ ਦਾ ਮਨ ਕੁਦਰਤ ਦੀ ਵਿਸ਼ਾਲਤਾ ਵੇਖਦਿਆਂ ਅਚੰਭੇ ਨਾਲ ਭਰ ਗਿਆ, ਵਿਸਮਾਦ ਦੀ ਅਵਸਥਾ ਵਿਚ। ਇਹੀ ਸ਼ਬਦ ਇੰਗਲੈਂਡ ਦੇ ਪ੍ਰਸਿਧ ਸ਼ਾਇਰ ਵਿਲਫਰੈਡ ਓਵਨ ਨੇ ਪਹਿਲੀ ਸੰਸਾਰ ਜੰਗ ਵਿਚ ਲੜਦਿਆਂ ਆਪਣੀ ਮਾਂ ਨੂੰ ਭੇਜੇ ਆਖਰੀ ਖਤ ਵਿਚ ਲਿਖੇ। ਉਹ ਪਹਿਲੀ ਸੰਸਾਰ ਜੰਗ ਦੀ ਉਸ ਭਿਆਨਕਤਾ ਨੂੰ ਵੇਖ ਰਿਹਾ ਸੀ, ਜੋ ਹੁਣ ਤਕ ਦੀਆਂ ਜੰਗਾਂ ਵਿਚੋਂ ਸਭ ਤੋਂ ਵੱਧ ਅਮਾਨਵੀ ਸੀ, ਜਿਸ ਵਿਚ ਲੱਖਾਂ ਲੋਕ ਮਾਰੇ ਗਏ ਤੇ ਅਪਾਹਜ ਹੋਏ। ਵਿਲਫਰੈਡ ਓਵਨ ਖੁਦ ਮਾਰਿਆ ਗਿਆ।
1992-93 ਵਿਚ ਇਸ ਜੰਗ ਬਾਰੇ ‘ਬਰਡ ਸਾਂਗ’ (ਇਹ ਨਾਵਲ 1993 ਵਿਚ ਛਪਿਆ ਸੀ) ਨਾਂ ਦਾ ਨਾਵਲ ਲਿਖਦਿਆਂ ਸਬੈਸਟੀਅਨ ਫਾਕਸ ਨੇ ਫਿਰ ਇਹੀ ਸ਼ਬਦ ਵਰਤੇ, ਇਹ ਦੱਸਣ ਲਈ ਕਿ ਮਨੁੱਖਤਾ ਨੇ ਦੂਜੀ ਸੰਸਾਰ ਜੰਗ ਦੌਰਾਨ ਜਿਹੋ ਜਿਹੇ ਅਮਾਨਵੀ ਦਿਸਹੱਦੇ ਵੇਖੇ, ਪਹਿਲੀ ਸੰਸਾਰ ਜੰਗ ਦਾ ਕਹਿਰ ਤੇ ਭਿਅੰਕਰਤਾ ਵੀ ਓਨੀ ਹੀ ਅਮਾਨਵੀ ਪਰਵੇਸ਼ ਵਾਲੀ ਸੀ।
ਇਸ ਜੰਗ ਵਿਚ ਇਕ ਪਾਸੇ ਜਰਮਨੀ, ਆਸਟਰੀਆ-ਹੰਗਰੀ ਤੇ ਇਟਲੀ ਦੀ ਤਿੱਕੜੀ ਸੀ ਅਤੇ ਦੂਜੇ ਪਾਸੇ ਫਰਾਂਸ, ਰੂਸ ਤੇ ਇੰਗਲੈਂਡ ਦੀ। ਜਾਪਾਨ ਤੇ ਰੋਮਾਨੀਆ ਨੇ ਫਰਾਂਸ, ਰੂਸ ਤੇ ਇੰਗਲੈਂਡ ਦਾ ਸਾਥ ਦਿੱਤਾ ਜਦੋਂਕਿ ਆਟੋਮਨ ਬਾਦਸ਼ਾਹਤ ਨੇ ਆਸਟਰੀਆ-ਹੰਗਰੀ ਤੇ ਜਰਮਨੀ ਦਾ। ਅਮਰੀਕਾ ਨੇ ਪਹਿਲਾਂ ਨਿਰਪੱਖਤਾ ਵਿਖਾਈ ਪਰ 1917 ਵਿਚ ਉਸ ਨੇ ਜਰਮਨੀ ਵਿਰੁਧ ਜੰਗ ਦਾ ਐਲਾਨ ਕੀਤਾ। ਅੰਤਲੇ ਵਰ੍ਹਿਆਂ ਵਿਚ ਇਟਲੀ ਦੂਜੀ ਧਿਰ ਨਾਲ ਰਲ ਗਿਆ। ਇਸ ਜੰਗ ਦਾ ਮੁੱਖ ਕਾਰਨ ਸੀ ਕਿ ਇਹ ਤਾਕਤਾਂ ਏਸ਼ੀਆ ਤੇ ਅਫਰੀਕਾ ਦੇ ਵੱਧ ਤੋਂ ਵੱਧ ਦੇਸ਼ਾਂ ‘ਤੇ ਕਾਬਜ਼ ਹੋਣਾ ਚਾਹੁੰਦੀਆਂ ਸਨ ਅਤੇ ਉਥੋਂ ਦੇ ਕੁਦਰਤੀ ਖਜ਼ਾਨੇ ਲੁੱਟਣ ਦੇ ਨਾਲ ਨਾਲ ਉਥੇ ਆਪਣੀਆਂ ਮੰਡੀਆਂ ਸਥਾਪਤ ਕਰਨਾ ਚਾਹੁੰਦੀਆਂ ਸਨ। ਜਰਮਨੀ ਵੱਧ ਰਫਤਾਰ ਨਾਲ ਤਰੱਕੀ ਕਰਕੇ ਤਾਕਤਵਰ ਬਣ ਰਿਹਾ ਸੀ ਅਤੇ ਇੰਗਲੈਂਡ ਤੇ ਫਰਾਂਸ ਰੂਸ ਨਾਲ ਮਿਲ ਕੇ ਉਸ ਦੇ ਵਧਦੇ ਪਸਾਰ ਨੂੰ ਰੋਕਣਾ ਚਾਹੁੰਦੇ ਸਨ।
ਇਸ ਜੰਗ ਨੇ ਦੁਨੀਆਂ ਦੇ ਇਤਿਹਾਸ ਵਿਚ ਇਤਿਹਾਸਕ ਤਬਦੀਲੀਆਂ ਲਿਆਂਦੀਆਂ। ਰੂਸੀ, ਜਰਮਨ, ਆਸਟਰੋ-ਹੰਗਰੀਅਨ ਤੇ ਇਟਾਲੀਅਨ ਬਾਦਸ਼ਾਹਤਾਂ ਤਬਾਹ ਹੋ ਗਈਆਂ ਤੇ ਇਨ੍ਹਾਂ ਦੀ ਥਾਂ ਕੌਮੀਅਤ ‘ਤੇ ਆਧਾਰਤ ਦੇਸ਼ ਹੋਂਦ ਵਿਚ ਆਏ। ਰੂਸ ਵਿਚ ਸੋਵੀਅਤ ਇਨਕਲਾਬ ਆਇਆ। 1918 ਵਿਚ ਜੰਗਬੰਦੀ ਹੋ ਗਈ ਅਤੇ ਵਰਸੇਲਜ ਦੀ ਸੰਧੀ ਰਾਹੀਂ ਜਰਮਨੀ ਉਤੇ ਬਹੁਤ ਸਖਤ ਪਾਬੰਦੀਆਂ ਆਇਦ ਕਰ ਦਿੱਤੀਆਂ ਗਈਆਂ। ਸਿੱਟੇ ਵਜੋਂ ਨਾਜ਼ੀ ਪਾਰਟੀ ਦਾ ਉਦੈ ਸ਼ੁਰੂ ਹੋਇਆ ਅਤੇ ਇਹ ਕਿਹਾ ਜਾ ਸਕਦਾ ਹੈ ਕਿ ਯਹੂਦੀਆਂ ਦੇ ਘਾਣ ਤੇ ਦੂਜੀ ਸੰਸਾਰ ਜੰਗ ਦੀ ਬੁਨਿਆਦ ਪਹਿਲੀ ਸੰਸਾਰ ਜੰਗ ਦੇ ਖਤਮ ਹੋਣ ਦੇ ਨਾਲ ਹੀ ਰੱਖੀ ਗਈ।
