ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਨੂੰ ਕਰਤਾਰਪੁਰ ਲਾਂਘੇ ਦਾ ਤੋਹਫਾ

ਨਵੀਂ ਦਿੱਲੀ: ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿਸਤਾਨ ਸਥਿਤ ਕਰਤਾਰਪੁਰ ਵਿਚ ਦਰਿਆ ਰਾਵੀ ਕੰਢੇ ਸੁਸ਼ੋਭਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਸਰਕਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਕਸਬਾ ਡੇਰਾ ਬਾਬਾ ਨਾਨਕ ਤੋਂ ਅੰਤਰਰਾਸ਼ਟਰੀ ਸਰਹੱਦ ਤੱਕ ਲਾਂਘਾ ਤਿਆਰ ਕਰੇਗੀ ਅਤੇ ਇਸ ਨੂੰ ਵਿਕਸਤ ਕਰੇਗੀ।
ਲਾਂਘਾ ਤਿਆਰ ਕਰਨ ਸਬੰਧੀ ਇਤਿਹਾਸਕ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿਚ ਲਿਆ ਗਿਆ ਹੈ।

ਇਸ ਦੌਰਾਨ ਹੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਬੇਨਤੀ ਕੀਤੀ ਕਿ ਉਹ ਸਰਹੱਦ ਤੋਂ ਕਰਤਾਰਪੁਰ ਗੁਰਦੁਆਰਾ ਸਾਹਿਬ ਤੱਕ ਲਾਂਘਾ ਤਿਆਰ ਕਰੇ ਤਾਂ ਜੋ ਭਾਰਤ ਤੋਂ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ। ਪਾਕਿਸਤਾਨ ਨੇ ਝਟ ਇਹ ਬੇਨਤੀ ਸਵੀਕਾਰ ਕਰਦੇ ਕਰ ਲਈ। ਇਸ ਤੋਂ ਸਰਕਾਰ ਸੁਲਤਾਨਪੁਰ ਲੋਧੀ ਸ਼ਹਿਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰੇਗੀ। ਇਥੇ ਗੁਰੂ ਨਾਨਕ ਦੇਵ ਜੀ ਦੇ ਸਮੇਂ ਦੀ ਤਸਵੀਰ ਤੋਂ ਸ਼ਰਧਾਲੂਆਂ ਨੂੰ ਜਾਣੂ ਕਰਵਾਉਣ ਦੇ ਉਦੇਸ਼ ਤਹਿਤ ‘ਪਿੰਡ ਬਾਬੇ ਨਾਨਕ ਦਾ’ ਉਸਾਰਿਆ ਜਾਵੇਗਾ।
ਸੁਲਤਾਨਪੁਰ ਲੋਧੀ ਦਾ ਰੇਲਵੇ ਸਟੇਸ਼ਨ ਵੀ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਚ ਸਰਬ ਧਰਮ ਕੇਂਦਰ ਸਥਾਪਿਤ ਕੀਤਾ ਜਾਵੇਗਾ। ਕੈਨੇਡਾ ਅਤੇ ਬਰਤਾਨੀਆ ਵਿਚ ਇਕ ਇਕ ਯੂਨੀਵਰਸਿਟੀ ਵਿਚ ਗੁਰੂ ਨਾਨਕ ਦੇਵ ਚੇਅਰ ਸਥਾਪਤ ਕੀਤੀ ਜਾਵੇਗੀ। ਨਵੀਂ ਦਿੱਲੀ ਵਿਚ ਗੁਰੂ ਨਾਨਕ ਦੇਵ ਦੇ ਜੀਵਨ ਅਤੇ ਸਿੱਖਿਆਵਾਂ ਉਤੇ ਅੰਤਰਰਾਸ਼ਟਰੀ ਸੈਮੀਨਾਰ ਹੋਣਗੇ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸਿੱਕੇ ਅਤੇ ਮੋਹਰਾਂ ਵੀ ਜਾਰੀ ਕੀਤੀਆਂ ਜਾਣਗੀਆਂ। ਦੇਸ਼ ਭਰ ਵਿਚ ਸਮਾਗਮ ਰਚਾਏ ਜਾਣਗੇ। ਦੂਰਦਰਸ਼ਨ ਉਤੇ ਗੁਰੂ ਨਾਨਕ ਦੇਵ ਜੀ ਅਤੇ ਗੁਰਬਾਣੀ ਸਬੰਧੀ ਵਿਸ਼ੇਸ਼ ਪ੍ਰੋਗਰਾਮ ਚੱਲਣਗੇ।
ਰੇਲਵੇ ਮੰਤਰਾਲਾ ਨਾਨਕ ਦੇਵ ਜੀ ਨਾਲ ਸਬੰਧਤ ਸਥਾਨਾਂ ਲਈ ਵਿਸ਼ੇਸ਼ ਰੇਲ ਗੱਡੀ ਚਲਾਏਗਾ। ਉਨ੍ਹਾਂ ਕਿਹਾ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਢੁਕਵੇਂ ਸਮਾਗਮ ਕਰਵਾਉਣ ਲਈ ਕਿਹਾ ਗਿਆ ਹੈ। ਵਿਦੇਸ਼ਾਂ ਵਿਚ ਭਾਰਤੀ ਸਫਾਰਤਖ਼ਾਨੇ ਵੀ ਗੁਰੂ ਜੀ ਸਬੰਧੀ ਵਿਸ਼ੇਸ਼ ਸਮਾਗਮ ਰਚਾਉਣਗੇ। ਯੂਨੈਸਕੋ ਨੂੰ ਵੀ ਗੁਰੂ ਦੀ ਬਾਣੀ ਨੂੰ ਦੁਨੀਆਂ ਦੀਆਂ ਸਮੂਹ ਭਾਸ਼ਾਵਾਂ ਵਿਚ ਪ੍ਰਕਾਸ਼ਿਤ ਕਰਨ ਦੀ ਅਪੀਲ ਕੀਤੀ ਗਈ ਹੈ। ਨੈਸ਼ਨਲ ਬੁੱਕ ਟਰੱਸਟ ਦੇਸ਼ ਦੀਆਂ ਵੱਖ-ਵੱਖ ਭਾਸ਼ਾਵਾਂ ਵਿਚ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਪ੍ਰਕਾਸ਼ਿਤ ਕਰੇਗਾ। ਗ੍ਰਹਿ ਮੰਤਰੀ ਦੀ ਅਗਵਾਈ ਵਿਚ ਉਚ ਤਾਕਤੀ ਕਮੇਟੀ ਉਲੀਕੇ ਪ੍ਰੋਗਰਾਮਾਂ ਦੀ ਸਮੇਂ ਸਮੇਂ ਨਜ਼ਰਸਾਨੀ ਕਰੇਗੀ।
ਗੁਰਦੁਆਰਾ ਕਰਤਾਰਪੁਰ ਸਾਹਿਬ ਪੱਛਮੀ ਪੰਜਾਬ ਦੇ ਜ਼ਿਲ੍ਹਾ ਨਾਰੋਵਾਲ ਵਿਚ ਸਥਿਤ ਹੈ। ਇਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਅੰਤਿਮ ਸਮਾਂ ਬਤੀਤ ਕੀਤਾ ਸੀ। ਭਾਰਤ ਤੋਂ ਸਿੱਖ ਸ਼ਰਧਾਲੂ ਕਰਤਾਰਪੁਰ ਲਈ ਲਾਂਘਾ ਦੇਣ ਲਈ ਲੰਬੇ ਸਮੇਂ ਤੋਂ ਦੋਨਾਂ ਮੁਲਕਾਂ ਦੀਆਂ ਸਰਕਾਰਾਂ ਨੂੰ ਬੇਨਤੀਆਂ ਕਰਦੇ ਰਹੇ ਹਨ ਅਤੇ ਵਿਸ਼ੇਸ਼ ਤੌਰ ਉੱਤੇ ਸਿੱਖ ਸ਼ਰਧਾਲੂ ਡੇਰਾ ਬਾਬਾ ਨਾਨਕ ਤੋਂ ਇਸ ਕਾਰਜ ਦੀ ਪੂਰਤੀ ਲਈ ਅਰਦਾਸ ਕਰਦੇ ਰਹੇ ਹਨ। ਸਰਕਾਰ ਨੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਡੇਰਾ ਬਾਬਾ ਨਾਨਕ ਅੰਤਰਰਾਸ਼ਟਰੀ ਸਰਹੱਦ ਤੋਂ ਦੂਰਬੀਨ ਰਾਹੀਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਪ੍ਰਬੰਧ ਕੀਤਾ ਹੋਇਆ ਹੈ।
