ਅੰਮ੍ਰਿਤਸਰ: ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਗਿਆ ਅਤੇ ਇਸ ਨੂੰ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਢਾਹ ਲਾਉਣ ਵਾਲਾ ਕਰਾਰ ਦਿੱਤਾ ਗਿਆ।
ਇਸ ਇਕੱਤਰਤਾ ਵਿਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਮੀਤ ਜਥੇਦਾਰ ਗਿਆਨੀ ਜੋਤ ਇੰਦਰ ਸਿੰਘ ਅਤੇ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ। ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦੇਣ ਅਤੇ ਗਿਆਨੀ ਹਰਪ੍ਰੀਤ ਸਿੰਘ ਦੇ ਕਾਰਜਕਾਰੀ ਜਥੇਦਾਰ ਬਣਨ ਮਗਰੋਂ ਪੰਜ ਸਿੰਘ ਸਾਹਿਬਾਨ ਦੀ ਇਹ ਪਲੇਠੀ ਇਕੱਤਰਤਾ ਸੀ। ਇਕੱਤਰਤਾ ਮਗਰੋਂ ਕੀਤੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਛੇਵਾਂ ਤਖ਼ਤ ਬਣਾਉਣ ਦੇ ਸੁਝਾਅ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਗੁਰੂ ਸਾਹਿਬ ਵੱਲੋਂ ਸਥਾਪਤ ਪੰਚ ਪ੍ਰਧਾਨੀ ਪ੍ਰਥਾ ਦੇ ਵਿਰੁੱਧ ਹੈ।
ਦੱਸ ਦਈਏ ਕਿ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਵਿਚ ਗੁਰਦੁਆਰਾ ਨਨਕਾਣਾ ਸਾਹਿਬ ਨੂੰ ਸਿੱਖ ਕੌਮ ਦਾ ਛੇਵਾਂ ਤਖਤ ਐਲਾਨਣ ਦੀ ਮੰਗ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਉਠਾਈ ਸੀ। ਸਰਨਾ ਅਤੇ ਉਨ੍ਹਾਂ ਦੇ ਭਰਾ ਹਰਵਿੰਦਰ ਸਿੰਘ ਸਰਨਾ ਗੁਰਪੁਰਬ ਸਮਾਗਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਗਏ ਸਨ। ਇਸ ਦੌਰਾਨ ਪਰਮਜੀਤ ਸਿੰਘ ਸਰਨਾ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਵਿਸ਼ਵ ਭਰ ਵਿਚ ਘਰ-ਘਰ ਪਹੁੰਚਾਉਣ ਦਾ ਸੁਨੇਹਾ ਦਿੰਦਿਆਂ ਮੰਗ ਕੀਤੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਨੂੰ ਸਿੱਖ ਕੌਮ ਦਾ ਛੇਵਾਂ ਤਖਤ ਐਲਾਨਣ ਵਾਸਤੇ ਮਤਾ ਪਾਸ ਕੀਤਾ ਜਾਵੇ।
ਇਸ ਮਤੇ ਦੇ ਹੱਕ ਵਿਚ ਸਮਾਗਮ ਵਿਚ ਹਾਜ਼ਰ ਸਮੂਹ ਸੰਗਤ ਨੇ ਤੇ ਜੈਕਾਰਿਆਂ ਦੀ ਗੂੰਜ ਨਾਲ ਇਸ ਸੁਝਾਅ ਨੂੰ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨੂੰ ਤਖ਼ਤ ਵਜੋਂ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸੁਝਾਅ ਤੇ ਸ਼੍ਰੋਮਣੀ ਕਮੇਟੀ ਦੇ ਜਥੇ ਦੇ ਆਗੂ ਵੱਲੋਂ ਵੀ ਹਾਮੀ ਭਰੀ ਗਈ ਹੈ। ਇਸ ਤੋਂ ਬਾਅਦ ਇਕ ਮਸਲਾ ਅਕਾਲ ਤਖਤ ਉਤੇ ਵਿਚਾਰਿਆ ਗਿਆ ਤੇ ਇਸ ਸੁਝਾਅ ਨੂੰ ਰੱਦ ਕਰ ਦਿੱਤਾ ਗਿਆ।
__________________________
ਲੌਂਗੋਵਾਲ ਵੱਲੋਂ ਸਰਨਾ ਦੇ ਬਿਆਨ ਦਾ ਵਿਰੋਧ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਨੂੰ ਛੇਵਾਂ ਤਖਤ ਐਲਾਨਣ ਦੇ ਬਿਆਨ ਨੂੰ ਸਿੱਖ ਕੌਮ ਨੂੰ ਇਕ ਨਵੇਂ ਵਿਵਾਦ ਵਿਚ ਪਾਉਣ ਦਾ ਯਤਨ ਕਰਾਰ ਦਿੱਤਾ ਹੈ। ਸ੍ਰੀ ਲੌਂਗੋਵਾਲ ਨੇ ਕਿਹਾ ਕਿ ਉਹ ਕੌਮ ਅੰਦਰ ਬੇਲੋੜੀ ਦੁਵਿਧਾ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਮਹਾਨ ਪਰੰਪਰਾਵਾਂ ਤੇ ਰਵਾਇਤਾਂ ਨੂੰ ਬਦਲਣ ਦਾ ਕਿਸੇ ਨੂੰ ਹੱਕ ਨਹੀਂ ਹੈ।