ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਸ਼ੁਰੂ

ਸਰਕਾਰ ਵੱਲੋਂ 150 ਕਰੋੜ ਦੀ ਲਾਗਤ ਵਾਲੇ 26 ਪ੍ਰੋਜੈਕਟਾਂ ਦੇ ਨੀਂਹ ਪੱਥਰ
ਸੁਲਤਾਨਪੁਰ ਲੋਧੀ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੱਕ ਪੂਰਾ ਸਾਲ ਭਰ ਲਈ ਚੱਲਣ ਵਾਲੇ ਸਮਾਗਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਗੁਰੂ ਸਾਹਿਬ ਦੇ 549ਵੇਂ ਪ੍ਰਕਾਸ਼ ਪੁਰਬ ‘ਤੇ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਂਝੇ ਤੌਰ ‘ਤੇ 150 ਕਰੋੜ ਦੀ ਲਾਗਤ ਵਾਲੇ 26 ਪ੍ਰੋਜੈਕਟਾਂ ਦੇ ਨੀਂਹ ਪੱਥਰ ਵੀ ਸਟੇਜ ਤੋਂ ਬਟਨ ਦੱਬ ਕੇ ਰੱਖੇ।

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਨੂੰ ਫਿਰਕੂ ਲੀਹਾਂ ‘ਤੇ ਵੰਡਣ ਦੀ ਕੀਤੀ ਜਾ ਰਹੀ ਕੋਸ਼ਿਸ਼ ਤੋਂ ਲੋਕ ਸੁਚੇਤ ਰਹਿਣ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਲ 2019 ‘ਚ ਆ ਰਹੇ 550ਵੇਂ ਪ੍ਰਕਾਸ਼ ਪੁਰਬ ਨੂੰ ਜਾਤ, ਰੰਗ, ਨਸਲ ਤੇ ਧਰਮ ਤੋਂ ਉੱਪਰ ਉਠ ਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਵਿਚ ਪੂਰੇ ਉਤਸ਼ਾਹ ਤੇ ਚਾਅ ਨਾਲ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਫਿਰਕਾਪ੍ਰਸਤੀ ਤੇ ਨਫਰਤ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉਠ ਕੇ ਅਜਿਹੇ ਸਮਾਗਮ ਮਨਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਕ ਹਨ। ਆਪਣੇ ਭਾਸ਼ਣ ਵਿਚ ਉਨ੍ਹਾਂ ਨੇ ਗੁਰਬਾਣੀ ਦੇ ਢੁਕਵੇਂ ਹਵਾਲਿਆਂ ਦੇ ਨਾਲ ਬਾਬੇ ਨਾਨਕ ਦੇ ਅਸਲ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਈ ਲਾਂਘੇ ਨੂੰ ਖੋਲ੍ਹੇ ਜਾਣ ਦੇ ਕੇਂਦਰ ਸਰਕਾਰ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਦੇ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਪਾਕਿਸਤਾਨ ਵੱਲੋਂ ਭਰੇ ਹੁੰਗਾਰੇ ਲਈ ਉਥੋਂ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਯਕੀਨ ਦੁਆਇਆ ਕਿ ਪੰਜਾਬ ਸਰਕਾਰ ਇਸ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਆਪਣੀ ਸਰਕਾਰ ਵੱਲੋਂ ਇਹ ਸਮਾਰੋਹ ਸ਼ਾਨਦਾਰ ਢੰਗ ਨਾਲ ਮਨਾਉਣ ਦਾ ਵਾਅਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੀ ਹੈ ਕਿਉਂਕਿ ਉਸ ਨੂੰ ਇਹ ਇਤਿਹਾਸਕ ਸਮਾਰੋਹ ਮਨਾਉਣ ਦਾ ਮੌਕਾ ਮਿਲਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਹ ਸਮਾਰੋਹ ਗੈਰ-ਸਿਆਸੀ ਅਤੇ ਬਗੈਰ ਪੱਖਪਾਤ ਤੋਂ ਮਨਾਵੇਗੀ। ਉਨ੍ਹਾਂ ਨੇ ਪ੍ਰਕਾਸ਼ ਪੁਰਬ ਸਮਾਰੋਹ ਮਨਾਉਣ ਲਈ ਸਭਨਾਂ ਲੋਕਾਂ ਨੂੰ ਸਿਆਸੀ ਅਤੇ ਹੋਰ ਵਖਰੇਵੇਂ ਛੱਡ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੀ ਸਾਲ ਭਰ ਚੱਲਣ ਵਾਲੇ ਸਮਾਰੋਹਾਂ ਦੀ ਸ਼ੁਰੂਆਤ ਮੌਕੇ ਹਾਜ਼ਰ ਸਨ ਅਤੇ ਉਨ੍ਹਾਂ ਨੇ ਦਿੱਲੀ ਅਧਾਰਤ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼ ਦੇ ਡਾਇਰੈਕਟਰ ਡਾ. ਮਹਿੰਦਰ ਸਿੰਘ ਦੀ ਇਤਿਹਾਸ ਨੂੰ ਮੂਰਤੀਮਾਨ ਕਰਦੀ ਪ੍ਰਦਰਸ਼ਨੀ ‘ਰਬਾਬ ਤੋਂ ਨਗਾੜਾ’ ਦਾ ਉਦਘਾਟਨ ਵੀ ਕੀਤਾ।
________________________________
ਪ੍ਰਕਾਸ਼ ਪੁਰਬ ਕੌਮੀ ਪੱਧਰ ‘ਤੇ ਮਨਾਵਾਂਗੇ: ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਸਾਲ ਭਰ ਮਨਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਨਾਲ ਜੁੜੇ ਪਵਿੱਤਰ ਸਥਾਨਾਂ ਦੇ ਮਾਰਗ ਉਤੇ ਰੇਲ ਗੱਡੀ ਵੀ ਚਲਾਈ ਜਾਵੇਗੀ। ਸ੍ਰੀ ਮੋਦੀ ਆਕਾਸ਼ਵਾਣੀ ਉਤੇ ‘ਮਨ ਕੀ ਬਾਤ’ ਰਾਹੀਂ ਸਰੋਤਿਆਂ ਨਾਲ ਰੂ-ਬਰੂ ਹੋ ਰਹੇ ਸਨ। ਉਨ੍ਹਾਂ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 50 ਐਪੀਸੋਡ ਪੂਰੇ ਹੋਣ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਸ੍ਰੀ ਮੋਦੀ ਨੇ ਕਿਹਾ ਕਿ 23 ਨਵੰਬਰ ਨੂੰ ਸਾਰਿਆਂ ਨੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ 2019 ‘ਚ ਪ੍ਰਥਮ ਪਾਤਸ਼ਾਹ ਦਾ 550ਵਾਂ ਜਨਮ ਦਿਨ ਮਨਾਉਣ ਜਾ ਰਹੇ ਹਾਂ।
________________________________
ਨਨਕਾਣਾ ਸਾਹਿਬ ‘ਚ ਅਲੌਕਿਕ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ: ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਆਰੰਭ ਕੀਤੇ ਜਾਣ ਤੋਂ ਪਹਿਲਾਂ ਲਾਹੌਰ ਤੋਂ ਗੁਰੂ ਘਰ ਦੇ ਸ਼ਰਧਾਲੂ ਸਈਅਦ ਜ਼ਮੀਲ ਅੱਬਾਸ ਸ਼ਾਹ ਵੱਲੋਂ ਗੁਰਦੁਆਰਾ ਜਨਮ ਅਸਥਾਨ ਤੋਂ ਗੁਰਦੁਆਰਾ ਕਿਆਰਾ ਸਾਹਿਬ ਦੇ ਲਗਭਗ ਡੇਢ ਕਿੱਲੋਮੀਟਰ ਦੇ ਨਗਰ ਕੀਰਤਨ ਦੇ ਰਸਤੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਸਵਾਰੀ ਲਈ ਲਾਲ ਗਲੀਚਾ ਵਿਛਾਏ ਗਏ।
ਇਹ ਨਗਰ ਕੀਰਤਨ ਖਾਲਸਾਈ ਸ਼ਾਨੋ-ਸ਼ੌਕਤ ਤੇ ‘ਬੋਲੇ ਸੋ ਨਿਹਾਲ’ ਦੇ ਜੈਕਾਰਿਆਂ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਰਵਾਨਾ ਹੋ ਕੇ ਗੁਰਦੁਆਰਾ ਪੱਟੀ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ-ਛੇਵੀਂ ਪਾਤਸ਼ਾਹੀ ਅਤੇ ਗੁਰਦੁਆਰਾ ਮਾਲ ਜੀ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਪੁੱਜਾ।