ਰਵਾਇਤੀ ਧਿਰਾਂ ਨੂੰ ਘੇਰਨ ਲਈ ਬਣਿਆ ‘ਪੰਜਾਬ ਡੈਮੋਕ੍ਰੈਟਿਕ ਅਲਾਇੰਸ’

ਪਟਿਆਲਾ: ਦਮਦਮਾ ਸਾਹਿਬ ਤੋਂ 8 ਦਸੰਬਰ ਨੂੰ ਚੱਲੇ ਇਨਸਾਫ ਮਾਰਚ ਦੀ ਸਮਾਪਤੀ ਮੌਕੇ ਸੁਖਪਾਲ ਸਿੰਘ ਖਹਿਰਾ ਧੜੇ, ਲੋਕ ਇਨਸਾਫ ਪਾਰਟੀ ਅਤੇ ਪੰਜਾਬ ਮੰਚ ਨੇ ‘ਪੰਜਾਬ ਡੈਮੋਕ੍ਰੈਟਿਕ ਅਲਾਇੰਸ’ (ਪੀæਡੀæਏæ) ਬਣਾਉਣ ਦਾ ਐਲਾਨ ਕੀਤਾ। ਆਉਂਦੇ ਦਿਨਾਂ ‘ਚ ਅਲਾਇੰਸ ਦੇ ਮੁਖੀ ਦਾ ਐਲਾਨ ਕਰ ਦਿੱਤਾ ਜਾਵੇਗਾ। ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਰੈਲੀ ਵਿਚ ਪੁੱਜ ਕੇ ਅਲਾਇੰਸ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ।

ਪਹਿਲਾ ਮਤਾ ਪੇਸ਼ ਕਰਦਿਆਂ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਕਾਂਡ ਦੇ ਦੋਸ਼ੀਆਂ ਨੂੰ ਜੇਕਰ ਪੰਜਾਬ ਸਰਕਾਰ ਨੇ ਮਾਘੀ ਤੱਕ ਸਜ਼ਾਵਾਂ ਨਾ ਦਿੱਤੀਆਂ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਥੇ ਮਹਿਮਦਪੁਰ ਮੰਡੀ ਵਿਚ ਹੋਈ ਰੈਲੀ ਦੌਰਾਨ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਖਹਿਰਾ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਬਹਿਬਲ ਕਲਾਂ ਵਿਚ ਗੋਲੀ ਚਲਾਉਣ ਦਾ ਦੋਸ਼ੀ ਕਰਾਰ ਦਿੰਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਤੋਂ ਮੰਗ ਕੀਤੀ ਕਿ ਸ੍ਰੀ ਬਾਦਲ ਨੂੰ ਦਿੱਤਾ ਗਿਆ ਫਖ਼ਰ-ਏ-ਕੌਮ ਦਾ ਖ਼ਿਤਾਬ ਵਾਪਸ ਲਿਆ ਜਾਵੇ। ਤੀਜੇ ਮਤੇ ‘ਚ ਕਿਹਾ ਗਿਆ ਕਿ ਬਾਦਲ ਧਿਰ ਕੋਲੋਂ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਾਉਣ ਲਈ ਸਾਰੇ ਪੰਜਾਬ ਨੂੰ ਇੱਕਮੁੱਠ ਹੋਣਾ ਪਵੇਗਾ।
ਸ੍ਰੀ ਖਹਿਰਾ ਨੇ ਚੌਥਾ ਮਤਾ ਪੇਸ਼ ਕਰਦਿਆਂ ਕਿਹਾ ਕਿ ਜੋ ਲੋਕ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨਾਲ ਖੜ੍ਹੇ ਹਨ, ਉਹ ਬੇਈਮਾਨੀ ਅਤੇ ਪੀਡੀਏ ਨਾਲ ਖੜ੍ਹੇ ਰਹਿਣ ਵਾਲੇ ਇਮਾਨਦਾਰੀ ਦਾ ਸਾਥ ਦੇ ਰਹੇ ਹਨ। ਉਨ੍ਹਾਂ ਅਲਾਇੰਸ ਦੇ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਵੀ ਕੀਤਾ। ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ, ‘ਸਾਡੇ ਨਾਲ ਲੋਕ ਆਪ ਮੁਹਾਰੇ ਹੀ ਤੁਰੇ ਹਨ ਕਿਉਂਕਿ ਪੰਜਾਬ ਨੂੰ ਲੁੱਟਣ ਵਾਲਿਆਂ ਦੀ ਉਨ੍ਹਾਂ ਨੂੰ ਪਛਾਣ ਹੋ ਗਈ ਹੈ।’ ਉਨ੍ਹਾਂ ਦਾਅਵਾ ਕੀਤਾ ਕਿ ਸਿਟੀ ਸੈਂਟਰ ਘੁਟਾਲੇ ਨੂੰ ਦਬਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੀਏ ਫੋਨ ਕਰਕੇ ‘ਮਹਾਰਾਜੇ’ ਨਾਲ ਮੀਟਿੰਗ ਕਰਾਉਣ ਲਈ ਵਾਰ-ਵਾਰ ਆਖ ਰਿਹਾ ਹੈ ਪਰ ਉਹ ਕਿਸੇ ਦਬਾਅ ਹੇਠ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਮੈਂਬਰਾਂ ਦੀਆਂ ਵਧਾਈਆਂ ਤਨਖਾਹਾਂ ਵੀ ਨਹੀਂ ਲੈਣਗੇ। ਸ੍ਰੀ ਬੈਂਸ ਨੇ ਕਿਹਾ ਕਿ ਉਹ ਭਾਰਤ ਦੇ ਸੰਵਿਧਾਨ ਨੂੰ ਮੰਨਣ ਵਾਲੀ ਕਿਸੇ ਵੀ ਪਾਰਟੀ ਨਾਲ ਸਮਝੌਤਾ ਕਰਨ ਲਈ ਤਿਆਰ ਹਨ।
ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾæ ਧਰਮਵੀਰ ਗਾਂਧੀ ਨੇ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਦੀ ਪੰਜਾਬ ਵਿਰੋਧੀ ਨੀਤੀਆਂ ਕਰ ਕੇ 18000 ਸਨਅਤ ਪੰਜਾਬ ਤੋਂ ਬਾਹਰ ਚਲੀ ਗਈ। ‘ਜੇਕਰ ਧਰਤੀ ਦਾ ਪਾਣੀ ਨਾ ਸਾਂਭਿਆ ਗਿਆ ਤਾਂ 25 ਸਾਲਾਂ ਵਿੱਚ ਪੰਜਾਬ ਬੰਜਰ ਹੋ ਜਾਵੇਗਾ।’ ਉਨ੍ਹਾਂ ਕਿਹਾ ਕਿ ਸੂਬੇ ਵਿਚ ਅਤਿਵਾਦ ਕੇਂਦਰ ਸਰਕਾਰ ਦੀ ਸਾਜ਼ਿਸ਼ ਦਾ ਨਤੀਜਾ ਸੀ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਨੇ ਅਚਾਨਕ ਰੈਲੀ ਵਿਚ ਪੁੱਜ ਕੇ ਪੀæਡੀæਏæ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਕਿ ਉਹ ਇਸ ਅਲਾਇੰਸ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣਗੇ। ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਉਨ੍ਹਾਂ ਦੇ ਸਾਥੀ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਸੂਬੇ ਦੇ ਲੋਕਾਂ ‘ਤੇ ਜ਼ਿਮਨੀ ਚੋਣ ਨਹੀਂ ਥੋਪਣਾ ਚਾਹੁੰਦੇ ਸਗੋਂ ਉਹ ਇਸੇ ਤਰ੍ਹਾਂ ਹੀ ਲੋਕਾਂ ਦੇ ਭਲੇ ਲਈ ਕੰਮ ਕਰਦੇ ਰਹਿਣਗੇ।