ਜੰਗ ਵਿਚ ਲਗਭਗ ਸੱਤ ਕਰੋੜ ਲੋਕਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਛੇ ਕਰੋੜ ਯੂਰਪੀ ਸਨ। ਲਗਭਗ 90 ਲੱਖ ਫੌਜੀ ਅਤੇ 7 ਲੱਖ ਆਮ ਲੋਕ ਮਾਰੇ ਗਏ। ਭੁੱਖਮਰੀ, ਪਲੇਗ ਅਤੇ ਇਨਫਲੂਏਂਜਾ ਦੀਆਂ ਬਿਮਾਰੀਆਂ ਨੇ ਲੱਖਾਂ ਜਾਨਾਂ ਲਈਆਂ। ਇਸ ਦੌਰਾਨ ਹੋਈ ਨਸਲਕੁਸ਼ੀ ਵਿਚ 15 ਲੱਖ ਅਰਮੀਨੀਅਨ, 2.5 ਲੱਖ ਅਸੀਰਅਨ (ਇਰਾਕ, ਟਰਕੀ ਆਦਿ ਵਿਚ ਰਹਿਣ ਵਾਲੇ) ਈਸਾਈ ਤੇ 3.5 ਲੱਖ ਤੋਂ ਵੱਧ ਅਨਤੋਲੀਅਨ ਤੇ ਪੋਟਿੰਕ ਗਰੀਕ ਮਾਰੇ ਗਏ।
ਇਸ ਜੰਗ ਵਿਚ ਹਿੰਦੋਸਤਾਨ ਦੇ ਦਸ ਲੱਖ ਸਿਪਾਹੀ ਵੀ ਸ਼ਾਮਲ ਹੋਏ ਜਿਨ੍ਹਾਂ ਵਿਚੋਂ ਲਗਭਗ 74 ਹਜ਼ਾਰ ਮਾਰੇ ਗਏ ਅਤੇ 70 ਹਜ਼ਾਰ ਜ਼ਖਮੀ ਹੋਏ। ਹਿੰਦੋਸਤਾਨ ਦੇ ਵੱਖ-ਵੱਖ ਹਿੱਸਿਆਂ ਤੋਂ ਗਈਆਂ ਫੌਜਾਂ ਅਫਰੀਕਾ, ਯੂਰਪ, ਮੈਸੋਪੋਟਾਮੀਆ (ਦਜ਼ਲਾ ਤੇ ਫਰਾਤ ਦਰਿਆਵਾਂ ਵਿਚਲਾ ਖੇਤਰ, ਜਿਸ ਵਿਚ ਇਰਾਕ, ਕੁਵੈਤ ਤੇ ਸਾਊਦੀ ਅਰਬ, ਸੀਰੀਆ ਤੇ ਟਰਕੀ ਦੇ ਕੁਝ ਹਿੱਸੇ ਸ਼ਾਮਲ ਹਨ), ਗੈਲੀਪੌਲੀ ਅਤੇ ਦੁਨੀਆਂ ਦੇ ਹੋਰ ਭਾਗਾਂ ਵਿਚ ਲੜੀਆਂ। ਮੈਸੋਪੋਟਾਮੀਆ ਵਿਚ ਲੜੀਆਂ ਫੌਜਾਂ ਵਿਚ ਪੰਜਾਬ ਦੇ ਬਹੁਤ ਸਾਰੇ ਸਿਪਾਹੀਆਂ ਨੇ ਹਿੱਸਾ ਲਿਆ ਤੇ ਇਸ ਕਰਕੇ ਪੰਜਾਬੀ ਇਸ ਨੂੰ ‘ਬਸਰੇ ਦੀ ਲਾਮ’ ਕਹਿ ਕੇ ਵੀ ਯਾਦ ਕਰਦੇ ਹਨ।
ਜੰਗ ਸ਼ੁਰੂ ਹੋਣ ਵੇਲੇ ਹਿੰਦੋਸਤਾਨ ਤੋਂ ਗਈਆਂ ਫੌਜਾਂ ਵਿਚ ਇਕ ਲੱਖ ਪੰਜਾਬੀ ਸ਼ਾਮਿਲ ਸਨ ਜਿਨ੍ਹਾਂ ਦੀ ਗਿਣਤੀ 1918 ਤਕ ਚਾਰ ਲੱਖ ਸੱਤਰ ਹਜ਼ਾਰ ਤਕ ਪਹੁੰਚ ਗਈ। ਇਸ ਤਰ੍ਹਾਂ ਪੰਜਾਬੀ ਹਿੰਦੋਸਤਾਨ ਤੋਂ ਗਈ ਫੌਜ ਦਾ 40 ਫੀਸਦੀ ਹਿੱਸਾ ਹੋ ਗਏ ਜਦੋਂਕਿ ਪੰਜਾਬ ਦੀ ਆਬਾਦੀ ਹਿੰਦੋਸਤਾਨ ਦੀ ਆਬਾਦੀ ਦਾ 7.5 ਫੀਸਦ ਸੀ। ਲਗਭਗ 13 ਹਜ਼ਾਰ ਪੰਜਾਬੀ ਸਿਪਾਹੀ ਮਾਰੇ ਗਏ ਅਤੇ ਏਨੀ ਹੀ ਗਿਣਤੀ ਵਿਚ ਜ਼ਖਮੀ ਹੋਏ। ਇਸ ਭਰਤੀ ਵਿਚ ਕੁਝ ਲੋਕ ਤਾਂ ਮਰਜ਼ੀ ਨਾਲ ਭਰਤੀ ਹੋਏ ਪਰ ਬਹੁਤ ਸਾਰੀ ਭਰਤੀ ਜ਼ਬਰਦਸਤੀ ਕਰਵਾਈ ਗਈ ਅਤੇ ਜ਼ਬਰਦਸਤੀ ਭਰਤੀ ਕਰਾਉਣ ਵਾਲਿਆਂ ਨੂੰ ਵੱਡੇ ਵੱਡੇ ਸਰਕਾਰੀ ਖਿਤਾਬਾਂ ਤੇ ਜਗੀਰਾਂ ਨਾਲ ਨਿਵਾਜਿਆ ਗਿਆ।
ਬਸਤੀਵਾਦੀ ਨਿਜ਼ਾਮ ਹੇਠ ਰਹਿ ਚੁਕੇ ਲੋਕਾਂ ਅਤੇ ਉਨ੍ਹਾਂ ਦੇ ਵਾਰਸਾਂ ਦੀ ਮਾਨਸਿਕਤਾ ਬਹੁਤ ਜਟਿਲ ਤੇ ਗੁੰਝਲਦਾਰ ਹੁੰਦੀ ਹੈ। ਪੰਜਾਬੀਆਂ ਨੂੰ ਵੀ ਇਹ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ ਕਿ ਪਹਿਲੀ ਸੰਸਾਰ ਜੰਗ ਵਿਚ ਮਾਰੇ ਜਾਣ ਵਾਲੇ ਪੰਜਾਬੀਆਂ ਨੂੰ ਉਨ੍ਹਾਂ ਦੀ ਬਹਾਦਰੀ ਦੀ ਦਾਸਤਾਨ ਵਜੋਂ ਪੇਸ਼ ਕੀਤਾ ਜਾਏ ਜਾਂ ਮਜਬੂਰੀ ਕਾਰਨ ਜਾਂ ਮਰਜ਼ੀ ਨਾਲ ਭਰਤੀ ਹੋਏ ਲੋਕਾਂ ਦੀ ਉਸ ਹੋਣੀ ਵਜੋਂ, ਜਿਸ ਕਰਕੇ ਉਨ੍ਹਾਂ ਨੂੰ ਬਸਤੀਵਾਦੀ ਹਿੱਤਾਂ ਲਈ ਲੜਨਾ ਪਿਆ। ਪੰਜਾਬੀ ਲੋਕ-ਮਾਨਸ ਵਿਚ ਇਹ ਯਾਦਾਂ ਬਹੁਤ ਵਿਰੋਧਾਭਾਸ ਵਾਲੀਆਂ ਹਨ। ਜੰਗ ਦੇ ਸ਼ੁਰੂ ਵਿਚ ਭਾਈ ਛਲੀਆ ਪਟਿਆਲੇ ਵਾਲੇ ਨੇ ਅੰਗਰੇਜ਼ਾਂ ਦੇ ਕਹਿਣ ‘ਤੇ ਇਹ ਤਵਾ ਬਣਾਇਆ:
ਭਰਤੀ ਹੋ ਜਾ ਵੇ,
ਬਾਹਰ ਖੜ੍ਹੇ ਰੰਗਰੂਟ।
ਏਥੇ ਖਾਵੇਂ ਸੁੱਕੀ ਹੋਈ ਰੋਟੀ,
ਉਥੇ ਖਾਵੇਂ ਫਰੂਟ।
ਏਥੇ ਪਾਵੇਂ ਫਟੇ ਹੋਏ ਲੀੜੇ,
ਉਥੇ ਪਾਵੇਂ ਸੂਟ।
ਏਥੇ ਪਾਵੇਂ ਟੁੱਟੀ ਹੋਈ ਜੁੱਤੀ,
ਉਥੇ ਪਾਵੇਂ ਬੂਟ।
ਜਦ ਲੜਾਈ ਬਹੁਤ ਲੰਬੀ ਹੋ ਗਈ ਅਤੇ ਪੰਜਾਬੀਆਂ ਦੇ ਵੱਡੀ ਗਿਣਤੀ ਵਿਚ ਮਰਨ ਅਤੇ ਜੰਗ ਦੌਰਾਨ ਅਣਮਨੁੱਖੀ ਤੇ ਅਮਾਨਵੀ ਹਾਲਾਤ ਦੀਆਂ ਖਬਰਾਂ ਪੰਜਾਬ ਪਹੁੰਚੀਆਂ ਤਾਂ ਪੰਜਾਬੀ ਲੋਕ-ਮਾਨਸ ਹਲੂਣਿਆ ਗਿਆ ਜਿਸ ਦੀਆਂ ਯਾਦਾਂ ਇਹੋ ਜਿਹੇ ਗੀਤਾਂ ਵਿਚ ਸਮੋਈਆਂ ਹੋਈਆਂ ਹਨ:
ਸੜਕਾਂ ਵਿਚ ਟੋਏ ਨੀ
ਬੱਚੜੇ ਗਰੀਬਾਂ ਦੇ
ਬਸਰੇ ਵਿਚ ਮੋਏ ਨੀ।

ਸੜਕਾਂ ‘ਤੇ ਜੰਡੀਆਂ ਨੀ
ਬਸ ਕਰ ਜਰਮਨ ਭੈੜਿਆ
ਘਰ ਘਰ ਰੰਡੀਆਂ ਨੀ।

ਤੱਤੀ ਰੇਤ ਕੜਾਹੀਆਂ ਦੀ
ਬਸ ਕਰ ਜਰਮਨੀਆ
ਨਈਂ ਲੋੜ ਲੜਾਈਆਂ ਦੀ।

ਮਰ ਗਏ ਪੰਛੀ, ਮਰ ਗਏ ਹਾਸੇ,
ਸੱਭੇ ਬੇੜੀਆਂ ਡੁੱਬੀਆਂ।
ਖਾ ਖਾ ਮਾਸ ਲਹੂ ਵੀ ਪੀਣੇ,
ਕਬਰ ਦੀਆਂ ਨੇ ਰਮਜ਼ਾਂ ਗੁੱਝੀਆਂ।
ਦਿਲ ਨੂੰ ਧੂਹ ਪਾਉਣ ਵਾਲੀਆਂ ਇਹ ਸਤਰਾਂ ਵੀ ਉਨ੍ਹਾਂ ਵੇਲਿਆਂ ਦੀ ਯਾਦ ਹਨ:
ਬਸਰੇ ਦੀ ਲਾਮ ਟੁੱਟ ਜੇ
ਨੀ ਮੈਂ ਰੰਡੀਓਂ ਸੁਹਾਗਣ ਹੋਵਾਂ।
ਤੇ ਫੇਰ ਜਦੋਂ ਪੰਜਾਬੀ ਘਰਾਂ ਨੂੰ ਮੁੜੇ ਤਾਂ ਪੰਜਾਬੀ ਮਾਂਵਾਂ ਨੇ ਕਿਹਾ:
ਮਾਂਵਾਂ ਦੇ ਸਭ ਬੱਚੜੇ ਪਰਦੇਸ
ਮੈਂਡੇ ਬੱਚੜਿਓ ਵੇ, ਮੌਲਾ ਲਾਮ ਤ੍ਰੋੜੈ ਨੇ
ਪੰਜ ਤਨ ਰਾਖਾ ਨੇ, ਅੱਲਾ ਖੈਰੀਂ ਮੋੜੈ ਨੇ।
ਪਰ ਗੱਲ ਇਥੇ ਹੀ ਖਤਮ ਨਹੀਂ ਹੁੰਦੀ। ਜੰਗ ਦੇ ਸ਼ੁਰੂ ਵਿਚ ਹੀ ਕੈਨੇਡਾ ਤੇ ਅਮਰੀਕਾ ਨੂੰ ਪਰਵਾਸ ਕਰ ਗਏ ਪੰਜਾਬੀਆਂ ਨੇ ਗਦਰ ਪਾਰਟੀ ਬਣਾਈ ਅਤੇ ਉਹ ਅੰਗਰੇਜ਼ੀ ਰਾਜ ਦਾ ਤਖਤਾ ਪਲਟਾਉਣ ਲਈ ਪੰਜਾਬ ਪਰਤੇ। ਸੋਹਣ ਸਿੰਘ ਭਕਨਾ, ਕਰਤਾਰ ਸਿੰਘ ਸਰਾਭਾ, ਹਰਨਾਮ ਸਿੰਘ ਟੁੰਡੀਲਾਟ ਤੇ ਹੋਰਨਾਂ ਦੀ ਅਗਵਾਈ ਹੇਠ ਕਰਵਾਈ ਜਾਣ ਵਾਲੀ ਫੌਜੀ ਬਗਾਵਤ ਕਾਮਯਾਬ ਨਾ ਹੋਈ ਅਤੇ ਬਹੁਤ ਸਾਰੇ ਗਦਰੀ ਫਾਂਸੀ ‘ਤੇ ਟੰਗੇ ਗਏ ਤੇ ਬਾਕੀਆਂ ਨੇ ਕਾਲੇ ਪਾਣੀ ਵਿਚ ਲੰਬੀਆਂ ਸਜ਼ਾਵਾਂ ਭੋਗੀਆਂ।
