ਪੰਜਾਬ ਵਿਚ ਪੰਚਾਇਤੀ ਚੋਣਾਂ 30 ਦਸੰਬਰ ਨੂੰ, ਚੋਣ ਜ਼ਾਬਤਾ ਲਾਗੂ

ਚੰਡੀਗੜ੍ਹ: ਪੰਜਾਬ ਵਿੱਚ 13,276 ਗਰਾਮ ਪੰਚਾਇਤਾਂ ਦੀ ਚੋਣ ਲਈ 30 ਦਸੰਬਰ ਨੂੰ ਵੋਟਾਂ ਪੈਣਗੀਆਂ। ਸੂਬਾਈ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਇਨ੍ਹਾਂ ਚੋਣਾਂ ਦਾ ਐਲਾਨ ਕੀਤਾ। ਇਨ੍ਹਾਂ ਚੋਣਾਂ ਵਿਚ 1æ27 ਕਰੋੜ ਦਿਹਾਤੀ ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨਗੇ। ਚੋਣਾਂ ਦਾ ਐਲਾਨ ਹੁੰਦਿਆਂ ਹੀ ਸੂਬੇ ਵਿਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ। ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਕਮਿਸ਼ਨ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਸਬੰਧੀ ਨਾਮਜ਼ਦਗੀ ਦਾਖਲ ਕਰਨ ਦਾ ਅਮਲ 15 ਦਸੰਬਰ ਨੂੰ ਸ਼ੁਰੂ ਹੋਵੇਗਾ ਅਤੇ 19 ਦਸੰਬਰ ਤੱਕ ਸਬੰਧਤ ਰਿਟਰਨਿੰਗ ਅਫਸਰ ਕੋਲ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ।

20 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 21 ਦਸੰਬਰ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। 30 ਦਸੰਬਰ ਦਿਨ ਐਤਵਾਰ ਨੂੰ ਸਵੇਰੇ 8:00 ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਤੇ ਨਤੀਜਿਆਂ ਦਾ ਐਲਾਨ ਇਸੇ ਦਿਨ ਕੀਤਾ ਜਾਵੇਗਾ। ਗਰਾਮ ਪੰਚਾਇਤ ਚੋਣਾਂ ਦੀ ਉਡੀਕ ਪਿਛਲੇ ਤਿੰਨ ਮਹੀਨਿਆਂ ਤੋਂ ਕੀਤੀ ਜਾ ਰਹੀ ਸੀ ਤੇ ਸਰਕਾਰ ਲਗਾਤਾਰ ਇਨ੍ਹਾਂ ਚੋਣਾਂ ਨੂੰ ਲਟਕਾਉਣ ਦੇ ਯਤਨ ਵਿਚ ਸੀ।
ਚੋਣ ਕਮਿਸ਼ਨ ਨੇ ਦੱਸਿਆ ਕਿ 13,276 ਪੰਚਾਇਤਾਂ ਲਈ 83,831 ਪੰਚਾਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਵਿਚੋਂ ਅਨੁਸੂਚਿਤ ਜਾਤੀ ਲਈ 17,811, ਅਨਸੂਚਿਤ ਜਾਤੀ ਇਸਤਰੀ ਲਈ 12,634, ਆਮ ਵਰਗ ਇਸਤਰੀਆਂ ਲਈ 22,690, ਪਛੜੀਆਂ ਸ਼੍ਰੇਣੀਆਂ ਲਈ 4,381 ਅਤੇ ਆਮ ਵਰਗ ਲਈ 26,315 ਸੀਟਾਂ ਹਨ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਯਮਾਂ ਅਨੁਸਾਰ ਨੇਪਰੇ ਚਾੜ੍ਹਨ ਲਈ 40 ਤੋਂ 50 ਅਬਜ਼ਰਵਰ ਲਾਏ ਜਾਣਗੇ। ਇਨ੍ਹਾਂ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਹੱਦ ਸਰਪੰਚ ਲਈ 30 ਹਜ਼ਾਰ ਰੁਪਏ ਮਿਥੀ ਗਈ ਹੈ, ਜਦੋਂ ਕਿ ਪੰਚਾਂ ਲਈ 20 ਹਜ਼ਾਰ ਰੁਪਏ ਹੈ। ਸ੍ਰੀ ਸੰਧੂ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ ਰਾਜ ਵਿਚ ਕੁੱਲ 1,27,87,395 ਵੋਟਰਾਂ ਦਾ ਨਾਮ ਦਰਜ ਹਨ, ਜਿਨ੍ਹਾਂ ਵਿਚੋਂ 66,88,245 ਪੁਰਸ਼ ਵੋਟਰ ਹਨ। 60,99,245 ਮਹਿਲਾ ਅਤੇ 97 ਤੀਜਾ ਲਿੰਗ ਵੋਟਰ ਹਨ। ਰਾਜ ਵਿੱਚ ਇਨ੍ਹਾਂ ਚੋਣਾਂ ਦੇ ਮੱਦੇਨਜ਼ਰ 17,268 ਬੂਥ ਸਥਾਪਤ ਕੀਤੇ ਗਏ ਹਨ ਅਤੇ 86,340 ਸਰਕਾਰੀ ਮੁਲਾਜ਼ਮਾਂ ਨੂੰ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਵਿਚ ਲਾਇਆ ਗਿਆ ਹੈ। ਚੋਣਾਂ ਦਾ ਐਲਾਨ ਹੁੰਦਿਆਂ ਹੀ ਪਿੰਡਾਂ ਵਿਚ ਮਹੌਲ ਬਦਲ ਗਿਆ ਤੇ ਸਰਪੰਚੀ ਦੇ ਚਾਹਵਾਨ ਉਮੀਦਵਾਰਾਂ ਨੇ ਸਰਗਰਮੀਆਂ ਵਿੱਢ ਦਿੱਤੀਆਂ ਹਨ।
ਚੇਤੇ ਰਹੇ ਕਿ ਸਰਕਾਰ ਨੇ 16 ਜੁਲਾਈ ਨੂੰ ਸਮੂਹ ਪੰਚਾਇਤਾਂ ਭੰਗ ਕਰਕੇ ਪ੍ਰਸ਼ਾਸਕ ਲਗਾ ਦਿੱਤੇ ਸਨ। ਸੰਵਿਧਾਨਕ ਤੌਰ ‘ਤੇ ਗਰਾਮ ਪੰਚਾਇਤਾਂ ਦੇ ਭੰਗ ਹੋਣ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਚੋਣਾਂ ਦਾ ਅਮਲ ਨੇਪਰੇ ਚਾੜ੍ਹਨਾ ਜ਼ਰੂਰੀ ਹੈ। ਕੈਪਟਨ ਸਰਕਾਰ ਵੱਲੋਂ ਅਕਤੂਬਰ ਮਹੀਨੇ ਦੇ ਪਹਿਲੇ ਹਫਤੇ ਗਰਾਮ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ। ਸਤੰਬਰ ਮਹੀਨੇ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਦੀਆਂ ਚੋਣਾਂ ਹੋ ਵੀ ਗਈਆਂ ਸਨ।
_______________
ਭਗਵੰਤ ਮਾਨ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਦੇਣ ਦਾ ਐਲਾਨ
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਿੰਡਾਂ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਵਿਚ ਸਰਬਸੰਮਤੀ ਨੂੰ ਪਹਿਲ ਦੇਣ ਅਤੇ ਪੜ੍ਹੇ-ਲਿਖੇ, ਬੇਦਾਗ ਤੇ ਨੌਜਵਾਨ ਚਿਹਰਿਆਂ ਨੂੰ ਆਪਸੀ ਸਹਿਮਤੀ ਨਾਲ ਪੰਚ ਅਤੇ ਸਰਪੰਚ ਚੁਣਨ ਦੀ ਅਪੀਲ ਕੀਤੀ ਹੈ। ਪਾਰਟੀ ਦੇ ਸੀਨੀਅਰ ਨੇਤਾ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਫ਼ਰੀਦਕੋਟ ਤੋਂ ਸੰਸਦ ਮੈਂਬਰ ਪ੍ਰੋæ ਸਾਧੂ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੇ ਲੋਕ ਸਭਾ ਹਲਕਿਆਂ ਵਿਚ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤ ਖਾਸ ਕਰ ਕੇ ਸਰਪੰਚ ਬਣਾਉਣਗੇ, ਉਨ੍ਹਾਂ ਪਿੰਡਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਇਨਾਮ ਵਜੋਂ ਦਿੱਤੀ ਜਾਵੇਗੀ।
________________
ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਸਰਕਾਰ ਦੇਵੇਗੀ ਦੋ ਦੋ ਲੱਖ ਦਾ ਇਨਾਮ
ਪਟਿਆਲਾ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸਰਬਸੰਮਤੀ ਨਾਲ ਪੰਚਾਇਤ ਚੁਣਨ ਵਾਲੇ ਪਿੰਡਾਂ ਨੂੰ ਇਨਾਮ ਵਜੋਂ ਸਰਕਾਰ ਵੱਲੋਂ ਦੋ ਦੋ ਲੱਖ ਦੀਆਂ ਵਿਸ਼ੇਸ਼ ਗਰਾਂਟਾਂ ਦਿੱਤੀਆਂ ਜਾਣਗੀਆਂ। ਮੰਤਰੀ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਡੰਮੀ ਉਮੀਦਵਾਰ ਬਣਨ ਦੀ ਬਜਾਏ, ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਇਨ੍ਹਾਂ ਚੋਣਾਂ ਦੌਰਾਨ ਮਹਿਲਾਵਾਂ ਲਈ ਪਹਿਲੀ ਵਾਰ ਕੀਤੇ ਗਏ ਪੰਜਾਹ ਫੀਸਦੀ ਰਾਖਵੇਂਕਰਨ ਦਾ ਅਸਲ ਮਨੋਰਥ ਪੂਰਾ ਹੋ ਸਕੇ।