_________________________________
ਮੋਦੀ ਸਰਕਾਰ ਦੇ ਫੈਸਲੇ ਦਾ ਕੈਪਟਨ ਵੱਲੋਂ ਸਵਾਗਤ
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰੰਘ ਨੇ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਵੱਡੀ ਪੱਧਰ ‘ਤੇ ਮਨਾਉਣ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਸਬੰਧੀ ਉਨ੍ਹਾਂ ਦੀ ਬੇਨਤੀ ਨੂੰ ਪ੍ਰਵਾਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਪ੍ਰਧਾਨ ਮੰਤਰੀ ਨੂੰ ਲਿਖੇ ਵੱਖ-ਵੱਖ ਪੱਤਰਾਂ ਅਤੇ ਕੀਤੀਆਂ ਬੇਨਤੀਆਂ ਦੇ ਹੁੰਗਾਰੇ ਵਜੋਂ ਇਸ ਇਤਿਹਾਸਕ ਸਮਾਰੋਹ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਕੇਂਦਰੀ ਮੰਤਰੀ ਮੰਡਲ ਵੱਲੋਂ ਪਾਸ ਕੀਤੇ ਮਤੇ ਦੀ ਵੀ ਪ੍ਰਸ਼ੰਸਾ ਕੀਤੀ ਹੈ।
_________________________________
ਨਵਜੋਤ ਸਿੱਧੂ ਵੱਲੋਂ ਲਾਂਘਾ ਖੋਲ੍ਹਣ ਦੇ ਯਤਨਾਂ ਦੀ ਸ਼ਲਾਘਾ
ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਮੋਦੀ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਦਿੱਤੀ ਮਨਜ਼ੂਰੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ 12 ਕਰੋੜ ਨਾਨਕ ਨਾਮ ਲੇਵਾ ਲੋਕਾਂ ਲਈ ਇਹ ਬਹੁਤ ਖੁਸ਼ੀ ਵਾਲਾ ਦਿਨ ਹੈ ਜਦੋਂ ਕੇਂਦਰ ਸਰਕਾਰ ਨੇ ਲਾਂਘਾ ਖੋਲ੍ਹਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਹੀ ਲੋੜੀਂਦੇ ਕਦਮ ਚੁੱਕਣੇ ਪੈਣੇ ਸਨ ਕਿਉਂਕਿ ਗੁਰਦੁਆਰਾ ਸਾਹਿਬ ਪਾਕਿਸਤਾਨ ਦੀ ਧਰਤੀ ‘ਤੇ ਹੈ ਅਤੇ ਭਾਰਤ ਸਮੇਤ ਦੁਨੀਆਂ ਭਰ ਵਿਚ ਵਸਦੇ ਸਿੱਖ ਸ਼ਰਧਾਲੂਆਂ ਨੇ ਇਸ ਪਵਿੱਤਰ ਧਾਰਮਿਕ ਅਸਥਾਨ ਦੇ ਦਰਸ਼ਨ ਕਰਨੇ ਹਨ।
_________________________________
ਜਥੇਦਾਰ ਵਡਾਲਾ ਦੇ ਯਤਨਾਂ ਨੂੰ ਅਣਗੌਲਿਆ ਕਰਨ ‘ਤੇ ਰੋਸ
ਜਲੰਧਰ: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰਾਵੀ ਦਰਸ਼ਨ ਅਭਿਲਾਸ਼ੀ ਸੰਸਥਾ ਨੇ ਕੇਂਦਰ ਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਡੇਰਾ ਬਾਬਾ ਨਾਨਕ ਤੋਂ ਲੈ ਕੇ ਪਾਕਿਸਤਾਨ ਸਰਹੱਦ ਤੱਕ ਬਣਨ ਵਾਲੀ ਸੜਕ ਦਾ ਨਾਂ ਜਥੇਦਾਰ ਕੁਲਦੀਪ ਸਿੰਘ ਵਡਾਲਾ ਦੇ ਨਾਂ ‘ਤੇ ਰੱਖਿਆ ਜਾਵੇ। ਸੰਸਥਾ ਦੇ ਮੈਂਬਰਾਂ ਨੇ ਇਸ ਗੱਲ ‘ਤੇ ਰੋਸ ਪ੍ਰਗਟਾਇਆ ਕਿ ਸ਼੍ਰੋਮਣੀ ਅਕਾਲੀ ਦਲ ਕਿਸੇ ਵੀ ਮੰਚ ਤੋਂ ਕਰਤਾਰਪੁਰ ਲਾਂਘੇ ਲਈ ਜਥੇਦਾਰ ਕੁਲਦੀਪ ਸਿੰਘ ਵਡਾਲਾ ਵੱਲੋਂ 18 ਸਾਲਾਂ ਦੇ ਪਾਏ ਗਏ ਯੋਗਦਾਨ ਦਾ ਜ਼ਿਕਰ ਤੱਕ ਨਹੀਂ ਕਰ ਰਿਹਾ ਜਦਕਿ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਕੋਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਨਾਂ 10 ਏਕੜ ਜ਼ਮੀਨ ਲਗਵਾ ਕੇ ਦਿੱਤੀ ਸੀ। ਜਥੇਬੰਦੀ ਦੇ ਮੁਖੀ ਵਿਧਾਇਕ ਗੁਰ ਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਜਥੇਦਾਰ ਵਡਾਲਾ ਵੱਲੋਂ ਬਣਾਈ ਗਈ ਇਹ ਸੰਸਥਾ ਗੈਰ ਰਾਜਨੀਤਕ ਤੌਰ ‘ਤੇ ਵਿਚਰਦੀ ਸੀ ਤੇ ਉਨ੍ਹਾਂ ਨੇ ਸੰਨ 2000 ਦੀ ਵਿਸਾਖੀ ਤੋਂ ਲੈ ਕੇ ਆਪਣੇ ਆਖਰੀ ਸਾਹਾਂ ਤੱਕ 18 ਸਾਲ ਹਰ ਮੱਸਿਆ ‘ਤੇ ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਜਾ ਕੇ 208 ਵਾਰ ਅਰਦਾਸ ਕੀਤੀ।
_________________________________
ਤਿੰਨ ਮੀਲ ਦਾ ਲਾਂਘਾ ਖੋਲ੍ਹਣ ਲਈ ਲੱਗੀ ਪੌਣੀ ਸਦੀ
ਅੰਮ੍ਰਿਤਸਰ: ਭਾਰਤ ਤੇ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਸਾਂਝੇ ਲਾਂਘੇ ਲਈ ਅਮਲੀ ਰੂਪ ‘ਚ ਕੀਤੀ ਸ਼ੁਰੂਆਤ ਨੇ ਵਿਸ਼ਵ ਭਰ ਦੀ ਗੁਰੂ ਨਾਨਕ ਨਾਮ ਲੇਵਾ ਸੰਗਤ ਦੇ ਹਿਰਦਿਆਂ ਨੂੰ ਵੱਡੀ ਠੰਢਕ ਪਹੁੰਚਾਈ ਹੈ, ਪਰ ਮਹਿਜ਼ 3 ਮੀਲ ਦਾ ਲਾਂਘਾ ਖੋਲ੍ਹਣ ਲਈ ਦੋਵੇਂ ਪਾਸੇ ਦੀਆਂ ਸਰਕਾਰਾਂ ਨੇ ਲਗਭਗ ਪੌਣੀ ਸਦੀ ਦਾ ਸਮਾਂ ਲਾ ਦਿੱਤਾ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਲਾਂਘੇ ਦੀ ਉਸਾਰੀ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰ ਲਈ ਜਾਵੇਗੀ ਤਾਂ ਕਿ ਸੰਗਤ ਵੱਡੀ ਗਿਣਤੀ ‘ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਸਕੇ। 1947 ਵਿਚ ਹੋਈ ਭਾਰਤ ਪਾਕਿਸਤਾਨ ਵੰਡ ਤੋਂ ਬਾਅਦ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ‘ਚ ਸਥਿਤ ਕਰਤਾਰਪੁਰ ਸਾਹਿਬ ਅਤੇ ਭਾਰਤ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਨੂੰ ਜੋੜਨ ਲਈ ਰਾਵੀ ਦਰਿਆ ‘ਤੇ ਬਣਿਆ ਇਕ ਪੁਲ ਅਹਿਮ ਜ਼ਰੀਆ ਸੀ ਪਰ 1971 ਦੀ ਭਾਰਤ ਪਾਕਿਸਤਾਨ ਜੰਗ ਦੌਰਾਨ ਇਸ ਪੁਲ ਦੇ ਤਬਾਹ ਹੋਣ ਤੋਂ ਬਾਅਦ ਸਿੱਖ ਸ਼ਰਧਾਲੂਆਂ ਲਈ ਉਥੋਂ ਦੇ ਦਰਸ਼ਨ ਮੁਸ਼ਕਿਲ ਹੋ ਗਏ ਅਤੇ ਸੰਗਤਾਂ ਦੂਰਬੀਨ ਰਾਹੀਂ ਹੀ ਗੁਰੂ ਘਰ ਦੇ ਦੀਦਾਰ ਕਰ ਸਕਦੀਆਂ ਸਨ।
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸ੍ਰ੍ਰੀ ਕਰਤਾਰਪੁਰ ਵਿਖੇ ਆਪਣੀ ਜ਼ਿੰਦਗੀ ਦੇ ਸਾਢੇ 17 ਸਾਲ ਬਿਤਾਏ ਅਤੇ ਇਥੇ ਰਹਿ ਕੇ ਹੱਥੀਂ ਖੇਤੀ ਕਰਦਿਆਂ ਨਾਮ ਜਪੋ, ਵੰਡ ਛਕੋ ਤੇ ਕਿਰਤ ਕਰੋ ਦਾ ਸੰਦੇਸ਼ ਦਿੱਤਾ। ਇਥੇ ਹੀ ਭਾਈ ਲਹਿਣਾ ਜੀ ਨੂੰ ਗੁਰਗੱਦੀ ਸੌਂਪ ਕੇ ਗੁਰੂ ਅੰਗਦ ਦੇਵ ਜੀ ਦਾ ਸਨਮਾਨ ਦਿੱਤਾ। ਇਹ ਅਸਥਾਨ ਡੇਰਾ ਬਾਬਾ ਨਾਨਕ ਸਥਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਤੋਂ 5 ਕਿਲੋਮੀਟਰ ਅਤੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਤੋਂ ਸਿਰਫ 3 ਕੁ ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਪਹਿਲਾਂ ਵੀਜ਼ਾ ਲੈ ਕੇ ਲਾਹੌਰ ਰਾਹੀਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਲਾਹੌਰ ਤੋਂ ਕਰੀਬ 4 ਘੰਟੇ ਦਾ ਸਫਰ ਤੈਅ ਕਰਨਾ ਪੈਂਦਾ ਹੈ। ਇਧਰ ਡੇਰਾ ਬਾਬਾ ਨਾਨਕ ਸਰਹੱਦ ਤੋਂ ਸੰਗਤ ਇਸ ਸਮੇਂ ਦੂਰਬੀਨ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਦੀ ਆ ਰਹੀ ਹੈ ਅਤੇ ਉਨ੍ਹਾਂ ਦੀ ਦਹਾਕਿਆਂ ਤੋਂ ਮੰਗ ਸੀ ਕਿ ਇਥੋਂ ਖੁੱਲ੍ਹਾ ਲਾਂਘਾ ਦਿੱਤਾ ਜਾਵੇ ਤਾਂ ਜੋ ਸ਼ਰਧਾਲੂ ਇੱਥੋਂ ਕਰੀਬ 20 ਮਿੰਟ ‘ਚ ਹੀ ਆਪਣੇ ਗੁਰਧਾਮ ਦੇ ਦਰਸ਼ਨ ਕਰ ਸਕਣ।
_________________________________
ਸ਼੍ਰੋਮਣੀ ਕਮੇਟੀ ਵੱਲੋਂ ਮਾਰਗ ਦੀ ਉਸਾਰੀ ਲਈ ਮੁੜ ਪੇਸ਼ਕਸ਼
ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ ਸਿੱਖਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਤਿਆਰ ਕਰਨ ਦੇ ਕੀਤੇ ਗਏ ਫੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ਕਰਦਿਆਂ ਇਹ ਲਾਂਘਾ ਉਸਾਰਨ ਦੀ ਮੁੜ ਪੇਸ਼ਕਸ਼ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਕੇਂਦਰ ਸਰਕਾਰ ਵੱਲੋਂ ਕੈਬਨਿਟ ਵਿਚ ਇਸ ਸਬੰਧੀ ਫੈਸਲਾ ਕੀਤਾ ਗਿਆ ਹੈ।
ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਇਸ ਲਾਂਘੇ ਵਾਸਤੇ ਮਾਰਗ ਉਸਾਰੀ ਦੀ ਪੇਸ਼ਕਸ਼ ਕਰ ਚੁੱਕੀ ਹੈ ਅਤੇ ਜੇਕਰ ਹੁਣ ਵੀ ਕੋਈ ਅੜਿੱਕਾ ਮਹਿਸੂਸ ਕੀਤਾ ਜਾਂਦਾ ਹੈ ਤਾਂ ਸ਼੍ਰੋਮਣੀ ਕਮੇਟੀ ਇਹ ਮਾਰਗ ਉਸਾਰੀ ਦੀ ਪੇਸ਼ਕਸ਼ ਦੁਹਰਾਉਂਦੀ ਹੈ। ਜੇਕਰ ਲੋੜ ਪਈ ਤਾਂ ਉਹ ਖੁਦ ਵਫਦ ਲੈ ਕੇ ਪਾਕਿਸਤਾਨ ਜਾਣਗੇ ਅਤੇ ਇਸ ਸਬੰਧੀ ਸਰਕਾਰ ਨਾਲ ਗੱਲਬਾਤ ਕਰਨਗੇ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਕੇਂਦਰੀ ਕਮੇਟੀ ਬਣਾਈ ਗਈ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਵੀ ਨੁਮਾਇੰਦੇ ਵਜੋਂ ਸ਼ਾਮਲ ਸੀ। ਕੇਂਦਰੀ ਕਮੇਟੀ ਦੀ ਮੀਟਿੰਗ ਵਿਚ ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਅੱਠ-ਨੌਂ ਸੁਝਾਅ ਰੱਖੇ ਸਨ, ਜਿਨ੍ਹਾਂ ਵਿਚੋਂ ਲਗਭਗ ਸਾਰੇ ਹੀ ਮੋਦੀ ਸਰਕਾਰ ਨੇ ਕੈਬਨਿਟ ਮੀਟਿੰਗ ਵਿਚ ਪ੍ਰਵਾਨ ਕਰ ਲਏ ਹਨ।