ਇਸੇ ਤਰ੍ਹਾਂ ਗਦਰੀਆਂ ਦੇ ਪ੍ਰਭਾਵ ਹੇਠਾਂ ਆਈ ਸਿੰਗਾਪੁਰ ‘ਚ ਸਥਿਤ ਪੰਜਵੀਂ ਲਾਈਟ ਇਨਫੈਂਟਰੀ, ਜਿਸ ਵਿਚ ਬਹੁਤੇ ਪੰਜਾਬੀ, ਮੁਸਲਮਾਨ ਤੇ ਪਠਾਣ ਸਨ, ਨੇ ਬਗਾਵਤ ਕਰ ਦਿੱਤੀ। ਇਸ ਰਜਮੈਂਟ ਦੇ ਬਹੁਤ ਸਾਰੇ ਵਿਦਰੋਹੀਆਂ ਨੂੰ ਉਮਰ ਕੈਦ ਤੇ ਹੋਰ ਲੰਬੀਆਂ ਸਜ਼ਾਵਾਂ ਦਿੱਤੀਆਂ ਗਈਆਂ। ਇਸ ਤਰ੍ਹਾਂ ਇਸ ਜੰਗ ਵਿਚ ਜਿੱਥੇ ਲੱਖਾਂ ਪੰਜਾਬੀ ਅੰਗਰੇਜ਼ਾਂ ਦੇ ਹਿੱਤਾਂ ਲਈ ਲੜੇ, ਉਥੇ ਵੱਡੀ ਗਿਣਤੀ ਵਿਚ ਪੰਜਾਬੀਆਂ ਨੇ ਅੰਗਰੇਜ਼ੀ ਸਾਮਰਾਜ ਦੇ ਜੂਲੇ ਨੂੰ ਗਲੋਂ ਲਾਹੁਣ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ।
ਅੰਗਰੇਜ਼ੀ ਸਾਮਰਾਜ ਨੇ ਹਿੰਦੋਸਤਾਨੀ ਸਿਪਾਹੀਆਂ ਦੀ ਦੇਣ ਨੂੰ ਵਡਿਆਇਆ ਤੇ ਯਾਦਗਾਰ ਵਜੋਂ ਦਿੱਲੀ ਵਿਚ ‘ਇੰਡੀਆ ਗੇਟ’ ਬਣਾਇਆ ਪਰ ਇਸ ਵਿਚ ਹਕੂਮਤ ਨੇ ਸਾਮਰਾਜੀ ਜ਼ਹਿਨੀਅਤ ਦਾ ਭਰਪੂਰ ਪ੍ਰਗਟਾਵਾ ਕੀਤਾ। ਜਿਥੇ ਮਜਬੂਰੀ ਵਿਚ ਦਿਖਾਈ ਗਈ ਬਹਾਦਰੀ ਨੂੰ ਅੰਗਰੇਜ਼ੀ ਬਾਦਸ਼ਾਹਤ ਵਿਚ ਵਿਸ਼ਵਾਸ ਤੇ ਵਫਾਦਾਰੀ ਦਾ ਪ੍ਰਤੀਕ ਮੰਨਿਆ, ਉਥੇ ਉਨ੍ਹਾਂ ਨੇ ਲੋਕਾਂ ਦੀ ਜਗੀਰਦਾਰੀ ਬਿਰਤੀ ਨੂੰ ਹਉਮੈ ਦੇ ਪੱਠੇ ਪਾਉਣ ਵਿਚ ਕੋਈ ਕਸਰ ਨਾ ਛੱਡੀ। ਅੰਗਰੇਜ਼ਾਂ ਨੇ ਇਸ ਬਹਾਦਰੀ ਨੂੰ ਰਾਜਪੂਤਾਂ, ਗੋਰਖਿਆਂ, ਸਿੱਖਾਂ, ਮਰਾਠਿਆਂ ਤੇ ਕਈ ਜਾਤਾਂ ‘ਤੇ ਆਧਾਰਤ ਬਣਾਈਆਂ ਗਈਆਂ ਰਜਮੈਂਟਾਂ ਤੇ ਉਨ੍ਹਾਂ ਜਾਤਾਂ ਜਾਂ ਨਸਲਾਂ ਦੀ ਅੰਗਰੇਜ਼ਾਂ ਪ੍ਰਤੀ ਵਫਾਦਾਰੀ ਦੇ ਸਬੂਤ ਵਜੋਂ ਪੇਸ਼ ਕੀਤਾ। ਇਹ ਜ਼ਹਿਨੀਅਤ ਅੱਜ ਵੀ ਆਪਣਾ ਕੰਮ ਕਰਦੀ ਦਿਖਾਈ ਦਿੰਦੀ ਹੈ ਅਤੇ ਪੱਛਮੀ ਤਾਕਤਾਂ ਮੌਕਾ ਪੈਣ ‘ਤੇ ਇਸ ਲੜਾਈ ਵਿਚ ਗੈਰ-ਯੂਰਪੀ ਲੋਕਾਂ ਦੁਆਰਾ ਪਾਏ ਗਏ ਹਿੱਸੇ ਨੂੰ ਵੱਖ-ਵੱਖ ਨਸਲਾਂ ਤੇ ਧਰਮਾਂ ਦੀ ਉਨ੍ਹਾਂ ਪ੍ਰਤੀ ਵਫਾਦਾਰੀ ਦੀ ਯਾਦ ਵਜੋਂ ਵਡਿਆ ਕੇ ਆਪਣੇ ਦੇਸ਼ਾਂ ਵਿਚਲੇ ਸਿਆਸੀ ਸਮੀਕਰਨਾਂ ਲਈ ਵਰਤਦੀਆਂ ਹਨ। ਨਿਸ਼ਚੇ ਹੀ ਪੰਜਾਬੀ ਬਹੁਤ ਬਹਾਦਰ ਹਨ ਤੇ ਇਸ ਬਹਾਦਰੀ ਨੂੰ ਵਡਿਆਇਆ ਜਾਣਾ ਬਣਦਾ ਹੈ ਪਰ ਇਸ ਵਡਿਆਈ ਨੂੰ ਇਤਿਹਾਸਕ ਪਰਿਪੇਖ ਵਿਚ ਵੇਖਿਆ ਜਾਣਾ ਚਾਹੀਦਾ ਹੈ ਕਿਉਂਕਿ ਅਸਲੀ ਵਡਿਆਈ ਦੇ ਹੱਕਦਾਰ ਉਹ ਲੋਕ ਹਨ ਜਿਨ੍ਹਾਂ ਨੇ ਗੁਲਾਮੀ ਵਿਰੁਧ ਲੜਦਿਆਂ ਅੰਗਰੇਜ਼ਾਂ ਨਾਲ ਆਢਾ ਲਿਆ।
ਇਸ ਜੰਗ ਦੀਆਂ ਯਾਦਾਂ ਮਨੁੱਖੀ ਲਾਲਚ ਕਾਰਨ ਹੋਈ ਭਿਆਨਕ ਬੇਰਹਿਮੀ, ਕਰੂਰਤਾ ਤੇ ਬਰਬਰਤਾ ਵਾਲੀਆਂ ਹਨ ਅਤੇ ਮਨੁੱਖਤਾ ਨੂੰ ਉਨ੍ਹਾਂ ਤੋਂ ਸਬਕ ਲੈਣਾ ਚਾਹੀਦਾ ਹੈ। ਇਹੋ ਜਿਹੇ ਹਾਲਾਤ ਵਿਚ ਦਿਖਾਈ ਗਈ ਨਿੱਜੀ ਬਹਾਦਰੀ ਕਿਸੇ ਇਨਸਾਨ ਜਾਂ ਪਰਿਵਾਰ ਲਈ ਨਿੱਜੀ ਸਨਮਾਨ ਦੀ ਹੱਕਦਾਰ ਹੈ ਅਤੇ ਉਸ ਨੂੰ ਇਸੇ ਤਰ੍ਹਾਂ ਹੀ ਯਾਦ ਕੀਤਾ ਜਾਣਾ ਚਾਹੀਦਾ ਹੈ, ਸਮੂਹਕ ਜਸ਼ਨ ਵਜੋਂ ਨਹੀਂ।